DR. RAJ CHABEWAL : ਜ਼ਮੀਨ ਹੇਠਲੇ ਪਾਣੀ ਦਾ ਪੱਧਰ ਉੱਚਾ ਚੁੱਕਣ ਸਬੰਧੀ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਕਮੇਟੀ ਨੇ ਰਿਪੋਰਟ ਸਪੀਕਰ ਨੂੰ ਸੌਂਪੀ

ਜ਼ਮੀਨ ਹੇਠਲੇ ਪਾਣੀ ਦਾ ਪੱਧਰ ਉੱਚਾ ਚੁੱਕਣ ਸਬੰਧੀ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਕਮੇਟੀ ਨੇ ਰਿਪੋਰਟ ਸਪੀਕਰ ਨੂੰ ਸੌਂਪੀ
ਚੰਡੀਗੜ੍ਹ:
ਪੰਜਾਬ ਵਿਚ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਉੱਚਾ ਚੁੱਕਣ ਦੇ ਮਕਸਦ ਨਾਲ ਗਠਿਤ ਕੀਤੀ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਕਮੇਟੀ ਵੱਲੋਂ ਆਪਣੀ ਰਿਪੋਰਟ ਅੱਜ ਸਪੀਕਰ ਰਾਣਾ ਕੇ.ਪੀ. ਸਿੰਘ ਨੂੰ ਸੌਂਪ ਦਿੱਤੀ ਗਈ ਹੈ।
ਵਿਧਾਨ ਸਭਾ ਦੇ ਇਕ ਬੁਲਾਰੇ ਨੇ ਦੱਸਿਆ ਕਿ 4 ਮਾਰਚ, 2021 ਨੂੰ ਸਦਨ ਵਿਚ ਵਿਚਾਰ ਚਰਚਾ ਦੌਰਾਨ ਜ਼ਮੀਨ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ‘ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਇਕ ਵਿਸ਼ੇਸ਼ ਕਮੇਟੀ ਦੇ ਗਠਨ ਦੀ ਮੰਗ ਉੱਠੀ ਸੀ ਤਾਂ ਜੋ ਇਸ ਗੰਭੀਰ ਵਿਸ਼ੇ ਦਾ ਵਿਸਥਾਰਤ ਅਧਿਐਨ ਕਰਕੇ ਕਮੇਟੀ ਆਪਣੀਆਂ ਸਿਫਾਰਸ਼ਾਂ ਦੇਵੇ। ਇਸ ਸਬੰਧੀ ਸਪੀਕਰ ਰਾਣਾ ਕੇ.ਪੀ. ਸਿੰਘ ਨੇ 24 ਮਾਰਚ, 2021 ਨੂੰ ਇਕ 6 ਮੈਂਬਰੀ ਕਮੇਟੀ ਬਣਾਈ ਸੀ ਜਿਸ ਦੇ ਸਭਾਪਤੀ ਵਿਧਾਇਕ ਰਾਣਾ ਗੁਰਜੀਤ ਸਿੰਘ ਨੂੰ ਬਣਾਇਆ ਗਿਆ ਸੀ। ਬਾਕੀ ਮੈਂਬਰਾਂ ਵਿਚ ਹਰਪ੍ਰਤਾਪ ਸਿੰਘ ਅਜਨਾਲਾ, ਗੁਰਪ੍ਰਤਾਪ ਸਿੰਘ ਵਡਾਲਾ, ਹਰਦੇਵ ਸਿੰਘ ਲਾਡੀ, ਡਾ. ਰਾਜ ਕੁਮਾਰ ਚੱਬੇਵਾਲ ਅਤੇ ਗੁਰਮੀਤ ਸਿੰਘ ਹੇਅਰ ਨੂੰ ਸ਼ਾਮਲ ਕੀਤਾ ਗਿਆ ਸੀ।
ਇਸ ਕਮੇਟੀ ਦਾ ਸਹਿਯੋਗ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਸਰਵਜੀਤ ਸਿੰਘ ਅਤੇ ਉਨ੍ਹਾਂ ਦੀ ਟੀਮ ਵੱਲੋਂ ਕੀਤਾ ਗਿਆ। ਕਮੇਟੀ ਵੱਲੋਂ ਜਲ ਸਰੋਤ ਵਿਭਾਗ ਦੇ ਮਾਹਰਾਂ ਅਤੇ ਇਜ਼ਰਾਇਲ ਦੀ ਕੰਪਨੀ ਮੈਕਰੋਟ ਵੱਲੋਂ ਦਿੱਤੇ ਸੁਝਾਵਾਂ ਨੂੰ ਵੀ ਆਪਣੀ ਰਿਪੋਰਟ ਵਿਚ ਸ਼ਾਮਲ ਕੀਤਾ ਗਿਆ ਹੈ। ਕਾਬਿਲੇਗੌਰ ਹੈ ਕਿ ਜ਼ਮੀਨੀ ਪਾਣੀ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਪਹਿਲਾਂ ਹੀ ਇਜ਼ਰਾਇਲੀ ਕੰਪਨੀ ਮੈਕਰੋਟ ਦੀਆਂ ਸੇਵਾਵਾਂ ਲੈ ਰਹੀ ਹੈ।
ਅੱਜ ਕਮੇਟੀ ਦੇ ਸਭਾਪਤੀ ਰਾਣਾ ਗੁਰਜੀਤ ਸਿੰਘ ਅਤੇ ਮੈਂਬਰਾਂ ਹਰਪ੍ਰਤਾਪ ਸਿੰਘ ਅਜਨਾਲਾ, ਹਰਦੇਵ ਸਿੰਘ ਲਾਡੀ ਅਤੇ ਡਾ. ਰਾਜ ਕੁਮਾਰ ਚੱਬੇਵਾਲ ਨੇ ਵਿਸਥਾਰਤ ਰਿਪੋਰਟ ਸਪੀਕਰ ਨੂੰ ਸੌਂਪ ਦਿੱਤੀ ਹੈ। ਸਪੀਕਰ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਉਹ ਇਸ ਰਿਪੋਰਟ ਨੂੰ ਯੋਗ ਕਾਰਵਾਈ ਰਾਹੀਂ ਸਰਕਾਰ ਤੱਕ ਪਹੁੰਚਦੀ ਕਰਨਗੇ ਤਾਂ ਜੋ ਇਸ ‘ਤੇ ਢੁਕਵੀਂ ਕਾਰਵਾਈ ਕਰਵਾਈ ਜਾ ਸਕੇ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply