#DC_JAIN_HSP : ਨਸ਼ਿਆਂ ਦੀ ਗ੍ਰਿਫਤ ’ਚ ਆਏ ਵਿਅਕਤੀਆਂ ਦੇ ਮੁੜ ਵਸੇਬੇ ਲਈ ਹਰ ਸੰਭਵ ਮਦਦ ਕੀਤੀ ਜਾਵੇਗੀ

ਨਸ਼ਿਆਂ ਦੀ ਗ੍ਰਿਫਤ ’ਚ ਆਏ ਵਿਅਕਤੀਆਂ ਦੇ ਮੁੜ ਵਸੇਬੇ ਲਈ ਹਰ ਸੰਭਵ ਮਦਦ ਕੀਤੀ ਜਾਵੇਗੀ : ਡਿਪਟੀ ਕਮਿਸ਼ਨਰ
ਸਿਵਲ, ਪੁਲਿਸ ਪ੍ਰਸ਼ਾਸਨ ਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਨਸ਼ਾ ਛੁਡਾਊ ਕੇਂਦਰਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ
ਜ਼ਿਲ੍ਹਾ ਨਸ਼ਾ ਮੁਕਤੀ ਅਤੇ ਮੁੜ ਵਸੇਬਾ ਕੇਂਦਰ ਦੀ ਸਮਰਥਾ ਵਧਾਉਣ ਲਈ ਕੀਤੇ ਜਾ ਰਹੇ ਹਨ ਉਪਰਾਲੇ : ਆਸ਼ਿਕਾ ਜੈਨ

ਹੁਸ਼ਿਆਰਪੁਰ, 7 ਮਾਰਚ (CDT NEWS) : ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਮੁਹਿੰਮ ’ਯੁੱਧ ਨਸ਼ਿਆਂ ਵਿਰੁੱਧ’ ਤਹਿਤ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਇਥੇ ਸਿਵਲ, ਪੁਲਿਸ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਅਧਿਕਾਰੀਆਂ ਤੋਂ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਦੀ ਕਾਰਗੁ਼ਜਾਰੀ ਦੀ ਸਮੀਖਿਆ ਕਰਦਿਆਂ ਕਿਹਾ ਕਿ ਨਸ਼ੇ ਦੇ ਜਾਲ ਵਿਚ ਫਸ ਚੁੱਕੇ ਵਿਅਕਤੀਆਂ ਦੇ ਮੁੜ ਵਸੇਬੇ ਲਈ ਜ਼ਿਲ੍ਹਾ ਪ੍ਰਸ਼ਾਸਨ ਹਰ ਸੰਭਵ ਮਦਦ ਯਕੀਨੀ ਬਣਾਵੇਗਾ।


ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਜ਼ਿਲ੍ਹਾ ਨਸ਼ਾ ਮੁਕਤੀ ਅਤੇ ਮੁੜ ਵਸੇਬਾ ਕੇਂਦਰ ਦੀ ਸਮਰਥਾ ਵਧਾਉਣ ਬਾਰੇ ਲੋੜੀਂਦਾ ਪਲਾਨ ਜਲਦ ਤਿਆਰ ਕੀਤਾ ਜਾਵੇ ਤਾਂ ਜੋ ਸਹੂਲਤਾਂ ਵਿਚ ਹੋਰ ਵਾਧਾ ਕਰਕੇ ਨਸ਼ਿਆਂ ਦੇ ਆਦੀ ਵਿਅਕਤੀਆਂ ਨੂੰ ਸਿਹਤਮੰਦ ਜੀਵਨ ਜਾਂਚ ਵੱਲ ਲਿਆਂਦਾ ਜਾ ਸਕੇ। ਉਨ੍ਹਾਂ ਕਿਹਾ ਕਿ ਮੁੜ ਵਸੇਬਾ ਕੇਂਦਰ ਵਿਚ ਨਸ਼ਾ ਮੁਕਤੀ ਦੇ ਉਪਰਾਲਿਆਂ ਤੋਂ ਇਲਾਵਾ ਇਨ੍ਹਾਂ ਵਿਅਕਤੀਆਂ ਲਈ ਹੁਨਰ ਵਿਕਾਸ ਦੀਆਂ ਕਲਾਸਾਂ ਵੀ ਲਾਈਆਂ ਜਾ ਰਹੀਆਂ ਹਨ ਤਾਂ ਕਿ ਨਸ਼ਿਆਂ ਨੂੰ ਤਿਆਗਣ ਉਪਰੰਤ ਇਹ ਵਿਅਕਤੀ ਆਪਣਾ ਕੰਮਕਾਜ ਚਲਾ ਸਕਣ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸਾਂਝੇ ਤੌਰ ‘ਤੇ ਨਸ਼ਾ ਛੁਡਾਊ ਕੇਂਦਰਾਂ ਅਤੇ ਓਟ ਕਲੀਨਿਕਾਂ ਵਿਖੇ ਜਾ ਕੇ ਸਮੁਚੀ ਪ੍ਰਕਿਰਿਆ ਨੂੰ ਰੈਗੂਲਰ ਦੇਖਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਨਾਲ ਇਨ੍ਹਾਂ ਕੇਂਦਰਾਂ ਵਿਚਲੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਦੇ ਨਾਲ-ਨਾਲ ਲੋੜੀਂਦੇ ਸੁਧਾਰ ਕੀਤੇ ਜਾ ਸਕਦੇ ਹਨ।


ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਾਕੀ ਸਬੰਧਤ ਵਿਭਾਗਾਂ ਨਾਲ ਤਾਲਮੇਲ ਰਾਹੀਂ ਨਸ਼ਿਆਂ ਦੇ ਰੁਝਾਨ ਅਤੇ ਮਾੜੇ ਪ੍ਰਭਾਵਾਂ ਦੀ ਜਾਣਕਾਰੀ, ਸਿੱਖਿਆ ਅਤੇ ਸੰਚਾਰ (ਆਈ.ਈ.ਸੀ.) ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਣੂ ਕਰਵਾਇਆ ਜਾਵੇ ਤਾਂ ਜੋ ਇਸ ਸਮਾਜਿਕ ਬੁਰਾਈ ਨੂੰ ਹੋਰ ਫੈਲਣ ਤੋਂ ਅਸਰਦਾਰ ਢੰਗ ਨਾਲ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਮੁਹਿੰਮ ਤਹਿਤ ਨਸ਼ਿਆਂ ਦੇ ਆਦੀ ਨੌਜਵਾਨਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ ਤਾਂ ਜੋ ਉਹ ਇਸ ਅਲਾਮਤ ਤੋਂ ਛੁਟਕਾਰਾ ਪਾ ਕੇ ਚੰਗੀ ਜ਼ਿੰਦਗੀ ਬਤੀਤ ਕਰ ਸਕਣ। ਉਨ੍ਹਾਂ ਨੇ ਸਿਵਲ ਸਰਜਨ, ਡਿਪਟੀ ਮੈਡੀਕਲ ਕਮਿਸ਼ਨਰ, ਪੁਲਿਸ ਵਿਭਾਗ ਦੇ ਅਧਿਕਾਰੀਆਂ ਤੋਂ ਨਸ਼ਿਆਂ ਦੇ ਰੁਝਾਨ ਦੀ ਰੋਕਥਾਮ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਲੈਂਦਿਆਂ ਕਿਹਾ ਕਿ ਆਉਂਦੇ ਦਿਨਾਂ ਵਿਚ ਇਨ੍ਹਾਂ ਉਪਰਾਲਿਆਂ ਨੂੰ ਹੋਰ ਤੇਜ਼ ਕੀਤਾ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਿਕਾਸ ਕੁਮਾਰ ਤੋਂ ਇਲਾਵਾ ਐਸ.ਡੀ.ਐਮਜ਼ ਅਤੇ ਹੋਰ ਅਧਿਕਾਰੀ ਮੌਜੂਦ ਸਨ।

5670

Related posts

Leave a Reply