ਸਿੱਖਿਆ ਵਿਭਾਗ ਨੇ ਪਰਾਲੀ ਨਾ ਜਲਾਉਣ ਲਈ ਚਲਾਈ ਜਗਾਰੂਕਤਾ ਮੁਹਿੰਮ

ਬੱਚਿਓ ਅੰਕਲ ਨੂੰ ਸਮਝਾਓ, ਪਰਾਲ਼ੀ ਨੂੰ ਅੱਗ ਨਾ ਲਗਾਓ

ਪਠਾਨਕੋਟ,10 ਅਕਤੂਬਰ(ਰਜਿੰਦਰ ਸਿੰਘ ਰਾਜਨ ਬਿਊਰੋ ਚੀਫ) : ਸਿੱਖਿਆ ਵਿਭਾਗ ਵੱਲੋਂ ਜਿੱਥੇ ਸਕੂਲ ਬੰਦ ਹੋਣ ਦੇ ਬਾਵਜ਼ੂਦ ਵੀ ਵਿਦਿਆਰਥੀਆਂ ਦੀਆਂ ਆਨਲਾਈਨ ਵਿੱਦਿਅਕ ਅਤੇ ਸਹਿ-ਵਿੱਦਿਅਕ ਗਤੀਵਿਧੀਆਂ ਦਾ ਸਿਲਸਿਲਾ ਨਿਰਵਿਘਨ ਜਾਰੀ ਹੈ। ਇਸ ਤੋਂ ਇਲਾਵਾ ਵਿਭਾਗ ਦੁਆਰਾ ਆਪਣੇ ਵਿਦਿਆਰਥੀਆਂ ਨੂੰ ਵਾਤਾਵਰਨ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਦੀ  ਜ਼ਿੰਮੇਵਾਰੀ ਵੀ ਬਾਖੂਬੀ ਨਿਭਾਈ ਜਾ ਰਹੀ ਹੈ। ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਰਾਹੀਂ ਸੋਸ਼ਲ ਮੀਡੀਆ ਦੇ ਵੱਖ-ਵੱਖ ਸਾਧਨਾਂ ਜ਼ਰੀਏ ਪਰਾਲੀ ਨਾ ਸਾੜਨ ਬਾਰੇ ਕਿਸਾਨਾਂ ਨੂੰ ਜਾਗਰੂਕਤਾ ਸੰਦੇਸ਼ ਦਿੱਤੇ ਜਾ ਰਹੇ ਹਨ।

ਪਿਛਲੇ ਕੁੱਝ ਦਿਨਾਂ ਤੋਂ ਵਿਭਾਗ ਦੀ ਸੋਸ਼ਲ ਮੀਡੀਆ ਟੀਮ ਵੱਲੋਂ ਇਸ ਗੰਭੀਰ ਸਮੱਸਿਆ ਨੂੰ ਰੋਕਣ ਲਈ ਅਤੇ ਲੋਕਾਂ ਨੂੰ ਜਾਗਰੂਕ ਲਈ ਵਿਲੱਖਣ ਉਪਰਾਲਾ ਕਰਦਿਆਂ ‘ਪਰਾਲ਼ੀ ਨੂੰ ਨਾ ਅੱਗ ਲਗਾਓ, ਪ੍ਰਦੂਸ਼ਣ ਮੁਕਤ ਪੰਜਾਬ ਬਣਾਓ’ ਅਤੇ ‘ਬੱਚਿਓ ਅੰਕਲ ਨੂੰ ਸਮਝਾਓ, ਪਰਾਲ਼ੀ ਨੂੰ ਅੱਗ ਨਾ ਲਗਾਓ’ ਦਾ ਸੁਨੇਹਾ ਦਿੰਦੇ ਰੰਗ-ਬਿਰੰਗੇ ਪੋਸਟਰ ਜਾਰੀ ਕੀਤੇ ਜਾ ਰਹੇ ਹਨ।

ਇਸ ਸਬੰਧੀ ਅਧਿਆਪਕ ਬ੍ਰਿਜ ਰਾਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਹੀਦ ਮੱਖਣ ਸਿੰਘ ਦਾ ਕਹਿਣਾ ਹੈ ਕਿ ਅਸੀਂ ਇਸ ਗੱਲ ਤੋਂ ਭਲੀਭਾਂਤ ਜਾਣੂ ਹਾਂ ਕਿ  ਪਰਾਲੀ ਸਾੜਨ ਦੇ ਰੁਝਾਨ ਸਦਕਾ ਵਾਤਾਵਰਨ ਪਲੀਤ ਹੁੰਦਾ ਹੈ ਅਤੇ ਪਰਾਲੀ ਜਲਾਉਣ ਨਾਲ ਪੈਦਾ ਹੋਏ ਧੂੰਏ ਸਦਕਾ ਸਾਹ, ਦਮੇ ਅਤੇ ਅੱਖਾਂ ਦੀਆਂ ਬਿਮਾਰੀਆਂ ਵਿੱਚ ਵਾਧਾ ਹੁੰਦਾ ਹੈ ਅਤੇ ਜ਼ਮੀਨ ਨੂੰ ਉਪਯਾਊ ਬਣਾਉਣ ਵਾਲੇ ਕਈ ਮਿੱਤਰ ਕੀੜੇ-ਮਕੌੜੇ ਅਤੇ ਪੰਛੀ ਵੀ ਅੱਗ ਦੀ ਭੇਂਟ ਚੜ ਜਾਂਦੇ ਹਨ।

ਅਰਪਣ ਕਲੋਤਰਾ ਵਿਦਿਆਰਥੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਰੋਟ ਮੈਹਿਰ ਦਾ ਕਹਿਣਾ ਹੈ ਕਿ ਸਾਡੇ ਅਧਿਆਪਕਾਂ ਦੇ ਸਹਿਯੋਗ ਨਾਲ ਅਸੀਂ ਆਪਣੇ ਵਾਤਾਵਰਨ ਨੂੰ ਬਚਾਉਣ ਲਈ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਦੀ ਰਹਿਦ-ਖੂੰਹਦ ਨੂੰ ਨਾ ਸਾੜਨ ਦੀ ਅਪੀਲ ਕਰਦੇ ਹਾਂ ਤਾਂ ਜੋ ਵਾਤਾਵਰਨ ਸਵੱਛ ਬਣਿਆ ਰਹੇ।

Related posts

Leave a Reply