—ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ ਕਟਾਰੂਚੱਕ ਵਿੱਚ ਕਿਸਾਨਾਂ ਨੂੰ ਕਣਕ ਦੀ ਬਿਮਾਰੀ ਪੀਲੀ ਕੁੰਗੀ ਬਾਰੇ ਜਾਗਰੁਕ ਕੀਤਾ ਗਿਆ
ਪਠਾਨਕੋਟ: 5 ਫਰਵਰੀ 2020 (RAJINDER RAJAN BUREAU CHIEF ) ਡਿਪਟੀ ਕਮਿਸ਼ਨਰ ਸ਼੍ਰ ਗੁਰਪ੍ਰੀਤ ਸਿੰਘ ਖਹਿਰਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਸੈਣੀ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਬਲਾਕ ਪਠਾਨਕੋਟ (ਸਮੇਤ ਘਰੋਟਾ ਅਤੇ ਸੁਜਾਨਪੁਰ ) ਵਿੱਚ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀਆਂ ਬਿਮਾਰੀਆਂ ਅਤੇ ਕੀੜਿਆਂ ਦੀ ਰੋਕਥਾਮ ਬਾਰੇ ਜਾਗਰੁਕ ਕਰਨ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ।ਇਸ ਮੁਹਿੰਮ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਟੀੰਮ ਵੱਲੋਂ ਵੱਖ ਵੱਖ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਕਣਕ ਦੀਆਂ ਕੀੜਿਆਂ ਅਤੇ ਬਿਮਾਰੀਆਂ ਦੇ ਸੰਭਾਵਤ ਹਮਲੇ ਅਤੇ ਜ਼ਰੂਰਤ ਅਨੁਸਾਰ ਕੀਟਨਾਸ਼ਕਾਂ ਦੀ ਵਰਤੋਂ ਕਰਨ ਬਾਰੇ ਜਾਗਰੁਕ ਕੀਤਾ ਗਿਆ।ਇਸ ਮੁਹਿੰਮ ਦੌਰਾਨ ਡਾ.ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ, ਸਰਵਸ਼੍ਰੀ ਗੁਰਦਿੱਤ ਸਿੰਘ ਖੇਤੀਬਾੜੀ ਵਿਸਥਾਰ ਅਫਸਰ,ਨਿਰਪਜੀਤ ਸਿੰਘ,ਅਮਨਦੀਪ ਸਿੰਘ ਸਹਾਇਕ ਤਕਨਾਲੋਜੀ ਪ੍ਰਬੰਧਕ(ਆਤਮਾ),ਸਤਨਾਮ ਸਿੰਘ ਸਮੇਤ ਕਿਸਾਨ ਹਾਜ਼ਰ ਸਨ।
ਪਿੰਡ ਕਟਾਰੂਚੱਕ ਵਿੱਚ ਅਗਾਂਹਵਧੂ ਨੌਜਵਾਨ ਕਿਸਾਨ ਸਤਨਾਮ ਸਿੰਘ ਦੇ ਖੇਤਾਂ ਵਿੱਚ ਕਿਸਾਨਾਂ ਨੂੰ ਪੀਲੀ ਕੁੰਗੀ ਅਤੇ ਚੇਪੇ ਦੇ ਹਮਲੇ ਬਾਰੇ ਜਾਗਰੁਕ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਮੋਸਮ ਦੀ ਤਬਦੀਲੀ ਨਾਲ ਕਣਕ ਦੀ ਫਸਲ ਅਤੇ ਹੋਰ ਹਾੜੀ ਦੀਆਂ ਫਸਲਾਂ ਉੱਪਰ ਕੀੜਿਆਂ ਅਤੇ ਬਿਮਾਰੀਆਂ ਦਾ ਹਮਲਾ ਹੋ ਸਕਦਾ ਹੈ,ਜਿਸ ਬਾਰੇ ਕਿਸਾਨਾਂ ਨੂੰ ਚੇਤੰਨ ਰਹਿਣ ਦੀ ਜ਼ਰੂਰਤ ਹੈ।ਉਨਾਂ ਕਿਹਾ ਕਿ ਬਲਾਕ ਪਠਾਨਕੋਟ ਵਿੱਚ ਕਣਕ ਦੀ ਫਸਲ ਉੱਪਰ ਫਿਲਹਾਲ ਕਿਸੇ ਬਿਮਾਰੀ ਜਾਂ ਕੀੜੇ ਮਕੌੜੇ ਦਾ ਹਮਲਾ ਨਹੀਂ ਹੋਇਆ ਫਿਰ ਵੀ ਕਿਸਾਨਾਂ ਨੂੰ ਚੌਕਸ ਰਹਿਣ ਦੀ ਜ਼ਰੂਰਤ ਹੈ।ਉਨਾਂ ਕਿਹਾ ਕਿ ਦਿਨ ਦੇ ਤਾਪਮਾਨ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਜਦ ਕਿ ਰਾਤ ਦਾ ਤਾਪਮਾਨ ਘੱਟ ਹੈ, ਜੋ ਪੀਲੀ ਕੁੰਗੀ ਬਿਮਾਰੀ ਦੇ ਵਾਧੇ ਲਈ ਬਹੁਤ ਹੀ ਅਨਕੂਲ ਹੈ ।
ਉਨਾਂ ਕਿਹਾ ਕਿ ਅਗਲੇ 10-15 ਦਿਨ ਕਣਕ ਦੀ ਫਸਲ ਖਾਸ ਕਰਕੇ ਐਚ ਡੀ 2967 ਕਿਸਮ ਲਈ ਬਹੁਤ ਅਹਿਮ ਹਨ।ਉਨਾਂ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਉਹ ਕਣਕ ਦੀ ਫਸਲ ਖਾਸ ਕਰਕੇ ਐਚ ਡੀ 2967 ਕਿਸਮ ਦਾ ਨਿਰੰਤਰ ਨਿਰੀਖਣ ਜਾਰੀ ਰੱਖਣ ਅਤੇ ਜਦ ਕਿਤੇ ਵੀ ਪੀਲੀ ਕੁੰਗੀ ਦੇ ਹਮਲੇ ਦਾ ਪਤਾ ਲੱਗੇ ਤਾਂ ਤੁਰੰਤ 200 ਮਿਲੀਲਿਟਰ ਪ੍ਰਪੀਕੋਨਾਜ਼ੋਲ ਪ੍ਰਤੀ ਏਕੜ ਨੂੰ 200 ਲਿਟਰ ਪਾਣੀ ਦੇ ਘੋਲ ਵਿੱਚ ਘੋਲ ਕੇ ਪ੍ਰਭਾਵਤ ਹਿੱਸੇ ਉਪਰ ਅਤੇ ਆਲੇ ਦੁਆਲੇ ਛਿੜਕਾਅ ਕਰ ਦਿੱਤਾ ਜਾਵੇ।ਉਨਾਂ ਕਿਹਾ ਕਿ ਬਲਾਕ ਪਠਾਨਕੋਟ ਦੇ ਸਮੁੱਚੇ ਸਟਾਫ ਵੱਲੋਂ ਕਣਕ ਦੀ ਫਸਲ ਉੱਪਰ ਪੀਲੀ ਕੁੰਗੀ ਦੀ ਸੰਭਾਵਿਤ ਹਮਲੇ ਨੂੰ ਰੋਕਣ ਲਈ ਪਿੰਡਾਂ ਵਿੱਚ ਨਿਰੰਤਰ ਦੌਰੇ ਕੀਤੇ ਜਾ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਇਸ ਬਿਮਾਰੀ ਪ੍ਰਤੀ ਜਾਗਰੁਕ ਕਰਕੇ ਬਿਮਾਰੀ ਦੇ ਹਮਲੇ ਨੂੰ ਸ਼ੁਰੂ ਵਿੱਚ ਹੀ ਰੋਕਿਆ ਜਾ ਸਕੇ।ਉਨਾਂ ਕਿਹਾ ਕਿ ਜ਼ਿਲਾ ਪਠਾਨਕੋਟ ਨੀਮ ਪਹਾੜੀ ਇਲਾਕਾ ਹੋਣ ਕਾਰਨ ਕਣਕ ਦੀ ਫਸਲ ਉੱਪਰ ਪੀਲੀ ਕੁੰਗੀ ਬਿਮਾਰੀ ਦੇ ਹਮਲੇ ਦੀ ਸੰਭਾਵਨਾ ਬਣੀ ਰਹਿੰਦੀ ਹੈ,ਇਸ ਲਈ ਕਿਸਾਨਾਂ ਨੂੰ ਇਸ ਬਿਮਾਰੀ ਪ੍ਰਤੀ ਜਾਗਰੁਕ ਰਹਿਣਾ ਚਾਹੀਦਾ ਹੈ।ਉਨਾਂ ਨੇ ਕਿਹਾ ਕਿ ਪੀਲੀ ਕੁੰਗੀ ਸਭ ਤੋਂ ਪਹਿਲਾਂ ਹੇਠਲੇ ਪੱਤਿਆਂ ਉੱਪਰ ਆਉਂਦੀ ਹੈ, ਜੋ ਪੀਲੇ ਰੰਗ ਦੇ ਪਾਊਡਰੀ ਲੰਮੀਆਂ ਧਾਰੀਆਂ ਦੇ ਰੂਪ ਵਿੱਚ ਧੱਬਿਆਂ ਦੇ ਰੂਪ ਵਿੱਚ ਦਿਖਾਈ ਦਿੰਦੀ ਹੈ,ਜੇਕਰ ਪ੍ਰਭਾਵਤ ਪੱਤਿਆਂ ਨੂੰ ਦੋ ਉੰਗਲਾਂ ਵਿੱਚ ਫੜਿਆ ਜਾਵੇ ਤਾਂ ਉਂਗਲਾਂ ਤੇ ਪੀਲਾ ਪਾਊਡਰ ਲੱਗ ਜਾਂਦਾ ਹੈ।ਉਨਾਂ ਕਿਹਾ ਕਿ ਚੇਪੇ ਦਾ ਇਸ ਵਕਤ ਕਣਕ ਦੀ ਫਸਲ ਉੱਪਰ ਕੋਈ ਪ੍ਰਭਾਵ ਨਹੀਂ ਹੈ ਇਸ ਲਈ ਚੇਪਾ ਨਾਮੀ ਕੀਟ ਤੋਂ ਡਰਨ ਦੀ ਜ਼ਰੂਰਤ ਨਹੀਂ ਅਤੇ ਨਾਂ ਹੀ ਕਿਸੇ ਕੀਟਨਾਸ਼ਕ ਦੇ ਛਿੜਕਾਅ ਦੀ ਜ਼ਰੂਰਤ ਹੈ ਕਿਉਂਕਿ ਚੇਪਾ ਇਸ ਵਕਤ ਕਣਕ ਦੀ ਫਸਲ ਦਾ ਨੁਕਸਾਨ ਕਰਨ ਦੀ ਹਾਲਤ ਵਿੱਚ ਨਹੀਂ ਹੈ।ਸ੍ਰੀ ਗੁਰਦਿੱਤ ਸਿੰਘ ਨੇ ਕਿਹਾ ਕਿ ਉੱਲੀਨਾਸ਼ਕ ਰਸਾਇਣਾਂ ਦਾ ਛਿੜਕਾਅ ਕਰਨ ਲਈ ਹਮੇਸ਼ਾਂ ਗੋਲ ਨੋਜ਼ਲ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨਾਂ ਕਿਹਾ ਕਿ ਛਿੜਕਾਅ ਕਰਦੇ ਸਮੇਂ ਕਾਹਲੀ ਨਹੀਂ ਕਰਨੀ ਚਾਹੀਦੀ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp