ਡਿਪਟੀ ਕਮਿਸ਼ਨਰ ਨੇ ਬਟਾਲਵੀਆਂ ਦੀਆਂ ਆਨ-ਲਾਈਨ ਮੁਸ਼ਕਲਾਂ ਸੁਣੀਆਂ

ਵਿਕਾਸ ਕਾਰਜਾਂ ਵਿੱਚ ਦੇਰੀ ਕਰਨ ਵਾਲੇ ਠੇਕੇਦਾਰਾਂ ਖਿਲਾਫ ਕੀਤੀ ਜਾਵੇਗੀ ਕਾਰਵਾਈ : ਡੀ.ਸੀ.

ਬਟਾਲਾ, 27 ਸਤੰਬਰ ( ਸੰਜੀਵ ਨਈਅਰ /ਅਵਿਨਾਸ਼ ਸ਼ਰਮਾ ) : ਕੋਵਿਡ-19 ਦੇ ਚੱਲਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਵਲੋਂ ਜ਼ਿਲ੍ਹਾ ਵਾਸੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ ਉਨ੍ਹਾਂ ਤੱਕ ਆਨ-ਲਾਈਨ ਪਹੁੰਚ ਕੀਤੀ ਜਾ ਰਹੀ ਹੈ। ਅੱਜ ਐਤਵਾਰ ਦੇ ਦਿਨ ਡਿਪਟੀ ਕਮਿਸ਼ਨਰ ਨੇ ਇੱਕ ਵਾਰ ਫਿਰ ਆਨ-ਲਾਈਨ ਮੀਟਿੰਗ ਕਰਕੇ ਬਟਾਲਾ ਵਾਸੀਆਂ ਦੀ ਮੁਸ਼ਕਲਾਂ ਨੂੰ ਸੁਣਿਆ ਅਤੇ ਉਨ੍ਹਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।  

ਅੱਜ ਦੀ ਆਨ-ਲਾਈਨ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਸਭ ਤੋਂ ਪਹਿਲਾਂ ਪਿਛਲੀਆਂ ਮੀਟਿੰਗਾਂ ਦੌਰਾਨ ਬਟਾਲਾ ਵਾਸੀਆਂ ਵੱਲੋਂ ਉਠਾਏ ਗਏ ਮੁੱਦਿਆਂ ਉੱਪਰ ਪ੍ਰਸ਼ਾਸਨ ਵਲੋਂ ਕੀਤੀ ਗਈ ਕਾਰਵਾਈ ਦਾ ਰੀਵਿਊ ਕੀਤਾ। ਉਨ੍ਹਾਂ ਨੇ ਇਕੱਲੇ-ਇਕੱਲੇ ਮਸਲੇ ਦੇ ਹੱਲ ਲਈ ਕੀਤੀ ਕਾਰਵਾਈ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਜਿਸ ਕਿਸੇ ਕੰਮ ਵਿੱਚ ਕਿਸੇ ਅਧਿਕਾਰੀ ਨੇ ਲਾਪਰਵਾਹੀ ਦਿਖਾਈ ਸੀ ਉਸ ਨੂੰ ਸਖਤ ਹਦਾਇਤ ਕਰਦਿਆਂ ਬਿਨ੍ਹਾਂ ਕਿਸੇ ਦੇਰੀ ਮਸਲੇ ਦਾ ਹੱਲ ਕਰਨ ਲਈ ਕਿਹਾ।

ਮੀਟਿੰਗ ਦੌਰਾਨ ਬਟਾਲਾ ਸ਼ਹਿਰ ਵਾਸੀਆਂ ਨੇ ਸਫ਼ਾਈ, ਕੂੜੇ ਦਾ ਨਿਪਟਾਰਾ, ਸਟਰੀਟ ਲਾਈਟਾਂ, ਸੀਵਰੇਜ, ਸੜਕਾਂ ਦੀ ਮੁਰੰਮਤ ਸਮੇਤ ਸ਼ਹਿਰ ਦੇ ਵਿਕਾਸ ਸਬੰਧੀ ਮਸਲੇ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਲਿਆਂਦੇ। ਉਨ੍ਹਾਂ ਹਰ ਮਸਲੇ ਨੂੰ ਨੋਟ ਕਰਕੇ ਸਬੰਧਤ ਅਧਿਕਾਰੀਆਂ ਨੂੰ ਉਸਦਾ ਹੱਲ ਕਰਕੇ ਅਗਲੀ ਮੀਟਿੰਗ ਦੌਰਾਨ ਰਿਪੋਰਟ ਪੇਸ਼ ਕਰਨ ਲਈ ਕਿਹਾ। ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਦੇ ਹਰ ਘਰ ਵਿਚੋਂ ਸੁੱਕਾ ਅਤੇ ਗਿੱਲਾ ਕੂੜਾ ਵੱਖ-ਵੱਖ ਇਕੱਠਾ ਕੀਤਾ ਜਾਵੇ ਅਤੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੂੜੇ ਦਾ ਨਿਪਟਾਰਾ ਕੀਤਾ ਜਾਵੇ।

ਵਿਕਾਸ ਕਾਰਜਾਂ ਦੀ ਮੱਠੀ ਰਫ਼ਤਾਰ ਦਾ ਗੰਭੀਰ ਨੋਟਿਸ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਹੜਾ ਠੇਕੇਦਾਰ ਤਹਿ ਸਮੇਂ ਅੰਦਰ ਕੰਮ ਨਹੀਂ ਕਰ ਰਿਹਾ, ਨਿਯਮਾਂ ਅਨੁਸਾਰ ਉਸ ਖਿਲਾਫ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਦਾ ਖਾਸ ਖਿਆਲ ਰੱਖਿਆ ਜਾਵੇ ਅਤੇ ਕਿਸੇ ਵੀ ਸ਼ਹਿਰ ਵਾਸੀ ਨੂੰ ਪਰੇਸ਼ਾਨੀ ਨਹੀਂ ਆਉਣੀ ਚਾਹੀਦੀ। ਉਨ੍ਹਾਂ ਨਗਰ ਨਿਗਮ ਅਤੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਸ਼ਹਿਰ ਵਿੱਚ ਮੱਛਰਾਂ ਦੇ ਖਾਤਮੇ ਲਈ ਫੌਗਿੰਗ ਕਰਨ ਅਤੇ ਲੋਕਾਂ ਨੂੰ ਡੇਂਗੂ ਮਲੇਰੀਏ ਦੀ ਬਿਮਾਰੀ ਤੋਂ ਬਚਾਉਣ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਹ ਅਗਲੇ ਹਫ਼ਤੇ ਬਟਾਲਾ ਸ਼ਹਿਰ ਦਾ ਦੌਰਾ ਕਰਕੇ ਲੋਕਾਂ ਵਲੋਂ ਉਠਾਏ ਮਸਲਿਆਂ ਉਪਰ ਹੋ ਰਹੀ ਕਾਰਵਾਈ ਦਾ ਮੌਕੇ ’ਤੇ ਜਾਇਜਾ ਲੈਣਗੇ।ਮੀਟਿੰਗ ਦੌਰਾਨ ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply