ਪ੍ਰਾਈਵੇਟ ਹਸਪਤਾਲਾਂ ’ਚ ਵੀ ਜਨਮ ਅਤੇ ਮੌਤ ਦੇ ਸਰਟੀਫਿਕੇਟ ਮਿਲਣੇ ਸ਼ੁਰੂ, 576 ਸਰਟੀਫਿਕੇਟ ਜਾਰੀ : ਅਪਨੀਤ ਰਿਆਤ

ਪ੍ਰਾਈਵੇਟ ਹਸਪਤਾਲਾਂ ’ਚ ਵੀ ਜਨਮ ਅਤੇ ਮੌਤ ਦੇ ਸਰਟੀਫਿਕੇਟ ਮਿਲਣੇ ਸ਼ੁਰੂ
ਹੁਸ਼ਿਆਰਪੁਰ ਦੇ 29 ਪ੍ਰਾਈਵੇਟ ਹਸਪਤਾਲਾਂ ’ਚੋਂ ਹੁਣ ਤੱਕ 576 ਸਰਟੀਫਿਕੇਟ ਜਾਰੀ : ਅਪਨੀਤ ਰਿਆਤ
ਨਗਰ ਨਿਗਮ ਤੋਂ ਬਾਅਦ ਦੂਜੇ ਪੜਾਅ ’ਚ ਨਗਰ ਕੌਂਸਲਾਂ/ਨਗਰ ਪੰਚਾਇਤਾਂ ਦੇ ਪ੍ਰਾਈਵੇਟ ਹਸਪਤਾਲਾਂ ’ਚ ਵੀ ਸ਼ੁਰੂ ਹੋਵੇਗੀ ਸਹੂਲਤ
ਹੁਸ਼ਿਆਰਪੁਰ, 16 ਜੂਨ: ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ ਲੋਕਾਂ ਦੀ ਸਹੂਲਤ ਲਈ ਪ੍ਰਾਈਵੇਟ ਹਸਪਤਾਲਾਂ ਵਿੱਚ ਵੀ ਜਨਮ ਅਤੇ ਮੌਤ ਦੇ ਸਰਟੀਫਿਕੇਟ ਜਾਰੀ ਕਰਨ ਨੂੰ ਦਿੱਤੀ ਪ੍ਰਵਾਨਗੀ ਉਪਰੰਤ ਹੁਸ਼ਿਆਰਪੁਰ ਨਗਰ ਨਿਗਮ ਦੀ ਹਦੂਦ ਅੰਦਰ ਪੈਂਦੇ ਨਿੱਜੀ ਹਸਪਤਾਲਾਂ ਵਿੱਚ ਹੁਣ ਤੱਕ 576 ਸਰਟੀਫਿਕੇਟ ਜਾਰੀ ਕੀਤੇ ਜਾ ਚੁੱਕੇ ਹਨ।
  ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਸ਼ਾਸਨਿਕ ਸੁਧਾਰ ਵਿਭਾਗ ਵਲੋਂ ਤਿਆਰ ਕੀਤੇ ਸਾਫਟਵੇਅਰ ਰਾਹੀਂ ਹੁਸ਼ਿਆਰਪੁਰ ਦੇ ਸ਼ਹਿਰੀ ਖੇਤਰ ਵਿਚਲੇ ਨਿੱਜੀ ਹਸਪਤਾਲਾਂ ਵਿੱਚ ਜਨਮ ਅਤੇ ਮੌਤ ਦੀ ਆਨਲਾਈਨ ਰਜਿਸਟਰੇਸ਼ਨ ਦੀ ਸਹੂਲਤ ਸ਼ੁਰੂ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਆਨਲਾਈਨ ਪੋਰਟਲ ਰਾਹੀਂ ਹਸਪਤਾਲਾਂ ਵਲੋਂ ਲੋਕਲ ਰਜਿਸਟਰਾਰ ਨੂੰ ਸੂਚਨਾ ਭੇਜਣ ਉਪਰੰਤ ਬਿਨੈਕਾਰਾਂ ਨੂੰ ਲੋੜੀਂਦਾ ਸਰਟੀਫਿਕੇਟ ਬਹੁਤ ਹੀ ਘੱਟ ਸਮੇਂ ਵਿੱਚ ਪ੍ਰਦਾਨ ਕਰ ਦਿੱਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਵਿੱਚ ਇਹ ਸੇਵਾ ਜ਼ਿਲ੍ਹਾ ਪੱਧਰ ’ਤੇ ਸ਼ਹਿਰੀ ਖੇਤਰ ਵਿੱਚ ਸਥਿਤ ਸਿਹਤ ਸੰਸਥਾਵਾਂ ’ਤੇ ਸ਼ੁਰੂ ਕੀਤੀ ਗਈ ਹੈ ਅਤੇ ਅਗਲੇ ਪੜਾਅ ’ਚ ਜ਼ਿਲ੍ਹੇ ਦੀਆਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀ ਹਦੂਦ ਅੰਦਰ ਸਥਿਤ ਪ੍ਰਾਈਵੇਟ ਹਸਪਤਾਲਾਂ ਵਿੱਚ ਵੀ ਇਹ ਸਹੂਲਤ ਸ਼ੁਰੂ ਕੀਤੀ ਜਾ ਰਹੀ ਹੈ।
  ਹੁਸ਼ਿਆਰਪੁਰ ਸ਼ਹਿਰ ਦੇ 29 ਪ੍ਰਾਈਵੇਟ ਹਸਪਤਾਲਾਂ ਵਿੱਚ 1 ਮਈ ਤੋਂ ਸ਼ੁਰੂ ਕੀਤੀ ਇਸ ਸਹੂਲਤ ਸਬੰਧੀ ਅਪਨੀਤ ਰਿਆਤ ਨੇ ਦੱਸਿਆ ਕਿ ਆਨਲਾਈਨ ਰਜਿਸਟਰੇਸ਼ਨ ਉਪਰੰਤ ਹੁਣ ਤੱਕ ਇਨ੍ਹਾਂ ਹਸਪਤਾਲਾਂ ਵਲੋਂ 370 ਜਨਮ ਅਤੇ 206 ਮੌਤ ਦੇ ਸਰਟੀਫਿਕੇਟ ਜਾਰੀ ਕੀਤੇ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪ੍ਰਸ਼ਾਸਨਿਕ ਸੁਧਾਰਾਂ ਤਹਿਤ ਇਸ ਉਪਰਾਲੇ ਰਾਹੀਂ ਲੋਕਾਂ ਨੂੰ ਬਿਨਾਂ ਕਿਸੇ ਖੱਜਲ-ਖੁਆਰੀ ਅਤੇ ਘੱਟੋ-ਘੱਟ ਸਮੇਂ ’ਚ ਲੋੜੀਂਦਾ ਸਰਟੀਫਿਕੇਟ ਜਾਰੀ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ।

 

Related posts

Leave a Reply