ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਸ਼ਿਆਂ ’ਤੇ ਰੋਕ ਲਗਾ ਕੇ ਹਜ਼ਾਰਾਂ ਨੌਜਵਾਨਾਂ ਦੀਆਂ ਜਿੰਦਗੀਆਂ ਬਚਾਈਆਂ : ਸੁੰਦਰ ਸ਼ਾਮ ਅਰੋੜਾ
ਉਦਯੋਗ ਮੰਤਰੀ ਨੇ ਨਸ਼ਾਖੋਰੀ ਤੇ ਤਸਕਰੀ ਖਿਲਾਫ਼ ਅੰਤਰਰਾਸ਼ਟਰੀ ਦਿਵਸ ’ਤੇ ਪੰਜਾਬ ਸਰਕਾਰ ਵਲੋਂ ਕੀਤੇ ਗਏ ਕੰਮਾਂ ਦੀ ਕੀਤੀ ਸ਼ਲਾਘਾ
ਕਿਹਾ, ਨਸ਼ੇ ਦੇ ਪੂਰਨ ਖਾਤਮੇ ਲਈ ਸਾਰਿਆਂ ਨੂੰ ਦੇਣਾ ਹੋਵੇਗਾ ਸਹਿਯੋਗ
ਮੁੱਖ ਮੰਤਰੀ ਵਲੋਂ ਵਰਚੂਅਲ ਪ੍ਰੋਗਰਾਮ ਰਾਹੀਂ ਨਸ਼ਿਆਂ ਖਿਲਾਫ਼ ਸਕੂਲਾਂ ਤੇ ਕਾਲਜਾਂ ’ਚ ਚੱਲਣ ਵਾਲੇ ਸਪਤਾਹਿਕ ਜਾਗਰੂਕਤਾ ਅਭਿਆਨ ਦੀ ਸ਼ੁਰੂਆਤ ਤੋਂ ਬਾਅਦ ਕੈਬਨਿਟ ਮੰਤਰੀ ਨੇ ਦਿੱਤੀ ਜਾਣਕਾਰੀ
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਇਲਾਵਾ ਜ਼ਿਲ੍ਹੇ ਦੇ 283 ਸਰਕਾਰੀ ਸਕੂਲਾਂ ’ਚ ਵਰਚੂਅਲ ਰਾਹੀਂ ਦਿਖਾਇਆ ਗਿਆ ਪ੍ਰੋਗਰਾਮ
ਮਿਸ਼ਨ ਰੈਡ ਸਕਾਈ ਰਾਹੀਂ ਓਟ ਸੈਂਟਰਾਂ ’ਚ ਇਲਾਜ ਕਰਵਾ ਚੁੱਕੇ 55 ਲੋਕਾਂ ਨੂੰ ਰੋਜ਼ਗਾਰ ਦਿਵਾ ਕੇ ਕੀਤਾ ਗਿਆ ਹੈ ਉਨ੍ਹਾਂ ਦਾ ਪੁਨਰਵਾਸ : ਡਿਪਟੀ ਕਮਿਸ਼ਨਰ
ਜੂਨ ’ਚ ਨਸ਼ਿਆਂ ਖਿਲਾਫ਼ ਵਿਸ਼ੇਸ਼ ਅਭਿਆਨ ਚਲਾ ਕੇ 139 ਕੇਸ ਰਜਿਸਟਰਡ ਕੀਤੇ ਗਏ, 150 ਤੋਂ ਵੱਧ ਦੋਸ਼ੀ ਗ੍ਰਿਫਤਾਰ ਕਰਕੇ ਵੱਡੀ ਸੰਖਿਆ ’ਚ ਨਸ਼ਾ ਬਰਾਮਦ ਕਰ ਕੇ ਕਰਵਾਇਆ ਗਿਆ ਨਸ਼ਟ : ਐਸ.ਐਸ.ਪੀ.
ਹੁਸ਼ਿਆਰਪੁਰ, 26 ਜੂਨ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਵਰਚੂਅਲ ਪ੍ਰੋਗਰਾਮ ਰਾਹੀਂ ਨਸ਼ਾਖੋਰੀ ਤੇ ਤਸਕਰੀ ਖਿਲਾਫ਼ ਅੰਤਰਰਾਸ਼ਟਰੀ ਦਿਵਸ ’ਤੇ ਸੂਬੇ ਦੇ ਲੋਕਾਂ ਨੂੰ ਰਾਜ ਸਰਕਾਰ ਵਲੋਂ ਨਸ਼ੇ ਦੇ ਖਾਤਮੇ ਲਈ ਕੀਤੇ ਗਏ ਕਾਰਜਾਂ ਬਾਰੇ ਵਿਸਥਾਰ ਨਾਲ ਦੱਸਦੇ ਹੋਏ ਨਸ਼ਿਆਂ ਖਿਲਾਫ਼ ਚਲਾਈ ਜੰਗ ਵਿੱਚ ਸਾਰਿਆਂ ਨੂੰ ਸਹਿਯੋਗ ਕਰਨ ਲਈ ਕਿਹਾ ਗਿਆ। ਇਸ ਦੌਰਾਨ ਉਨ੍ਹਾਂ ਨਸ਼ਿਆਂ ਖਿਲਾਫ਼ ਸੂਬੇ ਦੇ ਸਕੂਲਾਂ ਤੇ ਕਾਲਜਾਂ ਰਾਹੀਂ ਇਕ ਹਫਤੇ ਚੱਲਣ ਵਾਲੇ ਜਾਗਰੂਕਤਾ ਅਭਿਆਨ ਦੀ ਸ਼ੁੁਰੂਆਤ ਵੀ ਕੀਤੀ। ਵਰਚੂਅਲ ਪ੍ਰੋਗਰਾਮ ਤੋਂ ਬਾਅਦ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਹੁਸ਼ਿਆਰਪੁਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਸਰਕਾਰ ਬਣਦੇ ਹੀ ਸਭ ਤੋਂ ਪਹਿਲਾਂ ਨਸ਼ਿਆਂ ਦੇ ਖਾਤਮੇ ਲਈ ਸਰਕਾਰ ਨੇ ਸਪੈਸ਼ਲ ਟਾਸਕ ਫੋਰਸ ਦਾ ਗਠਨ ਕੀਤਾ, ਜਿਸ ਤਹਿਤ ਨਾ ਸਿਰ ਨਸ਼ਾ ਤਸਕਰਾਂ ਨੂੰ ਕਾਬੂ ਕਰ ਕੇ ਨਸ਼ੇ ਦੀ ਸਪਲਾਈ ਚੇਨ ਨੂੰ ਤੋੜਿਆ ਗਿਆ ਬਲਕਿ ਹਜ਼ਾਰਾਂ ਨੌਜਵਾਨਾਂ ਨੂੰ ਨਸ਼ੇ ਦੀ ਆਦਤ ਤੋਂ ਬਚਾਇਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਨਸ਼ਿਆਂ ਦੇ ਖਾਤਮੇ ਨੂੰ ਲੈ ਕੇ ਪ੍ਰਸ਼ੰਸਾ ਯੋਗ ਕੰਮ ਕੀਤੇ ਹਨ ਜਿਸ ਤਹਿਤ ਅੱਜ ਸੂਬੇ ਵਿੱਚ ਕਾਫੀ ਹੱਦ ਤੱਕ ਨਸ਼ਾ ਤਸਕਰੀ ’ਤੇ ਰੋਕ ਲੱਗੀ ਹੈ। ਇਸ ਦੌਰਾਨ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਅਤੇ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਹੁਸ਼ਿਆਰਪੁਰ ਜ਼ਿਲ੍ਹਾ ਪੁਲਿਸ ਨੇ ਨਸ਼ੇ ’ਤੇ ਰੋਕ ਲਗਾਉਣ ਲਈ ਕਾਫ਼ੀ ਪ੍ਰਸ਼ੰਸਾਯੋਗ ਕੰਮ ਕੀਤੇ ਹਨ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਹੋਣ ਵਾਲੀ ਨਸ਼ਾ ਤਸਕਰੀ ਨੂੰ ਰੋਕਦੇ ਹੋਏ ਦੋਸ਼ੀਆਂ ਤੋਂ ਇਕ ਮਹੀਨੇ ਵਿੱਚ 38 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਤੋਂ ਇਲਾਵਾ ਕਾਫ਼ੀ ਮਾਤਰਾ ਵਿੱਚ ਨਸ਼ੀਲਾ ਪਦਾਰਥ ਬਰਾਮਦ ਕਰਕੇ ਉਸ ਨੂੰ ਸਾਡੇ ਨੌਜਵਾਨਾਂ ਤੱਕ ਪਹੁੰਚਾਉਣ ਤੋਂ ਰੋਕਿਆ ਗਿਆ। ਉਨ੍ਹਾਂ ਕਿਹਾ ਕਿ ਸਕੂਲਾਂ ਤੇ ਕਾਲਜਾਂ ਵਿੱਚ ਜਿਥੇ ਬੱਡੀ ਪ੍ਰੋਗਰਾਮ ਰਾਹੀਂ ਵਿਦਿਆਰਥੀਆਂ ਨੂੰ ਨਸ਼ਿਆਂ ਖਿਲਾਫ਼ ਜਾਗਰੂਕ ਕੀਤਾ ਗਿਆ ਉਥੇ ਡੈਪੋ ਪ੍ਰੋਗਰਾਮ ਰਾਹੀਂ ਵਾਰਡ ਪੱਧਰ ਤੋਂ ਲੈ ਕੇ ਪਿੰਡਾਂ ਤੱਕ ਜਾਗਰੂਕ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਦਾ ਵਰਚੂਅਲ ਪ੍ਰੋਗਰਾਮ ਜ਼ਿਲ੍ਹੇ ਦੇ 283 ਸਕੂਲਾਂ ਵਿੱਚ ਦਿਖਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਨਾਉਣ ਵਿਚ ਸਾਨੂੰ ਸਾਰਿਆਂ ਨੂੰ ਮਿਲ ਕੇ ਯੋਗਦਾਨ ਪਾਉਣਾ ਹੋਵੇਗਾ ਅਤੇ ਨਸ਼ਾ ਤਸਕਰੀ ਕਰਨ ਵਾਲਿਆਂ ਦੀ ਸੂਚਨਾ ਪੁਲਿਸ ਨੂੰ ਦੇਣੀ ਹੋਵੇਗੀ, ਤਾਂ ਹੀ ਅਸੀਂ ਸਿਹਤਮੰਦ ਸਮਾਜ ਦਾ ਨਿਰਮਾਣ ਕਰ ਸਕਾਂਗੇ।
ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਸ਼ਾ ਜਾਗਰੂਕਤਾ ਖਿਲਾਫ਼ ਚਲਾਏ ਗਏ ਪ੍ਰੋਗਰਾਮ ਬਾਰੇ ਦੱਸਦੇ ਹੋਏ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਨਸ਼ਾ ਤਸਕਰੀ ਨੂੰ ਰੋਕਣ ਵਿੱਚ ਜਿਥੇ ਜ਼ਿਲ੍ਹਾ ਪੁਲਿਸ ਬਹੁਤ ਵਧੀਆ ਕੰਮ ਕਰ ਰਹੀ ਹੈ, ਉਥੇ ਪੰਜਾਬ ਸਰਕਾਰ ਨੇ ਮਿਸ਼ਨ ਰੈਡ ਸਕਾਈ ਰਾਹੀਂ ਜ਼ਿਲ੍ਹੇ ਦੇ ਓਟ ਸੈਂਟਰਾਂ ਵਿੱਚ ਇਲਾਜ ਕਰਵਾਉਣ ਵਾਲੇ ਨਸ਼ੇ ਦੇ ਆਦੀ ਮਰੀਜਾਂ ਦੇ ਪੁਨਰਵਾਸ ਲਈ ਵੀ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ 50 ਮਿਸ਼ਨ ਰੈਡ ਸਕਾਈ ਅਧਿਕਾਰੀ ਜ਼ਿਲ੍ਹੇ ਦੇ ਵੱਖ-ਵੱਖ ਓਟ ਸੈਂਟਰਾਂ ਨਾਲ ਜੁੜੇ ਹਨ ਜਿਥੇ ਉਹ ਇਲਾਜ ਕਰਵਾ ਚੁੱਕੇ ਮਰੀਜਾਂ ਨੂੰ ਰੋਜ਼ਗਾਰ ਦਿਵਾਉਣ ਲਈ ਉਨ੍ਹਾਂ ਨੂੰ ਨਿਸ਼ਾਨਬੱਧ ਕਰਦੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੋਜ਼ਗਾਰ ਬਿਊਰੋ ਰਾਹੀਂ ਇਨ੍ਹਾਂ ਮਰੀਜ਼ਾਂ ਨੂੰ ਨੌਕਰੀ ਦਿਵਾਉਣ, ਆਪਣਾ ਕੰਮ ਸ਼ੁਰੂ ਕਰਨ ਲਈ ਕਰਜਾ ਦਿਵਾਉਣ ਅਤੇ ਸਕਿੱਲਡ ਕਰਨ ਦੀ ਪ੍ਰਕ੍ਰਿਆ ਅਪਨਾਈ ਜਾਂਦੀ ਹੈ ਅਤੇ ਹੁਣ ਤੱਕ ਓਟ ਸੈਂਟਰਾਂ ਵਿਚ ਇਲਾਜ ਕਰਵਾ ਚੁੱਕੇ 55 ਲੋਕਾਂ ਨੂੰ ਨੌਕਰੀ ਦਿਵਾਉਣ ਤੋਂ ਇਲਾਵਾ ਹੋਰ ਰੋਜ਼ਗਾਰ ਨਾਲ ਜੋੜਨ ਦਾ ਕੰਮ ਕੀਤਾ ਜਾ ਚੁੱਕਾ ਹੈ।
ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਡੀ.ਜੀ.ਪੀ. ਦਿਨਕਰ ਗੁਪਤਾ ਦੇ ਨਿਰਦੇਸ਼ਾਂ ’ਤੇ ਇਸ ਪੂਰੇ ਮਹੀਨੇ ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਖਿਲਾਫ਼ ਅਭਿਆਨ ਚਲਾਇਆ ਗਿਆ ਸੀ, ਜਿਸ ਤਹਿਤ ਕਈ ਮਾਮਲੇ ਦਰਜ ਕਰਕੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਮਹੀਨੇ ਨਸ਼ਾ ਤਸਕਰੀ ਦੇ 139 ਕੇਸ ਰਜਿਸਟਰਡ ਕੀਤੇ ਗਏ ਅਤੇ ਕਰੀਬ 150 ਤੋਂ ਵੱਧ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਦੌਰਾਨ ਜ਼ਿਲ੍ਹਾ ਪੁਲਿਸ ਨੇ ਵੱਡੀ ਮਾਤਰਾ ਵਿੱਚ ਹੈਰੋਇਨ, ਅਫੀਮ, ਚੂਰਾ ਪੋਸਤ ਆਦਿ ਬਰਾਮਦ ਕੀਤਾ ਅਤੇ ਕਰੀਬ 900 ਮਾਮਲਿਆਂ ਦਾ ਕੇਸ ਪ੍ਰਾਪਰਟੀ ਬਣਾ ਕੇ ਨਸ਼ੀਲੇ ਪਦਾਰਥਾਂ ਨੂੰ ਅੰਮ੍ਰਿਤਸਰ ਵਿੱਚ ਜਾ ਕੇ ਖਤਮ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰੀ ਵਿਚ ਸ਼ਾਮਲ ਵਾਹਨਾਂ ਨੂੰ ਵੀ ਪੁਲਿਸ ਵਲੋਂ ਜਬਤ ਕਰਕੇ ਉਸ ਦੀ ਬੋਲੀ ਕਰਵਾਉਣੀ ਹੁੰਦੀ ਹੈ ਅਤੇ ਕਾਫੀ ਸਮੇਂ ਬਾਅਦ ਜ਼ਿਲ੍ਹਾ ਪੁਲਿਸ ਵਲੋਂ ਨਸ਼ਾ ਤਸਕਰੀ ਵਿੱਚ ਸ਼ਾਮਲ ਵਾਹਨਾਂ ਜਿਨ੍ਹਾਂ ਵਿੱਚ 25 ਕਾਰਾਂ ਤੇ ਜੀਪਾਂ, 30 ਸਕੂਟਰ ਤੇ ਟਰੱਕ ਆਦਿ ਦੀ ਬੋਲੀ ਕਰਵਾਈ ਗਈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਵਲੋਂ ਨਸ਼ਾ ਤਸਕਰੀ ਖਿਲਾਫ਼ ਅਭਿਆਨ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਇਸ ਮਹੀਨੇ ਨਸ਼ਾ ਤਸਕਰਾਂ ਤੋਂ ਨਸ਼ਿਆਂ ਦੇ ਨਾਲ-ਨਾਲ 5 ਪਿਸਤੌਲਾਂ ਵੀ ਬਰਾਮਦ ਕੀਤੀਆਂ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਨੂੰ ਰੋਕਣ ਲਈ ਲੋਕਾਂ ਦੀ ਸਹਾਇਤਾ ਬਹੁਤ ਜਰੂਰੀ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਕੋਵਿਡ ਦੇ ਖਾਤਮੇ ਲਈ ਪਿੰਡਾਂ ਦੀਆਂ ਪੰਚਾਇਤਾਂ ਨੇ ਕੋਵਿਡ ਨੂੰ ਪਿੰਡਾਂ ਵਿੱਚ ਆਉਣ ਨਹੀਂ ਦਿੱਤਾ, ਉਸੀ ਤਰ੍ਹਾਂ ਸਾਰੀਆਂ ਪੰਚਾਇਤਾਂ ਨੇ ਪ੍ਰਣ ਲਿਆ ਕਿ ਉਹ ਆਪਣੇ ਪਿੰਡਾਂ ਵਿੱਚ ਨਸ਼ਾ ਆਉਣ ਨਹੀਂ ਦੇਣਗੇ ਅਤੇ ਨਸ਼ਾ ਕਰਨ ਵਾਲਿਆਂ ਦਾ ਇਲਾਜ ਕਰਵਾਉਣਗੇ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਪੁਲਿਸ ਨੇ ਕਾਫੀ ਮਾਤਰਾ ਵਿੱਚ ਨਸ਼ੇ ਦੀ ਰਿਕਵਰੀ ਕੀਤੀ ਹੈ ਅਤੇ ਪਿਛਲੇ ਤਿੰਨ ਮਹੀਨਿਆਂ ਵਿਚ 12 ਕਿਲੋ ਹੈਰੋਇਨ ਰਿਕਵਰ ਕੀਤੀ ਹੈ, ਜਿਸ ਵਿੱਚ ਅੰਤਰਰਾਸ਼ਟਰੀ ਨਸ਼ਾ ਤਸਕਰ ਸ਼ਾਮਲ ਸਨ।
ਇਸ ਮੌਕੇ ਚੇਅਰਮੈਨ ਨਗਰ ਸੁਧਾਰ ਟਰੱਸਟ ਐਡਵੋਕੇਟ ਰਾਕੇਸ਼ ਮਰਵਾਹਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਕੁਮਾਰ ਪੰਚਾਲ, ਡੀ.ਡੀ.ਐਫ. ਪਿਊਸ਼ ਗੋਇਲ ਆਦਿ ਵੀ ਮੌਜੂਦ ਸਨ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp