ਡਾ.ਓਬਰਾਏ ਦੀ ਸਰਪ੍ਰਸਤੀ ਹੇਠ ਨਿਰੰਤਰ ਜਾਰੀ ਰਹਿਣਗੇ ਸਾਰੇ ਸੇਵਾ ਕਾਰਜ : ਸਿੱਧੂ, ਹੇਰ
ਅੰਮ੍ਰਿਤਸਰ,4 ਜੁਲਾਈ (CDT NEWS )-ਦੁਨੀਆਂ ਦੇ ਕਿਸੇ ਵੀ ਕੋਨੇ ‘ਚ ਕੁਦਰਤੀ ਜਾਂ ਗੈਰ ਕੁਦਰਤੀ ਮੁਸੀਬਤ ‘ਚ ਫਸਣ ਵਾਲੇ ਲੋਕਾਂ ਦੀ ਮਦਦ ਲਈ ਸਭ ਤੋਂ ਪਹਿਲਾਂ ਪਹੁੰਚ ਕੇ ਉਨ੍ਹਾਂ ਦਾ ਦੁੱਖ ਵੰਡਾਉਣ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬੱਤ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐੱਸ.ਪੀ.ਸਿੰਘ ਓਬਰਾਏ ਵੱਲੋਂ ਕਰੋਨਾ ਮਹਾਂਮਾਰੀ ਕਾਰਨ ਪੈਦਾ ਹੋਏ ਹਾਲਾਤ ‘ਚੋਂ ਗੁਜ਼ਰ ਰਹੇ ਅੰਮ੍ਰਿਤਸਰ ਨੇੜਲੇ ਢਪੱਈ ਖੇਤਰ ਦੇ 65 ਸਿਕਲੀਗਰ ਸਿੱਖਾਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸਬੰਧਤ 30 ਪਾਠੀ ਸਿੰਘਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਮਹੀਨੇ ਦਾ ਸੁੱਕਾ ਰਾਸ਼ਨ ਵੰਡਿਆ ਗਿਆ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਟਰੱਸਟ ਦੇ ਮਾਝਾ ਜੋਨ ਦੇ ਸਲਾਹਕਾਰ ਸੁਖਦੀਪ ਸਿੱਧੂ, ਜ਼ਿਲ੍ਹਾ ਪ੍ਰਧਾਨ ਸੁਖਜਿੰਦਰ ਸਿੰਘ ਹੇਰ,ਜਨਰਲ ਸਕੱਤਰ ਮਨਪ੍ਰੀਤ ਸੰਧੂ,ਵਿੱਤ ਸਕੱਤਰ ਨਵਜੀਤ ਸਿੰਘ ਘਈ,ਮੀਤ ਪ੍ਰਧਾਨ ਸ਼ਿਸ਼ਪਾਲ ਸਿੰਘ ਲਾਡੀ ਨੇ ਦੱਸਿਆ ਕਿ ਅੰਮ੍ਰਿਤਸਰ ਦੀ ਬੁੱਕਲ ‘ਚ ਵੱਸਦੇ ਢਪੱਈ ਖੇਤਰ ਅੰਦਰ ਰਹਿਣ ਵਾਲੇ ਸਿਕਲੀਗਰ ਸਿੱਖਾਂ ਦੇ ਆਗੂ ਹਰਭਜਨ ਸਿੰਘ ਨੇ ਉਨ੍ਹਾਂ ਨਾਲ ਸੰਪਰਕ ਕਰਕੇ ਦੱਸਿਆ ਸੀ ਕਿ ਉਨ੍ਹਾਂ ਦੇ ਖੇਤਰ ਦੇ ਸਿਕਲੀਗਰ ਬਰਾਦਰੀ ਨਾਲ ਸਬੰਧਿਤ ਲੋਕ ਜੋ ਕਿਰਪਾਨਾਂ ਬਣਾਉਣ ਜਾਂ ਹੋਰ ਲੁਹਾਰਾ ਕੰਮ ਕਰਦੇ ਹਨ,ਉਹ ਕਰੋਨਾ ਕਾਰਨ ਪੈਦਾ ਹਾਲਾਤਾਂ ਦੌਰਾਨ ਆਰਥਿਕ ਮੰਦਹਾਲੀ ਚੋਂ ਗੁਜ਼ਰ ਰਹੇ ਹਨ। ਇੱਥੋਂ ਤੱਕ ਕਿ ਕਈ ਪਰਿਵਾਰਾਂ ਨੂੰ ਤਾਂ ਦੋ ਵਕਤ ਦੀ ਰੋਟੀ ਵੀ ਬਹੁਤ ਮੁਸ਼ਕਿਲ ਮਿਲ ਰਹੀ ਹੈ । ਜਿਸ ਨੂੰ ਵੇਖਦਿਆਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ 65 ਪਰਿਵਾਰਾਂ ਨੂੰ ਇੱਕ-ਇੱਕ ਮਹੀਨੇ ਦਾ ਸੁੱਕਾ ਰਾਸ਼ਨ ਦਿੱਤਾ ਗਿਆ ਹੈ। ਜਦ ਕਿ ਇਸ ਤੋਂ ਇਲਾਵਾ ਮੌਜੂਦਾ ਹਾਲਾਤ ਕਾਰਨ ਬੇਰੁਜ਼ਗਾਰ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸਬੰਧਤ 30 ਪਾਠੀ ਸਿੰਘਾਂ ਦੇ ਪਰਿਵਾਰਾਂ ਨੂੰ ਵੀ ਇੱਕ-ਇੱਕ ਮਹੀਨੇ ਦਾ ਰਾਸ਼ਨ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਡਾ.ਓਬਰਾਏ ਹੁਰਾਂ ਦੀ ਯੋਗ ਸਰਪ੍ਰਸਤੀ ਹੇਠ ਅੰਮ੍ਰਿਤਸਰ ਅਤੇ ਮਜੀਠਾ ਖੇਤਰ ਅੰਦਰ 1900 ਪਰਿਵਾਰਾਂ ਨੂੰ ਸੁੱਕੇ ਰਾਸ਼ਨ ਦੀਆਂ ਕਿੱਟਾਂ ਵੰਡੀਆਂ ਜਾਣਗੀਆਂ,ਜਿਸ ਦੌਰਾਨ ਮੱਧਵਰਗੀ ਪਰਿਵਾਰਾਂ ਦਾ ਵੀ ਵਿਸ਼ੇਸ਼ ਖਿਆਲ ਰੱਖਿਆ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਟਰੱਸਟ ਵੱਲੋਂ ਅਰੰਭੇ ਗਏ ਇਹ ਸਾਰੇ ਸੇਵਾ ਕਾਰਜ ਨਿਰੰਤਰ ਜਾਰੀ ਰਹਿਣਗੇ ।
ਇਸ ਦੌਰਾਨ ਸਿਕਲੀਗਰ ਸਿੱਖਾਂ ਅਤੇ ਗ੍ਰੰਥੀ ਸਿੰਘਾਂ ਦੇ ਆਗੂਆਂ ਨੇ ਇਸ ਉਪਰਾਲੇ ਲਈ ਡਾ.ਓਬਰਾਏ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦਿਆਂ ਪ੍ਰਮਾਤਮਾ ਅੱਗੇ ਉਨ੍ਹਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਵੀ ਕੀਤੀ। ਇਸ ਮੌਕੇ ਪ੍ਰਦੀਪ ਸਿੰਘ ਥਿੰਦ,ਗੁਰਸੇਵਕ ਸਿੰਘ ਭੰਗਾਲੀ ਆਦਿ ਵੀ ਮੌਜੂਦ ਸਨ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp