Latest News :- ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ 73ਵੇਂ ਬਲੀਦਾਨ ਦਿਵਸ ਮੌਕੇ ਸ਼ਰਧਾਂਜ਼ਲੀਆਂ

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ 73ਵੇਂ ਬਲੀਦਾਨ ਦਿਵਸ ਮੌਕੇ ਸ਼ਰਧਾਂਜ਼ਲੀਆਂ
ਡਿਪਟੀ ਕਮਿਸ਼ਨਰ ਅਪਨੀਤ ਰਿਆਤ ਸਮੇਤ ਹੋਰਨਾਂ ਅਧਿਕਾਰੀਆਂ ਨੇ ਕੀਤੇ ਸ਼ਰਧਾ ਦੇ ਫੁੱਲ ਭੇਟ
ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ’ਚ ਸ਼ਰਧਾਂਜ਼ਲੀ ਸਮਾਗਮ ਮੌਕੇ ਰੱਖਿਆ ਦੋ ਮਿੰਟ ਦਾ ਮੌਨ
ਹੁਸ਼ਿਆਰਪੁਰ, 30 ਜਨਵਰੀ (ਆਦੇਸ਼, ਕਰਨ ਲਾਖਾ) :- ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੇ 73ਵੇਂ ਬਲੀਦਾਨ ਦਿਵਸ ਮੌਕੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿੱਚ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਸਮੇਤ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ/ਕਰਮਚਾਰੀਆਂ ਨੇ ਗਾਂਧੀ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
ਸਮਾਗਮ ਦੌਰਾਨ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਹਥਿਆਰ ਉਲਟੇ ਕਰਕੇ ਰਾਸ਼ਟਰਪਿਤਾ ਨੂੰ ਸ਼ਰਧਾਂਜ਼ਲੀ ਭੇਟ ਕੀਤੀ ਗਈ ਜਿਸ ਉਪਰੰਤ ਡਿਪਟੀ ਕਮਿਸ਼ਨਰ ਅਪਨੀਤ ਰਿਆਤ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਬੀਰ ਸਿੰਘ, ਐਸ.ਪੀ. (ਡੀ) ਰਵਿੰਦਰ ਪਾਲ ਸਿੰਘ ਸੰਧੂ, ਐਸ.ਪੀ. (ਐਚ) ਰਮਿੰਦਰ ਸਿੰਘ, ਡੀ.ਐਸ.ਪੀ. (ਐਚ) ਗੁਰਪ੍ਰੀਤ ਸਿੰਘ ਗਿੱਲ, ਜ਼ਿਲ੍ਹਾ ਮਾਲ ਅਫ਼ਸਰ ਅਮਨ ਪਾਲ ਸਿੰਘ ਆਦਿ ਨੇ ਦੋ ਮਿੰਟ ਦਾ ਮੌਨ ਰੱਖ ਕੇ ਮਹਾਤਮਾ ਗਾਂਧੀ ਜੀ ਨੂੰ ਸ਼ਰਧਾਂਜ਼ਲੀ ਦਿੱਤੀ।

ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਮਹਾਤਮਾ ਗਾਂਧੀ ਜੀ ਨੇ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਅਹਿਮ ਯੋਗਦਾਨ ਪਾਉਣ ਦੇ ਨਾਲ-ਨਾਲ ਅਹਿੰਸਾ ਅਤੇ ਸਤਿਆਗ੍ਰਹਿ ਦੇ ਮਾਰਗ ’ਤੇ ਚੱਲਦਿਆਂ ਆਜ਼ਾਦੀ ਦੀ ਲੜਾਈ ਦੀ ਅਗਵਾਈ ਕੀਤੀ ਸੀ। ਉਨ੍ਹਾਂ ਕਿਹਾ ਕਿ ਰਾਸ਼ਟਰਪਿਤਾ ਵਲੋਂ ਦਿੱਤਾ ਭਾਈਚਾਰਕ ਸਾਂਝ, ਅਮਨ ਅਤੇ ਸ਼ਾਂਤੀ ਦਾ ਸੁਨੇਹਾ ਸਾਨੂੰ ਦੇਸ਼ ਦੀ ਤਰੱਕੀ ਵਿੱਚ ਬਣਦਾ ਯੋਗਦਾਨ ਪਾਉਣ ਲਈ ਹਮੇਸ਼ਾਂ ਪ੍ਰੇਰਿਤ ਕਰਦਾ ਰਹੇਗਾ। ਉਨ੍ਹਾਂ ਕਿਹਾ ਕਿ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਅਤੇ ਹੋਰਨਾਂ ਮਹਾਨ ਦੇਸ਼-ਭਗਤਾਂ, ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਵਲੋਂ ਘਾਲੀ ਘਾਲਣਾ ਸਦਕਾ ਅਸੀਂ ਸਾਰੇ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਅਤੇ ਸਾਰਿਆਂ ਨੂੰ ਇਨ੍ਹਾਂ ਮਹਾਨ ਸ਼ਖਸੀਅਤਾਂ ਵਲੋਂ ਸੰਜੋਏ ਸੁਪਨਿਆਂ ਦੀ ਪੂਰਤੀ ਲਈ ਹਮੇਸ਼ਾਂ ਤੱਤਪਰ ਰਹਿਣਾ ਚਾਹੀਦਾ ਹੈ।
ਇਸ ਮੌਕੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਹੋਰਨਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਵੀ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੀ ਤਸਵੀਰ ’ਤੇ ਸ਼ਰਧਾ ਦੇ ਫੁੱਲ ਭੇਟ ਕੀਤੇ।

Related posts

Leave a Reply