ਹੁਸ਼ਿਆਰਪੁਰ, 26 ਫਰਵਰੀ: ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ 1973 ਦੀ ਧਾਰਾ 144 ਸੀ.ਆਰ.ਪੀ.ਸੀ. ਤੇ ਆਫ਼ਤ ਪ੍ਰਬੰਧਨ ਐਕਟ-2005 ਤਹਿਤ ਕੋਵਿਡ-19 ਸਬੰਧੀ ਲਗਾਈਆਂ ਗਈਆਂ ਪਾਬੰਦੀਆਂ ਨੂੰ ਅੱਜ ਤੋਂ 25 ਮਾਰਚ 2022 ਤੱਕ ਵਧਾ ਦਿੱਤਾ ਹੈ। ਜਾਰੀ ਹੁਕਮਾਂ ਅਨੁਸਾਰ ਜਨਤਕ ਥਾਵਾਂ ਤੇ ਕੰਮ ਵਾਲੀਆਂ ਥਾਵਾਂ ’ਤੇ ਮਾਸਕ ਪਹਿਨਣਾ ਜ਼ਰੂਰੀ ਕੀਤਾ ਗਿਆ ਹੈ। ਇਸੇ ਤਰ੍ਹਾਂ ਜਨਤਕ ਥਾਵਾਂ ’ਤੇ ਸਮਾਜਿਕ ਦੂਰੀ ਰੱਖਣ ਤੇ 6 ਫੁੱਟ ਦੀ ਦੂਰੀ ਰੱਖਣ ਸਬੰਧੀ ਨਿਰਦੇਸ਼ ਦਿੱਤੇ ਗਏ ਹਨ।
ਜ਼ਿਲ੍ਹਾ ਮੈਜਿਸਟਰੇਟ ਵਲੋਂ ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹੇ ਵਿਚ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲ, ਕਾਲਜ (ਮੈਡੀਕਲ ਤੇ ਨਰਸਿੰਗ ਕਾਲਜ ਸਮੇਤ), ਪੋਲੀਟੈਕਨਿਕ, ਆਈ.ਟੀ.ਆਈਜ਼, ਲਾਇਬ੍ਰੇਰੀ, ਕੋਚਿੰਗ ਤੇ ਵਿਦਿਅਕ ਸੰਸਥਾਵਾਂ ਨੂੰ ਖੋਲ੍ਹਣ ਦੀ ਆਗਿਆ ਹੈ, ਪਰੰਤੂ ਆਨਲਾਈਨ ਕਲਾਸ ਦਾ ਵਿਕਲਪ ਵੀ ਬਣਿਆ ਰਹੇਗਾ। ਉਨ੍ਹਾਂ ਕਿਹਾ ਕਿ ਵਿਦਿਅਕ ਸੰਸਥਾਵਾਂ ਵਿਚ ਸਾਰਿਆਂ ਲਈ ਮਾਸਕ, ਸਮਾਜਿਕ ਦੂਰੀ ਤੇ ਸਫ਼ਾਈ ਨਿਯਮਾਂ ਸਮੇਤ ਕੋਵਿਡ-19 ਦੇ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨਾ ਜ਼ਰੂਰੀ ਹੈ। ਉਨ੍ਹਾਂ ਵਿਦਿਅਕ ਸੰਸਥਾਵਾਂ ਨੂੰ ਕਿਹਾ ਕਿ ਉਹ 15 ਸਾਲ ਤੋਂ ਵੱਧ ਉਮਰ ਵਰਗ ਦੇ ਵਿਦਿਆਰਥੀਆਂ ਨੂੰ ਕਲਾਸਾਂ ਵਿਚ ਭਾਗ ਲੈਣ ਦੌਰਾਨ ਘੱਟ ਤੋਂ ਘੱਟ ਟੀਕਾਕਰਨ ਦੀ ਪਹਿਲੀ ਡੋਜ਼ ਲੈਣ ਦੀ ਸਲਾਹ ਦੇਣ।
ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਸਰਕਾਰੀ ਜਾਂ ਪ੍ਰਾਈਵੇਟ ਸੰਸਥਾਵਾਂ ’ਤੇ ਕੋਈ ਵੀ ਸੇਵਾ ਉਸ ਵਿਅਕਤੀ ਨੂੰ ਮਿਲੇਗੀ, ਜਿਸਨੇ ਮਾਸਕ ਪਹਿਨਿਆ ਹੋਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਆਫ਼ਤਾ ਪ੍ਰਬੰਧਨ ਐਕਟ 2005 ਦੀ ਧਾਰਾ 188 ਦੇ ਸੈਕਸ਼ਨ 51 ਤੋਂ 60 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਸਮੂਹ ਐਸ.ਡੀ.ਐਮਜ਼ ਤੇ ਡੀ.ਐਸ.ਪੀਜ਼ ਨੂੰ ਜਾਰੀ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਹਨ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp