ਸਹਾਇਕ ਕਮਿਸ਼ਨਰ ਨੇ ਸੁਵਿਧਾ ਕੈਂਪ ਲਗਾ ਕੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰਾਂ ਦੀਆਂ ਸੁਣੀਆਂ ਸਮੱਸਿਆਵਾਂ, ਕਈ ਸਮੱਸਿਆਵਾਂ ਦਾ ਮੌਕੇ ’ਤੇ ਕੀਤਾ ਨਿਪਟਾਰਾ
ਕਿਹਾ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰਾਂ ਵਿਚ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰਾਂ ਦੇ ਮਾਣ-ਸਨਮਾਨ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ
ਹਰ ਮਹੀਨੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਦਾ ਨਿਪਟਾਰਾ ਕਰਨ ਲਈ ਆਯੋਜਿਤ ਕੀਤੀ ਜਾਵੇਗੀ ਮੀਟਿੰਗ
ਹੁਸ਼ਿਆਰਪੁਰ, 29 ਅਕਤੂਬਰ: ਐਸ.ਡੀ.ਐਮ. ਹੁਸ਼ਿਆਰਪੁਰ ਅਤੇ ਸਹਾਇਕ ਕਮਿਸ਼ਨਰ (ਜ) ਸ਼ਿਵ ਰਾਜ ਸਿੰਘ ਬੱਲ ਨੇ ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ ’ਤੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਗਾਏ ਜਾ ਰਹੇ ਸੁਵਿਧਾ ਕੈਂਪਾਂ ਦੀ ਲੜੀ ਵਿਚ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦਾ ਨਿਪਟਾਰਾ ਕੀਤਾ।
ਸਹਾਇਕ ਕਮਿਸ਼ਨਰ ਨੇ ਕਿਹਾ ਕਿ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰਾਂ ਵਿਚ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਪਰਿਵਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਦੇ ਮੈਂਬਰਾਂ ਵਲੋਂ ਦਿੱਤੀਆਂ ਗਈਆਂ ਕੁਰਬਾਨੀਆਂ ਕਾਰਨ ਹੀ ਅੱਜ ਅਸੀਂ ਸਾਰੇ ਆਜ਼ਾਦੀ ਦਾ ਆਨੰਦ ਲੈ ਰਹੇ ਹਾਂ। ਉਨ੍ਹਾਂ ਕਿਹਾ ਕਿ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀਆਂ ਜ਼ਮੀਨਾਂ ’ਤੇ ਕੋਈ ਨਜਾਇਜ਼ ਕਬਜ਼ਾ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਨਾ ਹੀ ਕੋਈ ਧੱਕੇਸ਼ਾਹੀ ਬਰਦਾਸ਼ਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਜ਼ਾਦੀ ਘੁਲਾਟੀਆਂ ਦਾ ਕਦੇ ਵੀ ਕਰਜ਼ਾ ਨਹੀਂ ਉਤਾਰਿਆ ਜਾ ਸਕਦਾ, ਇਸ ਲਈ ਆਜਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਸਰਕਾਰੀ ਦਫ਼ਤਰਾਂ ਵਿਚ ਪੂਰਾ ਮਾਣ-ਸਨਮਾਨ ਯਕੀਨੀ ਬਨਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ ਹੈ।
ਸ਼ਿਵਰਾਜ ਸਿੰਘ ਬੱਲ ਨੇ ਕਿਹਾ ਕਿ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਵੱਖ-ਵੱਖ ਯੋਜਨਾਵਾਂ ਤਹਿਤ ਸੁਵਿਧਾਵਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਗੰਭੀਰ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਪੂਰਾ ਮਾਣ-ਸਨਮਾਨ ਦੇਣ ਲਈ ਨਵੀਂ ਸ਼ੁਰੂਆਤ ਕੀਤੀ ਗਈ ਹੈ ਅਤੇ ਇਸ ਵਿਚ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀ ਸ਼ਮੂਲੀਅਤ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਆਪਸੀ ਤਾਲਮੇਲ ਨਾਲ ਹੀ ਸਮੱਸਿਆਵਾਂ ਨਾਲ ਨਿਪਟਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਹਰ ਮਹੀਨੇ ਆਜਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦਾ ਨਿਪਟਾਰਾ ਕਰਨ ਲਈ ਮੀਟਿੰਗ ਹੋਇਆ ਕਰੇਗੀ, ਜਿਸ ਵਿਚ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਉਨ੍ਹਾਂ ਦਾ ਨਿਪਟਾਰਾ ਕੀਤਾ ਜਾਵੇਗਾ। ਇਸ ਮੌਕੇ ਜਿਲ੍ਹਾ ਫਰੀਡਮ ਫਾਈਟਰ ਉਤਰਾਅਧਿਕਾਰੀ ਸੰਸਥਾ ਦੇ ਪ੍ਰਧਾਨ ਸ੍ਰੀ ਗੁਰਦੇਵ ਸਿੰਘ ਕੋਟਫਤੂਹੀ, ਈਸ਼ਰ ਸਿੰਘ, ਗੁਰਬਚਨ ਸਿੰਘ, ਸਵਿਤਰੀ ਦੇਵੀ, ਹਰਦਿਤ ਸਿੰਘ, ਬਿਸ਼ਨ ਸਿੰਘ, ਸੁੰਦਰ ਸਿੰਘ, ਜਗਤ ਸਿੰਘ, ਪਾਖਰ ਸਿੰਘ, ਤੇਜਾ ਸਿੰਘ, ਬਲਦੇਵ ਸਿੰਘ ਤੋਂ ਇਲਾਵਾ ਹੋਰ ਆਜਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰ ਮੌਜੂਦ ਸਨ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp