ਮੰਤਰੀ ਬਨਣ ਉਪਰੰਤ ਪਹਿਲੀ ਵਾਰ ਹੁਸ਼ਿਆਰਪੁਰ ਪੁੱਜੇ ਸੰਗਤ ਸਿੰਘ ਗਿਲਜੀਆਂ

ਪੰਜਾਬ ਸਰਕਾਰ ਲੋਕਾਂ ਨਾਲ ਕੀਤਾ ਹਰ ਇਕ ਵਾਅਦਾ ਕਰੇਗੀ ਪੂਰਾ : ਸੰਗਤ ਸਿੰਘ ਗਿਲਜੀਆਂ
ਸੂਬੇ ਦਾ ਵਿਕਾਸ ਅਤੇ ਰਹਿੰਦੇ ਮੁੱਖ ਕੰਮਾਂ ਨੂੰ ਤਰਜੀਹ ਦੇ ਆਧਾਰ ’ਤੇ ਮੁਕੰਮਲ ਕਰਾਂਗੇ
ਪੰਜਾਬ ਸਰਕਾਰ ਪੂਰੀ ਤਰ੍ਹਾਂ ਕਿਸਾਨਾਂ ਦੇ ਹੱਕ ’ਚ ਡਟੀ
ਮੰਤਰੀ ਬਨਣ ਉਪਰੰਤ ਪਹਿਲੀ ਵਾਰ ਹੁਸ਼ਿਆਰਪੁਰ ਪੁੱਜੇ ਸੰਗਤ ਸਿੰਘ ਗਿਲਜੀਆਂ
ਹੁਸ਼ਿਆਰਪੁਰ, 28 ਸਤੰਬਰ (ਆਦੇਸ਼ ): ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਪੰਜਾਬ ਸਰਕਾਰ ਲੋਕਾਂ ਨਾਲ ਕੀਤਾ ਹਰ ਇਕ ਵਾਅਦਾ ਪੂਰਾ ਕਰਦੀ ਹੋਈ ਸੂਬੇ ਨੂੰ ਵਿਕਾਸ ਦੀਆਂ ਨਵੀਆਂ ਸਿਖਰਾਂ ’ਤੇ ਲੈ ਕੇ ਜਾਵੇਗੀ।
ਸੂਬੇ ਅੰਦਰ ਨਵੀਂ ਵਜਾਰਤ ਵਿਚ ਜੰਗਲਾਤ, ਜੰਗਲੀ ਜੀਵ ਅਤੇ ਕਿਰਤ ਮੰਤਰੀ ਬਨਣ ਮਗਰੋਂ ਪਹਿਲੀ ਵਾਰ ਇਥੇ ਪੁੱਜੇ ਸ. ਗਿਲਜੀਆਂ ਨੂੰ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਸਥਾਨਕ ਲੋਕ ਨਿਰਮਾਣ ਰੈਸਟ ਹਾਊਟ ਵਿਖੇ ਗਾਰਡ ਆਫ਼ ਆਨਰ ਦਿੱਤਾ ਗਿਆ। ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ, ਐਮ.ਐਲ.ਏਜ਼ ਡਾ. ਰਾਜ ਕੁਮਾਰ ਚੱਬੇਵਾਲ, ਅਰੁਣ ਡੋਗਰਾ, ਪਵਨ ਆਦੀਆ ਅਤੇ ਇੰਦੂ ਬਾਲਾ ਤੋਂ ਇਲਾਵਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਵਲੋਂ ਕੈਬਨਿਟ ਮੰਤਰੀ ਦਾ ਭਰਵਾਂ ਸਵਾਗਤ ਕੀਤਾ ਗਿਆ।


ਜੰਗਲਾਤ ਤੇ ਕਿਰਤ ਮੰਤਰੀ ਸੰਗਤ ਸਿੰਘ ਗਿਲਜੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਵਾਅਦਿਆਂ ’ਚੋਂ 18 ਮੁੱਖ ਕੰਮ ਤਰਜੀਹ ਦੇ ਆਧਾਰ ’ਤੇ ਮੁਕੰਮਲ ਕਰਕੇ ਸੂਬੇ ਦੀ ਇਕਸਾਰ ਤਰੱਕੀ ਨੂੰ ਨਵੀਂ ਗਤੀ ਪ੍ਰਦਾਨ ਕੀਤੀ ਜਾਵੇਗੀ ਤਾਂ ਜੋ ਹਰ ਵਰਗ ਲਈ ਲੋੜੀਂਦੀਆਂ ਸਹੂਲਤਾਂ ਯਕੀਨੀ ਬਣਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਿਚ ਉਨ੍ਹਾਂ ਨੂੰ ਮਿਲੀ ਜ਼ਿੰਮੇਵਾਰੀ ਨੂੰ ਉਹ ਪੂਰੀ ਸ਼ਿੱਦਤ ਨਾਲ ਬਾਖੂਬੀ ਨਿਭਾਉਂਦੇ ਹੋਏ ਆਪਣੇ ਫਰਜ਼ਾਂ ਪ੍ਰਤੀ ਪੂਰੀ ਤਰ੍ਹਾਂ ਜਵਾਬਦੇਹ ਰਹਿਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੋਲ ਹਾਲੇ 3 ਮਹੀਨਿਆਂ ਤੋਂ ਵੱਧ ਦਾ ਸਮਾਂ ਬਾਕੀ ਹੈ ਜਿਸ ਦੌਰਾਨ ਪਹਿਲਾਂ ਤੋਂ ਚੱਲ ਰਹੇ ਪ੍ਰੋਜੈਕਟਾਂ ਦੇ ਨਾਲ-ਨਾਲ ਨਵੇਂ ਪ੍ਰੋਜੈਕਟ ਅਤੇ ਕੰਮਾਂ ਨੂੰ ਸਮਾਂਬੱਧ ਤਰੀਕੇ ਨਾਲ ਮੁਕੰਮਲ ਕੀਤਾ ਜਾਵੇਗ।
  ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਸ਼ੁਰੂ ਤੋਂ ਹੀ ਕਿਸਾਨਾਂ ਦੇ ਨਾਲ ਉਨ੍ਹਾਂ ਦੀਆਂ ਹੱਕੀ ਮੰਗਾਂ ਲਈ ਡੱਟ ਕੇ ਖੜ੍ਹੀ ਹੈ ਅਤੇ ਬੀਤੇ ਕੱਲ੍ਹ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਇਕ ਮਤਾ ਪਾਸ ਕਰਕੇ ਕਿਸਾਨਾਂ ਅਤੇ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਕਿਸਾਨੀ ਮੰਗਾਂ ਦੀ ਜ਼ੋਰਦਾਰ ਵਕਾਲਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਕਾਲੇ ਖੇਤੀ ਕਾਨੂੰਨਾਂ ਖਿਲਾਫ਼ ਚੱਲ ਰਹੇ ਸੰਘਰਸ਼ ਦੌਰਾਨ ਜਾਨਾਂ ਗੁਆ ਚੁੱਕੇ ਕਿਸਾਨਾਂ ਦੇ ਪਰਿਵਾਰਾਂ ਦੇ ਮੋਢੇ ਨਾਲ ਮੋਢਾ ਲਾ ਕੇ ਖੜ੍ਹੀ ਹੈ ਅਤੇ ਇਨ੍ਹਾਂ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਨੌਕਰੀਆਂ ਲਈ ਨਿਯੁਕਤੀ ਪੱਤਰ ਦਿੱਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਆਉਂਦੇ ਕੁਝ ਦਿਨਾਂ ਵਿਚ ਪੰਜਾਬ ਦੇ ਵੱਖ-ਵੱਖ ਖੇਤਰਾਂ ਨਾਲ ਸਬੰਧਤ ਅਜਿਹੇ ਪਰਿਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾ ਰਹੇ ਹਨ ਅਤੇ ਰਹਿੰਦੇ ਕੇਸਾਂ ਦੀ ਪੜਤਾਲ ਵੀ ਜਲਦ ਮੁਕੰਮਲ ਕਰਵਾਈ ਜਾ ਰਹੀ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਅਪਨੀਤ ਰਿਆਤ, ਐਸ.ਐਸ.ਪੀ. ਅਮਨੀਤ ਕੌਂਡਲ, ਵਧੀਕ ਡਿਪਟੀ ਕਮਿਸ਼ਨਰ (ਜ) ਵਿਸ਼ੇਸ਼ ਸਾਰੰਗਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਰਬਾਰਾ ਸਿੰਘ, ਕਮਿਸ਼ਨਰ ਨਗਰ ਨਿਗਮ ਆਸ਼ਿਕਾ ਜੈਨ, ਕਾਂਗਰਸ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਡਾ. ਕੁਲਦੀਪ ਨੰਦਾ, ਕਾਂਗਰਸ ਕਮੇਟੀ ਦੇ ਜ਼ਿਲ੍ਹਾ ਜਨਰਲ ਸਕੱਤਰ ਰਜਨੀਸ਼ ਟੰਡਨ ਆਦਿ ਮੌਜੂਦ ਸਨ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply