ਜ਼ਿਲ੍ਹਾ ਮੈਜਿਸਟਰੇਟ ਵਲੋਂ ਦੀਵਾਲੀ,ਗੁਰਪੁਰਬ,ਕ੍ਰਿਸਮਸ ਅਤੇ ਨਵੇਂ ਸਾਲ ਦੀ ਆਮਦ ਮੌਕੇ ਪਟਾਖੇ ਚਲਾਉਣ ਦਾ ਸਮਾਂ ਨਿਰਧਾਰਤ

ਹੁਸ਼ਿਆਰਪੁਰ, 24 ਅਕਤੂਬਰ(ਚੌਧਰੀ) : ਜ਼ਿਲ੍ਹਾ ਮੈਜਿਸਟਰੇਟ ਅਪਨੀਤ ਰਿਆਤ ਨੇ ਫੌਜਦਾਰੀ ਜਾਬਤਾ ਸੰਘਤਾ 1973 (1974) ਦੇ ਐਕਟ ਨੰਬਰ 2 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਨਿਰਧਾਰਿਤ ਸਮੇਂ ਅਨੁਸਾਰ ਹੀ ਪਟਾਖੇ/ਆਤਿਸ਼ਬਾਜੀ ਚਲਾਉਣ ਦੇ ਹੁਕਮ ਜਾਰੀ ਕੀਤੇ ਹਨ।

ਨਿਰਧਾਰਿਤ ਸਮੇਂ ਤੋਂ ਬਾਅਦ ਪਟਾਖੇ/ਆਤਿਸ਼ਬਾਜੀ ਚਲਾਉਣ ’ਤੇ ਪੂਰਨ ਤੌਰ ’ਤੇ ਪਾਬੰਦੀ ਰਹੇਗੀ। ਜਾਰੀ ਕੀਤੇ ਹੁਕਮ ਅਨੁਸਾਰ ਦੀਵਾਲੀ ਵਾਲੇ ਦਿਨ 14 ਨਵੰਬਰ 2020 ਨੂੰ ਸ਼ਾਮ 8 ਵਜੇ ਤੋਂ ਰਾਤ 10 ਵਜੇ ਤੱਕ, ਗੁਰਪੁਰਬ 30 ਨਵੰਬਰ ਨੂੰ ਸਵੇਰੇ 4 ਵਜੇ ਤੋਂ  ਸਵੇਰੇ 5 ਵਜੇ ਤੱਕ ਅਤੇ ਰਾਤ 9 ਵਜੇ ਤੋਂ ਰਾਤ 10 ਵਜੇ ਤੱਕ ਪਟਾਖੇ ਚਲਾਏ ਜਾ ਸਕਣਗੇ। ਇਸੇ ਤਰ੍ਹਾਂ 25 ਦਸਬੰਰ ਨੂੰ ਕ੍ਰਿਸਮਸ ਅਤੇ 31 ਦਸੰਬਰ ਦੀ ਰਾਤ ਨੂੰ ਨਵੇਂ ਸਾਲ ਦੀ ਆਮਦ ਮੌਕੇ ਰਾਤ 11:55 ਵਜੇ ਤੋਂ 12:30 ਵਜੇ ਤੱਕ ਹੀ ਪਟਾਖੇ ਚਲਾਉਣ ਦਾ ਸਮਾਂ ਨਿਰਧਾਰਤ ਕੀਤਾ ਗਿਆ ਹੈ।

ਹੁਕਮਾਂ ਅਨੁਸਾਰ ਜ਼ਿਲ੍ਹੇ ਦੀ ਹਦੂਦ ਅੰਦਰ ਨਿਸ਼ਚਿਤ ਕੀਤੇ ਗਏ ਸਮੇਂ ਤੋਂ ਪਹਿਲਾਂ ਅਤੇ ਬਾਅਦ ਵਿੱਚ ਪਟਾਖੇ ਚਲਾਉਣ ’ਤੇ ਪੂਰਨ ਪਾਬੰਦੀ ਹੋਵੇਗੀ। ਇਸ ਤੋਂ ਇਲਾਵਾ ਖਾਮੋਸ਼ ਖੇਤਰ (ਸਾਈਲੈਂਸ ਜ਼ੋਨ) ਜਿਵੇਂ ਹਸਪਤਾਲ,ਸਿੱਖਿਆ ਸੰਸਥਾਵਾਂ,ਅਦਾਲਤਾਂ ਅਤੇ ਧਾਰਮਿਕ ਸਥਾਨਾਂ ਆਦਿ ਦੇ 100 ਮੀਟਰ ਘੇਰੇ ਅੰਦਰ ਪਟਾਖੇ ਚਲਾਉਣ ਦੀ ਇਜ਼ਾਜਤ ਨਹੀਂ ਹੋਵੇਗੀ।

Related posts

Leave a Reply