ਬਟਾਲਾ, 24 ਜੂਨ ( ਸੰਜੀਵ ਨਈਅਰ, ਅਵਿਨਾਸ਼ ) : ਪੰਜਾਬ ਸਰਕਾਰ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਚਲਾਈ ਮਿਸ਼ਨ ਫਤਿਹ ਮੁਹਿੰਮ ਨੂੰ ਲੋਕਾਂ ਦਾ ਭਰਪੂਰ ਸਹਿਯੋਗ ਮਿਲ ਰਿਹਾ ਹੈ ਅਤੇ ਜ਼ਿਲ੍ਹਾ ਗੁਰਦਾਸਪੁਰ ਵਿੱਚ ਕਰੋਨਾ ਮਹਾਂਮਾਰੀ ਤੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਲਗਾਤਾਰ ਕੰਮ ਜਾਰੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਦੇ ਚੇਅਰਮੈਨ ਰਵੀਨੰਦਨ ਸਿੰਘ ਬਾਜਵਾ ਨੇ ਕਿਹਾ ਕਿ ਪੰਚਾਇਤੀ ਵਿਭਾਗ ਵੱਲੋਂ ਪਿੰਡਾਂ ਦੇ ਲੋਕਾਂ ਅਤੇ ਮਗਨਰੇਗਾ ਮਜ਼ਦੂਰਾਂ ਨੂੰ ਕਰੋਨਾ ਮਹਾਂਮਾਰੀ ਪ੍ਰਤੀ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਅਤੇ ਹਦਾਇਤਾਂ ਅਤੇ ਕਰੋਨਾ ਮਹਾਂਮਾਰੀ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਉੱਥੇ ਹੀ ਵਿਭਾਗ ਵੱਲੋਂ ਪਿੰਡਾਂ ਦੀਆਂ ਮਹੱਤਵਪੂਰਨ ਥਾਵਾਂ ’ਤੇ ਸਲੋਗਨਾਂ, ਵਾਲ ਪੇਟਿੰਗ ਰਾਹੀਂ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।
ਚੇਅਰਮੈਨ ਬਾਜਵਾ ਨੇ ਦੱਸਿਆ ਕਿ ਮਿਸ਼ਨ ਫ਼ਤਿਹ ਮੁਹਿੰਮ ਤਹਿਤ ਜਿਲੇ ਦੀਆਂ ਵੱਡੀ ਗਿਣਤੀ ਵਿੱਚ ਪੰਚਾਇਤਾਂ ਵੱਲੋਂ ਘਰ ਘਰ ਜਾ ਕੇ ਲੋਕਾਂ ਅਤੇ ਮਗਨਰੇਗਾ ਮਜ਼ਦੂਰਾਂ ਨੂੰ ਕਰੋਨਾ ਮਹਾਂਮਾਰੀ ਤੋਂ ਬਚਾਅ ਲਈ ਸਮੇਂ ਸਮੇਂ ਤੇ ਹੱਥ ਧੋਣ, ਮਾਸਕ ਪਾਉਣ, ਸਮਾਜਿਕ ਦੂਰੀ ਬਣਾਈ ਰੱਖਣ ਅਤੇ ਬਜੁਰਗਾਂ ਅਤੇ ਬੱਚਿਆਂ ਨੂੰ ਲੋੜ ਤੋਂ ਬਿਨਾ ਘਰਾਂ ਤੋਂ ਬਾਹਰ ਨਾ ਜਾਣ ਲਈ ਲਗਾਤਾਰ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਉਨਾਂ ਨੂੰ ਸਾਵਧਾਨੀਆਂ ਸਬੰਧੀ ਪੈਂਫਲਿਟ ਅਤੇ ਵਾਲ ਪੇਟਿੰਗ/ਸਲੋਗਨ ਰਾਹੀਂ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨਾਂ ਇਹ ਵੀ ਦੱਸਿਆ ਕਿ ਲੋਕਾਂ ਨੂੰ ਕੋਵਾ ਐਪ ਵੱਧ ਤੋਂ ਵੱਧ ਡਾਊਨਲੋਡ ਕਰਨ ਅਤੇ ਇਸ ਦੇ ਫਾਇਦਿਆਂ ਬਾਰੇ ਜਾਣੂ ਕਰਵਾਇਆ ਗਿਆ ਜਾ ਰਿਹਾ ਹੈ।
ਇਸ ਮੌਕੇ ਉਨਾਂ ਨੂੰ ਦੱਸਿਆ ਗਿਆ ਕਿ ਉਹ ਕਰੋਨਾ ਨੂੰ ਹਰਾਉਣ ਲਈ ਮਿਸ਼ਨ ਫਤਿਹ ਯੋਧਾ ਬਨਣ ਲਈ ਕੋਵਾ ਐਪ ਤੇ ਮੁਕਾਬਲੇ ਲਈ ਰਜਿਸਟ੍ਰੇਸ਼ਨ ਕਰਕੇ ਕੋਵਿਡ ਇਹਤਿਆਤ ਵਰਤਦਿਆਂ ਅੰਕ ਪ੍ਰਾਪਤ ਕਰਕੇ, ਮੁੱਖ ਮੰਤਰੀ ਦੇ ਦਸਤਖਤਾਂ ਵਾਲਾ ਸੋਨਾ/ਚਾਂਦੀ/ਕਾਂਸੀ ਸਰਟੀਫਿਕੇਟ ਜਿੱਤ ਸਕਦੇ ਹਨ।ਰਵੀਨੰਦਨ ਸਿੰਘ ਬਾਜਵਾ ਨੇ ਕਿਹਾ ਕਿ ਲੋਕਾਂ ਵਲੋਂ ਮਿਸ਼ਨ ਫ਼ਤਿਹ ਵਿੱਚ ਪੂਰਾ ਉਤਸ਼ਾਹ ਦਿਖਾਇਆ ਜਾ ਰਿਹਾ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਕੋਰੋਨਾ ਵਾਇਰਸ ਉੱਪਰ ਜਲਦੀ ਹੀ ਫ਼ਤਿਹ ਹਾਸਲ ਕੀਤੀ ਜਾਵੇਗੀ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp