ਨਸ਼ਿਆਂ ਖ਼ਿਲਾਫ਼ ਖੇਡਾਂ ਸਭ ਤੋਂ ਕਾਰਗਰ ਹਥਿਆਰ: ਮੁੱਖ ਮੰਤਰੀ
ਪੰਜਾਬ ਵਿੱਚ ਖੇਡਾਂ ਦੀ ਤਰੱਕੀ ਲਈ ਸੂਬਾ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ
ਏਸ਼ਿਆਈ ਤੇ ਕੌਮੀ ਖੇਡਾਂ ਦੇ 168 ਤਮਗਾ ਜੇਤੂਆਂ ਨੂੰ ਕੁੱਲ 33.83 ਕਰੋੜ ਰੁਪਏ ਦੇ ਨਕਦ ਇਨਾਮ ਤਕਸੀਮ
ਚੰਡੀਗੜ੍ਹ (CDT NEWS)
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਖਿਆ ਹੈ ਕਿ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨਾ ਨਸ਼ਿਆਂ ਵਿਰੁੱਧ ਸੂਬਾ ਸਰਕਾਰ ਦੀ ਲੜਾਈ ਵਿੱਚ ਸਭ ਤੋਂ ਕਾਰਗਰ ਹਥਿਆਰ ਸਾਬਤ ਹੋ ਸਕਦਾ ਹੈ।
ਇੱਥੇ ਮਿਊਂਸਿਪਲ ਭਵਨ ਵਿੱਚ ਏਸ਼ਿਆਈ ਤੇ ਕੌਮੀ ਖੇਡਾਂ ਦੇ 168 ਤਮਗਾ ਜੇਤੂਆਂ ਨੂੰ 33.83 ਕਰੋੜ ਰੁਪਏ ਦੇ ਨਕਦ ਇਨਾਮ ਤਕਸੀਮ ਕਰਨ ਲਈ ਕਰਵਾਏ ਸਮਾਰੋਹ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਖੇਡਾਂ ਨੂੰ ਉਤਸ਼ਾਹਤ ਕਰਨ ਨਾਲ ਨੌਜਵਾਨਾਂ ਦੀ ਅਣਵਰਤੀ ਊਰਜਾ ਖੇਡਾਂ ਵਿੱਚ ਚੰਗੀ ਕਾਰਗੁਜ਼ਾਰੀ ਦਿਖਾਉਣ ਵਾਲੇ ਪਾਸੇ ਵਰਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਖੇਡਾਂ ਵਿੱਚ ਸ਼ਾਮਲ ਨੌਜਵਾਨਾਂ ਕੋਲ ਨਸ਼ਿਆਂ ਵਾਲੇ ਪਾਸੇ ਝਾਕਣ ਲਈ ਸਮਾਂ ਹੀ ਨਹੀਂ ਬਚਦਾ ਕਿਉਂਕਿ ਉਨ੍ਹਾਂ ਦਾ ਸਾਰਾ ਧਿਆਨ ਆਪੋ-ਆਪਣੇ ਖ਼ੇਤਰਾਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਵੱਲ ਹੁੰਦਾ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਇਸ ਨਾਲ ਪੰਜਾਬ ਵਿੱਚੋਂ ਨਸ਼ਿਆਂ ਦੇ ਸਰਾਪ ਤੋਂ ਮੁਕਤੀ ਦਾ ਰਾਹ ਪੱਧਰਾ ਹੋਵੇਗਾ ਅਤੇ ਨੌਜਵਾਨ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਬਰਾਬਰ ਦੇ ਭਾਈਵਾਲ ਬਣ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਤੇ ਲੋਕਾਂ ਦੀ ਭਲਾਈ ਲਈ ਇਕ-ਇਕ ਪੈਸਾ ਬਹੁਤ ਸੋਚ-ਸਮਝ ਕੇ ਖ਼ਰਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਦੇ ਪੈਸੇ ਦੀ ਚੋਰੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਿਆ ਹੈ ਅਤੇ ਹੁਣ ਇਹ ਪੈਸਾ ਆਮ ਆਦਮੀ ਦੀ ਭਲਾਈ ਲਈ ਖ਼ਰਚਿਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਇਕੋ-ਇਕ ਮੰਤਵ ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਯਕੀਨੀ ਬਣਾਉਣਾ ਹੈ।
ਖੇਡਾਂ ਦੇ ਖ਼ੇਤਰ ਵਿੱਚ ਮਾਰੇ ਵੱਡੇ ਮਾਅਰਕੇ ਲਈ ਸਾਰੇ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਇਤਿਹਾਸਕ ਦਿਨ ਹੈ ਕਿਉਂਕਿ ਇਸ ਸਮਾਰੋਹ ਲਈ ਇੱਥੇ ਸਾਰੇ ਖਿਡਾਰੀ ਇਕੱਤਰ ਹੋਏ ਹਨ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਲਈ ਸੁਪਨਾ ਸੱਚ ਹੋਣ ਵਾਂਗ ਹੈ ਕਿਉਂਕਿ ਹੁਣ ਪੰਜਾਬ ਵਿੱਚ ਖੁਸ਼ੀਆਂ-ਖੇੜਿਆਂ ਵਾਲੇ ਸਮਾਰੋਹ ਕਰਵਾਏ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਹਫ਼ਤੇ ਅਜਿਹੇ ਸਮਾਰੋਹ ਪੰਜਾਬ ਭਰ ਵਿੱਚ ਕਰਵਾਏ ਜਾ ਰਹੇ ਹਨ ਅਤੇ ਉਹ ਸੂਬੇ ਦੀ ਅਗਵਾਈ ਕਰ ਕੇ ਆਪਣੇ-ਆਪ ਨੂੰ ਖ਼ੁਸ਼ਕਿਸਮਤ ਮੰਨਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਖਿਡਾਰੀਆਂ ਨੇ ਇਨ੍ਹਾਂ ਟੀਚਿਆਂ ਨੂੰ ਹਾਸਲ ਕਰਨ ਲਈ ਸਖ਼ਤ ਮਿਹਨਤ ਕੀਤੀ ਹੈ ਅਤੇ ਕੌਮੀ ਅਤੇ ਕੌਮਾਂਤਰੀ ਪੱਧਰ ’ਤੇ ਤਮਗੇ ਜਿੱਤੇ ਹਨ। ਉਨ੍ਹਾਂ ਕਿਹਾ ਕਿ ਖਿਡਾਰੀਆਂ ਨੇ ਸਾਬਤ ਕਰ ਦਿੱਤਾ ਹੈ ਕਿ ਮੌਕਾ ਮਿਲਣ ’ਤੇ ਉਹ ਆਪਣੀ ਪੂਰੀ ਮਿਹਨਤ ਅਤੇ ਦਿ੍ਰੜ੍ਹ ਇਰਾਦੇ ਨਾਲ ਕੋਈ ਵੀ ਟੀਚਾ ਹਾਸਲ ਕਰ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀ ਜਨਮ ਤੋਂ ਹੀ ਉੱਦਮੀ ਸੁਭਾਅ ਦੇ ਹਨ, ਜਿਸ ਦੀ ਬਦੌਲਤ ਪੰਜਾਬੀਆਂ ਨੇ ਦੁਨੀਆ ਭਰ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮੰਨਵਾਇਆ ਹੈ।
ਵਿਰੋਧੀਆਂ ਦੀ ਬੇਤੁਕੀ ਬਿਆਨਬਾਜ਼ੀ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਰ ਕੋਈ ਪੰਜਾਬ ਨੂੰ ਬਚਾਉਣਾ ਚਾਹੁੰਦਾ ਹੈ ਪਰ ਇਹ ਦੱਸੋ ਕਿ ਸੂਬੇ ਨੂੰ ਕਿਸ ਨੇ ਬਰਬਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਸਿਰਫ਼ 20 ਮਹੀਨੇ ਪਹਿਲਾਂ ਹੀ ਕਾਰਜਭਾਰ ਸੰਭਾਲਿਆ ਹੈ ਪਰ ਇਹ ਲੋਕ ਤੇ ਪਰਿਵਾਰ ਲੰਮੇ ਸਮੇਂ ਤੋਂ ਪੰਜਾਬ ਵਿੱਚ ਸ਼ਾਸਨ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੇ ਆਮ ਆਦਮੀ ਤੇ ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ ਹੈ ਪਰ ਹੁਣ ਉਹ ਅਜਿਹੇ ਬਿਆਨਾਂ ਰਾਹੀਂ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਇਹ ਆਗੂ ਹਮੇਸ਼ਾ ਸ਼ੇਖ਼ੀ ਮਾਰਦੇ ਹਨ ਕਿ ਉਹ ‘ਹਾਈ ਕਮਾਂਡ’ ਦੇ ਆਪਣੇ ਅਖੌਤੀ ਆਗੂਆਂ ਦੇ ਕੋਟੇ ਵਿੱਚੋਂ ਹਨ ਪਰ ਅਸਲ ਵਿੱਚ ਉਹ (ਮੁੱਖ ਮੰਤਰੀ) ਪੰਜਾਬੀਆਂ ਦੇ ਕੋਟੇ ਵਿੱਚੋਂ ਸੂਬੇ ਦੇ ਮੁਖੀ ਦੇ ਤੌਰ ਉਤੇ ਚੁਣੇ ਗਏ ਹਨ। ਉਨ੍ਹਾਂ ਕਿਹਾ ਕਿ ਸਾਡਾ ਇਕ-ਇਕ ਕਦਮ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਵਿਕਾਸ ਦੇ ਮੰਤਵ ਨਾਲ ਚੁੱਕਿਆ ਜਾ ਰਿਹਾ ਹੈ ਅਤੇ ਇਸ ਨਾਲ ਕਦੇ ਵੀ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੇ ਕੰਮ ਸ਼ਹੀਦ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਹੋਰ ਮਹਾਨ ਸ਼ਹੀਦਾਂ ਦੇ ਦਰਸਾਏ ਮਾਰਗ ਮੁਤਾਬਕ ਹਨ, ਜਿਨ੍ਹਾਂ ਹਮੇਸ਼ਾ ਸੂਬੇ ਦੇ ਲੋਕਾਂ ਦੀ ਭਲਾਈ ਲਈ ਅਣਥੱਕ ਮਿਹਨਤ ਕਰਨ ਲਈ ਪ੍ਰੇਰਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਮ ਆਦਮੀ ਦੀ ਭਲਾਈ ਲਈ ਮਿਸਾਲੀ ਪਹਿਲਕਦਮੀਆਂ ਕੀਤੀਆਂ ਹਨ ਅਤੇ ਸੂਬੇ ਵਿੱਚ ਸੜਕ ਹਾਦਸਿਆਂ ਵਿੱਚ ਮੌਤ ਦਰ ਘਟਾਉਣ ਲਈ ਕਦਮ ਚੁੱਕਣ ਦੇ ਨਾਲ-ਨਾਲ ਸੜਕਾਂ ਉਤੇ ਆਵਾਜਾਈ ਨੂੰ ਸੁਚਾਰੂ ਬਣਾਇਆ ਗਿਆ ਹੈ ਅਤੇ ਇਸ ਲਈ ਸੂਬਾ ਸਰਕਾਰ ਨੇ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਆਪਣੀ ਤਰ੍ਹਾਂ ਦੀ ਪਹਿਲੀ ਵਿਸ਼ੇਸ਼ ਫੋਰਸ ਪੰਜਾਬ ਵਿੱਚ ਸੜਕ ਹਾਦਸਿਆਂ ਵਿੱਚ ਰੋਜ਼ਾਨਾ ਜਾ ਰਹੀਆਂ ਕੀਮਤੀ ਜਾਨਾਂ ਬਚਾਉਣ ਲਈ ਅਹਿਮ ਸਾਬਤ ਹੋਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਫੋਰਸ ਨੂੰ ਖ਼ਰਾਬ ਡਰਾਈਵਿੰਗ ਰੋਕਣ, ਸੜਕਾਂ ਉਤੇ ਵਾਹਨਾਂ ਦੀ ਗਤੀਵਿਧੀ ਨੂੰ ਸੁਚਾਰੂ ਬਣਾਉਣ ਅਤੇ ਸੜਕ ਹਾਦਸਿਆਂ ਨੂੰ ਠੱਲ੍ਹ ਪਾਉਣ ਦਾ ਕੰਮ ਸੌਂਪਿਆ ਗਿਆ ਹੈ। ਇਸ ਨਾਲ ਥਾਣਿਆਂ ਵਿੱਚ ਤਾਇਨਾਤ ਪੁਲਿਸ ਮੁਲਾਜ਼ਮਾਂ ਤੋਂ ਕੰਮ ਦਾ ਬੋਝ ਵੀ ਘਟੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਪਹਿਲੇ ਪੜਾਅ ਵਿੱਚ ਇਸ ਵਿਸ਼ੇਸ਼ ਫੋਰਸ ਵਿੱਚ 1300 ਮੁਲਾਜ਼ਮਾਂ ਦੀ ਭਰਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਢਲੇ ਤੌਰ ਉਤੇ ਆਧੁਨਿਕ ਉਪਕਰਨਾਂ ਨਾਲ ਲੈਸ 144 ਵਾਹਨਾਂ ਨੂੰ ਸੜਕ ਦੇ ਹਰੇਕ 30 ਕਿਲੋਮੀਟਰ ਦੇ ਘੇਰੇ ਵਿੱਚ ਤਾਇਨਾਤ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਨ੍ਹਾਂ ਵਾਹਨਾਂ ਵਿੱਚ ਲੋੜ ਪੈਣ ਉਤੇ ਕਿਸੇ ਮਰੀਜ਼ ਨੂੰ ਐਮਰਜੈਂਸੀ ਇਲਾਜ ਦੇਣ ਲਈ ਮੁਕੰਮਲ ਮੈਡੀਕਲ ਕਿੱਟ ਹੋਵੇਗੀ। ਇਸ ਨਾਲ ਸਾਲਾਨਾ 2500 ਤੋਂ ਵੱਧ ਕੀਮਤੀ ਜਾਨਾਂ ਬਚਣਗੀਆਂ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ 1080 ਕਰੋੜ ਰੁਪਏ ਦੀ ਲਾਗਤ ਨਾਲ ਪ੍ਰਾਈਵੇਟ ਕੰਪਨੀ ਜੀ.ਵੀ.ਕੇ. ਪਾਵਰ ਦੀ ਮਾਲਕੀ ਵਾਲਾ ਗੋਇੰਦਵਾਲ ਪਾਵਰ ਪਲਾਂਟ ਖ਼ਰੀਦ ਕੇ ਇਤਿਹਾਸ ਰਚਿਆ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲੀ ਦਫ਼ਾ ਹੈ ਕਿ ਸਰਕਾਰ ਨੇ ਕੋਈ ਪ੍ਰਾਈਵੇਟ ਪਾਵਰ ਪਲਾਂਟ ਖ਼ਰੀਦਿਆ ਹੈ, ਜਦੋਂ ਕਿ ਪਹਿਲਾਂ ਸੂਬਾ ਸਰਕਾਰਾਂ ਆਪਣੇ ਚਹੇਤਿਆਂ ਨੂੰ ਸਰਕਾਰੀ ਜਾਇਦਾਦਾਂ ਕੌਡੀਆਂ ਦੇ ਭਾਅ ਵੇਚਦੀਆਂ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਾਸੀਆਂ ਨੂੰ ਸਸਤੀ ਬਿਜਲੀ ਮੁਹੱਈਆ ਕਰਨ ਦੀ ਦਿਸ਼ਾ ਵਿੱਚ ਇਹ ਅਹਿਮ ਕਦਮ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦਾ ਮੁਖੀ ਹੋਣ ਦੇ ਨਾਤੇ ਉਨ੍ਹਾਂ ਦਾ ਹਰੇਕ ਕਦਮ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖ਼ੁਸ਼ਹਾਲੀ ਦੇ ਉਦੇਸ਼ ਨਾਲ ਚੁੱਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੰਦੇਭਾਗੀਂ ਪਿਛਲੇ ਮੁੱਖ ਮੰਤਰੀਆਂ ਨੇ ਪੰਜਾਬ ਦੀ ਕਦੇ ਪਰਵਾਹ ਨਹੀਂ ਕੀਤੀ, ਸਗੋਂ ਉਨ੍ਹਾਂ ਆਪਣੇ ਸਿਆਸੀ ਹਿੱਤਾਂ ਨੂੰ ਮੂਹਰੇ ਰੱਖਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੇਰੇ ਖ਼ਿਲਾਫ਼ ਕੋਈ ਵੀ ਕਾਰਗਰ ਮੁੱਦਾ ਨਾ ਹੋਣ ਕਾਰਨ ਲੋਕਾਂ ਵੱਲੋਂ ਨਕਾਰੇ ਇਹ ਆਗੂ ਰੋਜ਼ਾਨਾ ਬਿਨਾਂ ਰੋਕ-ਟੋਕ ਤੋਂ ਮੇਰੇ ਖ਼ਿਲਾਫ਼ ਬੇਤੁਕੀ ਬਿਆਨਬਾਜ਼ੀ ਕਰ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਹੁਣ ਹਸਪਤਾਲਾਂ ਤੇ ਸਕੂਲਾਂ ਵਿੱਚ ਮੁਕੰਮਲ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ ਅਤੇ ਆਮ ਆਦਮੀ ਦੀ ਭਲਾਈ ਲਈ ਨਵੇਂ ਮੈਡੀਕਲ ਕਾਲਜ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਫੈਸਲੇ ਅਜਿਹੇ ਵਿਅਕਤੀਆਂ ਵੱਲੋਂ ਹੀ ਲਏ ਜਾ ਸਕਦੇ ਹਨ, ਜੋ ਜ਼ਮੀਨੀ ਪੱਧਰ ’ਤੇ ਲੋਕਾਂ ਦੀਆਂ ਸਮੱਸਿਆਵਾਂ ਤੋਂ ਜਾਣੂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਨੇ ਸੂਬੇ ਨੂੰ ਬਰਬਾਦ ਕਰ ਦਿੱਤਾ ਹੈ ਅਤੇ ਹੁਣ ਉਹ ਬੇਸ਼ਰਮੀ ਨਾਲ ਨੈਤਿਕਤਾ ਦੀਆਂ ਵੱਡੀਆਂ-ਵੱਡੀਆਂ ਗੱਲਾਂ ਕਰ ਰਹੀਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਸਖ਼ਤ ਮਿਹਨਤ ਲਈ ਜਾਣੇ ਜਾਂਦੇ ਹਨ ਜਿਸ ਸਦਕਾ ਉਹ ਹਰ ਖੇਤਰ ਵਿੱਚ ਮੱਲਾਂ ਮਾਰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਦੇ ਇਸ ਜਜ਼ਬੇ ਨੂੰ ਸੂਬੇ ਨੂੰ ਅੱਗੇ ਲਿਜਾਣ ਲਈ ਵਰਤਿਆ ਜਾ ਸਕਦਾ ਹੈ ਅਤੇ ਇਸ ਲਈ ਸੂਬਾ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਹਰ ਖੇਤਰ ਵਿੱਚ ਮੋਹਰੀ ਸੂਬਾ ਬਣ ਕੇ ਉਭਰੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਦੇ ਕੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਖਿਡਾਰੀਆਂ ਨੂੰ ਵਿਸ਼ਵ ਪੱਧਰੀ ਗਰਾਊਂਡ ਅਤੇ ਹੋਰ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਤੋਂ ਇਲਾਵਾ ਮੁਕਾਬਲਿਆਂ ਦੀ ਤਿਆਰੀ ਲਈ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਖਿਡਾਰੀਆਂ ਨੂੰ ਕੌਮੀ ਅਤੇ ਕੌਮਾਂਤਰੀ ਦੋਵਾਂ ਮੁਕਾਬਲਿਆਂ ਵਿਚ ਆਪਣਾ ਸਥਾਨ ਬਣਾਉਣ ਵਿਚ ਮਦਦ ਮਿਲੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੁਲਿਸ ਬਲ ਨੂੰ ਹੋਰ ਮਜ਼ਬੂਤ ਕਰਨ ਲਈ ਆਉਣ ਵਾਲੇ ਚਾਰ ਸਾਲਾਂ ਦੌਰਾਨ ਪੰਜਾਬ ਪੁਲਿਸ ਵਿੱਚ ਹਰ ਸਾਲ 1800 ਕਾਂਸਟੇਬਲ ਅਤੇ 300 ਸਬ ਇੰਸਪੈਕਟਰ ਭਰਤੀ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ 2100 ਅਸਾਮੀਆਂ ਲਈ ਹਰ ਸਾਲ ਲਗਭਗ 2.50 ਲੱਖ ਉਮੀਦਵਾਰ ਅਪਲਾਈ ਕਰਦੇ ਹਨ, ਇਸ ਲਈ ਸਾਰੇ ਚਾਹਵਾਨ ਪ੍ਰੀਖਿਆਰਥੀ ਪ੍ਰੀਖਿਆਵਾਂ ਪਾਸ ਕਰਨ ਲਈ ਅਕਾਦਮਿਕਤਾ ਦੇ ਨਾਲ-ਨਾਲ ਆਪਣੀ ਸਿਹਤ ਵੱਲ ਵਿਸ਼ੇਸ਼ ਧਿਆਨ ਦੇ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਉਨ੍ਹਾਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਿਜਾਣ ਅਤੇ ਨਸ਼ਿਆਂ ਦੀ ਅਲਾਮਤ ਨੂੰ ਠੱਲ੍ਹ ਪਾਉਣ ਵਿੱਚ ਮਦਦ ਮਿਲ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਅੱਜ ਸੂਬੇ ਦੇ ਏਸ਼ਿਆਈ ਖੇਡਾਂ ਵਿੱਚ 32 ਤਮਗਾ ਜੇਤੂਆਂ ਨੂੰ 29.25 ਕਰੋੜ ਰੁਪਏ ਦਾ ਨਕਦ ਇਨਾਮ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੋਨ ਤਮਗਾ ਜਿੱਤਣ ਵਾਲੇ ਖਿਡਾਰੀਆਂ ਨੂੰ 1 ਕਰੋੜ ਰੁਪਏ, ਚਾਂਦੀ ਦਾ ਤਮਗਾ ਜਿੱਤਣ ਵਾਲੇ ਖਿਡਾਰੀਆਂ ਨੂੰ 75 ਲੱਖ ਰੁਪਏ ਅਤੇ ਕਾਂਸੀ ਦਾ ਤਮਗਾ ਜਿੱਤਣ ਵਾਲੇ ਖਿਡਾਰੀਆਂ ਨੂੰ 50 ਲੱਖ ਰੁਪਏ ਦਿੱਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਸ ਤੋਂ ਪਹਿਲਾਂ 58 ਖਿਡਾਰੀਆਂ ਨੂੰ ਏਸ਼ੀਅਨ ਖੇਡਾਂ ਦੀਆਂ ਤਿਆਰੀਆਂ ਲਈ 8-8 ਲੱਖ ਰੁਪਏ ਦਿੱਤੇ ਗਏ ਸਨ।
ਮੁੱਖ ਮੰਤਰੀ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਭਾਰਤ ਨੇ ਪਹਿਲੀ ਵਾਰ ਏਸ਼ਿਆਈ ਖੇਡਾਂ ਵਿੱਚ 28 ਸੋਨ, 38 ਚਾਂਦੀ ਅਤੇ 41 ਕਾਂਸੀ ਦੇ ਤਮਗੇ ਜਿੱਤ ਕੇ 100 ਤਮਗਿਆਂ ਦਾ ਅੰਕੜਾ ਪਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਏਸ਼ਿਆਈ ਖੇਡਾਂ ਦੌਰਾਨ 20 ਤਗਮੇ ਜਿੱਤ ਕੇ ਇਨ੍ਹਾਂ 107 ਤਗ਼ਮਿਆਂ ਵਿੱਚ ਵੱਡਾ ਯੋਗਦਾਨ ਪਾਇਆ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਪੰਜਾਬ ਦੇ 32 ਖਿਡਾਰੀਆਂ ਨੇ ਇਨ੍ਹਾਂ ਖੇਡਾਂ ਵਿੱਚ ਅੱਠ ਸੋਨ ਤਮਗੇ, ਛੇ ਚਾਂਦੀ ਦੇ ਤਮਗੇ ਅਤੇ ਛੇ ਕਾਂਸੀ ਦੇ ਤਮਗੇ ਜਿੱਤ ਕੇ ਪੰਜਾਬ ਦੇ ਪ੍ਰਦਰਸ਼ਨ ਦਾ 72 ਸਾਲ ਪੁਰਾਣਾ ਰਿਕਾਰਡ ਤੋੜਿਆ ਹੈ।
- ਚੱਬੇਵਾਲ ਦੇ ਬਹੁਤ ਸਾਰੇ ਲੋਕ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਹੋ ਰਹੇ ਸ਼ਾਮਲ : ਡਾ.ਇਸ਼ਾਂਕ ਕੁਮਾਰ
- ਮੈਡੀਕਲ ਕਾਲਜ ਵਿੱਚ ਅੱਗ ਲੱਗਣ ਕਾਰਨ 10 ਨਵਜੰਮੇ ਬੱਚਿਆਂ ਦੀ ਮੌਤ
- गुजरात में ATS और NCB ने पोरबंदर के समंदर में 700 करोड़ से अधिक की ड्रग्स जब्त
- On sacred occasion of parkash purab of Sri Guru Nanak Dev ji, CM_Mann pays obeisance at Gurdwara Chevin patshahi
- ਡਾ. ਇਸ਼ਾਂਕ ਦੇ ਡੋਰ ਟੂ ਡੋਰ ਪ੍ਰਚਾਰ ਨੂੰ ਚੱਬੇਵਾਲ ‘ਚ ਮਿਲਿਆ ਸਕਾਰਾਤਮਕ ਹੁੰਗਾਰਾ
- ਵੱਡੀ ਖ਼ਬਰ : ਟੋਰਾਂਟੋ ਵਿੱਚ ਪੰਜਾਬੀ ਗਾਇਕਾਂ ਦੇ ਇਲਾਕੇ ਚ ਗੋਲੀਬਾਰੀ, ਕਰੀਬ 150 ਰਾਉਂਡ ਫਾਇਰ, 23 ਗ੍ਰਿਫਤਾਰ, 2 ਅਸਾਲਟ ਰਾਈਫਲਾਂ ਸਮੇਤ 16 ਹਥਿਆਰ ਜ਼ਬਤ
EDITOR
CANADIAN DOABA TIMES
Email: editor@doabatimes.com
Mob:. 98146-40032 whtsapp