ਡੀ.ਟੀ.ਐਫ. ਨੇ 50 ਪ੍ਰਤੀਸ਼ਤ ਹਾਜ਼ਰੀ ਦਾ ਫ਼ੈਸਲਾ ਸਾਰੇ ਸਕੂਲਾਂ ‘ਤੇ ਲਾਗੂ ਕਰਨ ਅਤੇ ਕੋਰੋਨਾ ਸੰਕਰਮਿਤਾਂ ਲਈ ਸਹੂਲਤਾਂ ਦੀ ਕੀਤੀ ਮੰਗ ਨਿੱਜੀਕਰਨ ਦੀ ਨੀਤੀ ਤਿਆਗ ਕੇ ਸਿਹਤ ਸਹੂਲਤਾਂ ਦਾ ਮਿਆਰ ਉੱਚਾ ਚੁੱਕਿਆ ਜਾਵੇ : ਡੀ.ਟੀ.ਐਫ. ਪੰਜਾਬ
ਗੁਰਦਾਸਪੁਰ 15 ਮਈ ( ਅਸ਼ਵਨੀ ):- ਡੈਮੋਕਰੈਟਿਕ ਟੀਚਰਜ਼ ਫਰੰਟ (ਡੀ.ਟੀ.ਐਫ.) ਪੰਜਾਬ ਨੇ ਸਿੱਖਿਆ ਵਿਭਾਗ ‘ਚ ਪੰਜਾਬ ਸਰਕਾਰ ਦੇ 50 ਪ੍ਰਤੀਸ਼ਤ ਸਟਾਫ ਹਾਜ਼ਰੀ ਦੇ ਫ਼ੈਸਲੇ ਨੂੰ ਸਹੀ ਢੰਗ ਨਾਲ ਲਾਗੂ ਨਾ ਕਰਨ ਅਤੇ ਹੋਰਨਾਂ ਕਈ ਮਾਮਲਿਆਂ ਵਿੱਚ ਵੀ ਮਸ਼ੀਨੀ ਫ਼ੈਸਲੇ ਕਰਨ ਦੇ ਆਦੀ, ਸਿੱਖਿਆ ਸਕੱਤਰ ਵਲੋਂ ਕਰੋਨਾ ਲਾਗ ਦੇ ਸਮਾਜਿਕ ਫੈਲਾਅ ਦੇ ਦੌਰ ਵਿਚ ਮਨਮਰਜੀ ਕਰਨ ਦੀ ਸਖਤ ਨਿਖੇਧੀ ਕੀਤੀ ਹੈ ਅਤੇ ਸਰਕਾਰ ਤੋਂ ਲੋਕਾਂ ਲਈ ਮਿਆਰੀ ਸਿਹਤ ਸਹੂਲਤਾਂ ਦੀ ਮੰਗ ਕੀਤੀ ਹੈ।
ਡੀ ਟੀ ਐੱਫ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ ਅਤੇ ਜ਼ਿਲ੍ਹਾ.ਗੁਰਦਾਸਪੁਰ… ਦੇ ਪ੍ਰਧਾਨ ਹਰਜਿੰਦਰ ਸਿੰਘ ਵਡਾਲਾ ਬਾਂਗਰ ਨੇ ਬਿਆਨ ਜਾਰੀ ਕਰਦਿਆਂ ਸਰਕਾਰ ਦੇ ਮਾੜੇ ਸਿਹਤ ਪ੍ਰਬੰਧਾਂ ਕਾਰਨ ਕੋਰੋਨਾ ਸੰਕਰਮਣ ਤੇ ਹੋਰ ਕਈ ਗੰਭੀਰ ਬਿਮਾਰੀਆਂ ਸਦਕਾ ਕਈ ਜਾਨਾਂ ਜਾਣ ‘ਤੇ ਦੁੱਖ ਪ੍ਰਗਟ ਕਰਦਿਆਂ ਲੋਕ ਵਿਰੋਧੀ ਨਿੱਜੀਕਰਨ ਦੀ ਨੀਤੀ ਤਿਆਗ ਕੇ ਸਿਹਤ ਖੇਤਰ ਲਈ ਬਜਟ ਨੂੰ ਵਧਾਉਣ, ਸਿਹਤ ਸਹੂਲਤਾਂ ਵਿੱਚ ਫੌਰੀ ਵਾਧਾ ਕਰਨ, ਕੱਚੇ ਮੁਲਾਜ਼ਮ ਪੱਕੇ ਕਰਨ, ਵੱਡੇ ਪੱਧਰ ‘ਤੇ ਪੱਕੀ ਭਰਤੀ ਕਰਨ, ਅਧਿਆਪਕਾਂ ਨੂੰ ‘ਕੋਰੋਨਾ ਯੋਧੇ’ ਐਲਾਨਣ, ਲੋੜ ਅਨੁਸਾਰ ਸਕੂਲ ਸਮੇਂ ਵਿੱਚ ਤਰਕ ਸੰਗਤ ਕਟੌਤੀ ਕਰਨ, ਗਰਭਵਤੀ ਅਧਿਆਪਕਾਵਾਂ ਅਤੇ ਕੈਂਸਰ ਆਦਿ ਕਰੋਨਿਕ ਬਿਮਾਰੀਆਂ ਤੋਂ ਪੀੜਤਾਂ ਨੂੰ “ਘਰ ਤੋਂ ਕੰਮ” ਤਹਿਤ ਸਕੂਲ ਆਉਣ ਤੋਂ ਪੂਰਨ ਛੋਟ ਦੇਣ ਦੀ ਮੰਗ ਕੀਤੀ ਹੈ।
ਡੀਟੀਐਫ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ..ਵਰਗਿਸ਼ ਸਲਾਮਤ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਨੇ ਪੰਜਾਬ ਭਰ ਦੇ ਸਰਕਾਰੀ ਦਫ਼ਤਰਾਂ/ਸਕੂਲਾਂ ਵਿੱਚ ਕੰਮ ਕਰਦੇ ਮੁਲਾਜ਼ਮਾਂ ਵਿੱਚੋਂ 50% ਨੂੰ ਰੋਟੇਸ਼ਨ ਵਾਇਜ਼ ਹਾਜਰ ਹੋਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਪਰ ਪੰਜਾਬ ਦੇ ਸਿੱਖਿਆ ਵਿਭਾਗ ਨੇ ਕੇਵਲ ਦਸ ਤੋਂ ਵੱਧ ਸਟਾਫ ਵਾਲੇ ਸਕੂਲਾਂ ‘ਤੇ ਹੀ ਲਾਗੂ ਕਰਨ ਬਾਰੇ ਪੱਤਰ ਜਾਰੀ ਕਰਕੇ ਇਨ੍ਹਾਂ ਨਿਰਦੇਸ਼ਾਂ ਨੂੰ ਅਨਰਥ ਕਰ ਦਿੱਤਾ ਹੈ, ਕਿਉਂਕਿ ਪੰਜਾਬ ਭਰ ਦੇ ਬਹੁ ਗਿਣਤੀ ਸਕੂਲਾਂ ਵਿੱਚ ਖਾਸ ਕਰਕੇ ਪ੍ਰਾਇਮਰੀ ਅਤੇ ਮਿਡਲ ਵਿੱਚ ਸਕੂਲ ਸਟਾਫ ਦੀ ਗਿਣਤੀ 10 ਤੋਂ ਘੱਟ ਹੈ। ਦੂਜੇ ਪਾਸੇ ਸਿਵਲ ਤੇ ਪੁਲੀਸ ਪ੍ਰਸ਼ਾਸਨ ਵੱਲੋਂ ਇਕ ਵਾਹਨ ਵਿਚ ਦੋ ਤੋਂ ਵੱਧ ਸਵਾਰੀਆਂ ਹੋਣ ਦੇ ਮਾਮਲਿਆਂ ‘ਚ ਵੀ ਪ੍ਰੇਸ਼ਾਨ ਕੀਤਾ ਜਾਂਦਾ ਹੈ। ਇਸ ਸਭ ਨੂੰ ਦੇਖਦੇ ਹੋਏ ਸਾਰੇ ਸਕੂਲਾਂ ਵਿੱਚ ਬਿਨਾਂ ਸ਼ਰਤ ਰੋਜ਼ਾਨਾ ਪੰਜਾਹ ਪ੍ਰਤੀਸ਼ਤ ਹਾਜ਼ਰੀ ਦਾ ਹੀ ਫ਼ੈਸਲਾ ਲਾਗੂ ਕਰਨਾ ਚਾਹੀਦਾ ਹੈ।
ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸੇਵਾ ਨਿਭਾ ਰਹੇ ਈਟੀਟੀ ਅਧਿਆਪਕਾਂ ਦੀਆ ਜਨਰਲ ਬਦਲੀਆਂ ਹੋਏ ਲਗਪਗ ਦੋ ਮਹੀਨੇ ਤੋਂ ਉੱਪਰ ਦਾ ਸਮਾਂ ਹੋ ਗਿਆ ਹੈ ਪਰ ਅਜੇ ਤੱਕ ਇਹ ਬਦਲੀਆਂ ਲਾਗੂ ਨਹੀਂ ਕੀਤੀਆਂ ਜਾ ਸਕੀਆਂ ਅਤੇ ਇਸ ਦਾ ਸੰਤਾਪ ਅਧਿਆਪਕਾਂ ਨੂੰ ਝੱਲਣਾ ਪੈ ਰਿਹਾ ਹੈ ਇਸ ਮੌਕੇ ਗੁਰਦਿਆਲ ਚੰਦ, ਉਪਕਾਰਸਿੰਘ ਵਡਾਲਾਬਾਂਗਰ, ਡਾਸਤਿੰਦਰ ਸਿੰਘ, ਸੁਖਜਿੰਦਰ ਸਿੰਘ, ਅਮਰਜੀਤ ਸਿੰਘ ਕੋਠੇ,ਬਲਵਿੰਦਰ ਕੌਰ, ਸਤਨਾਮ ਸਿੰਘ, ਮਨੋਹਰ ਲਾਲ, ਕੁਲਰਾਜ ਸਿੰਘ, ਹਰਦੀਪਰਾਜ, ਆਦਿ ਨੇ ਮੰਗ ਕੀਤੀ ਕਿ ‘ਕਰੋਨਾ’ ਲਾਗ ਕਾਰਨ ਜਾਨ ਗੁਆਉਣ ਵਾਲੇ ਅਧਿਆਪਕਾਂ ਲਈ 50 ਲੱਖ ਦੀ ਬੀਮਾ ਰਾਸ਼ੀ ਦੇਣ ਅਤੇ ਪ੍ਰਸੋਨਲ ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ ਕੋਰੋਨਾ ਪੌਜਿਟਿਵ ਹੋਣ ‘ਤੇ 17 ਤੋਂ 30 ਦਿਨ ਤੱਕ ਦੀ ਤਨਖਾਹ ਸਹਿਤ ਸਪੈਸ਼ਲ ਛੁੱਟੀ ਮਿਲਣਯੋਗ ਹੋਣ ਦਾ ਫ਼ੈਸਲਾ ਸਪਸ਼ਟਤਾ ਨਾਲ ਲਾਗੂ ਕੀਤਾ ਜਾਵੇ।
ਇਸ ਦੇ ਨਾਲ ਹੀ ਵੈਕਸੀਨ ਦੀ ਜ਼ਬਰਦਸਤ ਘਾਟ ਹੋਣ ਅਤੇ ਵੈਕਸੀਨ ਕਰਵਾਉਣਾ ਵਿਅਕਤੀਗਤ ਮਾਮਲਾ ਹੋਣ ਦੇ ਬਾਵਜੂਦ, ਕੁਝ ਜ਼ਿਲ੍ਹਿਆਂ ਵਿੱਚ ਵੈਕਸੀਨੇਸ਼ਨ ਨਾ ਕਰਵਾਉਣ ਵਾਲੇ ਅਧਿਆਪਕਾਂ ਦੀ ਤਨਖਾਹ ਰੋਕਣ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਵੀ ਕੀਤੀ ਗਈ। ਜਥੇਬੰਦੀ ਦੇ ਆਗੂਆਂ ਨੇ ਇਹ ਵੀ ਪੁਰਜ਼ੋਰ ਮੰਗ ਚੁੱਕੀ ਕੀ ਬਦਲੀ ਕਰਵਾ ਚੁੱਕੇ ਈਟੀਟੀ ਅਧਿਆਪਕਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਦੇਣ ਸਬੰਧੀ ਵਿਭਾਗ ਜਲਦੀ ਹੀ ਮਸਲੇ ਦਾ ਹੱਲ ਕੱਢੇ।ਇਨ੍ਹਾਂ ਮੰਗਾਂ ਦੀ ਜਲਦ ਪੂਰਤੀ ਕਰਾਉਣ ਹਿੱਤ ਸਾਂਝਾ ਅਧਿਆਪਕ ਮੋਰਚਾ ਪੰਜਾਬ ਵੱਲੋਂ ਬਲਾਕ ਪੱਧਰੀ, ਤਹਿਸੀਲ ਪੱਧਰੀ, ਜ਼ਿਲ੍ਹਾ ਪੱਧਰੀ ਅਰਥੀ ਫੂਕ ਮੁਜ਼ਾਹਰੇ ਐਲਾਨੇ ।

EDITOR
CANADIAN DOABA TIMES
Email: editor@doabatimes.com
Mob:. 98146-40032 whtsapp