ਵਿਜੀਲੈਂਸ ਬਿਊਰੋ ਵੱਲੋਂ ਐਸ.ਬੀ.ਐਸ. ਨਗਰ ਦੀਆਂ ਅਨਾਜ ਮੰਡੀਆਂ ‘ਚ ਲੇਬਰ ਤੇ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਨਾਲ ਸਬੰਧਤ ਇੱਕ ਹੋਰ ਦੋਸ਼ੀ ਕਾਬੂ
ਹੁਣ ਤੱਕ ਘੁਟਾਲੇ ਨਾਲ ਸਬੰਧਤ ਪੰਜ ਮੁਲਜ਼ਮ ਗ੍ਰਿਫ਼ਤਾਰ
ਚੰਡੀਗੜ੍ਹ, 13 ਨਵੰਬਰ :
ਪੰਜਾਬ ਵਿਜੀਲੈਂਸ ਬਿਊਰੋ ਨੇ ਐਸ.ਬੀ.ਐਸ. ਨਗਰ ਜ਼ਿਲ੍ਹੇ ਦੀਆਂ ਦਾਣਾ ਮੰਡੀਆਂ ਵਿੱਚ ਲੇਬਰ ਕਾਰਟੇਜ ਅਤੇ ਢੋਆ-ਢੁਆਈ ਦੇ ਟੈਂਡਰਾਂ ਵਿੱਚ ਧੋਖਾਧੜੀ ਕਰਨ ਵਾਲਿਆਂ ’ਚ ਸ਼ਾਮਲ ਇੱਕ ਹੋਰ ਭਗੌੜੇ ਮੁਲਜ਼ਮ ਅਜੈਪਾਲ ਵਾਸੀ ਪਿੰਡ ਉਧਨਵਾਲ, ਜਿਲ੍ਹਾ ਐਸ.ਬੀ.ਐਸ. ਨਗਰ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਅਤੇ ਖਰੀਦ ਏਜੰਸੀਆਂ ਸਮੇਤ ਹੋਰ ਠੇਕੇਦਾਰਾਂ ਅਤੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਦੀ ਮਿਲੀਭੁਗਤ ਨਾਲ ਲੇਬਰ ਕਾਰਟੇਜ ਅਤੇ ਢੋਆ-ਢੁਆਈ ਦੇ ਟੈਂਡਰਾਂ ਵਿੱਚ ਘਪਲਾ ਕਰਨ ਵਿੱਚ ਲੋੜੀਂਦਾ ਸੀ। ਉਹ ਕਾਫੀ ਸਮੇਂ ਤੋਂ ਆਪਣੀ ਗ੍ਰਿਫ਼ਤਾਰੀ ਤੋਂ ਬਚਦਾ ਆ ਰਿਹਾ ਸੀ ਪਰ ਵਿਜੀਲੈਂਸ ਬਿਊਰੋ ਵੱਲੋਂ ਲਗਾਤਾਰ ਉਸ ਦੇ ਟਿਕਾਣਿਆਂ ਉੱਤੇ ਦਿੱਤੀ ਜਾ ਰਹੀ ਦਬਿਸ਼ ਕਾਰਨ ਅੱਜ ਉਸਨੇ ਸਮਰੱਥ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਜਿਸ ਉਪਰੰਤ ਵਿਜੀਲੈਂਸ ਬਿਊਰੋ ਵੱਲੋਂ ਉਸਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਤੋਂ ਉਸਦਾ ਦੋ ਦਿਨਾ ਦਾ ਪੁਲਿਸ ਰਿਮਾਂਡ ਹਾਸਲ ਕਰ ਲਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਘਪਲੇ ਦੇ ਸਬੰਧ ਵਿੱਚ ਸਾਬਕਾ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ, ਉਨ੍ਹਾਂ ਦੇ ਨਿੱਜੀ ਸਹਾਇਕ ਪੰਕਜ ਕੁਮਾਰ ਉਰਫ ਮੀਨੂੰ ਮਲਹੋਤਰਾ, ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ, ਡੀਐਫਐਸਸੀ ਰਾਕੇਸ਼ ਭਾਸਕਰ ਤੋਂ ਇਲਾਵਾ ਇਸ ਧੋਖਾਧੜੀ ਅਤੇ ਗਬਨ ਰਾਹੀਂ ਸਰਕਾਰੀ ਖਜ਼ਾਨੇ ਨੂੰ ਚੂਨਾ ਲਾਉਣ ਵਾਲੇ ਤਿੰਨ ਠੇਕੇਦਾਰਾਂ ਤੇਲੂ ਰਾਮ, ਯਸ਼ਪਾਲ ਤੇ ਅਜੈਪਾਲ ਖ਼ਿਲਾਫ਼ ਪਹਿਲਾਂ ਹੀ ਕੇਸ ਦਰਜ ਕੀਤਾ ਹੋਇਆ ਹੈ।
ਉਨ੍ਹਾਂ ਦੱਸਿਆ ਕਿ ਬਿਊਰੋ ਨੇ ਐਸ.ਬੀ.ਬੀ. ਨਗਰ ਜਿਲੇ ਦੀਆਂ ਅਨਾਜ ਮੰਡੀਆਂ ਵਿੱਚ ਹੋਏ ਇਸ ਘਪਲੇ ਦੀ ਜਾਂਚ ਕਰਨ ਉਪਰੰਤ ਉਕਤ ਦੋਸ਼ੀਆਂ ਖਿਲਾਫ ਧਾਰਾ 420, 409, 467 ਅਤੇ 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ 7, 8, 12, 13 (2) ਤਹਿਤ ਥਾਣਾ ਵਿਜੀਲੈਂਸ ਬਿਉਰੋ, ਜਲੰਧਰ ਵਿਖੇ 22-09-22 ਨੂੰ ਮੁਕੱਦਮਾ ਨੰਬਰ 18 ਦਰਜ ਕੀਤਾ ਸੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਸਾਲ 2020-2021 ਵਿੱਚ ਕਣਕ/ਝੋਨੇ/ਸਟਾਕ ਸਬੰਧੀ ਦਾਣਾ ਮੰਡੀਆਂ ਵਿੱਚ ਲੇਬਰ ਕਾਰਟੇਜ ਅਤੇ ਢੋਆ-ਢੁਆਈ ਦੇ ਟੈਂਡਰਾਂ ਦੌਰਾਨ ਆਰ.ਐੱਸ. ਕੋ-ਆਪ੍ਰੇਟਿਵ ਲੇਬਰ ਐਂਡ ਕੰਸਟਰਕਸ਼ਨ ਸੁਸਾਇਟੀ ਦੇ ਪ੍ਰੋਪਰਾਈਟਰ ਹਨੀ ਕੁਮਾਰ ਨੇ ਨਵਾਂਸ਼ਹਿਰ ਅਤੇ ਰਾਹੋਂ ਕਲੱਸਟਰਾਂ ਲਈ ਟੈਂਡਰ ਜਮ੍ਹਾਂ ਕਰਵਾਏ ਸਨ, ਅਤੇ ਇਕ ਹੋਰ ਫਰਮ ਪੀ.ਜੀ. ਗੋਡਾਉਨ ਨੇ ਨਵਾਂਸ਼ਹਿਰ ਲਈ ਮੁੱਢਲੀਆਂ ਟੈਂਡਰ ਦਰਾਂ ’ਤੇ ਹੀ ਟੈਂਡਰ ਭਰੇ ਸਨ, ਜੋ ਵਿਭਾਗ ਵੱਲੋਂ ਬਿਨਾਂ ਕਿਸੇ ਠੋਸ ਆਧਾਰ/ਕਾਰਨ ਦੇ ਰੱਦ ਕਰ ਦਿੱਤੇ ਗਏ ਪਰ ਨਵਾਂਸ਼ਹਿਰ ਕਲੱਸਟਰ ਲਈ ਠੇਕੇਦਾਰ ਤੇਲੂ ਰਾਮ ਨੂੰ 71 ਫੀਸਦੀ ਅਤੇ ਰਾਹੋਂ ਕਲਸਟਰ ਲਈ 72 ਫੀਸਦੀ ਵੱਧ ਰੇਟਾਂ ’ਤੇ ਇਹ ਟੈਂਡਰ ਅਲਾਟ ਕਰ ਦਿੱਤੇ ਸਨ।
ਬੁਲਾਰੇ ਨੇ ਦੱਸਿਆ ਕਿ ਬਾਅਦ ਵਿੱਚ ਸਾਲ 2022-23 ਲਈ ਟੈਂਡਰ ਮੰਗੇ ਗਏ ਅਤੇ ਉਕਤ ਹਨੀ ਕੁਮਾਰ ਨੇ ਆਪਣੀਆਂ ਉਪਰੋਕਤ ਫਰਮਾਂ ਤੋਂ ਰਾਹੋਂ ਕਲੱਸਟਰ ਅਤੇ ਨਵਾਂਸ਼ਹਿਰ ਕਲੱਸਟਰ ਵਿੱਚ ਲੇਬਰ ਦੇ ਕੰਮਾਂ ਲਈ ਮੁਢਲੀਆਂ ਦਰਾਂ ’ਤੇ ਦੁਬਾਰਾ ਟੈਂਡਰ ਜਮ੍ਹਾਂ ਕਰਵਾਏ, ਪਰ ਜ਼ਿਲ੍ਹਾ ਟੈਂਡਰ ਅਲਾਟਮੈਂਟ ਕਮੇਟੀ ਨੇ ਉਸ ਦੇ ਟੈਂਡਰਾਂ ਨੂੰ ਰੱਦ ਕਰ ਦਿੱਤਾ ਅਤੇ ਨਵਾਂਸ਼ਹਿਰ ਕਲੱਸਟਰ ਦੇ ਕੰਮਾਂ ਲਈ ਠੇਕੇਦਾਰ ਅਜੈਪਾਲ ਨੂੰ ਲੇਬਰ ਟੈਂਡਰ 73 ਫੀਸਦੀ ਅਤੇ ਰਾਹੋਂ ਕਲਸਟਰ ਵਿੱਚ 72 ਫੀਸਦੀ ਵੱਧ ਰੇਟਾਂ ’ਤੇ ਅਲਾਟ ਕਰ ਦਿੱਤੇ।
ਬੁਲਾਰੇ ਨੇ ਅੱਗੇ ਦੱਸਿਆ ਕਿ ਠੇਕੇਦਾਰ ਤੇਲੂ ਰਾਮ ਅਤੇ ਯਸ਼ਪਾਲ ਨੇ ਸਾਲ 2020-21 ਦੇ ਟੈਂਡਰ ਭਰਨ ਸਮੇਂ ਅਤੇ ਠੇਕੇਦਾਰ ਅਜੈਪਾਲ ਨੇ ਸਾਲ 2020-21 ਅਤੇ 2022-23 ਦੌਰਾਨ ਮਾਲ ਦੀ ਢੋਆ-ਢੁਆਈ ਸਬੰਧੀ ਵਾਹਨਾਂ ਦੇ ਰਜਿਸਟਰੇਸ਼ਨ ਨੰਬਰਾਂ ਸਬੰਧੀ ਜੋ ਆਨਲਾਈਨ ਸੂਚੀਆਂ ਨੱਥੀ ਕੀਤੀਆਂ ਸਨ, ਉਹ ਸਬੰਧਤ ਜ਼ਿਲ੍ਹਾ ਟਰਾਂਸਪੋਰਟ ਅਥਾਰਟੀਆਂ ਦੁਆਰਾ ਤਸਦੀਕ ਕੀਤੀਆਂ ਗਈਆਂ ਸਨ ਪਰ ਜਾਂਚ ਦੌਰਾਨ ਪਾਇਆ ਗਿਆ ਕਿ ਠੇਕੇਦਾਰਾਂ ਵੱਲੋਂ ਦਿੱਤੀਆਂ ਗਈਆਂ ਇਨ੍ਹਾਂ ਸੂਚੀਆਂ ਵਿੱਚ ਵੱਡੀ ਗਿਣਤੀ ਵਿੱਚ ਸਕੂਟਰ, ਮੋਟਰਸਾਈਕਲ, ਕਾਰਾਂ, ਪਿਕਅੱਪ, ਟਰੈਕਟਰ ਟਰਾਲੇ, ਕਲੋਜ਼ ਬਾਡੀ ਟਰੱਕ, ਐਲ.ਪੀ.ਜੀ. ਟੈਂਕਰ ਅਤੇ ਹਾਰਵੈਸਟਰ ਆਦਿ ਵਾਹਨਾਂ ਦਾ ਜ਼ਿਕਰ ਹੈ, ਜਦੋਂ ਕਿ ਅਜਿਹੇ ਵਾਹਨਾਂ ’ਤੇ ਅਨਾਜ ਢੋਇਆ ਹੀ ਨਹੀਂ ਜਾ ਸਕਦਾ।
ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਗੇਟ ਪਾਸਾਂ ਵਿੱਚ ਦਰਸਾਏ ਗਏ ਜਾਅਲੀ ਵਾਹਨਾਂ ਦੇ ਰਜਿਸਟਰੇਸ਼ਨ ਨੰਬਰਾਂ ਦੇ ਨਾਲ-ਨਾਲ ਇਨ੍ਹਾਂ ਗੇਟ ਪਾਸਾਂ ਵਿੱਚ ਦਰਸਾਏ ਗਏ ਅਨਾਜ ਦੀ ਮਾਤਰਾ ਸਬੰਧੀ ਵੇਰਵੇ ਵੀ ਜਾਅਲੀ ਹਨ, ਜਿੰਨਾਂ ਰਾਹੀਂ ਫਰਜ਼ੀ ਰਿਪੋਰਟਿੰਗ ਅਤੇ ਗਬਨ ਕਰਨ ਦਾ ਸ਼ੱਕ ਹੈ। ਉਨ੍ਹਾਂ ਕਿਹਾ ਕਿ ਵਿਭਾਗ ਦੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਨੇ ਉਕਤ ਠੇਕੇਦਾਰਾਂ ਨੂੰ ਇਨ੍ਹਾਂ ਜਾਅਲੀ ਗੇਟ ਪਾਸਾਂ ਦੀ ਤਸਦੀਕ ਕੀਤੇ ਬਿਨਾਂ ਹੀ ਕੀਤੇ ਹੋਏ ਕੰਮਾਂ ਲਈ ਪੈਸੇ ਵੀ ਜਾਰੀ ਕਰ ਦਿੱਤੇ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਟੈਂਡਰ ਪ੍ਰਕਿਰਿਆ ਦੌਰਾਨ ਉਕਤ ਠੇਕੇਦਾਰਾਂ ਵੱਲੋਂ ਮੁਹੱਈਆ ਕਰਵਾਈ ਗਈ ਲੇਬਰ ਦੇ ਆਧਾਰ ਕਾਰਡਾਂ ਦੀਆਂ ਫੋਟੋ ਕਾਪੀਆਂ ਦੀ ਜਾਂਚ ਕਰਨ ’ਤੇ ਪਤਾ ਲੱਗਾ ਕਿ ਇਨ੍ਹਾਂ ’ਚੋਂ ਕਈ ਆਧਾਰ ਕਾਰਡ ਨਾਬਾਲਗ ਮਜ਼ਦੂਰਾਂ ਦੇ ਹਨ, ਕਈ ਆਧਾਰ ਕਾਰਡ 60 ਸਾਲ ਤੋਂ ਵਡੇਰੀ ਉਮਰ ਦੇ ਬਜ਼ੁਰਗਾਂ ਦੇ ਹਨ ਅਤੇ ਬਹੁਤ ਸਾਰੇ ਆਧਾਰ ਕਾਰਡ ਪੜ੍ਹਨਯੋਗ ਹੀ ਨਹੀਂ ਹਨ। ਤੱਥਾਂ ਅਨੁਸਾਰ ਜ਼ਿਲ੍ਹਾ ਟੈਂਡਰ ਕਮੇਟੀ ਨੂੰ ਸਬੰਧਤ ਠੇਕੇਦਾਰਾਂ ਦੀ ਇਹ ਤਕਨੀਕੀ ਬੋਲੀ ਰੱਦ ਕਰਨੀ ਚਾਹੀਦੀ ਸੀ, ਪਰ ਉਨ੍ਹਾਂ ਵੱਲੋਂ ਨਹੀਂ ਕੀਤੀ ਗਈ। ਇਸ ਤਰਾਂ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਅਤੇ ਸਬੰਧਤ ਖਰੀਦ ਏਜੰਸੀਆਂ ਦੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਨੇ ਆਪਸੀ ਮਿਲੀਭੁਗਤ ਨਾਲ ਲੇਬਰ ਕਾਰਟੇਜ ਅਤੇ ਟਰਾਂਸਪੋਰਟ ਟੈਂਡਰਾਂ ਵਿੱਚ ਇਹ ਧੋਖਾਧੜੀ ਕੀਤੀ ਹੈ। ਇਸੇ ਤਫ਼ਤੀਸ਼ ਦੇ ਆਧਾਰ ’ਤੇ ਉਕਤ ਦੋਸ਼ੀਆਂ ਖ਼ਿਲਾਫ਼ ਇਹ ਕੇਸ ਦਰਜ ਕੀਤਾ ਗਿਆ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਮਾਮਲੇ ਵਿੱਚ ਹੁਣ ਤੱਕ ਪੰਜ ਮੁਲਜ਼ਮਾਂ ਭਾਰਤ ਭੂਸ਼ਣ ਆਸ਼ੂ, ਮੀਨੂੰ ਮਲਹੋਤਰਾ, ਤੇਲੂ ਰਾਮ, ਯਸ਼ਪਾਲ ਅਤੇ ਅਜੈਪਾਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਬਾਕੀ ਮੁਲਜ਼ਮਾਂ ਨੂੰ ਵੀ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਜ਼ਿਕਰਯੋਗ ਹੈ ਕਿ ਮੁਲਜ਼ਮ ਡੀਐਫਐਸਸੀ ਰਾਕੇਸ਼ ਭਾਸਕਰ ਦਾ ਪਹਿਲਾਂ ਹੀ ਦੇਹਾਂਤ ਹੋ ਗਿਆ ਹੈ ਜਦਕਿ ਮੁਅੱਤਲ ਹੋ ਚੁੱਕੇ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਨੂੰ ਵਿਜੀਲੈਂਸ ਬਿਊਰੋ ਦੀ ਚਾਰਾਜੋਈ ਸਦਕਾ ਲੁਧਿਆਣਾ ਦੀ ਸਮਰੱਥ ਅਦਾਲਤ ਭਗੌੜਾ ਮੁਜਰਮ ਕਰਾਰ ਦੇ ਦਿੱਤਾ ਗਿਆ ਹੈ।
————
News
- निष्पक्ष चुनाव सम्पन्न करवाने के लिए प्रशासन बधाई का पात्र – डा पंकज शिव
- “Strengthening Ties: Putin’s Anticipated Visit to India in 2025”
- Punjab State to Celebrate its Cultural Day on November 27: Sond
- Recent_News_Punjab :: Your Vote Matters: Chabbewal Constituency Gears Up for Elections
- DC_MITTAL :: ਚੱਬੇਵਾਲ ਜ਼ਿਮਨੀ ਚੋਣ : ਪੋਲਿੰਗ ਸਟੇਸ਼ਨਾਂ ਲਈ 205 ਪਾਰਟੀਆਂ ਰਵਾਨਾ, DC_MITTAL ਤੇ SSP ਨੇ ਚੋਣ ਅਮਲੇ ਨੂੰ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਦੀ ਕੀਤੀ ਤਾਕੀਦ
- 25 ਨਵੰਬਰ ਤੱਕ ਦਿੱਤੇ ਜਾ ਸਕਣਗੇ ਦਾਅਵੇ ਤੇ ਇਤਰਾਜ਼
News
- निष्पक्ष चुनाव सम्पन्न करवाने के लिए प्रशासन बधाई का पात्र – डा पंकज शिव
- “Strengthening Ties: Putin’s Anticipated Visit to India in 2025”
- Punjab State to Celebrate its Cultural Day on November 27: Sond
- Recent_News_Punjab :: Your Vote Matters: Chabbewal Constituency Gears Up for Elections
- DC_MITTAL :: ਚੱਬੇਵਾਲ ਜ਼ਿਮਨੀ ਚੋਣ : ਪੋਲਿੰਗ ਸਟੇਸ਼ਨਾਂ ਲਈ 205 ਪਾਰਟੀਆਂ ਰਵਾਨਾ, DC_MITTAL ਤੇ SSP ਨੇ ਚੋਣ ਅਮਲੇ ਨੂੰ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਦੀ ਕੀਤੀ ਤਾਕੀਦ
- 25 ਨਵੰਬਰ ਤੱਕ ਦਿੱਤੇ ਜਾ ਸਕਣਗੇ ਦਾਅਵੇ ਤੇ ਇਤਰਾਜ਼
EDITOR
CANADIAN DOABA TIMES
Email: editor@doabatimes.com
Mob:. 98146-40032 whtsapp
Advertisements
Advertisements
Advertisements
Advertisements
Advertisements
Advertisements
Advertisements