ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਦਾਖਾ ਤੋਂ ਵਿਧਾਇਕ ਹਰਵਿੰਦਰ ਸਿੰਘ ਫੂਲਕਾ ਨੇ ਕੈਪਟਨ ਸਰਕਾਰ ‘ਤੇ ਹਮਲਾ ਬੋਲਿਆ ਹੈ। ਫੂਲਕਾ ਨੇ ਬੇਅਦਬੀ ਤੇ ਗੋਲ਼ੀਕਾਂਡ ਮਾਮਲਿਆਂ ਵਿੱਚ ਢਿੱਲੀ ਕਾਰਵਾਈ ਕਾਰਨ ਕੈਪਟਨ ਸਰਕਾਰ ਦੇ ਪੰਜ ਵਜ਼ੀਰਾਂ ਤੋਂ ਅਸਤੀਫ਼ਾ ਮੰਗਿਆ ਹੈ। ਫੂਲਕਾ ਨੇ ਸਾਬਕਾ ਮੁੱਖ ਮੰਤਰੀ ਤੇ ਸਾਬਕਾ ਪੁਲਿਸ ਮੁਖੀ ਵਿਰੁੱਧ ਕੇਸ ਦਰਜ ਕਰਨ ਦੀ ਮੰਗ ਵੀ ਕੀਤੀ।
ਚੰਡੀਗੜ੍ਹ ਵਿੱਚ ਪ੍ਰੈਸ ਕਾਨਫ਼ਰੰਸ ਕਰਦਿਆਂ ਫੂਲਕਾ ਨੇ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ‘ਤੇ ਕਾਰਵਾਈ ਨਾ ਕਰਵਾ ਸਕਣ ‘ਤੇ ਕੈਪਟਨ ਸਰਕਾਰ ਦੇ ਪੰਜ ਮੰਤਰੀਆਂ ਨੂੰ ਅਲਟੀਮੇਟਮ ਦਿੱਤਾ ਹੈ। ਫੂਲਕਾ ਨੇ ਨਵਜੋਤ ਸਿੰਘ ਸਿੱਧੂ, ਮਨਪ੍ਰੀਤ ਸਿੰਘ ਬਾਦਲ, ਸੁਖਜਿੰਦਰ ਸਿੰਘ ਰੰਧਾਵਾ, ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਚਰਨਜੀਤ ਸਿੰਘ ਚੰਨੀ ਤੋਂ ਅਸਤੀਫ਼ਾ ਮੰਗਿਆ ਹੈ।
ਫੂਲਕਾ ਨੇ ਕਿਹਾ ਕਿ ਵਿਧਾਨ ਸਭਾ ‘ਚ ਵੱਡੇ ਵੱਡੇ ਭਾਸ਼ਣ ਹੋਏ ਪਰ ਕਾਰਵਾਈ ਨਹੀਂ ਕੀਤੀ ਗਈ। ਸਾਬਕਾ ਵਿਰੋਧੀ ਧਿਰ ਦੇ ਲੀਡਰ ਨੇ ਕੈਪਟਨ ਦੀ ਕੈਬਨਿਟ ਦੇ ਉਕਤ ਮੰਤਰੀਆਂ ਦੇ ਨਾਂਅ ਲੈਕੇ ਕਿਹਾ ਕਿ ਇਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਖਿਲਾਫ ਕੇਸ ਦਰਜ ਕਰਨ ਦੀ ਮੰਗ ਕੀਤੀ ਸੀ ਪਰ ਪਰ ਸਰਕਾਰ ਨੇ ਐਕਸ਼ਨ ਦੇ ਨਾਂਅ ‘ਤੇ ਕੁਝ ਨਹੀਂ ਕੀਤਾ।
‘ਆਪ’ ਵਿਧਾਇਕ ਨੇ ਪ੍ਰਕਾਸ਼ ਬਾਦਲ ਤੇ ਸੁਮੇਧ ਸੈਣੀ ਨੂੰ ਮੁਲਜ਼ਮ ਬਣਾਉਣ ਲਈ ਮੰਤਰੀਆਂ ਨੂੰ 15 ਦਿਨਾਂ ਦਾ ਅਲਟੀਮੇਟਮ ਦਿੱਤਾ ਹੈ। ਫੂਲਕਾ ਨੇ ਕਿਹਾ ਕਿ ਜੇਕਰ ਮੰਤਰੀ 15 ਸਤੰਬਰ ਤਕ ਕੇਸ ਦਰਜ ਕਰਵਾਉਣ ਬਾਰੇ ਫੈਸਲਾ ਨਹੀਂ ਕਰਵਾ ਸਕਦੇ ਤਾਂ ਅਸਤੀਫਾ ਦੇ ਦੇਣ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ 15 ਸਤੰਬਰ ਮੰਤਰੀ ਸਰਕਾਰ ਤੋਂ ਆਪਣੀ ਗੱਲ ਨਾ ਮੰਨਵਾ ਪਾਏ ਤਾਂ ਸਭ ਤੋਂ ਪਹਿਲਾਂ ਉਹ ਅਸਤੀਫਾ ਦੇਣਗੇ।
ਜਦ ਫੂਲਕਾ ਨੂੰ ਉਨ੍ਹਾਂ ਦੇ ਇਸ ਫੈਸਲੇ ‘ਤੇ ਪਾਰਟੀ ਦੇ ਸਟੈਂਡ ਬਾਰੇ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਉਹ ਪੰਜਾਬੀ ਹੋਣ ਨਾਤੇ ਅਸਤੀਫ਼ਾ ਦੇਣਗੇ, ਇਸ ਲਈ ਪਾਰਟੀ ਦੀ ਸਹਿਮਤੀ ਜਾਂ ਮਨਜ਼ੂਰੀ ਦੀ ਲੋੜ ਨਹੀਂ ਹੈ। ਫੂਲਕਾ ਨੇ ਇਹ ਵੀ ਕਿਹਾ ਕਿ ਕਾਂਗਰਸ ਇਨ੍ਹਾਂ ਮੁੱਦਿਆਂ ‘ਤੇ ਸਿਆਸਤ ਕਰਨਾ ਚਾਹੁੰਦੀ ਹੈ ਪਰ ਉਹ ਸਰਕਾਰ ਨੁੂੰ ਜ਼ਿੰਮੇਵਾਰੀ ਤੋਂ ਭੱਜਣ ਨਹੀਂ ਦੇਣਗੇ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp