BREAKING : ਨਸ਼ਿਆਂ ਦੀ ਲਾਹਨਤ ਨੂੰ ਖਤਮ ਕਰਨ ਲਈ ਸਾਰੇ ਮਿਲ ਕੇ ਹੰਭਲਾ ਮਾਰਨ :ਓਪਿੰਦਰਜੀਤ ਸਿੰਘ ਘੁੰਮਣ ਐੱਸ.ਐੱਸ.ਪੀ. ਬਟਾਲਾ

ਬਟਾਲਾ, 17 ਜਨਵਰੀ ( SHARMA ) – ਐੱਸ.ਐੱਸ.ਪੀ. ਬਟਾਲਾ ਸ. ਓਪਿੰਦਰਜੀਤ ਸਿੰਘ ਘੁੰਮਣ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਨਸ਼ਿਆਂ ਦੀ ਆਦਤ ਤੋਂ ਬਚ ਕੇ ਸਿਹਤਮੰਦ ਜੀਵਨ ਬਤੀਤ ਕਰਨ। ਉਨਾਂ ਕਿਹਾ ਕਿ ਨਸ਼ੇ ਕਰਨੇ ਬਹੁਤ ਮਾੜੀ ਆਦਤ ਹੈ ਅਤੇ ਇਹ ਸਿਹਤ ਅਤੇ ਪੈਸੇ ਦੀ ਬਰਬਾਦੀ ਦਾ ਮੁੱਖ ਕਾਰਨ ਹਨ। ਉਨਾਂ ਕਿਹਾ ਕਿ ਨਸ਼ੇ ਕਿਸੇ ਵੀ ਸਮਾਜ ਦੇ ਮੱਥੇ ਉਪਰ ਕਲੰਕ ਦੀ ਤਰਾਂ ਹਨ ਅਤੇ ਸਮਾਜ ਨੂੰ ਇਸ ਲਾਹਨਤ ਨੂੰ ਖਤਮ ਕਰਨ ਲਈ ਮਿਲ ਕੇ ਹੰਭਲਾ ਮਾਰਨਾ ਚਾਹੀਦਾ ਹੈ।
ਜ਼ਿਲਾ ਪੁਲਿਸ ਮੱੁਖੀ ਸ. ਘੁੰਮਣ ਨੇ ਕਿਹਾ ਕਿ ਬਟਾਲਾ ਪੁਲਿਸ ਨਸ਼ਿਆਂ ਦੇ ਖਾਤਮੇ ਲਈ ਪੂਰੀ ਸਖਤੀ ਨਾਲ ਕੰਮ ਕਰ ਰਹੀ ਹੈ ਅਤੇ ਨਸ਼ੇ ਦੇ ਕਾਰੋਬਾਰ ਵਿੱਚ ਲਿਪਤ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾ ਰਿਹਾ। ਉਨਾਂ ਕਿਹਾ ਕਿ ਨਸ਼ਾ ਵੇਚਣ ਵਾਲਾ ਚਾਹੇ ਕੋਈ ਵੀ ਹੋਵੇ, ਜਾਂ ਕਿਨੀ ਵੀ ਪਹੁੰਚ ਰੱਖਦਾ ਹੋਵੇ ਉਸ ਨੂੰ ਬਖਸ਼ਿਆ ਨਹੀਂ ਜਾ ਰਿਹਾ ਅਤੇ ਬਟਾਲਾ ਪੁਲਿਸ ਨੇ ਨਸ਼ਿਆਂ ਖਿਲਾਫ਼ ਫੈਸਲਾਕੁੰਨ ਲੜਾਈ ਅਰੰਭੀ ਹੋਈ ਹੈ। ਉਨਾਂ ਕਿਹਾ ਕਿ ਨਸ਼ੇ ਵੇਚਣ ਵਾਲੇ ਜਾਂ ਤਾਂ ਨਸ਼ੇ ਦਾ ਕਾਰੋਬਾਰ ਛੱਡ ਗਏ ਹਨ ਜਾਂ ਫਿਰ ਪੁਲਿਸ ਨੇ ਉਨਾਂ ਨੂੰ ਕਾਬੂ ਕਰਕੇ ਜੇਲਾਂ ਦਾ ਰਸਤਾ ਦਿਖਾ ਦਿੱਤਾ ਹੈ। ਐੱਸ.ਐੱਸ.ਪੀ. ਬਟਾਲਾ ਨੇ ਕਿਹਾ ਕਿ ਪੁਲਿਸ ਵਿਭਾਗ ਲੋਕਾਂ ਦੇ ਸਹਿਯੋਗ ਅਤੇ ਆਪਣੀ ਖੁਫ਼ੀਆ ਜਾਣਕਾਰੀ ਦੇ ਅਧਾਰ ’ਤੇ ਨਸ਼ਿਆਂ ਦੇ ਸੌਦਾਗਰਾਂ ਖਿਲਾਫ਼ ਕਾਰਵਾਈ ਕਰ ਰਿਹਾ ਹੈ। ਉਨਾਂ ਕਿਹਾ ਕਿ ਪੁਲਿਸ ਨੂੰ ਨਸ਼ਾ ਮੁਕਤੀ ਮੁਹਿੰਮ ਵਿੱਚ ਜਿਕਰਯੋਗ ਸਫਲਤਾ ਮਿਲੀ ਹੈ ਅਤੇ ਸਰਹੱਦੀ ਪੁਲਿਸ ਜ਼ਿਲੇ ਬਟਾਲਾ ਵਿੱਚ ਨਸ਼ਿਆਂ ਦੇ ਸੌਦਾਗਰਾਂ ਦਾ ਲੱਕ ਤੋੜ ਦਿੱਤਾ ਗਿਆ ਹੈ।
ਐੱਸ.ਐੱਸ.ਪੀ. ਬਟਾਲਾ ਸ. ਓਪਿੰਦਰਜੀਤ ਸਿੰਘ ਘੁੰਮਣ ਨੇ ਕਿਹਾ ਕਿ ਬਟਾਲਾ ਪੁਲਿਸ ਵਲੋਂ ਜਿਥੇ ਨਸ਼ਿਆਂ ਦੀ ਰੋਕਥਾਮ ਲਈ ਕਾਨੂੰਨੀ ਰਾਹ ਅਪਣਾਇਆ ਗਿਆ ਹੈ ਉਥੇ ਨਾਲ ਹੀ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਜਾਗਰੂਕਤਾ ਮੁਹਿੰਮ ਵੀ ਚਲਾਈ ਜਾ ਰਹੀ ਹੈ। ਸ. ਘੁੰਮਣ ਨੇ ਕਿਹਾ ਕਿ ਉਨਾਂ ਸਮੇਤ ਪੁਲਿਸ ਜ਼ਿਲਾ ਬਟਾਲਾ ਦੇ ਸਾਰੇ ਅਧਿਕਾਰੀ ਨੌਜਵਾਨਾਂ ਨੂੰ ਜਾਗਰੂਕ ਕਰ ਰਹੇ ਹਨ ਅਤੇ ਲੋਕਾਂ ਨੂੰ ਨਸ਼ਿਆਂ ਵਿਰੱੁਧ ਲਾਮਬੱਧ ਕੀਤਾ ਜਾ ਰਿਹਾ ਹੈ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸਮਾਜ ਨੂੰ ਨਸ਼ਾ ਮੁਕਤ ਕਰਨ ਲਈ ਆਪਣਾ ਫਰਜ ਨਿਭਾਉਂਦੇ ਹੋਏ ਪੁਲਿਸ ਨੂੰ ਸਹੀ ਅਤੇ ਸੱਚੀ ਜਾਣਕਾਰੀ ਦੇਣ ਤਾਂ ਜੋ ਸਮਾਜ ਵਿਰੋਧੀ ਅਨਸਰਾਂ ਨੂੰ ਫੜਿਆ ਜਾ ਸਕੇ। ਉਨਾਂ ਨਸ਼ਾ ਤਕਸਰਾਂ ਨੂੰ ਸਖਤ ਤਾੜਨਾ ਕੀਤੀ ਹੈ ਕਿ ਜਾਂ ਤਾਂ ਉਹ ਮਨੁੱਖਤਾ ਵਿਰੋਧੀ ਇਹ ਗੈਰ-ਕਾਨੂੰਨੀ ਧੰਦਾ ਛੱਡ ਦੇਣ ਨਹੀਂ ਤਾਂ ਬਹੁਤ ਛੇਤੀ ਉਹ ਕਾਨੂੰਨ ਦੇ ਹੱਥਾਂ ਵਿੱਚ ਹੋਣਗੇ।

Related posts

Leave a Reply