ਜ਼ਿਲ੍ਹਾ ਮੈਜਿਸਟਰੇਟ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ 10ਵੀਂ ਤੇ 12ਵੀਂ ਪ੍ਰੀਖਿਆਵਾਂ ਸਬੰਧੀ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਧਾਰਾ 144 ਲਗਾਉਣ ਦੇ ਹੁਕਮ ਜਾਰੀ
10 ਤੋਂ 25 ਨਵੰਬਰ ਤੱਕ ਬੋਰਡ ਦੀਆਂ ਉਕਤ ਕਲਾਸਾਂ ਦੀ ਰੀ-ਅਪੀਅਰ, ਹੋਰ ਵਿਸ਼ਿਆਂ ਸਮੇਤ ਓਪਨ ਸਕੂਲ ਤੇ ਪੰਜਾਬੀ ਵਾਧੂ ਵਿਸ਼ੇ ਦੀ ਲਈ ਜਾਵੇਗੀ ਪ੍ਰੀਖਿਆ
ਹੁਸ਼ਿਆਰਪੁਰ, 9 ਨਵੰਬਰ: ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਸਵੀਂ, ਬਾਹਰਵੀਂ ਦੀ ਰੀ-ਅਪੀਅਰ, ਵਾਧੂ ਵਿਸ਼ਾ (ਸਮੇਤ ਓਪਨ ਸਕੂਲ) ਤੇ ਦਸਵੀਂ ਪੱਧਰ ਦੀ ਪੰਜਾਬੀ ਵਾਧੂ ਵਿਸ਼ਾ ਨਵੰਬਰ-2021 ਦੀਆਂ 10 ਨਵੰਬਰ ਤੋਂ ਸ਼ੁਰੂ ਹੋਣ ਵਾਲੀਆਂ ਪ੍ਰੀਖਿਆਵਾਂ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਅਪਨੀਤ ਰਿਆਤ ਨੇ ਜ਼ਿਲ੍ਹੇ ਵਿਚ ਸਥਾਪਤ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਘੇਰੇ ਅੰਦਰ ਸੀ.ਆਰ.ਪੀ.ਸੀ. ਦੀ ਧਾਰਾ 144 ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਜਾਰੀ ਹੁਕਮਾਂ ਵਿਚ ਉਨ੍ਹਾਂ ਦੱਸਿਆ ਕਿ ਵਾਈਸ ਚੇਅਰਮੈਨ-ਕਮ-ਸਕੱਤਰ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਉਕਤ ਪ੍ਰੀਖਿਆਵਾਂ 10 ਨਵੰਬਰ ਤੋਂ 25 ਨਵੰਬਰ ਤੱਕ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 2.15 ਵਜੇ ਤੱਕ ਜ਼ਿਲ੍ਹਾ ਪੱਧਰ ’ਤੇ ਸਥਾਪਤ ਕੀਤੇ ਪ੍ਰੀਖਿਆ ਕੇਂਦਰਾਂ ਵਿਚ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਪ੍ਰੀਖਿਆ ਲਈ ਦੋ ਸੈਂਟਰ ਸਥਾਪਤ ਕੀਤੇ ਗਏ ਹਨ ਜੋ ਕਿ ਸ੍ਰੀਮਤੀ ਪਾਰਵਤੀ ਦੇਵੀ ਆਰਿਆ ਮਹਿਲਾ ਸੀਨੀਅਰ ਸੈਕੰਡਰੀ ਸਕੂਲ ਹੁਸ਼ਿਆਰਪੁਰ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਹੁਸ਼ਿਆਰਪੁਰ ਹਨ। ਉਨ੍ਹਾਂ ਕਿਹਾ ਕਿ ਆਮ ਦੇਖਣ ਵਿਚ ਆਇਆ ਹੈ ਕਿ ਪ੍ਰੀਖਿਆਵਾਂ ਦੌਰਾਨ ਵਿਦਿਆਰਥੀਆਂ ਦੇ ਰਿਸ਼ਤੇਦਾਰ ਤੇ ਹੋਰ ਵਿਅਕਤੀ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਇਕੱਠੇ ਹੋ ਜਾਂਦੇ ਹਨ, ਜਿਸ ਕਾਰਨ ਅਣਸੁਖਾਵੀਂ ਘਟਨਾ ਹੋ ਸਕਦੀ ਹੈ ਅਤੇ ਪ੍ਰੀਖਿਆਵਾਂ ਦੀ ਪਵਿੱਤਰਤਾ ਭੰਗ ਹੁੰਦੀ ਹੈ।
ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਪ੍ਰੀਖਿਆਵਾਂ ਨੂੰ ਸ਼ਾਂਤਮਈ ਤੇ ਸੁਚਾਰੂ ਢੰਗ ਨਾਲ ਕਰਵਾਉਣ ਲਈ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦਾ ਪ੍ਰਯੋਗ ਕਰਦੇ ਹੋਏ ਪ੍ਰੀਖਿਆਵਾ ਕੇਂਦਰਾਂ ਦੇ 100 ਮੀਟਰ ਘੇਰੇ ਅੰਦਰ 5 ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਤਰ ਹੋਣ ’ਤੇ ਪਾਬੰਦੀ ਲਗਾਈ ਗਈ ਹੈ। ਇਸ ਤੋਂ ਇਲਾਵਾ ਇਸ ਪੂਰੇ ਮੰਤਵ ਲਈ ਤਹਿਸੀਲਦਾਰ ਹੁਸ਼ਿਆਰਪੁਰ ਨੂੰ ਬਤੌਰ ਡਿਊਟੀ ਮੈਜਿਸਟਰੇਟ ਨਿਯੁਕਤ ਕੀਤਾ ਜਾਂਦਾ ਹੈ। ਉਨ੍ਹਾਂ ਇਸ ਹੁਕਮ ਦੀ ਪਾਲਣਾ ਨੂੰ ਲਾਗੂ ਕਰਵਾਉਣ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਤੇ ਐਲੀਮੈਂਟਰੀ) ਹੁਸ਼ਿਆਰਪੁਰ ਨੂੰ ਜ਼ਿੰਮੇਵਾਰ ਬਣਾਇਆ ਗਿਆ ਹੈ। ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਹੁਕਮ ਕੀਤੇ ਹਨ ਕਿ ਉਹ ਕੋਵਿਡ-19 ਮਹਾਂਮਾਰੀ ਨੂੰ ਧਿਆਨ ਵਿਚ ਰੱਖਦੇ ਹੋਏ ਸਰਕਾਰ ਵਲੋਂ ਸਮੇਂ-ਸਮੇਂ ਸਿਰ ਜਾਰੀ ਹਦਾਇਤਾਂ ਸਬੰਧੀ ਪ੍ਰੀਖਿਆਵਾਂ ਕੇਂਦਰਾਂ ਵਿਚ ਜ਼ਰੂਰੀ ਪ੍ਰਬੰਧ ਯਕੀਨੀ ਬਨਾਉਣ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp