ਜ਼ਿਲ੍ਹਾ ਮੈਜਿਸਟਰੇਟ ਵਲੋਂ ਸੰਥੈਟਿਕ ਡੋਰ ਸਟੋਰ ਕਰਨ, ਵੇਚਣ ਤੇ ਖਰੀਦਣ ’ਤੇ ਲਗਾਈ ਗਈ ਪਾਬੰਦੀ
ਹੁਸ਼ਿਆਰਪੁਰ, 12 ਜਨਵਰੀ: ਜ਼ਿਲ੍ਹਾ ਮੈਜਿਸਟਰੇਟ ਅਪਨੀਤ ਰਿਆਤ ਨੇ ਫੌਜਦਾਰੀ ਜ਼ਾਬਤਾ ਸੰਘ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਦੇ ਪੇਂਡੂ ਅਤੇ ਸ਼ਹਿਰੀ ਖੇਤਰ ਵਿਚ ਪਤੰਗਾਂ ਉਡਾਉਣ ਲਈ ਸੰਥੈਟਿਕ ਪਲਾਸਟਿਕ ਦੀ ਬਣੀ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਖਰੀਦਣ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾ ਦਿੱਤੀ ਹੈ।
ਇਹ ਪਾਬੰਦੀ ਧਾਗੇ ਵਾਲੀ ਡੋਰ ’ਤੇ ਲਾਗੂ ਨਹੀਂ ਹੋਵੇਗੀ।
ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਅਕਸਰ ਦੇਖਣ ਵਿਚ ਆਇਆ ਹੈ ਕਿ ਪਤੰਗਾਂ ਉਡਾਉਣ ਲਈ ਜਿਸ ਡੋਰ ਦੀ ਵਰਤੋਂ ਕੀਤੀ ਜਾ ਰਹੀ ਹੈ, ਉਹ ਸੂਤੀ ਡੋਰ ਤੋਂ ਹੱਟ ਕੇ ਸੰਥੈਟਿਕ ਪਲਾਸਟਿਕ ਦੀ ਬਣੀ ਹੁੰਦੀ ਹੈ ਅਤੇ ਉਹ ਬਹੁਤ ਮਜ਼ਬੂਤ, ਨਾ- ਗਲਣਯੋਗ ਅਤੇ ਨਾ-ਟੁਟਣਯੋਗ ਹੈ। ਇਹ ਡੋਰ ਪਤੰਗਬਾਜੀ ਸਮੇਂ ਪਤੰਗ ਉਡਾਉਣ ਵਾਲਿਆਂ ਦੇ ਹੱਥ ਅਤੇ ਊਂਗਲਾਂ ਕੱਟ ਦਿੰਦੀ ਹੈ। ਉਨ੍ਹਾਂ ਦੱਸਿਆ ਕਿ ਦੋ ਪਹੀਆ ਵਾਹਨ ਚਾਲਕਾਂ ਦੇ ਗੱਲ ਅਤੇ ਕੰਨ ਆਦਿ ਕੱਟ ਜਾਣ, ਉਡਦੇ ਪੰਛੀਆਂ ਦੇ ਫਸ ਜਾਣ ਅਤੇ ਉਨ੍ਹਾਂ ਦੇ ਮਰਨ ਬਾਰੇ ਕਾਫ਼ੀ ਦੁਰਘਟਨਾਵਾਂ ਵਾਪਰੀਆਂ ਹਨ। ਇਸ ਤੋਂ ਇਲਾਵਾ ਡੋਰ ਵਿਚ ਫਸੇ ਪੰਛੀਆਂ ਦੀ ਮੌਤ ਹੋ ਜਾਣ ਅਤੇ ਉਨ੍ਹਾਂ ਦੇ ਰੁੱਖਾਂ ’ਤੇ ਟੰਗੇ ਰਹਿਣ ਕਾਰਨ ਵਾਤਾਵਰਣ ਵੀ ਦੂਸ਼ਿਤ ਹੁੰਦਾ ਹੈ। ਇਸ ਤਰ੍ਹਾਂ ਸੰਥੈਟਿਕ ਪਲਾਸਟਿਕ ਦੀ ਬਣੀ ਇਹ ਡੋਰ ਜਦੋਂ ਪਤੰਗਾਂ ਉਡਾਉਣ ਲਈ ਵਰਤੀ ਜਾਂਦੀ ਹੈ ਤਾਂ ਇਹ ਮਨੁੱਖੀ ਜਾਨਾਂ ਅਤੇ ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ। ਇਨ੍ਹਾਂ ਤੱਥਾਂ ਨੂੰ ਮੁੱਖ ਰੱਖਦੇ ਹੋਏ, ਸੰਥੈਟਿਕ ਪਲਾਸਟਿਕ ਦੀ ਬਣੀ ਚਾਈਨਾ ਡੋਰ ਨੂੰ ਸਟੋਰ ਕਰਨ, ਵੇਚਣ ਅਤੇ ਖਰੀਦਣ ’ਤੇ ਰੋਕ ਲਗਾਈ ਗਈ ਹੈ। ਇਹ ਹੁਕਮ 11 ਮਾਰਚ 2022 ਤੱਕ ਲਾਗੂ ਰਹੇਗਾ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp