ਅਰੁਣਾ ਚੌਧਰੀ ਵੱਲੋਂ ਆਂਗਣਵਾੜੀ ਕੇਂਦਰਾਂ ਨੂੰ ਅਗਲੇ ਹੁਕਮਾਂ ਤੱਕ ਬੰਦ ਰੱਖਣ ਦੇ ਨਿਰਦੇਸ਼
ਚੰਡੀਗੜ੍ਹ, 13 ਮਾਰਚ:
ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਨੇ ਕੋਵਿਡ ਦੇ ਮਾਮਲਿਆਂ ਵਿੱਚ ਮੁੜ ਉਭਾਰ ਦੇ ਮੱਦੇਨਜ਼ਰ ਆਂਗਣਵਾੜੀ ਕੇਂਦਰਾਂ ਨੂੰ ਅਗਲੇ ਹੁਕਮਾਂ ਤੱਕ ਬੰਦ ਰੱਖਣ ਦੇ ਨਿਰਦੇਸ਼ ਦਿੱਤੇ ਹਨ।
ਸ੍ਰੀਮਤੀ ਚੌਧਰੀ ਨੇ ਕਿਹਾ ਕਿ ਇਹ ਫੈਸਲਾ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਅਤੇ ਹੋਰ ਲਾਭਪਾਤਰੀਆਂ ਨੂੰ ਰਾਸ਼ਨ ਅਤੇ ਹੋਰ ਸਮੱਗਰੀ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਰਾਹੀਂ ਘਰ-ਘਰ ਪਹੁੰਚਾਈ ਜਾਂਦੀ ਰਹੇਗੀ ਤਾਂ ਜੋ ਲਾਭਪਾਤਰੀਆਂ ਨੂੰ ਪੌਸ਼ਟਿਕ ਆਹਾਰ ਮਿਲਦਾ ਰਹੇ। ਉਨ੍ਹਾਂ ਸਾਰੇ ਸਿਹਤ ਪ੍ਰੋਟੋਕਾਲਾਂ ਭਾਵ ਮਾਸਕ ਪਹਿਨਣ, ਹੱਥ ਧੋਣ ਅਤੇ ਇੱਕ ਦੂਜੇ ਤੋਂ ਸਮਾਜਿਕ ਵਿੱਥ ਬਣਾ ਕੇ ਰੱਖਣ, ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਵੀ ਦਿੱਤੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਬੱਚਿਆਂ ਨੂੰ ਇਸ ਮਾਰੂ ਵਾਇਰਸ ਤੋਂ ਬਚਾਉਣ ਲਈ ਜੰਗੀ ਪੱਧਰ `ਤੇ ਯਤਨ ਜਾਰੀ ਹਨ। ਉਨ੍ਹਾਂ ਵਰਕਰਾਂ ਅਤੇ ਹੈਲਪਰਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਸਬੰਧੀ ਸਾਵਧਾਨੀਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਆਂਗਣਵਾੜੀ ਵਰਕਰ ਅਤੇ ਹੈਲਪਰ ਆਂਗਣਵਾੜੀ ਕੇਂਦਰਾਂ ਵਿੱਚ ਮੌਜੂਦ ਰਹਿਣਗੇ ਅਤੇ ਪੌਸ਼ਟਿਕ ਆਹਾਰ ਘਰ ਘਰ ਪਹੰੁਚਾਉਣ ਤੇ ਹੋਰ ਗਤੀਵਿਧੀਆਂ ਲਈ ਘਰ-ਘਰ ਪਹੁੰਚ ਕਰਨਗੇ।
ਸ੍ਰੀਮਤੀ ਚੌਧਰੀ ਨੇ ਕਿਹਾ ਕਿ ਵਰਕਰ ਅਤੇ ਹੈਲਪਰ ਪੜਾਅਵਾਰ ਢੰਗ ਨਾਲ ਲਾਭਪਾਤਰੀਆਂ ਨਾਲ ਮੁਲਾਕਾਤ ਕਰਨਗੇ ਅਤੇ ਇਹ ਯਕੀਨੀ ਬਣਾਉਣਗੇ ਕਿ ਵਿਭਾਗ ਦੁਆਰਾ ਦਿੱਤੀ ਸਮਾਂ ਸੀਮਾ ਦੇ ਅੰਦਰ ਬੱਚਆਂ ਦੇ ਸਰੀਰਕ ਵਾਧੇ ਦਾ ਨਿਗਰਾਨੀ ਰਿਕਾਰਡ ਤਿਆਰ ਕੀਤਾ ਜਾਵੇ।

EDITOR
CANADIAN DOABA TIMES
Email: editor@doabatimes.com
Mob:. 98146-40032 whtsapp