Latest News:- ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ’ਚ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਬਣਾਈ ਜਾਵੇ ਯਕੀਨੀ : ਅਪਨੀਤ ਰਿਆਤ

ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ’ਚ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਬਣਾਈ ਜਾਵੇ ਯਕੀਨੀ : ਅਪਨੀਤ ਰਿਆਤ

ਜ਼ਿਲ੍ਹੇ ’ਚ 1 ਨਗਰ ਨਿਗਮ, 7 ਨਗਰ ਕੌਂਸਲ ਦੀ ਹੋਵੇਗੀ ਚੋਣ, ਨਗਰ ਪੰਚਾਇਤ ਮਾਹਿਲਪੁਰ ਦੇ ਦੋ ਵਾਰਡਾਂ ਅਤੇ ਤਲਵਾੜਾ ਦੇ ਇਕ ਵਾਰਡ ਦੇ ਚੋਣ ਲਈ ਵੀ ਹੋਵੇਗੀ ਵੋਟਿੰਗ ਜ਼ਿਲ੍ਹਾ ਚੋਣ ਅਫ਼ਸਰ ਨੇ ਚੋਣ ਪ੍ਰਬੰਧਾਂ ਬਾਰੇ ਕੀਤੀ ਰਿਟਰਨਿੰਗ, ਸਹਾਇਕ ਰਿਟਰਨਿੰਗ ਤੇ ਚੋਣ ਅਧਿਕਾਰੀਆਂ ਨਾਲ ਮੀਟਿੰਗ

ਹੁਸ਼ਿਆਰਪੁਰ, 20 ਜਨਵਰੀ (ਆਦੇਸ਼ , ਕਰਨ ਲਾਖਾ) :- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਨੇ ਜ਼ਿਲ੍ਹੇ ਦੇ ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਸਬੰਧੀ ਪ੍ਰਬੰਧਾਂ ਨੂੰ ਲੈ ਕੇ ਰਿਟਰਨਿੰਗ ਅਫ਼ਸਰਾਂ, ਸਹਾਇਕ ਰਿਟਰਨਿੰਗ ਅਫ਼ਸਰਾਂ ਅਤੇ ਚੋਣ ਅਫ਼ਸਰਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਪੰਜਾਬ ਚੋਣ ਕਮਿਸ਼ਨ ਵਲੋਂ ਜਾਰੀ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੰਦੇ ਹੋਏ ਕਿਹਾ ਕਿ ਇਨ੍ਹਾਂ ਚੋਣਾਂ ਸਬੰਧੀ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰ ਲਏ ਜਾਣ। ਇਸ ਦੌਰਾਨ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਬੀਰ ਸਿੰਘ ਵੀ ਮੌਜੂਦ ਸਨ।

ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਨੇ ਦੱਸਿਆ ਕਿ ਨਗਰ ਨਿਗਮ ਹੁਸ਼ਿਆਰਪੁਰ, ਨਗਰ ਕੌਂਸਲ ਮੁਕੇਰੀਆਂ, ਦਸੂਹਾ, ਗੜ੍ਹਦੀਵਾਲਾ, ਹਰਿਆਣਾ, ਸ਼ਾਮਚੁਰਾਸੀ, ਟਾਂਡਾ, ਗੜ੍ਹਸ਼ੰਕਰ ਅਤੇ ਨਗਰ ਪੰਚਾਇਤ ਮਾਹਿਲਪੁਰ ਤੇ ਤਲਵਾੜਾ ਵਿੱਚ ਚੋਣਾਂ ਲਈ 14 ਫਰਵਰੀ 2021 ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ। ਜਿਸ ਲਈ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕ੍ਰਿਆ 30 ਜਨਵਰੀ ਤੋਂ ਸ਼ੁਰੂ ਹੋਵੇਗੀ ਅਤੇ 3 ਫਰਵਰੀ ਨਾਮਜਦਗੀ ਪੱਤਰ ਭਰਨ ਦੀ ਆਖਰੀ ਮਿਤੀ ਹੋਵੇਗੀ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 4 ਫਰਵਰੀ ਨੂੰ ਕੀਤੀ ਜਾਵੇਗੀ ਜਦਕਿ ਨਾਮਜਦਗੀ ਪੱਤਰ ਵਾਪਸ ਲੈਣ ਦੀ ਮਿਤੀ 5 ਫਰਵਰੀ ਹੈ ਅਤੇ ਇਸੇ ਮਿਤੀ ਨੂੰ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਚੋਣ ਪ੍ਰਚਾਰ 12 ਫਰਵਰੀ ਨੂੰ ਸ਼ਾਮ 5 ਵਜੇ ਤੱਕ ਕੀਤਾ ਜਾ ਸਕੇਗਾ ਅਤੇ 14 ਫਰਵਰੀ ਨੂੰ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 17 ਫਰਵਰੀ 2021 ਨੂੰ ਕੀਤੀ ਜਾਵੇਗੀ।

ਅਪਨੀਤ ਰਿਆਤ ਨੇ ਦੱਸਿਆ ਕਿ ਹੁਸ਼ਿਆਰਪੁਰ ਨਗਰ ਨਿਗਮ ਦੇ 50 ਵਾਰਡਾਂ ਲਈ 107 ਪੋਲਿੰਗ ਬੂਥ ਬਣਾਏ ਗਏ ਹਨ। ਇਸ ਤੋਂ ਇਲਾਵਾ ਨਗਰ ਕੌਂਸਲ ਮੁਕੇਰੀਆਂ ਦੇ 15 ਵਾਰਡਾਂ ਲਈ 25 ਪੋਲਿੰਗ ਬੂਥ, ਦਸੂਹਾ ਦੇ 15 ਵਾਰਡਾਂ ਲਈ 24 ਪੋਲਿੰਗ ਬੂਥ, ਗੜ੍ਹਦੀਵਾਲਾ ਦੇ 11 ਵਾਰਡਾਂ ਲਈ 11 ਪੋਹਲਿੰਗ ਬੂਥ, ਹਰਿਆਣਾ ਦੇ 11 ਵਾਰਡਾਂ ਲਈ 11 ਪੋਲਿੰਗ ਬੂਥ, ਸ਼ਾਮਚੁਰਾਸੀ ਦੇ 9 ਵਾਰਡਾਂ ਲਈ 9 ਪੋਲਿੰਗ ਬੂਥ, ਟਾਂਡਾ ਦੇ 15 ਵਾਰਡਾਂ ਲਈ 19 ਪੋਲਿੰਗ ਬੂਥ, ਗੜ੍ਹਸ਼ੰਕਰ ਦੇ 13 ਵਾਰਡਾਂ ਲਈ 14 ਪੋਲਿੰਗ ਬੂਥ ਅਤੇ ਨਗਰ ਪੰਚਾਇਤ ਮਾਹਿਲਪੁਰ ਦੇ 2 ਵਾਰਡਾਂ ਲਈ 2 ਪੋਲਿੰਗ ਬੂਥ ਅਤੇ ਤਲਵਾੜਾ ਦੇ 1 ਵਾਰਡ ਲਈ 1 ਪੋਲਿੰਗ ਬੂਥ ਬਣਾਏ ਗਏ ਹਨ। ਇਸ ਦੌਰਾਨ ਉਨ੍ਹਾਂ ਚੋਣਾਂ ਲਈ ਸੁਰੱਖਿਆ ਪ੍ਰਬੰਧਾਂ, ਸਟਰਾਂਗ ਰੂਮ, ਚੋਣ ਸਮੱਗਰੀ ਅਤੇ ਹੋਰ ਪ੍ਰਬੰਧਾਂ ’ਤੇ ਵੀ ਚਰਚਾ ਵੀ ਕੀਤੀ।

ਇਸ ਮੌਕੇ ਐਸ.ਡੀ.ਐਮ. ਹੁਸ਼ਿਆਰਪੁਰ ਅਮਿਤ ਮਹਾਜਨ, ਐਸ.ਡੀ.ਐਮ ਮੁਕੇਰੀਆਂ ਅਸ਼ੋਕ ਕੁਮਾਰ, ਐਸ.ਡੀ.ਐਮ. ਦਸੂਹਾ ਰਣਦੀਪ ਸਿੰਘ ਹੀਰ, ਐਸ.ਡੀ.ਐਮ. ਗੜ੍ਹਸ਼ੰਕਰ ਹਰਬੰਸ ਸਿੰਘ, ਜ਼ਿਲ੍ਹਾ ਮਾਲ ਅਫਸਰ ਅਮਨਪਾਲ ਸਿੰਘ ਤੋਂ ਇਲਾਵਾ ਸਾਰੇ ਰਿਟਰਨਿੰਗ ਅਫ਼ਸਰ ਅਤੇ ਸਹਾਇਕ ਰਿਟਰਨਿੰਗ ਅਫ਼ਸਰ ਵੀ ਮੌਜੂਦ ਸਨ।

Related posts

Leave a Reply