ਡੇਂਗੂ ਦੀ ਰੋਕਥਾਮ ’ਚ ਲਾਪ੍ਰਵਾਹੀ ਨਹੀਂ ਕੀਤੀ ਜਾਵੇਗੀ ਬਰਦਾਸ਼ਤ, ਜਿਨ੍ਹਾਂ ਘਰਾਂ ’ਚ ਪਾਇਆ ਜਾਵੇਗਾ ਡੇਂਗੂ ਦਾ ਲਾਰਵਾ ਕੀਤਾ ਜਾਵੇਗਾ ਚਲਾਨ : ਅਪਨੀਤ ਰਿਆਤ
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਈ.ਓਜ਼, ਸਿਹਤ ਵਿਭਾਗ ਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਦਿੱਤੇ ਨਿਰਦੇਸ਼
ਸਰਕਾਰੀ ਦਫ਼ਤਰਾਂ ’ਚ ਵੀ ਕੀਤੀ ਜਾਵੇ ਚੈਕਿੰਗ, ਲਾਰਵਾ ਮਿਲਣ ’ਤੇ ਕੀਤੇ ਜਾਣ ਚਲਾਨ
ਡੇਂਗੂ ਦੀ ਰੋਕਥਾਮ ਲਈ ਯੋਜਨਾਬੱਧ ਤਰੀਕੇ ਅਤੇ ਆਪਸੀ ਤਾਲਮੇਲ ਨਾਲ ਗੰਭੀਰਤਾ ਨਾਲ ਕੰਮ ਕਰਨ ਦਿੱਤੀ ਹਦਾਇਤ
ਜ਼ਿਲ੍ਹੇ ’ਚ ਡੇਂਗੂ ਦੇ 307 ਮਾਮਲੇ ਆਏ ਸਾਹਮਣੇ, 200 ਹੁਸ਼ਿਆਰਪੁਰ ਸ਼ਹਿਰ ਨਾਲ ਸਬੰਧਤ
ਕਿਹਾ, ਜ਼ਿਲ੍ਹੇ ’ਚ ਡੇਂਗੂ ਦੇ ਲਗਾਤਾਰ ਵੱਧ ਰਹੇ ਮਾਮਲੇ ਚਿੰਤਾ ਦਾ ਵਿਸ਼ਾ, ਡੇਂਗੂ ਤੋਂ ਬਚਾਅ ਸਬੰਧੀ ਸਾਵਧਾਨੀਆਂ ਅਪਨਾਉਣ ਲੋਕ
ਹੁਸ਼ਿਆਰਪੁਰ, 15 ਸਤੰਬਰ: ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਡੇਂਗੂ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਹੁਣ ਪ੍ਰਸ਼ਾਸਨ ਵਲੋਂ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਡੇਂਗੂ ਸਰਵੇ ਵਿਚ ਜਿਨ੍ਹਾਂ ਘਰਾਂ ਵਿਚ ਡੇਂਗੂ ਦਾ ਲਾਰਵਾ ਪਾਇਆ ਜਾਂਦਾ ਹੈ, ਉਥੇ ਚਲਾਨ ਕੀਤੇ ਜਾਣਗੇ। ਇਸ ਤੋਂ ਇਲਾਵਾ ਸਰਕਾਰੀ ਦਫਤਰਾਂ ਦੀ ਵੀ ਚੈਕਿੰਗ ਕੀਤੀ ਜਾਵੇਗੀ ਅਤੇ ਲਾਰਵਾ ਪਾਏ ਜਾਣ ’ਤੇ ਉਨ੍ਹਾਂ ਦਫ਼ਤਰਾਂ ਦੇ ਵੀ ਚਲਾਨ ਕੀਤੇ ਜਾਣਗੇ। ਉਹ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਚ ਡੇਂਗੂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਤੇ ਕਮਿਸ਼ਨਰ ਨਗਰ ਨਿਗਮ ਆਸ਼ਿਕਾ ਜੈਨ ਵੀ ਮੌਜੂਦ ਸਨ। ਉਨ੍ਹਾਂ ਸਿਹਤ ਵਿਭਾਗ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਵਿਚ ਵੱਧ ਰਹੇ ਡੇਂਗੂ ਦੀ ਰੋਕਥਾਮ ਲਈ ਯੋਜਨਾਬੱਧ ਤਰੀਕੇ ਅਤੇ ਆਪਸੀ ਤਾਲਮੇਲ ਦੇ ਨਾਲ-ਨਾਲ ਵਧੇਰੇ ਗੰਭੀਰਤਾ ਅਤੇ ਚੌਕਸੀ ਨਾਲ ਕੰਮ ਕੀਤਾ ਜਾਵੇ। ਇਸ ਲਈ ਜਿਥੇ ਜਾਗਰੂਕਤਾ ਗਤੀਵਿਧੀਆਂ ਚਲਾਈਆਂ ਜਾਣ, ਉਥੇ ਨਗਰ ਨਿਗਮ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਟੀਮਾਂ ਫੌਗਿੰਗ ਵੀ ਕਰਵਾਉਣ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਜ਼ਿਲ੍ਹੇ ਵਿਚ ਡੇਂਗੂ ਦੇ ਮਾਮਲਿਆਂ ਵਿਚ ਕਾਫ਼ੀ ਵਾਧਾ ਹੋਇਆ ਹੈ ਅਤੇ ਜ਼ਿਲ੍ਹੇ ਵਿਚ ਹੁਣ ਤੱਕ 307 ਡੇਂਗੂ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਸ ਵਿਚ 200 ਹੁਸ਼ਿਆਰਪੁਰ ਸ਼ਹਿਰ ਦੇ ਹੀ ਹਨ। ਇਸ ਲਈ ਸਾਰੇ ਅਧਿਕਾਰੀਆਂ ਨੂੰ ਗੰਭੀਰਤਾ ਨਾਲ ਕੰਮ ਕਰਨ ਦੀ ਜ਼ਰੂਰਤ ਹੈ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਡੇਂਗੂ ਸਰਵੀਲੈਂਸ ਟੀਮਾਂ ਨੂੰ ਹੋਰ ਗੰਭੀਰਤਾ ਤੇ ਜ਼ਿੰਮੇਵਾਰੀ ਨਾਲ ਹਾਊਸ ਟੂ ਹਾਊਸ ਸਰਵੇ ਕਰਨ ਦੇ ਨਿਰਦੇਸ਼ ਦੇਣ ਅਤੇ ਹਾਟ ਸਪਾਟ ਇਲਾਕਿਆਂ ਵਿਚ ਲਗਾਤਾਰ ਫੌਗਿੰਗ ਕਰਵਾਉਂਦੇ ਹੋਏ ਲੋਕਾਂ ਨੂੰ ਵੀ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕ ਕਰਨ। ਉਨ੍ਹਾਂ ਸਿਵਲ ਹਸਪਤਾਲ ਵਿਚ ਮੌਜੂਦ ਪਲੇਟਲੈਟਸ ਮਸ਼ੀਨ ਬਾਰੇ ਜਾਣਕਾਰੀ ਹਾਸਲ ਕਰਦੇ ਹੋਏ ਇਥੋਂ ਦੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਅਤੇ ਨਿਰਦੇਸ਼ ਦਿੱਤੇ ਕਿ ਹਸਪਤਾਲਾਂ ਵਿਚ ਆਉਣ ਵਾਲੇ ਮਰੀਜ਼ਾਂ ਦੇ ਇਲਾਜ ਵਿਚ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਕਿਹਾ ਕਿ ਡੇਂਗੂ ਖਿਲਾਫ਼ ਮੁਹਿੰਮ ਵਿਚ ਸਿਹਤ ਵਿਭਾਗ ਤੇ ਨਗਰ ਨਿਗਮ ਸਯੁੰਕਤ ਤੌਰ ’ਤੇ ਟੀਮਾਂ ਬਣਾ ਕੇ ਕੰਮ ਕਰਨ। ਉਨ੍ਹਾਂ ਕਿਹਾ ਕਿ ਦੋਵੇਂ ਵਿਭਾਗ ਆਪਸ ਵਿਚ ਸ਼ਡਿਊਲ ਬਣਾ ਕੇ ਫੌਗਿੰਗ ਤੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕ ਵੀ ਕਰਨ।
ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਸਬੰਧਤ ਵਿਭਾਗ ਘਰਾਂ ਦੀ ਚੈਕਿੰਗ ਦੇ ਨਾਲ-ਨਾਲ ਸਰਕਾਰੀ ਦਫ਼ਤਰਾਂ ਦੀ ਵੀ ਚੈਕਿੰਗ ਕਰਨ ਅਤੇ ਲਾਰਵਾ ਮਿਲਣ ’ਤੇ ਚਲਾਨ ਕੀਤੇ ਜਾਣ। ਉਨ੍ਹਾਂ ਨੇ ਜੀ.ਐਮ. ਜ਼ਿਲ੍ਹਾ ਉਦਯੋਗ ਕੇਂਦਰ ਨੂੰ ਨਿਰਦੇਸ਼ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਉਹ ਜ਼ਿਲ੍ਹੇ ਦੇ ਉਦਯੋਗਾਂ ਨੂੰ ਆਪਣੇ ਉਦਯੋਗਿਕ ਇਕਾਈਆਂ ਵਿਚ ਫੌਗਿੰਗ ਕਰਵਾਉਣ ਅਤੇ ਡੇਂਗੂ ਤੋਂ ਬਚਾਅ ਸਬੰਧੀ ਸਾਵਧਾਨੀਆਂ ਅਪਨਾਉਣ ਬਾਰੇ ਹਦਾਇਤ ਕਰਨ। ਉਨ੍ਹਾਂ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨੂੰ ਪਿੰਡਾਂ ਵਿਚ ਲੋਕਾਂ ਨੂੰ ਡੇਂਗੂ ਜਾਗਰੂਕਤਾ ਲਿਟਰੇਚਰ ਦੀ ਵੰਡ ਕਰਵਾਉਣ ਅਤੇ ਡੇਂਗੂ ਜਾਗਰੂਕਤਾ ਬਚਾਅ ਸਬੰਧੀ ਅਪਨਾਈਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਅਨਾਊਂਸਮੈਂਟ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ।
ਅਪਨੀਤ ਰਿਆਤ ਨੇ ਦੱਸਿਆ ਕਿ ਡੇਂਗੂ ਤੋਂ ਬਚਾਅ ਲਈ ਸਾਵਧਾਨੀਆਂ ਅਪਨਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਡੇਂਗੂ ਦਾ ਮੱਛਰ ਹਫਤੇ ਵਿਚ ਅੰਡੇ ਤੋਂ ਪੂਰਾ ਮੱਛਰ ਬਣਦਾ ਹੈ, ਇਸ ਲਈ ਕੂਲਰਾਂ, ਗਮਲਿਆਂ, ਫਰਿੱਜਾਂ ਦੀ ਟਰੇਅ ਤੇ ਹੋਰ ਪਾਣੀ ਦੇ ਬਰਤਨਾਂ ਨੂੰ ਹਫ਼ਤੇ ਵਿਚ ਇਕ ਦਿਨ ਜ਼ਰੂਰ ਸਾਫ਼ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਡੇਂਗੂ ਦਾ ਮੱਛਰ ਖੜ੍ਹੇ ਪਾਣੀ ਵਿਚ ਪੈਦਾ ਹੁੰਦਾ ਹੈ, ਇਸ ਲਈ ਘਰਾਂ ਦੇ ਆਸ-ਪਾਸ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ। ਇਸ ਤੋਂ ਇਲਾਵਾ ਛੱਪੜਾਂ ਤੇ ਖੜ੍ਹੇ ਪਾਣੀ ਵਿਚ ਕਾਲੇ ਤੇਲ ਦਾ ਛਿੜਕਾਅ ਕੀਤਾ ਜਾਵੇ, ਤਾਂ ਜੋ ਮੱਛਰਾਂ ਦਾ ਲਾਰਵਾ ਪੈਦਾ ਹੀ ਨਾ ਹੋ ਸਕੇ। ਉਨ੍ਹਾਂ ਦੱਸਿਆ ਕਿ ਮੱਛਰ ਦੇ ਕੱਟਣ ਤੋਂ ਬਚਣ ਲਈ ਦਿਨ ਦੇ ਸਮੇਂ ਪੂਰੇ ਸਰੀਰ ਨੂੰ ਢੱਕਣ ਵਾਲੇ ਕੱਪੜੇ ਪਾਏ ਜਾਣ, ਸੌਣ ਸਮੇਂ ਮੱਛਰਦਾਨੀ ਜਾਂ ਮੱਛਰ ਭਜਾਉਣ ਵਾਲੀ ਕਰੀਮ ਦਾ ਪ੍ਰਯੋਗ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਨੂੰ ਤੇਜ਼ ਬੁਖਾਰ, ਸਿਰ ਦਰਦ ਜਾਂ ਜੋੜਾਂ ਦਾ ਦਰਦ ਆਦਿ ਹੋਵੇ ਤਾਂ ਉਹ ਨਜਦੀਕੀ ਸਿਹਤ ਕੇਂਦਰ ਵਿਚ ਸੰਪਰਕ ਕਰਨ।
ਇਸ ਮੌਕੇ ਸਹਾਇਕ ਕਮਿਸ਼ਨਰ (ਜ) ਕਿਰਪਾਲ ਵੀਰ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸਰਬਜੀਤ ਸਿੰਘ ਬੈਂਸ, ਜੀ.ਐਮ. ਜ਼ਿਲ੍ਹਾ ਉਦਯੋਗ ਕੇਂਦਰ ਅਰੁਣ ਕੁਮਾਰ, ਸਹਾਇਕ ਸਿਵਲ ਸਰਜਨ ਡਾ. ਪਵਨ ਕੁਮਾਰ, ਡਾ. ਸੈਲੇਸ਼ ਤੋਂ ਇਲਾਵਾ ਨਗਰ ਪ੍ਰੀਸ਼ਦ, ਨਗਰ ਪੰਚਾਇਤਾਂ ਦੇ ਈ.ਓਜ਼ ਅਤੇ ਨਗਰ ਨਿਗਮ ਦੇ ਅਧਿਕਾਰੀ ਵੀ ਮੌਜੂਦ ਸਨ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp