12ਵੀਂ ਜਮਾਤ ਦੇ ਸ਼ਾਨਦਾਰ ਨਤੀਜਿਆਂ ਸਦਕਾ ਸਰਕਾਰੀ ਸਕੂਲ ਅਧਿਆਪਕਾਂ ‘ਚ ਭਰਿਆ ਨਵਾਂ ਜੋਸ਼
ਜਿਲ੍ਹਾ ਪਠਾਨਕੋਟ ਦੇ 7259 ਵਿਦਿਆਰਥੀਆਂ ਵਿੱਚੋਂ 7127 ਵਿਦਿਆਰਥੀ ਹੋਏ ਪਾਸ
ਜਿਲ੍ਹਾ ਪਠਾਨਕੋਟ ਦੀ ਪਾਸ ਪ੍ਰਤੀਸਤਤਾ 98.18 ਰਹੀਂ
ਪਠਾਨਕੋਟ (ਰਾਜਿੰਦਰ ਸਿੰਘ ਰਾਜਨ) ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਗਏ 12ਵੀਂ ਜਮਾਤ ਦੇ ਸ਼ਾਨਦਾਰ ਨਤੀਜਿਆਂ ਨੇ ਰਾਜ ਦੇ ਸਰਕਾਰੀ ਸਕੂਲ ਅਧਿਆਪਕਾਂ ‘ਚ ਨਵਾਂ ਜੋਸ਼ ਭਰ ਦਿੱਤਾ ਹੈ। ਜਿਲ੍ਹੇ ਦੇ ਸਰਕਾਰੀ ਸਕੂਲਾਂ ਦੇ 7259 ਵਿਦਿਆਰਥੀਆਂ ਨੇ ਸਲਾਨਾ ਪ੍ਰੀਖਿਆ ਦਿੱਤੀ ਅਤੇ ਇਸ ‘ਚੋਂ 7127 ਪ੍ਰੀਖਿਆਰਥੀ ਸਫਲ ਹੋਏ। ਇਸ ਤਰ੍ਹਾਂ ਜਿਲ੍ਹੇ ਦੀ ਪਾਸ ਪ੍ਰਤੀਸ਼ਤਤਾ 98.18% ਰਹੀ।
ਇਸ ਨਤੀਜੇ ਸਬੰਧੀ ਜਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਜਸਵੰਤ ਸਿੰਘ ਅਤੇ ਉਪ-ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਰਾਜੇਸਵਰ ਸਲਾਰੀਆ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ, ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਤੇ ਸਕੱਤਰ ਸਕੂਲ ਸਿੱਖਿਆ ਕਿ੍ਰਸ਼ਨ ਕੁਮਾਰ ਦੀ ਅਗਵਾਈ ‘ਚ ਰਾਜ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਕਰੋਨਾ ਪਾਬੰਦੀਆਂ ਕਾਰਨ ਜਿਆਦਾਤਰ ਸਮਾਂ ਸਕੂਲ ਬੰਦ ਰਹਿਣ ਦੇ ਬਾਵਜ਼ੂਦ ਵੀ ਆਧੁਨਿਕ ਸੰਚਾਰ ਸਾਧਨਾਂ ਰਾਹੀਂ ਮਿਆਰੀ ਸਿੱਖਿਆ ਪ੍ਰਦਾਨ ‘ਚ ਕੋਈ ਕਸਰ ਨਹੀਂ ਛੱਡੀ।
ਇਸੇ ਮਨੋਰਥ ਲਈ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਮੋਬਾਇਲ ਫੋਨ ਪ੍ਰਦਾਨ ਕੀਤੇ ਗਏ। ਜਿਨ੍ਹਾਂ ਦਾ ਵਿਦਿਆਰਥੀਆਂ ਨੇ ਖੂਬ ਫਾਇਦਾ ਉਠਾਇਆ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲ ਅਧਿਆਪਕਾਂ ਨੇ ਵਿਭਾਗ ਵੱਲੋਂ ਤਿਆਰ ਕੀਤੀ ਡਿਜ਼ੀਟਲ ਵਿੱਦਿਅਕ ਸਮੱਗਰੀ ਨੂੰ ਵਿਦਿਆਰਥੀਆਂ ਤੱਕ ਪੁਹੰਚਾਉਣ ਲਈ ਵੱਖ-ਵੱਖ ਐਪਸ ਦੀ ਵਰਤੋਂ ਕੀਤੀ। ਇਸ ਤੋਂ ਇਲਾਵਾ ਵਿਭਾਗ ਦੀ ਐਜੂਕੇਅਰ ਐਪ ਰਾਹੀਂ ਵਿਭਾਗ ਦੇ ਮਾਹਿਰਾਂ ਨੇ ਮਿਆਰੀ ਵਿੱਦਿਅਕ ਸਮੱਗਰੀ ਇੱਕ ਬਸਤੇ ਦੇ ਰੂਪ ‘ਚ ਵਿਦਿਆਰਥੀਆਂ ਤੱਕ ਪੁੱਜਦੀ ਕੀਤੀ, ਜਿਸ ਦਾ ਫਾਇਦਾ ਨਿੱਜੀ ਸਕੂਲਾਂ ਦੇ ਵਿਦਿਆਰਥੀਆਂ ਨੇ ਵੀ ਉਠਾਇਆ।
ਉਨ੍ਹਾਂ ਕਿਹਾ ਕਿ ਭਾਵੇਂ ਇਸ ਵਾਰ ਕੋਵਿਡ-19 ਕਾਰਨ ਸਲਾਨਾ ਪ੍ਰੀਖਿਆਵਾਂ ਨਹੀਂ ਹੋਈਆਂ ਪਰ ਰਾਜ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਸਲਾਨਾ ਪ੍ਰੀਖਿਆਵਾਂ ਲਈ ਹਰ ਸੰਭਵ ਤਰੀਕੇ ਤੇ ਸਾਧਨ ਰਾਹੀਂ ਤਿਆਰੀ ਕਰਵਾਈ ਗਈ ਸੀ।
ਜਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ ਨੇ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਪੂਰੀ ਤਰ੍ਹਾਂ ਜਮਾਤ ਵਾਲਾ ਮਾਹੌਲ ਦੇਣ ਲਈ ਡੀਡੀ ਪੰਜਾਬੀ ਟੀਵੀ ਚੈਨਲ ਰਾਹੀਂ ਵੀ ਨਿਰੰਤਰ ਜਮਾਤਾਂ ਲਗਾਈਆਂ। ਪਿਛਲੇ ਸ਼ੈਸ਼ਨ ਦੌਰਾਨ ਜਦੋਂ ਹੀ ਸਕੂਲ ਕੁਝ ਸਮੇਂ ਲਈ ਖੁੱਲ੍ਹੇ ਤਾਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੇ ਵਾਧੂ ਜਮਾਤਾਂ ਲਗਾ ਕੇ, ਆਪਣੇ ਵਿਦਿਆਰਥੀਆਂ ਨੂੰ ਸਲਾਨਾ ਪ੍ਰੀਖਿਆ ਲਈ ਪੂਰੀ ਤਰ੍ਹਾਂ ਤਿਆਰ ਕਰਨ ‘ਚ ਕੋਈ ਕਸਰ ਨਹੀਂ ਛੱਡੀ। ਸਮੁੱਚੇ ਰੂਪ ‘ਚ ਸਰਕਾਰੀ ਸਕੂਲ ਅਧਿਆਪਕਾਂ ਨੇ ਕਰੋਨਾ ਸੰਕਟ ਦੌਰਾਨ ਪਹਿਲਾ ਨਾਲੋਂ ਵੀ ਵਧੇਰੇ ਮਿਹਨਤ ਕੀਤੀ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp