ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ ਨੇ ਮੁਕੇਰੀਆਂ ਤੇ ਟਾਂਡਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਟਰੈਕਟਰ ’ਤੇ ਜਾ ਕੇ ਲਿਆ ਸਥਿਤੀ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ ਨੇ ਮੁਕੇਰੀਆਂ ਤੇ ਟਾਂਡਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ

-ਪਾਣੀ ਨਾਲ ਪ੍ਰਭਾਵਿਤ ਪਿੰਡਾਂ ਵਿਚ ਟਰੈਕਟਰ ’ਤੇ ਜਾ ਕੇ ਲਿਆ ਸਥਿਤੀ ਦਾ ਜਾਇਜ਼ਾ
-ਹੜ੍ਹ ਪ੍ਰਭਾਵਿਤ ਪਿੰਡਾਂ ਵਿਚੋਂ 600 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ
-ਜ਼ਿਲ੍ਹੇ ਵਿਚ ਪਹੁੰਚ ਚੁੱਕੀਆਂ ਹਨ ਐਸ. ਡੀ. ਆਰ. ਐਫ ਤੇ ਐਨ. ਡੀ. ਆਰ. ਐਫ ਦੀਆਂ ਟੀਮਾਂ
-ਵਿਧਾਇਕ ਜਸਵੀਰ ਸਿੰਘ ਗਿੱਲ ਦੇ ਨਾਲ ਪਿੰਡ ਮਿਆਣੀ ਦਾ ਵੀ ਕੀਤਾ ਦੌਰਾ
-ਬਿਆਸ ਦਰਿਆ ਦੇ ਨਾਲ ਲੱਗਦੇ ਪਿੰਡਾਂ ਦੇ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਜਾਣ ਦੀ ਕੀਤੀ ਅਪੀਲ
-ਕਿਹਾ, ਜ਼ਿਲ੍ਹਾ ਪ੍ਰਸ਼ਾਸਨ ਜ਼ਿਲ੍ਹਾ ਵਾਸੀਆਂ ਦੇ ਜਾਨ-ਮਾਲ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਮੁਸਤੈਦ
-ਕਿਸੇ ਵੀ ਮੁਸ਼ਕਿਲ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਣਾਏ ਹੜ੍ਹ ਕੰਟਰੋਲ ਰੂਮ ਦੇ ਫੋਨ ਨੰਬਰਾਂ ’ਤੇ ਕੀਤਾ ਜਾਵੇ ਸੰਪਰਕ

Advertisements

ਹੁਸ਼ਿਆਰਪੁਰ, 15 ਅਗਸਤ :

Advertisements

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਪਿਛਲੇ ਦੋ-ਤਿੰਨ ਦਿਨਾਂ ਤੋਂ ਹੋ ਰਹੀ ਬਾਰਿਸ਼ ਕਾਰਨ ਪੌਂਗ ਡੈਮ ਦੇ ਕੈਚਮੈਂਟ ਏਰੀਏ ਵਿਚ ਪਾਣੀ ਬਹੁਤ ਜ਼ਿਆਦਾ ਆ ਗਿਆ ਹੈ, ਜਿਸ ਕਾਰਨ ਪੌਂਗ ਡੈਮ ਤੋਂ ਹੌਲੀ-ਹੌਲੀ ਪਾਣੀ ਛੱਡਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਪੌਂਗ ਡੈਮ ਤੋਂ ਹੋਰ ਵੀ ਪਾਣੀ ਛੱਡਿਆ ਜਾ ਸਕਦਾ ਹੈ, ਇਸ ਲਈ ਬਿਆਸ ਦਰਿਆ ਦੇ ਕਿਨਾਰੇ ਵਾਲੇ ਪਿੰਡਾਂ ਨੂੰ ਖਾਲੀ ਕਰਵਾ ਕੇ ਸੁਰੱਖਿਅਤ ਪਿੰਡਾਂ ਵਿਚ ਭੇਜਿਆ ਜਾ ਰਿਹਾ ਹੈ। ਉਹ ਅੱਜ ਮੁਕੇਰੀਆਂ ਦੇ ਦੇ ਪਿੰਡ ਮਹਿਤਾਬਪੁਰ, ਮੰਝਪੁਰ, ਲਾਡਪੁਰ, ਸਿੰਬਲੀ, ਨੌਸ਼ਹਿਰਾ ਅਤੇ ਟਾਂਡਾ ਦੇ ਪਿੰਡ ਮਿਆਣੀ ਦਾ ਦੌਰਾ ਕਰਨ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਪਿੰਡ ਮਿਆਣੀ ਦੇ ਦੌਰੇ ਦੌਰਾਨ ਉਨ੍ਹਾਂ ਨਾਲ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਐਸ. ਐਸ. ਪੀ ਸਰਤਾਜ ਸਿੰਘ ਚਾਹਲ ਨੇ ਇਸ ਦੌਰਾਨ ਟਰੈਕਟਰ ’ਤੇ ਬੈਠ ਕੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਅਤੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਐਸ. ਡੀ. ਆਰ. ਐਫ ਤੇ ਐਨ. ਡੀ. ਆਰ. ਐਫ ਦੀਆਂ ਟੀਮਾਂ ਪਹੁੰਚ ਚੁੱਕੀਆਂ ਹਨ, ਜਿਨ੍ਹਾਂ ਵੱਲੋਂ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅੱਜ ਹੜ੍ਹ ਪ੍ਰਭਾਵਿਤ ਪਿੰਡਾਂ ਵਿਚੋਂ 600 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਬਿਆਸ ਦਰਿਆ ਨਾਲ ਲੱਗਦੇ ਪਿੰਡਾਂ ਵਿਚ ਪਾਣੀ ਆ ਗਿਆ ਹੈ ਅਤੇ ਐਸ. ਡੀ. ਆਰ. ਐਫ, ਐਨ. ਡੀ. ਆਰ. ਐਫ ਅਤੇ ਐਨ. ਜੀ. ਓ ਬਾਬਾ ਦੀਪ ਸਿੰਘ ਸੇਵਾ ਦਲ ਗੜ੍ਹਦੀਵਾਲਾ ਦੇ ਸਹਿਯੋਗ ਨਾਲ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਪਾਣੀ ਤੋਂ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪਿੰਡ ਛੱਡ ਕੇ ਸੁਰੱਖਿਅਤ ਥਾਵਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਣਾਏ ਗਏ ਰਾਹਤ ਕੈਂਪਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੰਗਾਲਾ, ਗੁਰਦੁਆਰਾ ਅਟੱਲਗੜ੍ਹ ਵਿਚ ਜਾਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਜ਼ਿਲ੍ਹਾ ਵਾਸੀਆਂ ਦੇ ਜਾਨ-ਮਾਲ ਦੀ ਸੁਰੱਖਿਆ ਨੂੰ ਲੈ ਕੇ ਪੂਰੀ ਤਰ੍ਹਾਂ ਮੁਸਤੈਦ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾ ਦੀ ਪ੍ਰੇਸ਼ਾਨੀ ਆਉਣ ਜਾਂ ਜਾਣਕਾਰੀ ਹਾਸਲ ਕਰਨ ਲਈ ਜ਼ਿਲ੍ਹਾ ਅਤੇ ਤਹਿਸੀਲ ਪੱਧਰ ’ਤੇ ਬਣਾਏ ਗਏ ਹੜ੍ਹ ਕੰਟਰੋਲ ਰੂਪ ਦੇ ਨੰਬਰਾਂ ’ਤੇ ਸੰਪਰਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ 24 ਘੰਟੇ ਡਿਊਟੀ ’ਤੇ ਤਾਇਨਾਤ ਹਨ ਅਤੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੁਣ ਟੀਮਾਂ ਬਣਾ ਕੇ ਪ੍ਰਭਾਵਿਤ ਇਲਾਕਿਆਂ ਵਿਚ ਰਾਹਤ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬਰਸਾਤ ਦੇ ਪਾਣੀ ਕਾਰਨ ਪ੍ਰਭਾਵਿਤ ਲੋਕਾਂ ਤੱਕ ਰਾਹਤ ਪਹੁੰਚਾਉਣ ਲਈ ਕੋਈ ਕਮੀ ਨਹੀਂ ਛੱਡੀ ਜਾ ਰਹੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਇਸ ਸਬੰਧੀ ਪੂਰੀ ਗੰਭੀਰਤਾ ਨਾਲ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਕੰਟਰੋਲ ਰੂਮ ਸਥਾਪਿਤ ਕਰਕੇ ਲੋਕਾਂ ਦੀ ਹਰੇਕ ਸਮੱਸਿਆ ਦੂਰ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਪ੍ਰਭਾਵਿਤ ਪਿੰਡਾਂ ਵਿਚ ਜੇ. ਸੀ. ਬੀ ਮਸ਼ੀਨਾਂ, ਟਰੈਕਟਰ-ਟਰਾਲੀਆਂ, ਮੈਡੀਕਲ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਸਾਵਧਾਨੀ ਵਰਤਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਡੈਮਾਂ, ਦਰਿਆਵਾਂ, ਨਹਿਰਾਂ, ਖੱਡਾਂ ਅਤੇ ਨੀਵੇਂ ਇਲਾਕਿਆਂ ਤੋਂ ਦੂਰ ਰਹਿਣ।  
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁਕੇਰੀਆਂ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਪੱਟੀ ਨਵਾਂ ਘਰ ਦਾ ਰਾਹਤ ਕੈਂਪ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਰਿਆਣਾ, ਪਿੰਡ ਬੇਲਾ ਸਰਿਆਣਾ, ਪੱਟੀ ਰਾਮਨਗਰ ਅਤੇ ਤਲਵਾੜਾ ਦਾ ਰਾਹਤ ਕੈਂਪ ਸਰਕਾਰੀ ਹਾਈ ਸਕੂਲ ਗੇਰਾ, ਪਿੰਡ ਮੋਤਲਾ, ਮਹਿਤਾਬਪੁਰ, ਹਲੇੜ ਜਨਾਰਧਨ, ਕੋਲੀਆਂ, ਹਲੇੜਾ ਦਲਪੱਤ ਦਾ ਰਾਹਤ ਕੈਂਪ ਕਮਿਊਨਿਟੀ ਹਾਲ ਹਰਸੇ ਮਾਨਸਰ ਵਿਖੇ ਸਥਾਪਿਤ ਕੀਤਾ ਗਿਆ ਹੈ।
ਕੋਈ ਵੀ ਪ੍ਰੇਸ਼ਾਨੀ ਆਉਣ ’ਤੇ ਹੜ੍ਹ ਕੰਟਰੋਲ ਰੂਮ ਦੇ ਫੋਨ ਨੰਬਰਾਂ ’ਤੇ ਕੀਤਾ ਜਾਵੇ ਸੰਪਰਕ:
  ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਜ਼ਿਲ੍ਹੇ ਵਿਚ ਹੜ੍ਹਾਂ ਨਾਲ ਨਜਿੱਠਣ ਲਈ ਜ਼ਿਲ੍ਹਾ ਤੇ ਤਹਿਸੀਲ ਪੱਧਰ ’ਤੇ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ, ਜੋ ਕਿ 7 ਦਿਨ 24 ਘੰਟੇ ਕੰਮ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ ’ਤੇ ਕੰਟਰੋਲ ਰੂਮ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਦਫ਼ਤਰ ਡਿਪਟੀ ਕਮਿਸ਼ਨਰ, ਕਮਰਾ ਨੰਬਰ 138 ਵਿਚ ਬਣਾਇਆ ਗਿਆ ਹੈ ਅਤੇ ਜ਼ਿਲ੍ਹਾ ਪੱਧਰ ’ਤੇ ਕੰਟਰੋਲ ਰੂਮ ਦਾ ਟੈਲੀਫੋਨ ਨੰਬਰ 01882-220412 ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਤਹਿਸੀਲ ਪੱਧਰ ’ਤੇ ਵੀ ਹੜ੍ਹ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ, ਜਿਸ ਵਿਚ ਤਹਿਸੀਲ ਹੁਸ਼ਿਆਰਪੁਰ ਦਾ ਕੰਟਰੋਲ ਰੂਮ ਤਹਿਸੀਲ ਦਫ਼ਤਰ ਹੁਸ਼ਿਆਰਪੁਰ ਵਿਚ ਬਣਾਇਆ ਗਿਆ ਹੈ, ਜਿਸ ਦਾ ਟੈਲੀਫੋਨ ਨੰਬਰ 01882-244175, ਤਹਿਸੀਲ ਗੜ੍ਹਸ਼ੰਕਰ ਦਾ ਕੰਟਰੋਲ ਰੂਮ ਤਹਿਸੀਲ  ਦਫ਼ਤਰ ਗੜ੍ਹਸ਼ੰਕਰ ਬਣਾਇਆ ਗਿਆ ਹੈ, ਜਿਸ ਦਾ ਨੰਬਰ 01884-282026, ਤਹਿਸੀਲ ਦਸੂਹਾ ਦਾ ਕੰਟਰੋਲ ਰੂਮ ਤਹਿਸੀਲ ਦਫ਼ਤਰ ਦਸੂਹਾ ਬਣਾਇਆ ਗਿਆ ਹੈ, ਜਿਸ ਦਾ ਨੰਬਰ 01883-506268  ਅਤੇ ਤਹਿਸੀਲ ਮੁਕੇਰੀਆਂ ਦਾ ਕੰਟਰੋਲ ਰੂਮ ਤਹਿਸੀਲ ਦਫ਼ਤਰ ਮੁਕੇਰੀਆਂ ਬਣਾਇਆ ਗਿਆ ਹੈ, ਜਿਸ ਦਾ ਨੰਬਰ 01883-244310 ਹੈ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply