ਝੋਨੇ/ਬਾਸਮਤੀ ਦੀ ਫਸਲ ਵਿੱਚ ਗੈਰ ਸਿਫਾਰਸ਼ਸ਼ੁਦਾ/ਪਾਬੰਦੀ ਸ਼ੁਦਾ ਕੀਟਨਾਸ਼ਕ ਰਸਾਇਣਾਂ ਦੀ ਵਰਤੋਂ ਨਾਂ ਕੀਤੀ ਜਾਵੇ : ਡਾ ਅਮਰੀਕ ਸਿੰਘ

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕਿਸਾਨਾਂ ਨੂੰ ਝੋਨੇ ਅਤੇ ਬਾਸਮਤੀ ਵਿੱਚ ਕੀਟਨਾਸ਼ਕਾਂ ਦੀ ਸੁਚੱਜੀ ਵਰਤੋਂ ਬਾਰੇ ਪ੍ਰੇਰਿਤ ਕੀਤਾ

ਕਿਸਾਨਾਂ ਨੂੰ ਕੀਤਾ ਪੰਜਾਬ ਸਰਕਾਰ ਦੇ ਮਿਸਨ ਫਤਿਹ ਤੋਂ ਜਾਗਰੁਕ 

ਪਠਾਨਕੋਟ 21 ਅਗਸਤ( ਰਜਿੰਦਰ ਸਿੰਘ ਰਾਜਨ ਬਿਊਰੋ ਚੀਫ ) : ਫਸਲਾਂ ਨੂੰ ਲੱਗਣ ਵਾਲੇ ਕੀੜੇ ਅਤੇ ਬਿਮਾਰੀਆਂ ਦੀ ਰੋਕਥਾਮ ਲਈ ਕੀਟਨਾਸ਼ਕਾਂ ਦੀ ਸੁਚੱਜੀ ਵਰਤੋਂ ਕਰਨਾ ਬਹੁਤ ਜ਼ਰੂਰੀ ਹੈ ਤਾਂ ਜੋ ਗੁਣਵਤਾ ਭਰਪੂਰ ਖੇਤੀ ਪੈਦਾਵਾਰ ਕਰਨ ਦੇ ਨਾਲ ਨਾਲ ਮਨੁੱਖੀ ਅਤੇ ਪਸ਼ੂਆਂ ਨੂੰ ਬਿਮਾਰੀਆਂ ਲੱਗਣ ਦੀ ਸੰਭਾਵਨਾ ਨੂੰ ਘੱਟ ਕੀਤਾ ਜਾ ਸਕੇ। ਇਹ ਵਿਚਾਰ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਡਿਪਟੀ ਕਮਿਸ਼ਨਰ ਸ਼੍ਰੀ ਸੰਯਮ ਅਗਰਵਾਲ  ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ  ਹੇਠ ਬਲਾਕ ਪਠਾਨਕੋਟ ਦੇ ਪਿੰਡ ਤੰਗੋਸ਼ਾਹ ਵਿੱਚ ਤਾਰਾ ਸਿੰਘ ਕਿਸਾਨ ਦੇ ਖੇਤਾਂ ਵਿੱਚ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕਿਸਾਨਾਂ ਨੂੰ ਝੋਨੇ ਅਤੇ ਬਾਸਮਤੀ ਵਿੱਚ ਕੀਟਨਾਸ਼ਕਾਂ ਦੀ ਸੁਚੱਜੀ ਵਰਤੋਂ ਬਾਰੇ ਪ੍ਰੇਰਿਤ ਕਰਦਿਆਂ ਕਹੇ। ਇਸ ਮੋਕੇ ਤੇ ਟੀਮ ਵੱਲੋਂ ਕਿਸਾਨਾਂ ਨੂੰ ਪੰਜਾਬ ਸਰਕਾਰ ਦੇ ਚਲਾਏ ਜਾ ਰਹੇ ਮਿਸ਼ਨ ਫਤਿਹ ਤੋਂ ਵੀ ਜਾਣੂ ਕਰਵਾਇਆ ਅਤੇ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਵੀ ਪਾਲਣਾ ਕਰਨ ਲਈ ਕਿਹਾ। ਇਸ ਮੌਕੇ ਉਨਾਂ ਦੇ ਨਾਲ ਸ਼੍ਰੀ ਸੁਭਾਸ਼ ਚੰਦਰ ਖੇਤੀਬਾੜੀ ਵਿਸਥਾਰ ਅਫਸਰ, ਬਲਵਿੰਦਰ ਸਿੰਘ ,ਮਨਦੀਪ ਹੰਸ ਸਹਾਇਕ ਤਕਨੀਕੀ ਪ੍ਰਬੰਧਕ ,ਬਾਵਾ ਸਿੰਘ,ਅਮਰੀਕ ਸਿੰਘ ਸਮੇਤ ਹੋਰ ਕਿਸਾਨ ਹਾਜ਼ਰ ਸਨ।

ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਝੋਨੇ ਅਤੇ ਬਾਸਮਤੀ ਨੂੰ ਕਈ ਤਰਾਂ ਦੇ ਕੀੜੇ ਮਕੌੜੇ ਅਤੇ ਬਿਮਾਰੀਆਂ ਨੁਕਸਾਨ ਕਰਦੀਆਂ ਹਨ, ਜਿਸ ਨਾਲ  ਪੈਦਾਵਾਰ ਘਟਣ ਨਾਲ ਕਿਸਾਨ ਦੀ ਖੇਤੀ ਆਮਦਨ ਘੱਟ ਜਾਂਦੀ ਹੈ। ਉਨਾਂ ਕਿਹਾ ਕਿ ਆਮ ਕਰਕੇ ਕਿਸਾਨ ਆਂਢੀਆਂ ਗੁਆਂਢੀਆਂ ਜਾਂ ਕੀਟਨਾਸ਼ਕ ਵਿਕ੍ਰੇਤਾਵਾਂ  ਜਾਂ ਆੜਤੀਆਂ ਦੇ ਕਹੇ ਤੇ ਗੈਰ ਸਿਫਾਰਸ਼ਸ਼ੁਦਾ ਕੀਟਨਾਸ਼ਕ ਰਸਾਇਣਾਂ ਦਾ ਜ਼ਰੂਰਤ ਤੋਂ ਬਗੈਰ ਛਿੜਕਾਅ ਕਰਦੇ ਹਨ ਜਿਸ ਨਾਲ ਪ੍ਰਦੂਸ਼ਣ ਵਧਣ ਦੇ ਨਾਲ- ਨਾਲ ਖਾਣ ਵਾਲੇ ਖੇਤੀ ਪਦਾਰਥਾਂ ਵਿੱਚ ਇਨਾਂ ਰਸਾਇਣਾਂ ਦੇ ਅੰਸ਼ ਰਹਿ ਜਾਂਦੇ ਹਨ।ਉਨਾਂ ਕਿਹਾ ਕਿ ਕੁਝ ਥਾਵਾਂ ਤੇ ਝੋਨੇ ਅਤੇ ਬਾਸਮਤੀ ਤੇ ਤਣੇ ਦੁਆਲੇ ਪੱਤੇ ਦੇ ਝੁਲਸ ਰੋਗ ਦਾ ਹਮਲਾ ਵੇਖਣ ਨੂੰ ਮਿਲਿਆ ਹੈ । ਉਨਾਂ ਕਿਹਾ ਕਿ ਇਸ ਰੋਗ ਕਾਰਨ ਪੱਤੇ ਉੱਤੇ ਸਲੇਟੀ ਤੋ ਹਰੇ ਰੰਗ ਦੀਆਂ ਧਾਰੀਆਂ (ਜਿੰਨਾਂ ਦੇ ਸਿਰੇ ਜਾਮਨੀ ਹੁੰਦੇ ਹਨ) ਪਾਣੀ ਦੀ ਸਤਾਹ ਤੋਂ ਉੱਪਰ ਪੈ ਜਾਂਦੀਆਂ ਹਨ,ਜੋ ਧਾਰੀਆਂ ਬਾਅਦ ਵਿੱਚ ਇੱਕ ਦੂਸਰੀ ਨਾਲ ਮਿਲ ਜਾਂਦੀਆਂ ਹਨ।

ਉਨਾਂ ਕਿਹਾ ਕਿ ਇਸ ਬਿਮਾਰੀ ਕਾਰਨ ਮੁੰਜਰਾਂ ਵਿੱਚ ਦਾਣੇ ਪੂਰੇ ਨਹੀ ਬਣਦੇ ਇਸ ਦਾ ਵਧੇਰੇ ਹਮਲਾ ਆਮ ਕਰਕੇ ਫਸਲ ਨਿਸਰਨ ਵੇਲੇ ਹੁੰਦਾ ਹੈ।ਇਸ ਰੋਗ ਦੀ ਰੋਕਥਾਮ ਬਾਰੇ ਡਾ. ਅਮਰੀਕ ਸਿੰਘ ਨੇ ਕਿਹਾ ਕਿ ਝੋਨੇ ਅਤੇ ਬਾਸਮਤੀ ਨੂੰ ਸਿਫਾਰਸ਼ਾਂ ਅਨੁਸਾਰ ਹੀ ਯੂਰੀਆ ਖਾਦ ਦੀ ਵਰਤੋ ਕਰਨੀ ਚਾਹੀਦੀ ਹੈ। ਉਨਾਂ ਕਿਹਾ ਕਿ ਜੇਕਰ ਬਿਮਾਰੀ ਦਾ ਹਮਲਾ ਜ਼ਿਆਦਾ ਹੈ ਤਾਂ ਫਲੂਜੀਲਾਜੋਲ+ਕਾਰਬੈਂਡਾਜ਼ੋਲ 37.5 ਈ ਸੀ ਜਾਂ 80 ਗ੍ਰਾਮ ਨੈਟੀਵੋ -75 ਜਾਂ 200 ਮਿ.ਲੀ.ਮੋਨਸਰਨ ਡਬਲਿਯੂ ਜੀ ਜਾਂ 200 ਮਿ.ਲੀ.ਫੋਲੀਕਰ ਜਾਂ 200 ਮਿਲੀਲਿਟਰ ਐਮੀਸਟਾਰ ਟੌਪ 325 ਐਸ ਸੀ ਜਾਂ 200 ਮਿਲੀ ਲਿਟਰ ਪੈਨਸਾਈਕੂਰੋਨ  ਨੂੰ 200 ਲਿਟਰ ਪਾਣੀ ਵਿੱਚ ਘੋਲ ਕੇ ਬੂਟੇ ਦੇ ਮੁੱਢਾਂ ਵੱਲ ਗੋਲ ਨੋਜ਼ਲ ਨਾਲ ਛਿੜਕਾਅ ਕਰੋ,ਪਰ ਇਹ ਛਿੜਕਾਅ ਫਸਲ ਦੇ ਨਿਸਰਣ ਤੋਂ ਪਹਿਲਾਂ ਹੀ ਕੀਤੀ ਜਾਵੇ ਅਤੇ ਨਿਸਰਣ ਤੋਂ ਬਾਅਦ ਕਿਸੇ ਦਵਾਈ ਦਾ ਛਿੜਕਾਅ ਨਾਂ ਕਰੋ।

ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਾਸਮਤੀ ਦੀ ਬਰਾਮਦ ਨੂੰ ਉਤਸਾਹਿਤ ਕਰਨ ਲਈ ਐਸੀਫੇਟ, ਟਰਾਈਜੋਫਾਸ, ਥਾਈਮੈਥਾਕਸਮ, ਕਾਰਬੈਂਡਾਜ਼ਿਮ, ਟ੍ਰਾਈਸਾਈਕਲਾਜ਼ੋਲ, ਬੂਪਰੋਫੀਜਨ, ਪ੍ਰੋਪੀਕੋਨਾਜ਼ੋਲ, ਕਾਰਬੋਫਿਊਰਾਨ ,ਥਾਇਉਫੀਨੇਟ ਮੀਥਾਇਲ ਦੀ ਵਰਤੋਂ ਬਾਸਮਤੀ ਦੀ ਫਸਲ ਉੱਪਰ ਕਰਨ ਤੇ ਪਾਬੰਦੀ ਲਗਾਈ ਗਈ ਹੈ।ਉਨਾਂ ਕਿਹਾ ਕਿ ਫਸਲ ਦੇ ਪੱਕਣ ਸਮੇਂ ਆਖਰੀ ਤਿੰਨ ਤੋਂ ਚਾਰ ਹਫਤੇ ਕੀਟਨਾਸ਼ਕ ਜਾਂ ਉੱਲੀਨਾਸ਼ਕ ਰਸਾਇਣਾਂ ਦੀ ਵਰਤੋਂ ਬਿੱਲਕੁੱਲ ਨਹੀਂ ਕਰਨੀ ਚਾਹੀਦੀ। ਸ੍ਰੀ ਸੁਭਾਸ਼ ਚੰਦਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਜਦ ਕਦੇ ਕਿਸੇ ਵੀ ਫਸਲ ਉਪਰ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਪਹਿਲਾਂ ਖੇਤੀ ਮਾਹਿਰਾਂ ਨਾਲ ਸੰਪਰਕ ਕਰਕੇ ਸਿਫਾਰਸ਼ ਕੀਤੀਆਂ ਕੀਟਨਾਸ਼ਕ ਰਸਾਇਣਾਂ ਦਾ ਹੀ ਛਿੜਕਾਅ ਕਰਨ ਤਾਂ ਜੋ ਕੀੜਿਆਂ ਦੀ ਸੁਚੱਜੀ ਰੋਕਥਾਮ ਦੇ ਨਾਲ-ਨਾਲ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply