ਮੁੱਖ ਮੰਤਰੀ ਦਫ਼ਤਰ, ਪੰਜਾਬ
ਮੁੱਖ ਮੰਤਰੀ ਨੇ ਨਸ਼ਿਆਂ ਵਿਰੁੱਧ ਵੱਡੀ ਲੜਾਈ ਦੀ ਕੀਤੀ ਸ਼ੁਰੂਆਤ: ਅਰਦਾਸ, ਹਲਫ਼, ਖੇਡੋ
* ਮੁੱਖ ਮੰਤਰੀ ਦੀ ਅਗਵਾਈ ਵਿੱਚ 35 ਹਜ਼ਾਰ ਨੌਜਵਾਨਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਅਰਦਾਸ ਅਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦਾ ਲਿਆ ਅਹਿਦ
* ਆਪਣੀ ਕਿਸਮ ਦਾ ਇਹ ਪਹਿਲਾ ਜਨ ਅੰਦੋਲਨ ਸੂਬੇ ਵਿੱਚ ਨਸ਼ਿਆਂ ਦੀ ਰੀੜ੍ਹ ਦੀ ਹੱਡੀ ਤੋੜੇਗਾਃ ਮੁੱਖ ਮੰਤਰੀ
ਅੰਮ੍ਰਿਤਸਰ, 18 ਅਕਤੂਬਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਭਰ ਦੇ ਹਜ਼ਾਰਾਂ ਨੌਜਵਾਨ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਉਣ ਲਈ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਰਦਾਸ ਵਿੱਚ ਸ਼ਾਮਲ ਹੋਏ।
ਅਰਦਾਸ ਦੌਰਾਨ ਮੁੱਖ ਮੰਤਰੀ ਨਾਲ ਸ਼ਾਮਲ ਹੋਏ ਪੀਲੀਆਂ ਪੱਗਾਂ, ਪਟਕੇ ਤੇ ਚੁੰਨੀਆਂ ਨਾਲ ਸਜੇ ਹਜ਼ਾਰਾਂ ਨੌਜਵਾਨਾਂ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਪੰਜਾਬ ਵਿੱਚੋਂ ਇਸ ਸਰਾਪ ਦੀ ਜੜ੍ਹ ਵੱਢਣ ਦੇ ਉਦੇਸ਼ ਨਾਲ ਸ਼ੁਰੂ ਕੀਤੇ ਇਸ ਪਵਿੱਤਰ ਮਿਸ਼ਨ ਦੀ ਕਾਮਯਾਬੀ ਲਈ ਬਲ ਬਖ਼ਸ਼ਣ। ਉਨ੍ਹਾਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਅਤੇ ਨੌਜਵਾਨਾਂ ਦੀ ਤਾਕਤ ਨੂੰ ਉਸਾਰੂ ਦਿਸ਼ਾ ਵਿੱਚ ਲਾਉਣ ਦੇ ਮੰਤਵ ਨਾਲ ਸ਼ੁਰੂ ਕੀਤੇ ਇਸ ਮਿਸ਼ਨ ਦੀ ਸਫ਼ਲਤਾ ਲਈ ਅਰਦਾਸ ਕੀਤੀ। ਦਰਬਾਰ ਸਾਹਿਬ ਵਿੱਚ ਅਰਦਾਸ ਦੀ ਰਸਮ ਗ੍ਰੰਥੀ ਸਿੰਘ ਬਲਜੀਤ ਸਿੰਘ ਜੀ ਨੇ ਨਿਭਾਈ।
ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸਦੀਆਂ ਤੋਂ ਸ੍ਰੀ ਹਰਿਮੰਦਰ ਸਾਹਿਬ ਹਰੇਕ ਨੇਕ ਕਾਰਜ ਲਈ ਮਨੁੱਖਤਾ ਵਾਸਤੇ ਪ੍ਰੇਰਨਾ ਦਾ ਸਰੋਤ ਰਿਹਾ ਹੈ। ਉਨ੍ਹਾਂ ਕਿਹਾ ਕਿ ਅਰਦਾਸ ਦਾ ਇਕੋ-ਇਕ ਮੰਤਵ ਸੂਬੇ ਵਿੱਚੋਂ ਨਸ਼ਿਆਂ ਦੇ ਸਰਾਪ ਦਾ ਅੰਤ ਕਰਨ ਲਈ ਸ਼ੁਰੂ ਕੀਤੇ ਇਸ ਨਿਵੇਕਲੇ ਮਿਸ਼ਨ ਦੀ ਸਫ਼ਲਤਾ ਲਈ ਪਰਮਾਤਮਾ ਦਾ ਆਸ਼ੀਰਵਾਦ ਲੈਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮੁਹਿੰਮ ਵਿੱਚ ਵੱਡੀ ਗਿਣਤੀ ਨੌਜਵਾਨਾਂ ਦੀ ਹਾਜ਼ਰੀ ਇਸ ਗੱਲ ਦੀ ਗਵਾਹੀ ਭਰਦੀ ਹੈ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਇਸ ਨੇਕ ਕਾਰਜ ਲਈ ਸੂਬਾ ਸਰਕਾਰ ਦਾ ਸਹਿਯੋਗ ਕਰਨ ਲਈ ਤਿਆਰ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਇਹ ਆਪਣੀ ਤਰ੍ਹਾਂ ਦੀ ਪਹਿਲੀ ਲੋਕ ਲਹਿਰ ਹੈ, ਜਿਸ ਨਾਲ ਇਸ ਸਰਾਪ ਦਾ ਲੱਕ ਤੋੜਿਆ ਜਾਵੇਗਾ। ਉਨ੍ਹਾਂ ਕਿਹਾ ਕਿ ‘ਹੋਪ ਪਹਿਲਕਦਮੀ’ ਤਹਿਤ ਸ਼ੁਰੂ ਕੀਤੇ ਇਸ ਨਸ਼ਾ ਵਿਰੋਧੀ ਮਿਸ਼ਨ ਵਿੱਚ ਅਰਦਾਸ ਕਰੋ, ਹਲਫ਼ ਲਵੋ ਤੇ ਖੇਡੋ ਦੀ ਤਿੰਨ ਪੜਾਵੀ ਰਣਨੀਤੀ ਉਲੀਕੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੇ ਪਹਿਲੇ ਪੜਾਅ ਵਜੋਂ ਹਜ਼ਾਰਾਂ ਨੌਜਵਾਨ ਅੱਜ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਕੀਤੀ ਅਰਦਾਸ ਵਿੱਚ ਸ਼ਾਮਲ ਹੋਏ। ਉਨ੍ਹਾਂ ਦੱਸਿਆ ਕਿ ਆਨਲਾਈਨ ਅਰਦਾਸ ਰਾਹੀਂ ਹਜ਼ਾਰਾਂ ਹੋਰ ਲੋਕ ਵੀ ਇਸ ਮੁਹਿੰਮ ਨਾਲ ਜੁੜੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਾਹਿਗੁਰੂ ਦੀ ਅਪਾਰ ਬਖ਼ਸ਼ਿਸ਼ ਸਦਕਾ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਦਫ਼ਾ ਨਸ਼ਿਆਂ ਖ਼ਿਲਾਫ਼ ਮੁਹਿੰਮ ਜ਼ਮੀਨੀ ਪੱਧਰ ਉਤੇ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਲੋਕਾਂ ਦੇ ਸਰਗਰਮ ਸਹਿਯੋਗ ਅਤੇ ਤਾਲਮੇਲ ਨਾਲ ਇਸ ਖ਼ਤਰੇ ਦਾ ਬਿਲਕੁੱਲ ਸਫ਼ਾਇਆ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਕ ਪਾਸੇ ਨਸ਼ਾ ਤਸਕਰਾਂ ਨੂੰ ਜੇਲ੍ਹਾਂ ਵਿੱਚ ਸੁੱਟ ਕੇ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋੜਿਆ ਜਾ ਰਿਹਾ ਹੈ, ਦੂਜੇ ਪਾਸੇ ਨਸ਼ਾ ਪੀੜਤਾਂ ਦੇ ਇਲਾਜ ਤੇ ਮੁੜ-ਵਸੇਬੇ ਉਤੇ ਧਿਆਨ ਕੇਂਦਰਤ ਕੀਤਾ ਜਾ ਰਿਹਾ ਹੈ।
- Delhi Assembly Elections: Arvind Kejriwal Predicts Over 60 Seats, Calls for Women’s Active Participation
- ਅੰਮ੍ਰਿਤਸਰ ਵਿੱਚ ਕੋਈ ਗ੍ਰਨੇਡ ਧਮਾਕਾ ਨਹੀਂ ਹੋਇਆ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ, ਅਫਵਾਹਾਂ ਨਾ ਫੈਲਾਉਣ ਦੀ ਚੇਤਾਵਨੀ
- ਡੋਨਾਲਡ ਟਰੰਪ ਵੱਲੋਂ ਕੈਨੇਡਾ ‘ਤੇ ਲਗਾਏ ਟੈਰਿਫ ਤੋਂ ਬਾਦ ਟਰੂਡੋ ਨੇ ਕੀਤਾ ਇਹ ਐਲਾਨ, ਮੈਕਸੀਕੋ ਨੇ ਵੀ ਦਿੱਤੀ ਪ੍ਰਤੀਕਿਰਿਆ
- ਚੋਣਾਂ ਤੋਂ ਪਹਿਲਾਂ ਹੀ ਕਾਂਗਰਸ ਦੁਆਰਾ ‘EAGLE GROUP’ ਦਾ ਗਠਨ ਇੱਕ ਸਰਗਰਮ ਕਦਮ, ਵੋਟਰ ਲਿਸਟ ਵਿੱਚ ਗੜਬੜੀ ਦੀ ਜਾਂਚ ਕਰਨ ਲਈ ਵਿਸ਼ੇਸ਼ ਟੀਮ ਬਣਾਈ
- 5 ਫਰਵਰੀ ਨੂੰ ਛੁੱਟੀ ਸਰਕਾਰੀ ਛੁੱਟੀ ਘੋਸ਼ਿਤ
- ਜ਼ਮੀਨੀ ਕਬਜ਼ੇ ਨੂੰ ਲੈ ਕੇ ਝਗੜਾ: ਦੋ ਧਿਰਾਂ ਵਿਚਕਾਰ ਗੋਲੀਬਾਰੀ, ਤਿੰਨ ਜ਼ਖ਼ਮੀ
EDITOR
CANADIAN DOABA TIMES
Email: editor@doabatimes.com
Mob:. 98146-40032 whtsapp