ਚੰਡੀਗੜ੍ਹ : ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ ਵਿਦਿਆਰਥੀਆਂ ਦੀਆਂ ਹੱਕੀ ਮੰਗਾਂ ਦਾ ਸਮਰਥਨ ਕਰਦੀ ਹੈ। ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਿਦਿਆਰਥੀ ਅਤੇ ਖੋਜਾਰਥੀ ਯੂਨੀਵਰਸਿਟੀ ਅਧਿਕਾਰੀਆਂ ਤੋਂ ਨਿਰੰਤਰ ਇਹ ਮੰਗ ਕਰ ਰਹੇ ਹਨ ਕਿ ਉਨ੍ਹਾਂ ਦੀਆਂ ਕਲਾਸਾਂ ਨਿਯਮਿਤ ਰੂਪ ਵਿੱਚ ਲਗਾਈਆਂ ਜਾਣ ਅਤੇ ਉਨ੍ਹਾਂ ਦੇ ਖੋਜ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਲੈਬਾਰਟਰੀਆਂ ਅਤੇ ਮੁੱਖ ਲਾਇਬਰੇਰੀ ਸਮੇਤ ਵਿਭਾਗੀ ਲਾਇਬਰੇਰੀਆਂ ਨੂੰ ਵੱਧ ਤੋਂ ਵੱਧ ਸਮੇਂ ਲਈ ਖੋਲ੍ਹਿਆ ਜਾਵੇ।
ਯੂਨੀਵਰਸਿਟੀ ਪ੍ਰਸ਼ਾਸਨ ਨੇ ਵਿਦਿਆਰਥੀਆਂ ਤੇ ਖੋਜਾਰਥੀਆਂ ਦੀਆਂ ਕੁਝ ਮੰਗਾਂ ਤਾਂ ਸਵੀਕਾਰ ਕਰ ਲਈਆਂ ਹਨ, ਪਰ ਅਜੇ ਵੀ ਯੂਨੀਵਰਸਿਟੀ ਵਿੱਚ ਅਧਿਆਪਨ ਅਤੇ ਖੋਜ ਦਾ ਕੰਮ ਪੂਰੀ ਤਰ੍ਹਾਂ ਸੁਚਾਰੂ ਰੂਪ ਵਿੱਚ ਲਾਗੂ ਨਹੀਂ ਹੋਇਆ। ਵਿਦਿਆਰਥੀ ਮਸਲਿਆਂ ਲਈ ਸੰਘਰਸ਼ ਕਰ ਰਹੇ ਵਿਦਿਆਰਥੀ ਜਥੇਬੰਦੀਆਂ ਦੇ ਆਗੂਆਂ ਨੂੰ ਡਰਾਉਣ ਤੇ ਉਨ੍ਹਾਂ ਦੀਆਂ ਹੱਕੀ ਮੰਗਾਂ ਦੀ ਆਵਾਜ਼ ਨੂੰ ਦਬਾਉਣ ਲਈ ਯੂਨੀਵਰਸਿਟੀ ਪ੍ਰਸ਼ਾਸਨ ਪਿਛਲੇ ਅਰਸੇ ਤੋਂ ਤਰ੍ਹਾਂ ਤਰ੍ਹਾਂ ਦੇ ਹੱਥਕੰਡੇ ਵਰਤ ਰਿਹਾ ਹੈ। ਵਿਦਿਆਰਥੀ ਜਥੇਬੰਦੀਆਂ ਵੱਲੋਂ ਸੈਨੇਟ ਚੋਣਾਂ ਦੇ ਦਿਨਾਂ ਦੌਰਾਨ ਵਾਈਸ ਚਾਂਸਲਰ ਸਾਹਮਣੇ ਰੋਸ ਪ੍ਰਦਰਸ਼ਨ ਦੀ ਘਟਨਾ ਨੂੰ ਲੈ ਕੇ ਯੂਨੀਵਰਸਿਟੀ ਅਧਿਕਾਰੀਆਂ ਵੱਲੋਂ ਵੱਖ-ਵੱਖ ਵਿਦਿਆਰਥੀ ਜਥੇਬੰਦੀਆਂ ਦੇ ਆਗੂਆਂ ਖ਼ਿਲਾਫ਼ ਸ਼ਿਕਾਇਤ ਦਰਜ ਕਰਾਈ ਗਈ ਹੈ ਅਤੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਵਿਦਿਆਰਥੀਆਂ ਵਿਰੁੱਧ ਦੁਰ ਵਿਵਹਾਰ ਅਤੇ ਹਿੰਸਕ ਵਤੀਰੇ ਵਜੋਂ ਐਫ਼. ਆਈ. ਆਰ. ਦਰਜ ਕੀਤੀ ਗਈ ਹੈ, ਜੋ ਕਿ ਸਹੀ ਤੱਥਾਂ ‘ਤੇ ਆਧਾਰਿਤ ਨਹੀਂ। ਇਸ ਲਈ ਇਹ ਵਿਦਿਆਰਥੀਆਂ ਨਾਲ ਸਰਾਸਰ ਅਨਿਆਂ ਹੈ।
ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਸੀਨੀਅਰ ਮੀਤ ਪ੍ਰਧਾਨ ਜੋਗਾ ਸਿੰਘ ਅਤੇ ਜਨਰਲ ਸਕੱਤਰ ਡਾ. ਸੁਖਦੇਵ ਸਿੰਘ ਸਿਰਸਾ ਨੇ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਉਹ ਵਿਦਿਆਰਥੀਆਂ ਨਾਲ ਉਨ੍ਹਾਂ ਦੇ ਮਸਲਿਆਂ ਬਾਰੇ ਗੱਲਬਾਤ ਕਰਨ ਅਤੇ ਦਰਜ ਕੀਤੀ ਗਈ ਐਫ਼. ਆਈ. ਆਰ. ਤੁਰੰਤ ਰੱਦ ਕੀਤੀ ਜਾਵੇ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp