ਕਾਂਗਰਸ ਸਰਕਾਰ ਆਪਣੇ ਬੁਰੇ ਇਰਾਦਿਆਂ ਵਿਚ ਕਾਮਯਾਬ ਨਹੀਂ ਹੋਵੇਗੀ-ਲਾਲੀ ਬਾਜਵਾ
-ਮਜੀਠੀਆ ਖਿਲਾਫ ਦਰਜ ਮਾਮਲੇ ਦੇ ਵਿਰੋਧ ਵਿਚ ਅਕਾਲੀ ਦਲ ਵੱਲੋਂ ਰੋਸ ਪ੍ਰਦਰਸ਼ਨ
ਹੁਸ਼ਿਆਰਪੁਰ : ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਖਿਲਾਫ ਪੰਜਾਬ ਪੁਲਿਸ ਵੱਲੋਂ ਦਰਜ ਕੀਤੇ ਗਏ ਮਾਮਲੇ ਦੇ ਵਿਰੋਧ ਵਿਚ ਅੱਜ ਜਿਲ੍ਹਾ ਅਕਾਲੀ ਦਲ ਵੱਲੋਂ ਜਿਲ੍ਹੇ ਦੇ ਸ਼ਹਿਰੀ ਪ੍ਰਧਾਨ ਜਤਿੰਦਰ ਸਿੰਘ ਲਾਲੀ ਬਾਜਵਾ ਦੀ ਅਗਵਾਈ ਹੇਠ ਸਥਾਨਕ ਮਿੰਨੀ ਸਕੱਤਰੇਤ ਦੇ ਬਾਹਰ ਧਰਨਾ ਲਗਾਇਆ ਗਿਆ ਤੇ ਉਪਰੰਤ ਸਕੱਤਰੇਤ ਦੇ ਗੇਟ ਅੱਗੇ ਪਹੁੰਚ ਕੇ ਪੰਜਾਬ ਸਰਕਾਰ ਦਾ ਪੁਤਲਾ ਜਲਾਇਆ ਗਿਆ। ਇਸ ਮੌਕੇ ਸੰਬੋਧਨ ਕਰਦੇ ਹੋਏ ਜਤਿੰਦਰ ਸਿੰਘ ਲਾਲੀ ਬਾਜਵਾ ਨੇ ਕਿਹਾ ਕਿ ਸੂਬੇ ਦੀ ਕਾਂਗਰਸ ਸਰਕਾਰ ਨੇ ਸਿਆਸੀ ਬਦਲਾਖੋਰੀ ਦੀ ਭਾਵਨਾ ਨਾਲ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਖਿਲਾਫ ਝੂਠਾ ਮਾਮਲਾ ਦਰਜ ਕਰਕੇ ਡਰ ਦਾ ਮਾਹੌਲ ਬਣਾਉਣ ਦੀ ਕੋਸ਼ਿਸ਼ ਕੀਤੀ ਹੈ ਲੇਕਿਨ ਸਰਕਾਰ ਆਪਣੇ ਬੁਰੇ ਇਰਾਦਿਆਂ ਵਿਚ ਕਦੇ ਵੀ ਕਾਮਯਾਬ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਪੰਜਾਬ ਪੁਲਿਸ ਨੂੰ ਆਪਣੇ ਟੂਲ ਦੇ ਰੂਪ ਵਿਚ ਵਰਤਿਆ ਜਾ ਰਿਹਾ ਹੈ ਜੋ ਕਿ ਨਿੰਦਣਯੋਗ ਹੈ ਤੇ ਪੁਲਿਸ ਦੇ ਅਧਿਕਾਰੀਆਂ ਨੂੰ ਵੀ ਚਾਹੀਦਾ ਹੈ ਕਿ ਉਹ ਆਪਣੀ ਡਿਊਟੀ ਇਮਾਨਦਾਰੀ ਨਾਲ ਕਰਨ ਨਾ ਕੇ ਕਾਂਗਰਸੀਆਂ ਦੇ ਹੱਥ ਠੋਕੇ ਬਣਨ।
ਲਾਲੀ ਬਾਜਵਾ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਅਕਾਲੀ ਦਲ ਨੂੰ ਦਬਾਉਣ ਦੀ ਕੀਤੀ ਗਈ ਕੋਸ਼ਿਸ਼ ਨੇ ਇਕ ਗੱਲ ਤਾਂ ਸਾਫ ਕਰ ਦਿੱਤੀ ਹੈ ਕਿ ਕਾਂਗਰਸ ਨੂੰ ਇਹ ਗੱਲ ਪਤਾ ਚੱਲ ਚੁੱਕੀ ਹੈ ਕਿ ਸੂਬੇ ਦੇ ਲੋਕ 2022 ਵਿਚ ਅਕਾਲੀ ਦਲ ਦੀ ਸਰਕਾਰ ਬਣਾਉਣ ਜਾ ਰਹੇ ਹਨ ਤੇ ਇਸੇ ਕਾਰਨ ਕਾਂਗਰਸ ਤਰਲੋਮੱਛੀ ਹੋਈ ਪਈ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਵਰਕਰਾਂ ਤੇ ਆਗੂਆਂ ਦੇ ਹੌਸਲੇ ਪੂਰੀ ਤਰ੍ਹਾਂ ਬੁਲੰਦ ਹਨ ਤੇ ਕਾਂਗਰਸ ਸਰਕਾਰ ਵੱਲੋਂ ਕੀਤੀਆਂ ਜਾਣ ਵਾਲੀਆਂ ਵਧੀਕੀਆਂ ਦਾ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ। ਇਸ ਮੌਕੇ ਐਸ.ਜੀ.ਪੀ.ਸੀ. ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ, ਸਾਬਕਾ ਸੰਸਦ ਮੈਂਬਰ ਵਰਿੰਦਰ ਸਿੰਘ ਬਾਜਵਾ, ਸਾਬਕਾ ਕੈਬਨਿਟ ਮੰਤਰੀ ਬਲਵੀਰ ਸਿੰਘ ਮਿਆਣੀ, ਸਾਬਕਾ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ, ਸਾਬਕਾ ਵਿਧਾਇਕ ਸੁਰਿੰਦਰ ਸਿੰਘ, ਸਰਬਜੋਤ ਸਿੰਘ ਸਾਬੀ, ਯੂਥ ਅਕਾਲੀ ਦਲ ਦੇ ਪ੍ਰਧਾਨ ਵਰਿੰਦਰਜੀਤ ਸਿੰਘ ਸੋਨੂੰ ਟੇਰਕੀਆਣਾ, ਸੰਤੋਖ ਸਿੰਘ ਔਜਲਾ, ਸੁਸ਼ੀਲ ਰਿੰਕੂ, ਰਾਜਗੁਲਜਿੰਦਰ ਸਿੰਘ ਸਿੱਧੂ, ਇਕਬਾਲ ਸਿੰਘ ਖੇੜਾ, ਵਰਿੰਦਰ ਸਿੰਘ ਪਰਹਾਰ, ਇੰਜ. ਮਹਿੰਦਰ ਸਿੰਘ ਸੰਧਰ, ਹਰਸਿਮਰਨ ਸਿੰਘ ਬਾਜਵਾ, ਰਣਧੀਰ ਭਾਰਜ, ਹਰਜੀਤ ਮਠਾਰੂ, ਵਿਸ਼ਾਲ ਆਦੀਆ, ਇੰਦਰਜੀਤ ਸਿੰਘ ਕੰਗ, ਹਰਜਿੰਦਰ ਸਿੰਘ ਵਿਰਦੀ, ਜਪਿੰਦਰ ਅਟਵਾਲ, ਪ੍ਰਭਪਾਲ ਬਾਜਵਾ, ਬੱਬੂ ਬਜਵਾੜਾ, ਸਤਨਾਮ ਸਿੰਘ ਬੰਟੀ ਵੀ ਮੌਜੂਦ ਸਨ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp