ਜ਼ਿਲ੍ਹੇ ਦੇ ਅਗਾਂਹਵਧੂ ਕਿਸਾਨ ਪਲਵਿੰਦਰ ਸਿੰਘ ਨੇ ਪਿਛਲੇ 5 ਸਾਲ ਤੋਂ ਨਹੀਂ ਲਗਾਈ ਪਰਾਲੀ ਨੂੰ ਅੱਗ
25 ਏਕੜ ਰਕਬੇ ਵਿੱਚ ਪਰਾਲੀ ਨੂੰ ਖੇਤ ਵਿੱਚ ਹੀ ਵਾਹ ਕੇ ਕਰਦਾ ਹੈ ਕਣਕ ਤੇ ਝੋਨੇ ਦੀ ਖੇਤੀ
ਅਗਾਂਹਵਧੂ ਕਿਸਾਨ ਪਲਵਿੰਦਰ ਸਿੰਘ ਨੇ ਸੈਲਫ ਹੈਲਪ ਗਰੁੱਪ ਬਣਾ ਕੇ ਸਬਸਿਡੀ ‘ਤੇ ਲਈ ਹੈ ਖੇਤੀ ਮਸ਼ੀਨਰੀ
ਫਿਰੋਜ਼ਪੁਰ 11 ਅਕਤੂਬਰ 2020
ਜ਼ਿਲ੍ਹੇ ਦਾ ਅਗਾਂਹਵਧੂ ਕਿਸਾਨ ਪਲਵਿੰਦਰ ਸਿੰਘ ਪੁੱਤਰ ਸ੍ਰ. ਗੁਰਦੇਵ ਸਿੰਘ ਵਾਸੀ ਪਿੰਡ ਮਣਕਿਆ ਵਾਲੀ ਬਲਾਕ ਜ਼ੀਰਾ ਫਿਰੋਜ਼ਪੁਰ ਦਾ ਰਹਿਣ ਵਾਲਾ ਦਸਵੀਂ ਪਾਸ ਕਿਸਾਨ ਆਪਣੀ ਲਗਭਗ 25 ਏਕੜ ਜ਼ਮੀਨ ਵਿੱਚ ਝੋਨੇ ਤੇ ਕਣਕ ਦੀ ਖੇਤੀ ਕਰਦਾ ਹੈ। ਕਿਸਾਨ ਝੋਨੇ ਦੀ ਪਰਾਲੀ ਤੇ ਕਣਕ ਦੇ ਨਾੜ ਨੂੰ ਅੱਗ ਲਗਾਏ ਬਿਨ੍ਹਾਂ ਹੀ ਕਣਕ ਤੇ ਝੋਨੇ ਦੀ ਖੇਤੀ ਕਰਦਾ ਹੈ। ਜਿਸ ਕਰਕੇ ਇਹ ਕਿਸਾਨ ਜਿੱਥੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾ ਰਿਹਾ ਹੈ, ਉੱਥੇ ਹੀ ਹੋਰਨਾਂ ਕਿਸਾਨਾਂ ਲਈ ਵੀ ਰਾਹ ਦਸੇਰਾ ਬਣਿਆ ਹੋਇਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ੍ਰ. ਗੁਰਪਾਲ ਸਿੰਘ ਚਾਹਲ ਨੇ ਦੱਸਿਆ ਕਿ ਇਹ ਕਿਸਾਲ ਪਿਛਲੇ ਲਗਭਗ 5 ਸਾਲਾਂ ਤੋਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦੀ ਮਦਦ ਨਾਲ ਨਵੀਆਂ ਤਕਨੀਕਾਂ ਅਪਣਾ ਕੇ ਖੇਤ ਵਿੱਚ ਹੀ ਪਰਾਲੀ ਦੀ ਸੰਭਾਲ ਕਰਦਾ ਹੈ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫਾਰਿਸ ਕੀਤੀਆਂ ਗਈਆਂ ਕਣਕ ਤੇ ਝੋਨੇ ਦੀਆਂ ਕਿਸਮਾਂ ਬੀਜਦਾ ਹੈ। ਡਿਪਟੀ ਕਮਿਸਨਰ ਨੇ ਕਿਹਾ ਕਿ ਕਿਸਾਨ ਪਲਵਿੰਦਰ ਸਿੰਘ ਨੇ ਦੱਸਿਆ ਕਿ ਉਸ ਨੇ ਪਰਾਲੀ ਨੂੰ ਖੇਤ ਵਿੱਚ ਜ਼ਜ਼ਬ ਕਰਨ ਲਈ ਸੈਲਫ ਹੈਲਪ ਗਰੁੱਪ ਬਣਾ ਕੇ ਵੱਖ-ਵੱਖ ਖੇਤੀ ਸੰਦ ਜਿਵੇਂ ਕਿ ਹੈਪੀ ਸੀਡਰ, ਮਲਚਰ, ਆਰ.ਐੱਮ.ਬੀ. ਪਲੋਅ ਸਬਸਿਡੀ ਤੇ ਲਏ ਹਨ, ਜਿਨ੍ਹਾਂ ਦੀ ਵਰਤੋਂ ਨਾਲ ਉਹ ਪਰਾਲੀ ਤੇ ਨਾੜ ਨੂੰ ਅੱਗ ਲਗਾਏ ਬਿਨਾਂ ਹੀ ਖੇਤੀ ਕਰ ਰਿਹਾ ਹੈ ਤੇ ਕਿਰਾਏ ਤੇ ਵੀ ਬਿਜਾਈ ਕਰਦਾ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸਾਨ ਅਨੁਸਾਰ ਪਰਾਲੀ ਨੂੰ ਖੇਤ ਵਿੱਚ ਵਾਹੁਣ ਨਾਲ ਜਿੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਵਧਦੀ ਹੈ ਉੱਥੇ ਹੀ ਫਸਲ ਦੇ ਝਾੜ ਅਤੇ ਗੁਣਵੱਤਾ ਵਿੱਚ ਵੀ ਵਾਧਾ ਹੁੰਦਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਹੋਰਨਾਂ ਕਿਸਾਨਾਂ ਨੂੰ ਵੀ ਇਸ ਤੋਂ ਪ੍ਰੇਰਨਾ ਲੈ ਕੇ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਗਾਉਣੀ ਚਾਹੀਦੀ ਕਿਉਂਕਿ ਪਰਾਲੀ ਨੂੰ ਅੱਗ ਨਾ ਲਗਾਉਣ ਨਾਲ ਵਾਤਾਵਰਨ ਵੀ ਸਾਫ ਰਹਿੰਦਾ ਹੈ ਅਤੇ ਜ਼ਮੀਨ ਵਿਚਲੇ ਜ਼ਰੂਰੀ ਤੱਤ ਨਸ਼ਟ ਨਹੀਂ ਹੁੰਦੇ ਤੇ ਮਿੱਤਰ ਕੀੜੇ ਵੀ ਖਤਮ ਨਹੀਂ ਹੁੰਦੇ ਹਨ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ-19 ਮਹਾਂਮਾਰੀ ਦੇ ਦੌਰ ਵਿੱਚ ਪਰਾਲੀ ਨੂੰ ਖੇਤਾਂ ਵਿੱਚ ਸੰਭਾਲ ਕੇ ਵਾਤਾਵਰਨ ਪ੍ਰਦੂਸ਼ਿਤ ਘਟਾਉਣ ਤੇ ਆਉਣ ਵਾਲਾ ਭਵਿੱਖ ਸੁਨਹਿਰਾ ਬਣਾਉਣ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp