ਕੋਵਿਡ ਦੇ ਫੈਲਾਅ ਨੂੰ ਰੋਕਣ ਲਈ ਗੰਭੀਰਤਾ ਨਾਲ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਲੋਕ : ਅਪਨੀਤ ਰਿਆਤ


ਡਿਪਟੀ ਕਮਿਸ਼ਨਰ ਨੇ ਹਫ਼ਤਾਵਰੀ ਫੇਸਬੁੱਕ ਲਾਈਵ ਦੌਰਾਨ ਜ਼ਿਲ੍ਹਾ ਵਾਸੀਆਂ ਨੂੰ ਕੀਤਾ ਸੰਬੋਧਨ

ਪ੍ਰਾਈਵੇਟ ਹਸਪਤਾਲਾਂ ਨੂੰ ਕੋਵਿਡ ਸਬੰਧੀ ਆਪਣੀਆਂ ਸਿਹਤ ਸੇਵਾਵਾਂ ਦੇਣ ਲਈ ਅੱਗੇ ਆਉਣ ਦੀ ਕੀਤੀ ਅਪੀਲ

ਜ਼ਿਲ੍ਹੇ ਦੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ’ਚ ਵੀ ਸਰਬੱਤ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀ ਕੋਵਿਡ ਸਬੰਧੀ ਕਰਵਾ ਸਕਦੇ,ਕੈਸ਼ਲੈਸ ਇਲਾਜ

ਕਿਹਾ,ਜ਼ਿਲ੍ਹੇ ’ਚ 1 ਲੱਖ ਤੋਂ ਵੱਧ ਲਾਭਪਾਤਰੀਆਂ ਦੀ ਹੋ ਚੁੱਕੀ ਹੈ ਵੈਕਸੀਨੇਸ਼ਨ

ਕਣਕ ਦੀ ਖਰੀਦ ਦੌਰਾਨ ਮੰਡੀਆਂ ’ਚ ਵੀ ਕਿਸਾਨਾਂ, ਆੜ੍ਹਤੀਆਂ, ਲੇਬਰ ਅਤੇ ਸਬੰਧਤ ਸਟਾਫ ਦੀ ਹੋਵੇਗੀ ਵੈਕਸੀਨੇਸ਼ਨ


ਹੁਸ਼ਿਆਰਪੁਰ, 8 ਅਪ੍ਰੈਲ(ਚੌਧਰੀ) : ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਪਿਛਲੇ ਦਿਨਾਂ ਦੇ ਮੁਤਾਬਕ ਜ਼ਿਲ੍ਹੇ ਵਿੱਚ ਪਾਜ਼ੀਟਿਵ ਮਾਮਲਿਆਂ ਅਤੇ ਕੋਵਿਡ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਵਿੱਚ ਕਮੀ ਆਈ ਹੈ ਜੋ ਕਿ ਇਕ ਚੰਗਾ ਸੰਕੇਤ ਹੈ ਪਰ ਇਸ ਦੇ ਨਾਲ ਸਾਡੀ ਜ਼ਿੰਮੇਵਾਰੀ ਹੋਰ ਵੱਧ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਕੋਵਿਡ ਨੂੰ ਲੈ ਕੇ ਅਪਣਾਈਆਂ ਜਾਣ ਵਾਲੀਆਂ ਸਾਵਧਾਨੀਆਂ ’ਤੇ ਹੋਰ ਗੰਭੀਰਤਾ ਬਣਾਈ ਰੱਖਣ ਦੀ ਲੋੜ ਹੈ। ਉਹ ਆਪਣੇ ਹਫ਼ਤਾਵਰੀ ਫੇਸਬੁੱਕ ਲਾਈਵ ਦੌਰਾਨ ਜ਼ਿਲ੍ਹਾ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਕੋਵਿਡ ਸਬੰਧੀ ਜ਼ਿਲ੍ਹੇ ਦੀ ਤਾਜ਼ਾ ਸਥਿਤੀ ਦੇ ਬਾਰੇ ਵਿੱਚ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਸਰਕਾਰੀ ਹਸਪਤਾਲ ਹੁਸ਼ਿਆਰਪੁਰ ਦੇ ਕੋਵਿਡ ਕੇਅਰ ਵਾਰਡ ਵਿੱਚ 30 ਬੈਡ ਹੋਰ ਵਧਾ ਦਿੱਤੇ ਗਏ ਹਨ ਅਤੇ ਇਸ ਵਾਰਡ ਵਿੱਚ ਕੋਵਿਡ ਸਬੰਧੀ ਇਲਾਜ ਦੇ ਲਈ ਸਾਰੀਆਂ ਸੁਵਿਧਾਵਾਂ ਮੌਜੂਦ ਹਨ।

ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ਕੋਵਿਡ ਮਰੀਜ਼ਾਂ ਦਾ ਇਲਾਜ ਕਰਨ ਵਾਲੇ ਪ੍ਰਾਈਵੇਟ ਹਸਪਤਾਲਾਂ ਦੀ ਪਹਿਲ  ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨਾਂ ਹੁਸ਼ਿਆਰਪੁਰ ਦਾ ਮਾਰਡਰਨ ਹਸਪਤਾਲ ਨੇ ਕੋਵਿਡ ਮਰੀਜ਼ਾਂ ਨੂੰ ਆਪਣੀਆਂ ਸੇਵਾਵਾਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਹਨ। ਉਨ੍ਹਾਂ ਜ਼ਿਲ੍ਹੇ ਦੇ ਹੋਰ ਪ੍ਰਾਈਵੇਟ ਹਸਪਤਾਲਾਂ ਨੂੰ ਵੀ ਅੱਗੇ ਆਉਣ ਲਈ ਕਿਹਾ। ਉਨ੍ਹਾਂ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣਾ ਅਤੇ ਆਪਣੇ ਪਰਿਵਾਰ ਦਾ ਕੋਵਿਡ ਸਬੰਧੀ ਕੈਸ਼ਲੈਸ ਇਲਾਜ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲਾਭਪਾਤਰੀਆਂ ਨੇ ਆਪਣਾ ਆਯੂਸ਼ਮਾਨ ਕਾਰਡ ਨਹੀਂ ਬਣਵਾਇਆ ਹੈ ਉਹ ਪਿੰਡਾਂ ਦੇ ਕਾਮਨ ਸਰਵਿਸ ਸੈਂਟਰ, ਸੇਵਾ ਕੇਂਦਰਾਂ ਅਤੇ ਸਰਕਾਰੀ ਹਸਪਤਾਲਾਂ ਵਿੱਚ ਆਪਣਾ ਕਾਰਡ ਜ਼ਰੂਰ ਬਣਾਉਣ।

ਅਪਨੀਤ ਰਿਆਤ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਮਾਸਕ ਨਾ ਪਹਿਨਣ ਵਾਲਿਆਂ ਦੀ ਨਜ਼ਦੀਕੀ ਸਿਹਤ ਕੇਂਦਰ ਵਿੱਚ ਟੈਸਟਿੰਗ ਕਰਵਾਈ ਜਾ ਰਹੀ ਹੈ ਅਤੇ ਇਸ ਦੇ ਸਕਰਾਤਮਕ ਨਤੀਜੇ ਵੀ ਦੇਖਣ ਨੂੰ ਮਿਲ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਇਕ ਲੱਖ ਤੋਂ ਵੱਧ ਲੋਕਾਂ ਦੀ ਵੈਕਸੀਨੇਸ਼ਨ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਵੱਖ-ਵੱਖ ਵਰਗਾਂ ਦੇ ਮੀਟਿੰਗ ਕਰਕੇ ਉਨ੍ਹਾਂ ਵੈਕਸੀਨੇਸ਼ਨ ਦੇ ਪ੍ਰਤੀ ਜਾਗਰੂਕ ਵੀ ਕੀਤਾ ਜਾ ਰਿਹਾ ਹੈ, ਜਿਸ ਤਹਿਤ ਹੁਸ਼ਿਆਰਪੁਰ ਨਗਰ ਨਿਗਮ ਤੋਂ ਇਲਾਵਾ ਜ਼ਿਲ੍ਹੇ ਦੀਆਂ ਹੋਰ ਨਗਰ ਕੌਂਸਲਾਂ ਵਿੱਚ ਵਾਰਡ ਪੱਧਰ ’ਤੇ ਵੈਕਸੀਨੇਸ਼ਨ ਕੈਂਪਾਂ ਦੀ ਸ਼ੁਰੂਆਤ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ 100 ਵੈਕਸੀਨੇਸ਼ਨ ਟੀਮਾਂ ਵੈਕਸੀਨੇਸ਼ਨ ਦੇ ਕੰਮ ਵਿੱਚ ਲੱਗੀਆਂ ਹੋਈਆਂ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 10 ਅਪ੍ਰੈਲ ਤੋਂ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਹੋ ਜਾਵੇਗੀ ਜਿਸ ਲਈ ਸਾਰੇ ਜ਼ਰੂਰੀ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮੰਡੀਆਂ ਵਿੱਚ ਵੀ ਕਿਸਾਨਾਂ, ਆੜ੍ਹਤੀਆਂ, ਲੇਬਰ ਅਤੇ ਸਬੰਧਤ ਸਟਾਫ ਦੀ ਵੈਕਸੀਨੇਸ਼ਨ ਦੇ ਲਈ ਕੈਂਪ ਲਗਾਏ ਜਾ ਰਹੇ ਹਨ। ਇਸ ਦੌਰਾਨ ਉਨ੍ਹਾਂ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕੀ ਫ਼ਸਲ ਲਿਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਮੰਡੀਆਂ ਵਿੱਚ ਪਾਸ ਰਾਹੀਂ ਹੀ ਕਿਸਾਨ ਆਪਣੀ ਫ਼ਸਲ ਮੰਡੀਆਂ ਵਿੱਚ ਲਿਆ ਪਾਉਣਗੇ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਪਾਸ ਸਿਸਟਮ ਲਾਗੂ ਕੀਤਾ ਗਿਆ ਹੈ ਤਾਂ ਜੋ ਕਿਸਾਨਾਂ ਵਲੋਂ ਮੰਡੀਆਂ ਵਿੱਚ ਯੋਜਨਾਬੱਧ ਤਰੀਕੇ ਨਾਲ ਕਣਕ ਦੀ ਫ਼ਸਲ ਲਿਆਂਦੀ ਜਾਵੇ ਅਤੇ ਕਿਸਾਨਾਂ ਨੂੰ ਜਿਨ੍ਹੇ ਪਾਸ ਚਾਹੀਦੇ ਉਹ ਉਨ੍ਹਾਂ ਨੂੰ ਆੜ੍ਹਤੀਆਂ ਰਾਹੀਂ ਉਪਲਬਧ ਕਰਵਾਏ ਜਾਣਗੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕੋਵਿਡ ਨੂੰ ਗੰਭੀਰਤਾ ਨਾਲ ਲੈਣ ਅਤੇ ਸਿਹਤ ਵਿਭਾਗ ਵਲੋਂ ਦੱਸੀਆਂ ਗਈਆਂ ਸਾਵਧਾਨੀਆਂ ਨੂੰ ਅਪਣਾਉਣ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੀ ਜ਼ਿੰਮੇਵਾਰੀ ਸਮਝਣੀ  ਹੋਵੇਗੀ ਤਾਂ ਹੀ ਅਸੀਂ ਕੋਵਿਡ ’ਤੇ ਫਤਿਹ ਪਾ ਸਕਦੇ ਹਾਂ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply