ਸਮਾਰਟ ਵਿਲੇਜ ਕੰਪੇਨ ਤਹਿਤ ਪਿੰਡਾਂ ਦਾ ਹੋਵੇਗਾ ਚਹੁੰਮੁਖੀ ਵਿਕਾਸ : ਡਾ. ਰਾਜ ਕੁਮਾਰ ਚੱਬੇਵਾਲ

ਸਮਾਰਟ ਵਿਲੇਜ ਕੰਪੇਨ ਤਹਿਤ ਪਿੰਡਾਂ ਦਾ ਹੋਵੇਗਾ ਚਹੁੰਮੁਖੀ ਵਿਕਾਸ : ਡਾ. ਰਾਜ ਕੁਮਾਰ ਚੱਬੇਵਾਲ
ਪਿੰਡ ਭਾਮ ’ਚ 50 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਜੰਗੀ ਪੱਧਰ ’ਤੇ
23 ਲੱਖ ਰੁਪਏ ਦੀ ਲਾਗਤ ਨਾਲ ਪੀਣ ਵਾਲੇ ਪਾਣੀ ਦਾ ਟਿਊਬਵੈਲ ਅਤੇ 54 ਲੱਖ ਰੁਪਏ ਦੀ ਲਾਗਤ ਨਾਲ ਲੱਗੇਗਾ ਸਿੰਚਾਈ ਟਿਊਬਵੈਲ
ਭਾਮ ’ਚ ਸਰਕਾਰੀ ਆਈ.ਟੀ.ਆਈ. ਕਾਲਜ ਬਣਾਉਣ ਦੀ ਵੀ ਯੋਜਨਾ  

ਹੁਸ਼ਿਆਰਪੁਰ, 10 ਦਸੰਬਰ : ਹਲਕਾ ਚੱਬੇਵਾਲ ਤੋਂ ਵਿਧਾਇਕ ਡਾ. ਰਾਜ ਕੁਮਾਰ ਨੇ ਪਿੰਡ ਭਾਮ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਸਮਾਰਟ ਵਿਲੇਜ ਕੰਪੇਨ ਤਹਿਤ ਪਿੰਡਾਂ ਦਾ ਸਰਵਪੱਖੀ ਵਿਕਾਸ ਹੋਵੇਗਾ ਜੋ ਕਿ ਭਵਿੱਖ ਦੀਆਂ ਲੋੜਾਂ ਦੇ ਮੱਦੇਨਜ਼ਰ ਦਿਹਾਤੀ ਵਸੋਂ ਲਈ ਲੋੜੀਂਦੀਆਂ ਸਹੂਲਤਾਂ ਯਕੀਨੀ ਬਣਾਏਗਾ।
ਹਲਕੇ ਦੇ ਪਿੰਡ ਭਾਮ ਵਿੱਚ ਬਣ ਰਹੀਆਂ ਇੰਟਰ ਲਾਕਿੰਗ ਟਾਈਲਾਂ ਵਾਲੀਆਂ ਗਲੀਆਂ ਦੇ ਕੰਮ ਦਾ ਜਾਇਜ਼ਾ ਲੈਣ ਉਪਰੰਤ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਲਗਭਗ 50 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਵਿੱਚ ਵੱਖ-ਵੱਖ ਕਾਰਜ ਕਰਵਾਏ ਜਾ ਰਹੇ ਹਨ ਜਿਨ੍ਹਾਂ ਵਿੱਚ ਗਲੀਆਂ ਤੋਂ ਇਲਾਵਾ ਧਰਮਸ਼ਾਲਾ ਆਦਿ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਪਿੰਡ ਭਾਮ ਲਈ 23 ਲੱਖ ਰੁਪਏ ਦੀ ਲਾਗਤ ਨਾਲ ਸਥਾਪਿਤ ਹੋਣ ਵਾਲੇ ਪਾਣੀ ਦੇ ਟਿਊਬਵੈਲ ਅਤੇ 54 ਲੱਖ ਰੁਪਏ ਦੀ ਲਾਗਤ ਨਾਲ ਲੱਗਣ ਵਾਲੇ ਸਿੰਚਾਈ ਟਿਊਬਵੈਲ ਨੂੰ ਮਨਜ਼ੂਰੀ ਦਿੱਤੀ ਜਾ ਚੁੱਕੀ ਹੈ ਅਤੇ ਇਹ ਪ੍ਰੋਜੇਕਟ ਮੁਕੰਮਲ ਹੋਣ ਨਾਲ ਪੀਣ ਵਾਲੇ ਪਾਣੀ ਅਤੇ ਸਿੰਚਾਈ ਨਾਲ ਸਬੰਧਤ ਸਮੱਸਿਆਵਾਂ ਦਾ ਪੱਕਾ ਹੱਲ ਹੋ ਜਾਵੇਗਾ।
ਡਾ. ਰਾਜ ਕੁਮਾਰ ਨੇ ਦੱਸਿਆ ਕਿ ਇਲਾਕੇ ਦੇ ਨੌਜਵਾਨਾਂ ਦੀ ਸਹੂਲਤ ਲਈ ਪੰਜਾਬ ਸਰਕਾਰ ਵਲੋਂ ਪਿੰਡ ਭਾਮ ਵਿੱਚ ਸਰਕਾਰੀ ਆਈ.ਟੀ.ਆਈ. ਕਾਲਜ ਖੋਲ੍ਹਣ ਦੀ ਯੋਜਨਾ ਸਬੰਧੀ ਪ੍ਰਕ੍ਰਿਆ ਜਾਰੀ ਹੈ ਜਿਸ ਤਹਿਤ ਲੋੜੀਂਦੀ ਜ਼ਮੀਨ ਦੀ ਸ਼ਨਾਖਤ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਖੇਤਰ ਵਿੱਚ ਕਾਲਜ ਸਥਾਪਤ ਹੋਣ ਨਾਲ ਇਲਾਕੇ ਪਿੰਡਾਂ ਦੇ ਨੌਜਵਾਨ ਵੱਖ-ਵੱਖ ਕਿਸਮਾਂ ਦੇ ਹੁਨਰ ਵਿੱਚ ਮੁਹਾਰਤ ਹਾਸਲ ਕਰਕੇ ਆਪਣੇ ਪੈਰੀਂ ਹੋ ਸਕਣਗੇ। ਵਿਧਾਇਕ ਚੱਬੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਗਵਾਈ ਵਿੱਚ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਸਮਾਰਟ ਵਿਲੇਜ ਕੰਪੇਨ ਦੇ ਮੁਕੰਮਲ ਹੋਣ ’ਤੇ ਸੂਬੇ ਦੇ ਪਿੰਡਾਂ ਦੇ ਮੁਹਾਂਦਰੇ ਵਿੱਚ ਵੱਡੀ ਤਬਦੀਲੀ ਨਜ਼ਰ ਆਵੇਗੀ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨਾਲ ਦਿਹਾਤੀ ਖੇਤਰਾਂ ਵਿੱਚ ਇਕਸਾਰ ਅਤੇ ਮਿਸਾਲੀਆ ਵਿਕਾਸ ਅਤੇ ਲੋੜੀਂਦੀਆਂ ਸਹੂਲਤਾਂ ਯਕੀਨੀ ਬਣਾਈਆਂ ਜਾ ਰਹੀਆਂ ਹਨ ਤਾਂ ਜੋ  ਪੇਂਡੂ ਇਲਾਕਿਆਂ ਵਿੱਚ ਆਧੁਨਿਕ ਬੁਨਿਆਦੀ ਢਾਂਚੇ ਦੀ ਸਥਾਪਤੀ ਹੋ ਸਕੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਪੰਚ ਪਰਵਿੰਦਰ ਸਿੰਘ ਅਤੇ ਪਿੰਡ ਵਾਸੀ ਮੌਜੂਦ ਸਨ।  

Related posts

Leave a Reply