ਸਿਹਤ ਵਿਭਾਗ ਦੀ ਟੀਮ ਨੇ ਅੱਜ ਬਟਾਲਾ ਸ਼ਹਿਰ ਵਿਚੋਂ 200 ਤੋਂ ਵੱਧ ਵਿਅਕਤੀਆਂ ਦੇ ਕੋਰੋਨਾ ਸੈਂਪਲ ਕੀਤੇ ਇਕੱਤਰ

– ਹਰ ਵਿਅਕਤੀ ਸਿਹਤ ਵਿਭਾਗ ਦੀਆਂ ਸਾਵਧਾਨੀਆਂ ਦੀ ਪਾਲਣਾ ਜਰੂਰ ਕਰੇ : ਡਾ. ਭੱਲਾ


ਬਟਾਲਾ, 8 ਜੂਨ ( ਅਵਿਨਾਸ਼, ਸੰਜੀਵ  ) : ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ‘ਮਿਸ਼ਨ ਫ਼ਤਿਹ’ ਤਹਿਤ ਸਿਹਤ ਵਿਭਾਗ ਵਲੋਂ ਕੋਰੋਨਾ ਵਾਇਰਸ ਨੂੰ ਖਤਮ ਕਰਨ ਲਈ ਉਪਰਾਲੇ ਲਗਾਤਾਰ ਜਾਰੀ ਹਨ। ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਦੀ ਮੈਡੀਕਲ ਟੀਮ ਵਲੋਂ ਬਟਾਲਾ ਸ਼ਹਿਰ ਵਿੱਚ ਕੋਰੋਨਾ ਵਾਇਰਸ ਦੀ ਜਾਂਚ ਲਈ ਲੋਕਾਂ ਦੇ ਨਮੂਨੇ ਲੈਣ ਦਾ ਸਿਲਸਲਾ ਲਗਾਤਾਰ ਜਾਰੀ ਹੈ।ਐੱਸ.ਐੱਮ.ਓ. ਡਾ. ਸੰਜੀਵ ਕੁਮਾਰ ਭੱਲਾ ਦੀ ਅਗਵਾਈ ਹੇਠ ਮੈਡੀਕਲ ਟੀਮ ਵਲੋਂ ਅੱਜ ਬਟਾਲਾ ਸ਼ਹਿਰ ਵਿਚੋਂ ਕਰੀਬ 200 ਵਿਅਕਤੀਆਂ ਦੇ ਕੋਰੋਨਾ ਟੈਸਟ ਲਈ ਨਮੂਨੇ ਲਏ ਗਏ ਹਨ।

ਡਾ. ਭੱਲਾ ਨੇ ਦੱਸਿਆ ਕਿ ਮਿਸ਼ਨ ਫ਼ਤਿਹ ਤਹਿਤ ਅੱਜ ਮੈਡੀਕਲ ਟੀਮ ਵਲੋਂ 51 ਸੈਂਪਲ ਬਟਾਲਾ ਦੀ ਸਬਜ਼ੀ ਮੰਡੀ ਵਿੱਚੋਂ ਲਏ ਗਏ ਹਨ, ਜਦਕਿ ਸੁੰਦਰ ਨਗਰ ਅਤੇ ਹੋਰ ਆਸ-ਪਾਸ ਦੇ ਇਲਾਕੇ ਵਿਚੋਂ ਵੀ ਵੱਡੀ ਗਿਣਤੀ ਵਿੱਚ ਲੋਕਾਂ ਦੇ ਕੋਰੋਨਾ ਵਾਇਰਸ ਦੇ ਸੈਂਪਲ ਲਏ ਗਏ ਹਨ। ਉਨਾਂ ਦੱਸਿਆ ਕਿ ਇਨਾਂ ਸਾਰੇ ਸੈਂਪਲਾਂ ਦੇ ਨਤੀਜੇ ਇੱਕ-ਦੋ ਦਿਨਾਂ ਵਿੱਚ ਆ ਜਾਣਗੇ।

ਡਾ. ਭੱਲਾ ਨੇ ਦੱਸਿਆ ਕਿ ਮੈਡੀਕਲ ਟੀਮ ਵਲੋਂ ਸਬਜ਼ੀ ਮੰਡੀ ਵਿੱਚ ਆੜਤੀਆਂ, ਕਿਸਾਨਾਂ, ਮਜ਼ਦੂਰਾਂ ਅਤੇ ਸਬਜ਼ੀ ਖਰੀਦਣ ਆਏ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਣ ਦੀਆਂ ਸਾਵਧਾਨੀਆਂ ਬਾਰੇ ਵੀ ਜਾਗਰੂਕ ਕੀਤਾ ਗਿਆ ਹੈ। ਡਾ. ਭੱਲਾ ਨੇ ਕਿਹਾ ਕਿ ਕੋਰੋਨਾ ਵਾਇਰਸ ਇੱਕ ਲਾਗ ਦੀ ਬਿਮਾਰੀ ਹੈ ਅਤੇ ਇੱਕ ਦੂਜੇ ਤੋਂ ਘੱਟੋ-ਘੱਟ 6 ਫੁੱਟ ਦੀ ਦੂਰੀ, ਮੂੰਹ ਉੱਪਰ ਮਾਸਕ ਪਾ ਕੇ ਰੱਖਣਾ ਅਤੇ ਬਾਰ-ਬਾਰ ਸਾਬਣ ਨਾਲ ਹੱਥ ਧੋ ਕੇ ਇਸ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ। ਡਾ. ਭੱਲਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਿਹਤ ਵਿਭਾਗ ਦੀਆਂ ਸਾਵਧਾਨੀਆਂ ਦੀ ਪਾਲਣਾ ਜਰੂਰ ਕਰਨ।

Related posts

Leave a Reply