ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਕੀਤੇ ਜਾਰੀ
ਹੁਸ਼ਿਆਰਪੁਰ :
ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਫੌਜਦਾਰੀ ਜ਼ਾਬਤਾ ਸੰਘ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਹੁਕਮਾਂ ਵਿੱਚ ਜ਼ਿਲ੍ਹੇ ਦੀ ਹਦੂਦ ਅੰਦਰ ਆਮ ਜਨਤਾ ਦੁਆਰਾ (ਬਾਲਗ ਵਿਅਕਤੀ) ਆਰਮਡ ਫੋਰਸਿਸ, ਪੰਜਾਬ ਪੁਲਿਸ ਅਤੇ ਬੀ.ਐਸ.ਐਫ. ਦੀ ਵਰਦੀ ਦੀ ਵਰਤੋਂ ਕਰਨ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਵਰਦੀਆਂ ਅਣ-ਅਧਿਕਾਰਤ ਵਿਅਕਤੀ ਨੂੰ ਵੇਚਣ ਅਤੇ ਖਰੀਦ ਕਰਨ ’ਤੇ ਵੀ ਪਾਬੰਦੀ ਹੋਵੇਗੀ। ਇਹ ਹੁਕਮ ਆਰਮਡ ਫੋਰਸਿਸ, ਪੰਜਾਬ ਪੁਲਿਸ ਅਤੇ ਬੀ.ਐਸ.ਐਫ. ਅਧਿਕਾਰੀਆਂ ’ਤੇ ਲਾਗੂ ਨਹੀਂ ਹੋਵੇਗਾ।
ਇਸੇ ਤਰ੍ਹਾਂ ਜਾਰੀ ਕੀਤੇ ਇਕ ਹੋਰ ਹੁਕਮ ਤਹਿਤ ਜ਼ਿਲ੍ਹੇ ਵਿੱਚ ਪੈਂਦੇ ਸਾਰੇ ਮੈਰਿਜ ਪੈਲਸਾਂ ਵਿੱਚ ਕੋਈ ਵੀ ਵਿਅਕਤੀ ਵਿਆਹ-ਸ਼ਾਦੀਆਂ ਜਾਂ ਕਿਸੇ ਹੋਰ ਮੌਕੇ ’ਤੇ ਕਿਸੇ ਵੀ ਤਰ੍ਹਾਂ ਦੇ ਹਥਿਆਰ ਦੀ ਵਰਤੋਂ ਨਹੀਂ ਕਰੇਗਾ। ਮੈਰਿਜ ਪੈਲੇਸ ਦੇ ਮਾਲਕ ਇਸ ਗੱਲ ਨੂੰ ਯਕੀਨੀ ਬਣਾਉਣਗੇ ਕਿ ਕੋਈ ਵੀ ਵਿਅਕਤੀ ਮੈਰਿਜ ਪੈਲੇਸ ਵਿੱਚ ਫੰਕਸ਼ਨ ਸਮੇਂ ਹਥਿਆਰ ਦੀ ਵਰਤੋਂ ਨਾ ਕਰੇ। ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸ, ਪੁਲਿਸ ਕਰਮਚਾਰੀਆਂ ਜਿਨ੍ਹਾਂ ਨੂੰ ਆਪਣੇ ਨਾਲ ਹਥਿਆਰ ਰੱਖਣ ਦੇ ਅਧਿਕਾਰ ਮਿਲੇ ਹਨ, ਇਹ ਹੁਕਮ ਉਨ੍ਹਾਂ ’ਤੇ ਲਾਗੂ ਨਹੀਂ ਹੋਣਗੇ।
ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟਰੇਟ ਵਲੋਂ ਜਾਰੀ ਕੀਤੇ ਹੁਕਮ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕੋਈ ਵੀ ਵਿਅਕਤੀ ਜਾਂ ਪੰਚਾਇਤ ਜਾਂ ਨਗਰ ਕੌਂਸਲ ਜਾਂ ਨਗਰ ਪੰਚਾਇਤ ਸਬੰਧਤ ਉਪ-ਮੰਡਲ ਮੈਜਿਸਟਰੇਟ ਦੀ ਲਿਖਤੀ ਪੂਰਵ ਪ੍ਰਵਾਨਗੀ ਤੋਂ ਬਿਨ੍ਹਾਂ ਛੱਪੜ ਨਹੀਂ ਪੂਰੇਗਾ।
ਜ਼ਿਲਾ ਮੈਜਿਸਟਰੇਟ ਵਲੋਂ ਜ਼ਿਲੇ ਦੀਆਂ ਹੱਦਾਂ ਅੰਦਰ ਬਿਨ੍ਹਾਂ ਉਪ ਮੰਡਲ ਮੈਜਿਸਟਰੇਟ ਦੀ ਪ੍ਰਵਾਨਗੀ ਦੇ ਕਿਸੇ ਕਿਸਮ ਦਾ ਜਲੂਸ ਕੱਢਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਤਰ ਹੋਣ, ਨਾਅਰੇਬਾਜ਼ੀ ਕਰਨ, ਲਾਠੀਆਂ, ਗੈਰ ਲਾਇਸੰਸੀ ਅਸਲਾ, ਤੇਜ਼ਧਾਰ ਟਕੂਏ ਨੂੰ ਚੁੱਕਣ ਆਦਿ ’ਤੇ ਪਾਬੰਦੀ ਲਗਾਈ ਗਈ ਹੈ। ਇਹ ਹੁਕਮ ਸਰਕਾਰੀ ਸਮਾਗਮਾਂ, ਕਾਨਫਰੰਸਾਂ ਅਤੇ ਮੀਟਿੰਗਾਂ ਆਦਿ ’ਤੇ ਲਾਗੂ ਨਹੀਂ ਹੋਵੇਗਾ। ਕਿਸੇ ਵੀ ਸਿਆਸੀ ਪਾਰਟੀ ਵਲੋਂ ਰੈਲੀ/ਜਲਸਾ ਕਰਨ ਲਈ ਸਬੰਧਤ ਐਸ.ਡੀ.ਐਮ. ਪਾਸੋਂ ਲਿਖਤੀ ਪ੍ਰਵਾਨਗੀ ਵੀ ਜ਼ਰੂਰੀ ਹੈ। ਇਹ ਹੁਕਮ ਪੰਜਾਬ ਪੁਲਿਸ, ਹੋਮ ਗਾਰਡਜ਼, ਦੂਜੇ ਕਰਮਚਾਰੀਆਂ ਜੋ ਸਰਕਾਰੀ ਡਿਊਟੀ ’ਤੇ ਹੋਣ ਅਤੇ ਵਿਆਹ ਸ਼ਾਦੀਆਂ, ਮਾਤਮੀ ਸ਼ੋਕ ਸਮਾਗਮਾਂ ਜਾਂ ਸਰਕਾਰੀ ਫੰਕਸ਼ਨਾਂ/ਮੀਟਿੰਗਾਂ ’ਤੇ ਲਾਗੂ ਨਹੀਂ ਹੋਵੇਗਾ।
ਇਸੇ ਤਰ੍ਹਾਂ ਜ਼ਿਲ੍ਹਾ ਮੈਜਿਸਟਰੇਟ ਕੋਮਲ ਮਿੱਤਲ ਵਲੋਂ ਮਕਾਨ ਮਾਲਕਾਂ, ਮਕਾਨ ’ਤੇ ਕਾਬਜ਼ ਵਿਅਕਤੀਆਂ, ਮਕਾਨਾਂ ਦੇ ਇੰਚਾਰਜ ਵਿਅਕਤੀਆਂ ਨੂੰ ਉਨ੍ਹਾਂ ਵਲੋਂ ਜੋ ਵੀ ਮਕਾਨ ਕਿਰਾਏ ’ਤੇ ਦਿੱਤੇ ਹੋਣ ਜਾਂ ਭਵਿੱਖ ਵਿੱਚ ਕਿਰਾਏ ’ਤੇ ਦਿੱਤੇ ਜਾਣ, ਉਨ੍ਹਾਂ ਵਿੱਚ ਰਹਿਣ ਵਾਲੇ ਵਿਅਕਤੀ ਦਾ ਨਾਂ ਅਤੇ ਪੂਰਾ ਪਤਾ ਆਪਣੇ ਇਲਾਕੇ ਦੇ ਥਾਣੇ/ਪੁਲਿਸ ਚੌਕੀ ਵਿੱਚ ਤੁਰੰਤ ਦਰਜ ਕਰਾਉਣ ਦਾ ਹੁਕਮ ਜਾਰੀ ਕੀਤਾ ਹੈ।
ਇਕ ਹੋਰ ਹੁਕਮ ਵਿਚ ਜ਼ਿਲ੍ਹੇ ਦੇ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਕੰਪਨੀਆਂ ਦੀਆਂ ਵੱਖ-ਵੱਖ ਰੂਟਾਂ ’ਤੇ ਚੱਲਣ ਵਾਲੀਆਂ ਬੱਸਾਂ ਅੰਦਰ ਟੇਪ ਰਿਕਾਰਡਾਂ ਰਾਹੀਂ ਅਸ਼ਲੀਲ ਗਾਣੇ ਸੁਣਾਉਣ ਅਤੇ ਵੀਡੀਓ ਰਾਹੀਂ ਅਸ਼ਲੀਲ ਫ਼ਿਲਮਾਂ ਦਿਖਾਉਣ ’ਤੇ ਵੀ ਪਾਬੰਦੀ ਲਗਾਈ ਗਈ ਹੈ।
ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਕੀਤੇ ਹੁਕਮ ਤਹਿਤ ਜ਼ਿਲ੍ਹੇ ਦੇ ਸਮੂਹ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਪਾਬੰਦੀਸ਼ੁਦਾ ਪੈਸਟੀਸਾਈਡਜ਼ ਅਤੇ ਨਕਲੀ ਕੀਟਨਾਸ਼ਕ ਦਵਾਈਆਂ ਦੀ ਵਿਕਰੀ ਕਿਸੇ ਵੀ ਸੂਰਤ ਵਿੱਚ ਨਾ ਕਰਨ।
ਇਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲ੍ਹੇ ਦੀ ਹੱਦ ਅੰਦਰ ਮਿਲਟਰੀ ਵਰਦੀ ਅਤੇ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ, ਮੋਟਰ ਸਾਈਕਲਾਂ, ਮੋਟਰ ਗੱਡੀਆਂ ਦੀ ਵਰਤੋਂ ਕਰਨ ’ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ ਮਿਲਟਰੀ ਅਧਿਕਾਰੀਆਂ ’ਤੇ ਲਾਗੂ ਨਹੀਂ ਹੋਵੇਗਾ।
ਉਕਤ ਤੋਂ ਇਲਾਵਾ ਜ਼ਿਲ੍ਹਾ ਮੈਜਿਸਟਰੇਟ ਕੋਮਲ ਮਿੱਤਲ ਨੇ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਦੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਦੇ ਸਮੂਹ ਸਿਵਲ ਹਸਪਤਾਲਾਂ ਵਿਖੇ ਵੱਖ-ਵੱਖ ਜਥੇਬੰਦੀਆਂ ਅਤੇ ਆਮ ਜਨਤਾ ਵਲੋਂ ਧਰਨੇ ਅਤੇ ਰੈਲੀਆਂ ਕਰਨ ’ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਉਕਤ ਸਾਰੇ ਹੁਕਮ 23 ਅਪ੍ਰੈਲ 2023 ਤੱਕ ਲਾਗੂ ਰਹਿਣਗੇ।
- #DC_JAIN_HSP : ਨਸ਼ਿਆਂ ਦੀ ਗ੍ਰਿਫਤ ’ਚ ਆਏ ਵਿਅਕਤੀਆਂ ਦੇ ਮੁੜ ਵਸੇਬੇ ਲਈ ਹਰ ਸੰਭਵ ਮਦਦ ਕੀਤੀ ਜਾਵੇਗੀ
- #SSP_MALIK : ਗੜ੍ਹਦੀਵਾਲ ਵਾਸੀ ਸਤਪਾਲ ਦੀ 38 ਲੱਖ ਦੀ ਪ੍ਰਾਪਰਟੀ ਫਰੀਜ਼ ਕਰਨ ਦੇ ਹੁਕਮ, ਓਪਰੇਸ਼ਨ ਸੀਲ-9 ਤਹਿਤ 11 ਇੰਟਰ ਸਟੇਟ ਨਾਕਿਆਂ ’ਤੇ ਚੈਕਿੰਗ ਜਾਰੀ
- ਆਰਮੀ ਦੀ ਅਗਨਵੀਰ ਭਰਤੀ ਲਈ ਰਜਿਸਟ੍ਰੇਸ਼ਨ 8 ਮਾਰਚ ਤੋਂ
- #SSP_MALIK leads in checking at 11 interstate naka : Operation SEAL-09
- ਡੇਅਰੀ ਵਿਕਾਸ ਵਿਭਾਗ ਵਲੋਂ 2 ਹਫਤੇ ਡੇਅਰੀ ਸਿਖਲਾਈ ਕੋਰਸ 10 ਮਾਰਚ ਤੋਂ
- ਵਿਧਾਇਕ ਜਿੰਪਾ ਨੇ ਸ਼੍ਰੀ ਗੁਰੂ ਰਵਿਦਾਸ ਨਗਰ ਦੁੱਧ ਉਤਪਾਦਕ ਸਭਾ ਦੇ 61 ਮੈਂਬਰਾਂ ਨੂੰ ਵੰਡੇ 9.64 ਲੱਖ ਰੁਪਏ ਦੇ ਬੋਨਸ ਚੈੱਕ

EDITOR
CANADIAN DOABA TIMES
Email: editor@doabatimes.com
Mob:. 98146-40032 whtsapp