#LATEST_CM_CHANNI IN DASUYA : ਭਾਜਪਾ ਦੀ ਨਾਕਾਮ ਰੈਲੀ ਦਰਸਾਉਂਦੀ ਹੈ ਕਿ ਪੰਜਾਬੀਆਂ ਨੇ ਭਾਜਪਾ ਨੂੰ ਨਕਾਰ ਦਿੱਤਾ ਹੈ

ਭਾਜਪਾ ਦੀ ਨਾਕਾਮ ਰੈਲੀ ਦਰਸਾਉਂਦੀ ਹੈ ਕਿ ਪੰਜਾਬੀਆਂ ਨੇ ਭਾਜਪਾ ਅਤੇ ਇਸ ਦੇ ਫੁੱਟ ਪਾਊ ਏਜੰਡੇ ਨੂੰ ਨਕਾਰ ਦਿੱਤਾ ਹੈ- ਮੁੱਖ ਮੰਤਰੀ
ਪੰਜਾਬ ਨੂੰ ਬਰਬਾਦ ਕਰਨ ਲਈ ਅਕਾਲੀਆਂ ਦੀ ਕਰੜੀ ਨਿੰਦਾ
ਕੇਜਰੀਵਾਲ ਅਤੇ ਉਸ ਦੇ ਸਾਥੀਆਂ ਦੀ ਪੰਜਾਬ ਦੀ ਦੌਲਤ ‘ਤੇ ਅੱਖ
ਦਸੂਹਾ (ਹੁਸ਼ਿਆਰਪੁਰ), 7 ਜਨਵਰੀ (ਹਰਭਜਨ ਢਿੱਲੋਂ )
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਬੁੱਧਵਾਰ ਦੀ ਰੈਲੀ ਦੀ ਅਸਫਲਤਾ ਇਸ ਤੱਥ ਦਾ ਸਬੂਤ ਹੈ ਕਿ ਸੂਝਵਾਨ ਪੰਜਾਬੀਆਂ ਨੇ ਭਾਜਪਾ ਦੇ ਫੁੱਟ ਪਾਊ ਅਤੇ ਨਫਰਤ ਦੇ ਏਜੰਡੇ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ।
ਅੱਜ ਇੱਥੇ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੱਲ ਹੋਈ ਭਾਜਪਾ ਦੀ ਰੈਲੀ ਵਿੱਚ ਜਿੱਥੇ 70,000 ਕੁਰਸੀਆਂ ਲਗਾਈਆਂ ਗਈਆਂ ਸਨ, ਸਿਰਫ਼ 700 ਵਿਅਕਤੀ ਹਾਜ਼ਰ ਹੋਣ ਦਾ ਤੱਥ ਮੋਦੀ ਸਰਕਾਰ ਵਿਰੁੱਧ ਲੋਕਾਂ ਦੇ ਮਨਾਂ ਵਿਚਲੇ ਰੋਸ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਖਾਲੀ ਪਈਆਂ ਕੁਰਸੀਆਂ ਨੇ ਭਾਜਪਾ ਅਤੇ ਇਸ ਦੀ ਸਮੁੱਚੀ ਲੀਡਰਸ਼ਿਪ ਨੂੰ ਜਨਤਾ ਦੀਆਂ ਭਾਵਨਾਵਾਂ ਦਾ ਪਤਾ ਲਗਾਉਣ ਵਿੱਚ ਨਾਕਾਮ ਰਹਿਣ ਦਾ ਸ਼ੀਸ਼ਾ ਦਿਖਾਇਆ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬੀਆਂ ਨੇ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੇ ਹੰਕਾਰੀ ਆਗੂਆਂ ਨੂੰ ਸਬਕ ਸਿਖਾਉਣ ਦਾ ਮਨ ਬਣਾ ਲਿਆ ਹੈ ਅਤੇ ਇਸ ਦਾ ਅੰਦਾਜ ਭਾਜਪਾ ਦੇ ਇਸ ਫਲਾਪ ਸ਼ੋਅ ਤੋਂ ਲਗਾਇਆ ਜਾ ਸਕਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਵਿੱਚ ਕੋਈ ਕਮੀ ਨਹੀਂ ਆਈ ਪਰ ਭਾਜਪਾ ਦੀ ਰੈਲੀ ਵਿੱਚ ਲੋਕਾਂ ਦੀ ਘੱਟ ਗਿਣਤੀ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨੇ ਦੌਰਾ ਰੱਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਦੌਰੇ ਦੌਰਾਨ ਨਿਰਧਾਰਤ ਪ੍ਰੋਟੋਕੋਲ ਦੀ ਪਾਲਣਾ ਕੀਤੀ ਗਈ ਸੀ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਫੇਰੀ ਸਬੰਧੀ ਲੋੜੀਂਦੇ ਪ੍ਰਬੰਧਾਂ ਦੀ ਨਿਗਰਾਨੀ ਉਨ੍ਹਾਂ ਨੇ ਖੁਦ ਕੀਤੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪ੍ਰੋਗਰਾਮ ਅਨੁਸਾਰ ਪ੍ਰਧਾਨ ਮੰਤਰੀ ਨੇ ਬਠਿੰਡਾ ਤੋਂ ਫਿਰੋਜ਼ਪੁਰ ਤੱਕ ਹਵਾਈ ਯਾਤਰਾ ਕਰਨੀ ਸੀ। ਉਨ੍ਹਾਂ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਪ੍ਰੋਗਰਾਮ ਵਿੱਚ ਆਖਰੀ ਪਲਾਂ ਵਿੱਚ ਬਦਲਾਅ ਕਰਦਿਆਂ ਅਚਾਨਕ ਸੜਕ ਰਾਹੀਂ ਯਾਤਰਾ ਕਰਨ ਦਾ ਫੈਸਲਾ ਕੀਤਾ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਭਾਵੇਂ ਸੂਬਾ ਸਰਕਾਰ ਨੇ ਇਸ ਦੇ ਵੀ ਪੂਰੇ ਪ੍ਰਬੰਧ ਕੀਤੇ ਹੋਏ ਸਨ ਪਰ ਰੈਲੀ ਵਿੱਚ ਲੋਕਾਂ ਦੀ ਘੱਟ ਹਾਜ਼ਰੀ ਨੂੰ ਦੇਖਦਿਆਂ ਪ੍ਰਧਾਨ ਮੰਤਰੀ ਨੇ ਸੜਕ ਜਾਮ ਦਾ ਹਵਾਲਾ ਦਿੰਦਿਆਂ ਆਪਣਾ ਦੌਰਾ ਰੱਦ ਕਰ ਦਿੱਤਾ।
ਅਕਾਲੀਆਂ ‘ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਪਣੇ ਇਕ ਦਹਾਕੇ ਦੇ ਸ਼ਾਸਨ ਦੌਰਾਨ ਅਕਾਲੀ ਆਗੂਆਂ ਨੇ ਸੂਬੇ ਨੂੰ ਖੂਬ ਲੁੱਟਿਆ ਹੈ। ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਸੂਬੇ ਵਿੱਚ ਨਸ਼ਿਆਂ ਦਾ ਕਾਰੋਬਾਰ ਫੈਲਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਿਸ ਕਾਰਨ ਨੌਜਵਾਨਾਂ ਦੀਆਂ ਜ਼ਿੰਦਗੀਆਂ ਬਰਬਾਦ ਹੋ ਰਹੀਆਂ ਹਨ। ਮੁੱਖ ਚੰਨੀ ਨੇ ਕਿਹਾ ਕਿ ਅਕਾਲੀਆਂ ਨੂੰ ਇਨ੍ਹਾਂ ਗੁਨਾਹਾਂ ਲਈ ਪੰਜਾਬ ਵਾਸੀ ਕਦੇ ਮੁਆਫ ਨਹੀਂ ਕਰਨਗੇ।
‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਆੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਅਫਵਾਹਾਂ ਫੈਲਾਉਣ ਵਾਲੇ ਹਨ ਜੋ ਸੂਬੇ ਨੂੰ ਲੁੱਟਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਸੂਬੇ ਅਤੇ ਇੱਥੋਂ ਦੇ ਲੋਕਾਂ ਲਈ ਨੁਕਸਾਨਦੇਹ ਹੈ। ਮੁੱਖ ਮੰਤਰੀ ਚੰਨੀ ਨੇ ਲੋਕਾਂ ਨੂੰ ਕੇਜਰੀਵਾਲ ਅਤੇ ਉਸ ਦੇ ਸਾਥੀਆਂ ਦੇ ਨਾਪਾਕ ਮਨਸੂਬਿਆਂ ਤੋਂ ਸੁਚੇਤ ਰਹਿਣ ਦੀ ਚੇਤਾਵਨੀ ਦਿੱਤੀ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਕ੍ਰਾਂਤੀਕਾਰੀ ਤਬਦੀਲੀ ਦੇਖੀ ਹੈ ਕਿਉਂਕਿ ਪਹਿਲੀ ਵਾਰ ਸੱਤਾ ਕਿਸੇ ਜ਼ਿਮੀਂਦਾਰ ਜਾਂ ਸ਼ਾਹੀ ਵਿਅਕਤੀ ਦੀ ਬਜਾਏ ਆਮ ਆਦਮੀ ਨੂੰ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਉਹਨਾਂ ਦੀ ਸਰਕਾਰ ਦਾ ਟੀਚਾ ਸਾਰਿਆਂ ਲਈ ਬਰਾਬਰ ਮੌਕੇ ਅਤੇ ਸੂਬੇ ਦੇ ਸਰੋਤਾਂ ਤੱਕ ਹਰ ਕਿਸੇ ਦੀ ਪਹੁੰਚ ਯਕੀਨੀ ਬਣਾਉਣਾ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਦੇ ਹਿੱਸੇ ਵਜੋਂ 1500 ਕਰੋੜ ਰੁਪਏ ਦੇ ਬਿਜਲੀ ਬਿੱਲਾਂ ਦੇ ਬਕਾਏ ਮੁਆਫ਼ ਕੀਤੇ ਗਏ ਹਨ, ਘਰੇਲੂ ਖਪਤਕਾਰਾਂ ਲਈ ਬਿਜਲੀ ਦਰਾਂ ਵਿੱਚ 3 ਰੁਪਏ ਪ੍ਰਤੀ ਯੂਨਿਟ ਦੀ ਕਟੌਤੀ ਕੀਤੀ ਗਈ ਹੈ, ਪੇਂਡੂ ਖੇਤਰਾਂ ਵਿੱਚ ਮੋਟਰਾਂ ਦੇ 1200 ਕਰੋੜ ਰੁਪਏ ਦੇ ਬਿੱਲਾਂ ਦੀ ਛੋਟ ਦਿੱਤੀ ਗਈ ਹੈ, ਪਾਣੀ ਦੇ ਖਰਚੇ ਨੂੰ 50 ਰੁਪਏ ਤੱਕ ਘਟਾ ਦਿੱਤਾ ਗਿਆ ਹੈ ਅਤੇ ਰੇਤ ਦੇ ਰੇਟਾਂ ਵਿਚ ਵੀ ਕਟੌਤੀ ਕੀਤੀ ਗਈ ਹੈ।
ਮੁੱਖ ਮੰਤਰੀ ਨੇ ਲੋਕਾਂ ਦੀ ਭਲਾਈ ਲਈ ਮਿਸਾਲੀ ਕੰਮ ਕਰਨ ਲਈ ਸਥਾਨਕ ਵਿਧਾਇਕ ਸ੍ਰੀ ਅਰੁਣ ਡੋਗਰਾ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਕੰਮਾਂ ਦਾ ਉਦੇਸ਼ ਲੋਕਾਂ ਦੀ ਭਲਾਈ ਅਤੇ ਇਲਾਕੇ ਦੇ ਵਿਕਾਸ ਨੂੰ ਯਕੀਨੀ ਬਣਾਉਣਾ ਹੈ।
ਮੁੱਖ ਮੰਤਰੀ ਨੇ ਇਸ ਖੇਤਰ ਵਿੱਚ ਕਈ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਵੀ ਰੱਖਿਆ।
ਇਸ ਤੋਂ ਪਹਿਲਾਂ ਵਿਧਾਇਕ ਸ੍ਰੀ ਡੋਗਰਾ ਨੇ ਮੁੱਖ ਮੰਤਰੀ ਅਤੇ ਹੋਰ ਪਤਵੰਤਿਆਂ ਦਾ ਸਵਾਗਤ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਸ੍ਰੀਮਤੀ ਇੰਦੂ ਬਾਲਾ, ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ, ਐਸਐਸਪੀ ਸ੍ਰੀ ਕੇ.ਐਸ. ਹੀਰ ਹਾਜ਼ਰ ਸਨ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply