ਉਦਯੋਗ ਮੰਤਰੀ ਅਰੋੜਾ ਨੇ ਜ਼ਿਲ੍ਹੇ ਦੇ ਨਵ-ਨਿਯੁਕਤ ਅਧਿਆਪਕਾਂ ਨੂੰ ਸੌਂਪੇ ਨਿਯੁਕਤੀ ਪੱਤਰ

ਸਕੂਲੀ ਸਿੱਖਿਆ ਨੂੰ ਮਜ਼ਬੂਤ ਕਰਕੇ ਪੰਜਾਬ ਸਿੱਖਿਆ ਦੇ ਖੇਤਰ ’ਚ ਛੂਹ ਰਿਹੈ ਨਵੀਂ ਬੁਲੰਦੀਆਂ : ਸੁੰਦਰ ਸ਼ਾਮ ਅਰੋੜਾ
ਉਦਯੋਗ ਮੰਤਰੀ ਨੇ ਜ਼ਿਲ੍ਹੇ ਦੇ ਨਵ-ਨਿਯੁਕਤ ਅਧਿਆਪਕਾਂ ਨੂੰ ਸੌਂਪੇ ਨਿਯੁਕਤੀ ਪੱਤਰ
ਜ਼ਿਲ੍ਹੇ ਦੇ 70 ਅਧਿਆਪਕਾਂ ਦੀ ਹੋਈ ਸਕੂਲ ਸਿੱਖਿਆ ਵਿਭਾਗ ’ਚ ਚੋਣ
ਕਿਹਾ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਦਰਸ਼ੀ ਸੋਚ ਕਾਰਨ ਸਕੂਲੀ ਸਿੱਖਿਆ ’ਚ ਪੰਜਾਬ ਪੂਰੇ ਦੇਸ਼ ’ਚ ਮੋਹਰੀ
ਹੁਸ਼ਿਆਰਪੁਰ, 16 ਜੁਲਾਈ (ਆਦੇਸ਼ ): ਉਦਯੋਗ ਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਜ਼ਿਲ੍ਹੇ ਦੇ ਨਵ-ਨਿਯੁਕਤ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਕਿਹਾ ਕਿ ਸਕੂਲੀ ਸਿੱਖਿਆ ਨੂੰ ਮਜ਼ਬੂਤ ਕਰਕੇ ਪੰਜਾਬ ਸਿੱਖਿਆ ਦੇ ਖੇਤਰ ਵਿਚ ਨਵੀਂਆਂ ਬੁਲੰਦੀਆਂ ਨੂੰ ਛੂਹ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਰਿਆਂ ਲਈ ਮਾਣ ਦੀ ਗੱਲ ਹੈ ਕਿ ਜ਼ਿਲ੍ਹੇ ਦੇ 70 ਅਧਿਆਪਕਾਂ ਦੀ ਸਕੂਲ ਸਿੱਖਿਆ ਵਿਭਾਗ ਵਿੱਚ ਪਾਰਦਰਸ਼ੀ ਤਰੀਕੇ ਨਾਲ ਚੋਣ ਹੋਈ ਹੈ। ਉਹ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਚ ਸਿੱਖਿਆ ਮੰਤਰੀ ਪੰਜਾਬ ਵਿਜੇ ਇੰਦਰ ਸਿੰਗਲਾ ਵਲੋਂ ਸੂਬੇ ਦੇ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇਣ ਸਬੰਧੀ ਆਯੋਜਿਤ ਵਰਚੂਅਲ ਸਮਾਗਮ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰ ਰਹੇ ਸਨ।

ਇਸ ਦੌਰਾਨ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਅਪਨੀਤ ਰਿਆਤ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਕਮਿਸ਼ਨਰ ਨਗਰ ਨਿਗਮ ਹੁਸ਼ਿਆਰਪੁਰ ਆਸ਼ਿਕਾ ਜੈਨ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਨਵ-ਨਿਯੁਕਤ ਅਧਿਆਪਕਾਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਅਧਿਆਪਕਾਂ ਵਲੋਂ ਮਿਹਨਤ ਨਾਲ ਨਿਭਾਈ ਡਿਊਟੀ ਚੰਗੇ ਪੜੇ ਲਿਖੇ ਸਮਾਜ ਦੇ ਨਿਰਮਾਣ ਵਿਚ ਵਡਮੁੱਲਾ ਯੋਗਦਾਨ ਪਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਚੁਣੇ ਗਏ ਅਧਿਆਪਕਾਂ ਦੀ ਇੰਡੀਅਨ ਸਕੂਲ ਆਫ਼ ਬਿਜਨੈਸ, ਮੋਹਾਲੀ ਵਿਚ ਟਰੇਨਿੰਗ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਅੱਜ ਸਕੂਲ ਸਿੱਖਿਆ ਵਿਭਾਗ ਵਿਚ 2500 ਮਾਸਟਰ ਕੇਡਰ ਦੇ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਹਨ, ਜਿਸ ਵਿਚ 70 ਅਧਿਆਪਕ ਹੁਸ਼ਿਆਰਪੁਰ ਜ਼ਿਲ੍ਹੇ ਨਾਲ ਸਬੰਧਤ ਹਨ। ਇਸ ਤੋਂ ਇਲਾਵਾ 600 ਲੈਕਚਰਾਰਾਂ ਨੂੰ ਵੀ ਵਿਭਾਗ ਵਲੋਂ ਨਿਯੁਕਤੀ ਪੱਤਰ ਸੌਂਪੇ ਗਏ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਕੂਲੀ ਸਿੱਖਿਆ ਦੇ ਵਿਕਾਸ ਲਈ ਬੁਨਿਆਦੀ ਢਾਂਚੇ ਤੋਂ ਲੈ ਕੇ ਸਿੱਖਿਆ ਦੇ ਪੱਧਰ ਨੂੰ ਉਚਾ ਚੁੱਕਣ ਵਿਚ ਕੋਈ ਕਮੀ ਨਹੀਂ ਛੱਡੀ ਗਈ। ਇਹੀ ਕਾਰਨ ਹੈ ਕਿ ਅੱਜ ਦੇਸ਼ ਭਰ ਵਿੱਚ ਸਕੂਲੀ ਸਿੱਖਿਆ ਵਿੱਚ ਪੰਜਾਬ ਪਹਿਲੇ ਸਥਾਨ ’ਤੇ ਆਪਣੀ ਜਗ੍ਹਾ ਬਨਾਉਣ ਵਿਚ ਕਾਮਯਾਬ ਹੋਇਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਦਰਸ਼ੀ ਸੋਚ ਕਾਰਨ ਹੀ ਇਹ ਸੰਭਵ ਹੋ ਪਾਇਆ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿਚ ਕੀਤੇ ਗਏ ਅਹਿਮ ਸੁਧਾਰਾਂ ਕਾਰਨ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੀ ਗਿਣਤੀ ਵਿਚ ਬਹੁਤ ਵਾਧਾ ਹੋਇਆ ਹੈ।
ਇਸ ਮੌਕੇ ਨਵ-ਨਿਯੁਕਤ ਅਧਿਆਪਕਾਂ ਨੇ ਨਿਯੁਕਤੀ ਪੱਤਰ ਲੈਣ ਤੋਂ ਬਾਅਦ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਅਤੇ ਵਿਸ਼ਵਾਸ਼ ਦਿਵਾਇਆ ਕਿ ਉਹ ਪੂਰੀ ਇਮਾਨਦਾਰੀ ਤੇ ਸਖਤ ਮਿਹਨਤ ਨਾਲ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿਚ ਮੋਹਰੀ ਬਨਾਉਣ ਵਿੱਚ ਕੋਈ ਕਮੀ ਨਹੀਂ ਛੱਡਣਗੇ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਗੁਰਸ਼ਰਨ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ:) ਸੰਜੀਵ ਗੌਤਮ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਰਾਕੇਸ਼ ਕੁਮਾਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਖਵਿੰਦਰ ਸਿੰਘ, ਇੰਚਾਰਜ ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਸ਼ੈਲੇਂਦਰ ਠਾਕੁਰ, ਡੀ.ਐਮ. ਸਪੋਰਟਸ ਦਲਜੀਤ ਸਿੰਘ, ਵੋਕੇਸ਼ਨਲ ਕੋਆਰਡੀਨੇਟਰ ਅਮਰੀਕ ਸਿੰਘ, ਸਕੂਲ ਸਿੱਖਿਆ ਵਿਭਾਗ ਦੇ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਸਮਰਜੀਤ ਸਿੰਘ ਸ਼ਮੀ, ਜ਼ਿਲ੍ਹਾ ਸੋਸ਼ਲ ਮੀਡੀਆ ਕੋਆਰਡੀਨੇਟਰ ਯੋਗੇਸ਼ਵਰ ਸਲਾਰੀਆ ਵੀ ਮੌਜੂਦ ਸਨ।

Related posts

Leave a Reply