ਮੇਰੇ ਲਹੂ ਦਾ ਇਕ-ਇਕ ਕਤਰਾ ਦੇਸ਼ ਭਗਤਾਂ ਅਤੇ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਪ੍ਰਤੀ ਸਮਰਪਿਤ-ਮੁੱਖ ਮੰਤਰੀ
ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦਾ ਤਹੱਈਆ
ਪੰਜਾਬੀਆਂ ਨੂੰ ਵਤਨਪ੍ਰਸਤੀ ਲਈ ‘ਫਰਜ਼ੀ ਰਾਸ਼ਟਰਵਾਦੀਆਂ’ ਤੋਂ ਐਨ.ਓ.ਸੀ. ਲੈਣ ਦੀ ਲੋੜ ਨਹੀਂ
ਪੰਜਾਬ ਛੇਤੀ ਹੀ ਨਸ਼ਾ ਮੁਕਤ ਅਤੇ ਭ੍ਰਿਸ਼ਟਾਚਾਰ ਮੁਕਤ ਸੂਬਾ ਬਣੇਗਾ
ਆਜ਼ਾਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਪਟਿਆਲਾ ਵਿਖੇ ਕੌਮੀ ਝੰਡਾ ਲਹਿਰਾਇਆ
ਪਟਿਆਲਾ, 15 ਅਗਸਤ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾ ਕੇ ਆਜ਼ਾਦੀ ਘੁਲਾਟੀਆਂ, ਸ਼ਹੀਦਾਂ ਅਤੇ ਕੌਮੀ ਨਾਇਕਾਂ ਦੇ ਸੁਪਨੇ ਸਾਕਾਰ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਉਹ ਇਸ ਨੇਕ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਆਪਣੇ ਖੂਨ ਦਾ ਇਕ-ਇਕ ਕਤਰਾ ਲੇਖੇ ਲਾ ਦੇਣਗੇ।
ਆਜ਼ਾਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਇੱਥੇ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਵਿਚ ਪੈਦਾਇਸ਼ੀ ਤੌਰ ਉਤੇ ਅਗਵਾਈ ਕਰਨ ਦੀ ਕਾਬਲੀਅਤ ਹੁੰਦੀ ਹੈ ਅਤੇ ਇਹ ਕਿਸੇ ਵੀ ਖੇਤਰ ਵਿਚ ਪਿੱਛੇ ਨਹੀਂ ਰਹਿ ਸਕਦੇ ਪਰ ਪੰਜਾਬੀਆਂ ਦੀ ਬੇਅੰਤ ਊਰਜਾ ਨੂੰ ਪ੍ਰਫੁੱਲਤ ਕਰਨ ਦੀ ਲੋੜ ਹੈ, ਜਿਸ ਲਈ ਸੂਬਾ ਸਰਕਾਰ ਵੱਡੇ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ, “ਉਹ ਦਿਨ ਦੂਰ ਨਹੀਂ, ਜਦੋਂ ਇਨ੍ਹਾਂ ਉਪਰਾਲਿਆਂ ਸਦਕਾ ਪੰਜਾਬ, ਦੇਸ਼ ਦਾ ਸਿਰਮੌਰ ਸੂਬਾ ਹੋਵੇਗਾ। ਇਕ ਵਾਰ ਪੰਜਾਬ ਨੇ ਦੇਸ਼ ਦੀ ਅਗਵਾਈ ਕਰ ਲਈ ਤਾਂ ਉਸ ਵੇਲੇ ਭਾਰਤ, ਦੁਨੀਆ ਨੂੰ ਸੇਧ ਦੇਵੇਗਾ।” ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਸਬੰਧ ਵਿਚ ਹਰ ਸੰਭਵ ਯਤਨ ਕਰ ਰਹੀ ਹੈ ਅਤੇ ਇਸ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ, ਜੋ ਸਹੀ ਮਾਅਨਿਆਂ ਵਿਚ ਸਾਡੇ ਕੌਮੀ ਨਾਇਕਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਆਜ਼ਾਦੀ ਦੇ ਸੰਘਰਸ਼ ਵਿੱਚ ਪੰਜਾਬੀਆਂ ਵੱਲੋਂ ਨਿਭਾਈ ਗਈ ਭੂਮਿਕਾ ਸੂਰਬੀਰਤਾ ਅਤੇ ਕੁਰਬਾਨੀ ਦੀ ਅਜਿਹੀ ਮਿਸਾਲ ਹੈ, ਜਿਸ ਦਾ ਦੁਨੀਆ ਭਰ ਵਿੱਚ ਕੋਈ ਸਾਨੀ ਨਹੀਂ। ਉਨ੍ਹਾਂ ਕਿਹਾ ਕਿ 80 ਫੀਸਦੀ ਤੋਂ ਵੱਧ ਮਹਾਨ ਯੋਧੇ ਅਤੇ ਦੇਸ਼ ਭਗਤ ਜਿਨ੍ਹਾਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਜਾਂ ਕਿਸੇ ਨਾ ਕਿਸੇ ਰੂਪ ਵਿੱਚ ਅੰਗਰੇਜ਼ਾਂ ਦੇ ਜ਼ੁਲਮਾਂ ਦਾ ਸ਼ਿਕਾਰ ਹੋਏ, ਪੰਜਾਬੀ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਾਬਾ ਰਾਮ ਸਿੰਘ, ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ, ਕਰਤਾਰ ਸਿੰਘ ਸਰਾਭਾ, ਦੀਵਾਨ ਸਿੰਘ ਕਾਲੇਪਾਣੀ ਅਤੇ ਹੋਰਾਂ ਸੂਰਬੀਰਾਂ ਨੇ ਆਜ਼ਾਦੀ ਦੇ ਉਦੇਸ਼ ਦੀ ਪ੍ਰਾਪਤੀ ਲਈ ਆਪਣੇ ਖੂਨ ਦੀ ਇੱਕ-ਇੱਕ ਬੂੰਦ ਲੇਖੇ ਲਾ ਦਿੱਤੀ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਦੀ ਗੱਲ ਹੈ ਕਿ ਅੱਜ ਵੀ ਇਸ ਸੂਬੇ ਦੇ ਬਹਾਦਰ ਲੋਕ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨ ਦੇ ਨਾਲ-ਨਾਲ ਦੇਸ਼ ਦੇ ਸਰਬਪੱਖੀ ਵਿਕਾਸ ਦੇ ਯੁੱਗ ਦੀ ਸ਼ੁਰੂਆਤ ਕਰਨ ਲਈ ਸਖ਼ਤ ਮਿਹਨਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਵੀ ਭਾਰਤ ਨੂੰ ਅੰਦਰੂਨੀ ਜਾਂ ਬਾਹਰੀ ਹਮਲੇ ਦੀ ਕਿਸੇ ਵੀ ਚੁਣੌਤੀ ਦਾ ਸਾਹਮਣਾ ਕਰਨਾ ਪਿਆ ਹੈ ਤਾਂ ਬਹਾਦਰ ਪੰਜਾਬੀਆਂ ਨੇ ਹਮੇਸ਼ਾ ਮੋਹਰੀ ਹੋ ਕੇ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਗੱਲ ਦੁਨੀਆ ਜਾਣਦੀ ਹੈ ਕਿ ਸੂਬੇ ਦੇ ਮਿਹਨਤਕਸ਼ ਕਿਸਾਨਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਮਿਹਨਤੀ ਕਿਸਾਨਾਂ ਨੇ ਦੇਸ਼ ਦੀ ਅੰਨ ਸੁਰੱਖਿਆ ਲਈ ਜਰਖੇਜ਼ ਮਿੱਟੀ ਅਤੇ ਪਾਣੀ ਦੇ ਰੂਪ ਵਿੱਚ ਬੇਸ਼ਕੀਮਤੀ ਕੁਦਰਤੀ ਸੋਮੇ ਵੀ ਦਾਅ ਉਤੇ ਲਾ ਦਿੱਤੇ। ਉਨ੍ਹਾਂ ਕਿਹਾ ਕਿ ਮੌਸਮ ਦੇ ਹਾਲਾਤ ਅਨੁਕੂਲ ਨਾ ਹੋਣ ਦੇ ਬਾਵਜੂਦ ਕੌਮੀ ਅਨਾਜ ਭੰਡਾਰ ਵਿੱਚ ਸੂਬੇ ਦਾ ਯੋਗਦਾਨ ਹਮੇਸ਼ਾ ਸਿਖਰ ‘ਤੇ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਆਧੁਨਿਕ ਭਾਰਤ ਦੀ ਸਿਰਜਣਾ ਵਿੱਚ ਪੰਜਾਬੀਆਂ ਦੀ ਸ਼ਾਨਦਾਰ ਭੂਮਿਕਾ ਨੂੰ ਵੀ ਚੇਤੇ ਕੀਤਾ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੂੰ ਦੇਸ਼ ਦੀ ਸੇਵਾ ਕਰਨ ਅਤੇ ਜਬਰ-ਜ਼ੁਲਮ ਤੇ ਬੇਇਨਸਾਫ਼ੀ ਵਿਰੁੱਧ ਲੜਨ ਦਾ ਜਜ਼ਬਾ ਮਹਾਨ ਗੁਰੂਆਂ ਪਾਸੋਂ ਵਿਰਸੇ ਦੇ ਰੂਪ ਵਿਚ ਮਿਲਿਆ ਹੈ ਅਤੇ ਅੱਜ ਵੀ ਪੰਜਾਬੀ ਅਨਿਆਂ ਦੇ ਖਿਲਾਫ਼ ਡਟ ਕੇ ਖੜ੍ਹਦੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮੁਗਲਾਂ ਦੇ ਜ਼ੁਲਮ ਵਿਰੁੱਧ ਆਵਾਜ਼ ਬੁਲੰਦ ਕੀਤੀ ਜਦੋਂਕਿ ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਅੱਤਿਆਚਾਰ ਦੇ ਵਿਰੁੱਧ ਲੜਦਿਆਂ ਸ਼ਹੀਦੀ ਪ੍ਰਾਪਤ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਪੰਥ ਦੀ ਖ਼ਾਤਰ ਆਪਣਾ ਸਰਬੰਸ ਕੁਰਬਾਨ ਕਰ ਦਿੱਤਾ, ਜਿਸ ਦੀ ਦੁਨੀਆ ਦੇ ਇਤਿਹਾਸ ਵਿੱਚ ਮਿਸਾਲ ਨਹੀਂ ਮਿਲਦੀ।
ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦ ਪੰਜਾਬ ਦੇ ਹਰ ਪਿੰਡ ਤੋਂ ਹਨ। ਉਨ੍ਹਾਂ ਕਿਹਾ ਕਿ ਅੱਜ ਵੀ ਸੂਬੇ ਦੇ ਜਵਾਨ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰ ਰਹੇ ਹਨ, ਚਾਹੇ ਉਹ ਪਾਕਿਸਤਾਨ, ਬੰਗਲਾਦੇਸ਼ ਜਾਂ ਚੀਨ ਦੀਆਂ ਸਰਹੱਦਾਂ ਹੋਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੁਝ ਲੋਕ ਭਰਮ-ਭੁਲੇਖੇ ਦਾ ਏਨੀ ਬੁਰੀ ਤਰ੍ਹਾਂ ਸ਼ਿਕਾਰ ਹਨ ਕਿ ਉਹ ਸਾਨੂੰ ਵਤਨਪ੍ਰਸਤੀ ਸਿਖਾਉਣ ਦੀ ਕੋਸ਼ਿਸ਼ ਕਰਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਵਤਨਪ੍ਰਸਤੀ ਲਈ ਪੰਜਾਬੀਆਂ ਨੂੰ ਇਨ੍ਹਾਂ ‘ਫਰਜ਼ੀ ਰਾਸ਼ਟਰਵਾਦੀਆਂ’ ਤੋਂ ਐਨ.ਓ.ਸੀ. ਦੀ ਲੋੜ ਨਹੀਂ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦਾਂ ਅਤੇ ਦੇਸ਼ ਭਗਤਾਂ ਦਾ ਇੱਕ-ਨੁਕਾਤੀ ਏਜੰਡਾ ਦੇਸ਼ ਨੂੰ ਸਾਮਰਾਜਦਵਾਦ ਤੋਂ ਮੁਕਤ ਕਰਵਾਉਣਾ ਸੀ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਨੂੰ ਹਮੇਸ਼ਾ ਇਹ ਚਿੰਤਾ ਰਹਿੰਦੀ ਸੀ ਕਿ ਆਜ਼ਾਦੀ ਤੋਂ ਬਾਅਦ ਦੇਸ਼ ਕਿਨ੍ਹਾਂ ਦੇ ਹੱਥਾਂ ਵਿੱਚ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜ਼ਾਦੀ ਦੇ 76 ਸਾਲ ਬਾਅਦ ਵੀ ਦੇਸ਼ ਭ੍ਰਿਸ਼ਟਾਚਾਰ, ਗਰੀਬੀ, ਬੇਰੁਜ਼ਗਾਰੀ ਆਦਿ ਦੇ ਜੰਜਾਲ ਵਿੱਚ ਜਕੜਿਆ ਹੋਇਆ ਹੈ।
ਮੁੱਖ ਮੰਤਰੀ ਨੇ ਨੌਜਵਾਨ ਪੀੜ੍ਹੀ ਨੂੰ ਆਪਣੇ ਅਮੀਰ ਸੱਭਿਆਚਾਰਕ ਵਿਰਸੇ ਤੋਂ ਜਾਣੂ ਕਰਵਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਭਾਵੇਂ ਪੰਜਾਬ ਨੇ ਆਜ਼ਾਦੀ ਸੰਗਰਾਮ ਵਿੱਚ ਮੁੱਖ ਭੂਮਿਕਾ ਨਿਭਾਈ ਸੀ, ਪਰ ਇਸ ਨੂੰ ਦੇਸ਼ ਦੇ ਬਟਵਾਰੇ ਦਾ ਖਾਮਿਆਜ਼ਾ ਵੀ ਭੁਗਤਣਾ ਪਿਆ ਕਿਉਂਕਿ 10 ਲੱਖ ਲੋਕ ਹਿਜਰਤ ਕਰ ਗਏ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੰਗਰੇਜ਼ਾਂ ਵੱਲੋਂ ਖਿੱਚੀ ਗਈ ਲਕੀਰ ਨੇ ਦੇਸ਼ ਵਾਸੀਆਂ ਖਾਸ ਕਰਕੇ ਪੰਜਾਬੀਆਂ ਨੂੰ ਡੂੰਘੇ ਜ਼ਖਮ ਦਿੱਤੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਉਤੇ ਚਲਦਿਆਂ ਪੰਜਾਬ ਦੀ ਤਕਦੀਰ ਦੇ ਨਕਸ਼ ਘੜਨ ਲਈ ਸੂਬਾ ਸਰਕਾਰ ਨੇ ਸਿੱਖਿਆ ਦੇ ਖੇਤਰ ਨੂੰ ਹੋਰ ਮਜ਼ਬੂਤ ਬਣਾਉਣ ਉਤੇ ਧਿਆਨ ਕੇਂਦਰਿਤ ਕੀਤਾ ਹੋਇਆ ਹੈ। ਇਸ ਦਿਸ਼ਾ ਵਿਚ ਸੂਬੇ ਭਰ ਵਿਚ 117 ‘ਸਕੂਲ ਆਫ਼ ਐਮੀਨੈਂਸ’ ਦੀ ਸਥਾਪਨਾ ਕੀਤੀ ਜਾ ਰਹੀ ਹੈ। ਆਹਲਾ ਦਰਜੇ ਦੇ ਬੁਨਿਆਦੀ ਢਾਂਚੇ ਨਾਲ ਲੈਸ ਇਹ ਸਕੂਲ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣਗੇ ਜਿਸ ਦੇ ਤਹਿਤ ਇਨ੍ਹਾਂ ਨੂੰ ਇੰਜਨੀਅਰਿੰਗ, ਲਾਅ, ਕਾਮਰਸ, ਯੂ.ਪੀ.ਐਸ.ਸੀ. ਅਤੇ ਐਨ.ਡੀ.ਏ. ਸਮੇਤ ਪੇਸ਼ੇਵਰ ਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰੀ ਕਰਵਾਈ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਦੇਣ ਦੇ ਮਕਸਦ ਨਾਲ ਸਰਕਾਰ ਨੇ ਸੂਬੇ ਵਿੱਚ 659 ਆਮ ਆਦਮੀ ਕਲੀਨਿਕ ਖੋਲ੍ਹੇ ਹਨ ਅਤੇ ਇਨ੍ਹਾਂ ਵਿੱਚੋਂ 76 ਕਲੀਨਿਕ ਇਸ ਆਜ਼ਾਦੀ ਦਿਹਾੜੇ ਉਤੇ ਸਮਰਪਿਤ ਕੀਤੇ ਗਏ ਹਨ। ਇਨ੍ਹਾਂ ਕਲੀਨਿਕਾਂ ਨਾਲ ਸੂਬੇ ਦੇ ਸਿਹਤ ਖੇਤਰ ਵਿਚ ਇਨਕਲਾਬੀ ਬਦਲਾਅ ਆਇਆ ਹੈ ਕਿਉਂਕਿ ਇਨ੍ਹਾਂ ਕਲੀਨਿਕਾਂ ਵਿਚ ਆਉਣ ਵਾਲੇ 95 ਫੀਸਦੀ ਤੋਂ ਵੱਧ ਮਰੀਜ਼ ਬਿਮਾਰੀਆਂ ਤੋ ਠੀਕ ਹੋਏ ਹਨ। ਆਮ ਆਦਮੀ ਕਲੀਨਿਕ ਪੰਜਾਬ ਦੇ ਸਿਹਤ ਸੰਭਾਲ ਢਾਂਚੇ ਦੀ ਕਾਇਆ ਕਲਪ ਕਰਨ ਦਾ ਆਧਾਰ ਬਣ ਕੇ ਉਭਰੇ ਹਨ ਕਿਉਂਕਿ 15 ਅਗਸਤ, 2022 ਤੋਂ ਸ਼ੁਰੂ ਹੋਏ ਇਨ੍ਹਾਂ ਕਲੀਨਿਕਾਂ ਵਿੱਚ ਹੁਣ ਤੱਕ ਤਕਰੀਬਨ 44 ਲੱਖ ਤੋਂ ਵੱਧ ਮਰੀਜ਼ ਇਲਾਜ ਲਈ ਆ ਚੁੱਕੇ ਹਨ ਜਿਨ੍ਹਾਂ ਨੂੰ ਦਵਾਈਆਂ, ਜਾਂਚ ਤੇ ਟੈਸਟ ਦੀ ਸਹੂਲਤ ਮੁਫ਼ਤ ਦਿੱਤੀ ਗਈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਪੁਲਿਸ ਦੀ ਕਮੀ ਨੂੰ ਦੂਰ ਕਰਨ ਲਈ ਪੰਜਾਬ ਪੁਲਿਸ ਵਿੱਚ ਹਰ ਸਾਲ 1800 ਕਾਂਸਟੇਬਲਾਂ ਅਤੇ 300 ਸਬ-ਇੰਸਪੈਕਟਰਾਂ ਦੀ ਭਰਤੀ ਕਰਨ ਦਾ ਪੈਮਾਨਾ ਪਹਿਲਾਂ ਹੀ ਨਿਰਧਾਰਤ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਮੌਜੂਦਾ ਸਾਲ ਦੀ ਇਸ ਭਰਤੀ ਦਾ ਨੋਟੀਫਿਕੇਸ਼ਨ ਜਨਵਰੀ ਵਿੱਚ ਹੋਇਆ ਸੀ ਅਤੇ ਨਤੀਜਾ ਸਤੰਬਰ ਮਹੀਨੇ ਵਿੱਚ ਆ ਜਾਵੇਗਾ ਅਤੇ ਇਸ ਦੇ ਲਈ ਫਿਜ਼ੀਕਲ ਟੈਸਟ ਅਕਤੂਬਰ-ਨਵੰਬਰ ਮਹੀਨੇ ਵਿੱਚ ਹੋਵੇਗਾ ਅਤੇ ਉਸ ਤੋਂ ਅਗਲੇ ਮਹੀਨੇ ਦਸੰਬਰ ਵਿਚ ਇਹ ਉਮੀਦਵਾਰ ਭਰਤੀ ਹੋ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਉਨ੍ਹਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਿਜਾਣ ਅਤੇ ਨਸ਼ਿਆਂ ਦੀ ਅਲਾਮਤ ਤੋਂ ਛੁਟਕਾਰਾ ਪਾਉਣ ਵਿੱਚ ਮਦਦ ਮਿਲ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੇ ਸਾਲ ਇਕ ਜੁਲਾਈ ਨੂੰ ਲੋਕਾਂ ਨੂੰ ਮੁਫਤ ਬਿਜਲੀ ਦੇਣ ਦੀ ਗਰੰਟੀ ਸ਼ੁਰੂ ਕੀਤੀ ਸੀ। ਉਨ੍ਹਾਂ ਕਿਹਾ ਕਿ ਉਦੋਂ ਤੋਂ ਸੂਬੇ ਦੇ 90 ਫੀਸਦੀ ਘਰਾਂ ਨੂੰ ਮੁਫਤ ਬਿਜਲੀ ਮਿਲ ਰਹੀ ਹੈ ਅਤੇ ਪਿਛਲੀ ਜੁਲਾਈ ਤੋਂ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਹੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਘਰੇਲੂ ਖਪਤਕਾਰਾਂ ਦੇ ਨਾਲ-ਨਾਲ ਦੇਸ਼ ਦੇ ਅਨਾਜ ਉਤਪਾਦਕਾਂ ਨੂੰ ਵੀ ਸੂਬੇ ਵਿੱਚ ਮੁਫਤ ਅਤੇ ਨਿਰਵਿਘਨ ਬਿਜਲੀ ਮਿਲ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਉਦਯੋਗਿਕ ਵਿਕਾਸ ਦੇ ਖੇਤਰ ਵਿੱਚ ਪਹਿਲਾਂ ਹੀ ਉੱਤਮ ਸਥਾਨ ਹਾਸਲ ਕਰ ਰਿਹਾ ਹੈ ਕਿਉਂਕਿ ਪੰਜਾਬ ਸਰਕਾਰ ਦੇ ਠੋਸ ਯਤਨਾਂ ਸਦਕਾ ਸੂਬਾ, ਦੇਸ਼ ਵਿੱਚ ਨਿਵੇਸ਼ ਲਈ ਸਭ ਤੋਂ ਸੁਖਾਵੇਂ ਮਾਹੌਲ ਵਾਲੇ ਸੂਬੇ ਵਜੋਂ ਉੱਭਰਿਆ ਹੈ। ਉਨ੍ਹਾਂ ਕਿਹਾ ਕਿ ਟਾਟਾ ਸਟੀਲ ਅਤੇ ਹੋਰ ਵੱਡੀਆਂ ਕੰਪਨੀਆਂ ਨੇ ਸੂਬੇ ਵਿੱਚ ਵੱਡੇ ਪੱਧਰ ਉਤੇ ਨਿਵੇਸ਼ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤ ਸਰਕਾਰ ਦੇ ਅੰਕੜਿਆਂ ਅਨੁਸਾਰ ਸੂਖਮ, ਛੋਟੀਆਂ ਅਤੇ ਦਰਮਿਆਨੀਆਂ ਇਕਾਈਆਂ (ਐੱਮ.ਐੱਸ.ਐੱਮ.ਈਜ਼) ਦੀ ਰਜਿਸਟ੍ਰੇਸ਼ਨ ਦੇ ਮਾਮਲੇ ਵਿੱਚ ਪੰਜਾਬ, ਉੱਤਰੀ ਭਾਰਤ ਵਿੱਚ ਸਭ ਤੋਂ ਅੱਗੇ ਹੈ।
ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਅਲਾਮਤ ਤੋਂ ਬਚਾਉਣ ਲਈ ਸਖ਼ਤ ਰੁਖ਼ ਅਪਣਾਉਂਦਿਆਂ ਮੁੱਖ ਮੰਤਰੀ ਨੇ ਅਗਲੇ ਆਜ਼ਾਦੀ ਦਿਹਾੜੇ ਤੱਕ ਪੰਜਾਬ ਨੂੰ ‘ਨਸ਼ਾ ਮੁਕਤ’ ਸੂਬਾ ਬਣਾਉਣ ਦਾ ਸੰਕਲਪ ਲਿਆ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਇਸ ਮੁਹਿੰਮ ਦੀ ਰੂਪ-ਰੇਖਾ ਤਿਆਰ ਕਰ ਲਈ ਹੈ ਅਤੇ ਇਸ ਨੂੰ ਲੋਕਾਂ ਦੇ ਸਹਿਯੋਗ ਨਾਲ ਅਮਲੀ ਰੂਪ ਦਿੱਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਸੂਬਾ ਸਰਕਾਰ ਦੀ ਇਸ ਠੋਸ ਵਿਉਂਤਬੰਦੀ ਸਦਕਾ ਆਜ਼ਾਦੀ ਦਿਵਸ-2024 ਤੱਕ ਸੂਬੇ ਵਿੱਚੋਂ ਨਸ਼ਿਆਂ ਦੀ ਜਕੜ ਨੂੰ ਮੁਕੰਮਲ ਤੌਰ ਉਤੇ ਖ਼ਤਮ ਕਰ ਦਿੱਤਾ ਜਾਵੇਗਾ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਸਾਡੇ ਮਹਾਨ ਆਜ਼ਾਦੀ ਘੁਲਾਟੀਆਂ, ਸ਼ਹੀਦਾਂ ਅਤੇ ਕੌਮੀ ਨਾਇਕਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਿਹਤ, ਸਿੱਖਿਆ, ਰੁਜ਼ਗਾਰ, ਵਪਾਰ ਅਤੇ ਖੇਤੀਬਾੜੀ ਖੇਤਰਾਂ ਨੂੰ ਤਰਜੀਹ ਦੇ ਰਹੀ ਹੈ। ਉਨ੍ਹਾਂ ਨੇ ਅਫਸੋਸ ਜ਼ਾਹਰ ਕੀਤਾ ਕਿ ਆਜ਼ਾਦੀ ਦੇ 76 ਸਾਲ ਬੀਤ ਜਾਣ ਤੋਂ ਬਾਅਦ ਵੀ ਸ਼ਹੀਦਾਂ ਦੇ ਸੁਪਨੇ ਪੂਰੇ ਨਹੀਂ ਹੋਏ ਅਤੇ ਪੂਰਾ ਦੇਸ਼ ਇਨ੍ਹਾਂ ਮਹਾਨ ਨਾਇਕਾਂ ਦਾ ਕਰਜ਼ਦਾਰ ਹੈ, ਜਿਨ੍ਹਾਂ ਦੇ ਸੁਪਨਿਆਂ ਨੂੰ ਅਜੇ ਸਾਕਾਰ ਕੀਤਾ ਜਾਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਲਈ ਸੂਬਾ ਸਰਕਾਰ ਇਨ੍ਹਾਂ ਖੇਤਰਾਂ ‘ਤੇ ਵੱਧ ਧਿਆਨ ਦੇ ਰਹੀ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਦੀ ਸਖ਼ਤੀ ਸਦਕਾ ਪੰਜਾਬ ਭ੍ਰਿਸ਼ਟਾਚਾਰ ਮੁਕਤ ਸੂਬਾ ਬਣਨ ਵੱਲ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਪਹਿਲਾਂ ਹੀ ਵਿਆਪਕ ਮੁਹਿੰਮ ਸ਼ੁਰੂ ਕੀਤੀ ਜਾ ਚੁੱਕੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਭ੍ਰਿਸ਼ਟਾਚਾਰ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਉਤੇ ਪਹਿਰਾ ਦੇ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਰਕਾਰੀ ਖਜ਼ਾਨੇ ਵਿੱਚੋਂ ਫੰਡਾਂ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਤੋਂ ਪਹਿਲਾਂ ਦੀਆਂ ਸਰਕਾਰਾਂ ਵਾਂਗ ਖਜ਼ਾਨਾ ਖਾਲੀ ਹੋਣ ਦਾ ਢੰਡੋਰਾ ਨਹੀਂ ਪਿੱਟਦੇ ਸਗੋਂ ਸਾਡੀ ਸਰਕਾਰ ਲੋਕਾਂ ਦੀ ਭਲਾਈ ਉਤੇ ਇਕ-ਇਕ ਪੈਸਾ ਲਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਦੀ ਹੋ ਰਹੀ ਅੰਨ੍ਹੀ ਲੁੱਟ ਨੂੰ ਠੱਲ੍ਹ ਪਾਈ ਹੈ ਅਤੇ ਹੁਣ ਇਨ੍ਹਾਂ ਫੰਡਾਂ ਦੀ ਵਰਤੋਂ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਵਿਕਾਸ ਲਈ ਹੋ ਰਹੀ ਹੈ।
ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਪਿੰਡਾਂ ਦੇ ਸਰਪੰਚਾਂ ਦੀ ਚੋਣ ਨੂੰ ਸਿਆਸੀ ਪਰਛਾਵੇਂ ਤੋਂ ਮੁਕਤ ਰੱਖਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਬਸੰਮਤੀ ਨਾਲ ਸਰਪੰਚ ਚੁਣਨ ਵਾਲੇ ਪਿੰਡਾਂ ਨੂੰ ਵਿਕਾਸ ਲਈ ਵਿਸ਼ੇਸ਼ ਗਰਾਂਟਾਂ ਦਿੱਤੀਆਂ ਜਾਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਮੰਤਵ ਪੰਚਾਇਤੀ ਚੋਣਾਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਹਿੰਸਾ ਨਾ ਹੋਣ ਅਤੇ ਪਿੰਡਾਂ ਦਾ ਸੁਖਾਵਾਂ ਮਾਹੌਲ ਕਾਇਮ ਰੱਖਣ ਨੂੰ ਯਕੀਨੀ ਬਣਾਉਣਾ ਹੈ।
ਸੂਬੇ ਦੇ ਰਜਵਾੜਾਸ਼ਾਹੀ ਨੇਤਾਵਾਂ ‘ਤੇ ਤਿੱਖਾ ਹਮਲਾ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਮੌਕਾਪ੍ਰਸਤ ਆਗੂ ਕਦੇ ਵੀ ਲੋਕਾਂ ਦੇ ਨਹੀਂ ਬਣੇ ਸਗੋਂ ਆਪਣੇ ਨਿੱਜੀ ਮੁਫਾਦ ਦੀ ਖਾਤਰ ਕਦੇ ਮੁਗਲਾਂ ਨਾਲ ਜਾਂ ਅੰਗਰੇਜ਼ਾਂ ਜਾਂ ਕਾਂਗਰਸ ਅਤੇ ਹੁਣ ਭਾਜਪਾ ਨਾਲ ਸਾਂਝ ਪੁਗਾਉਂਦੇ ਹਨ। ਉਨ੍ਹਾਂ ਕਿਹਾ ਕਿ ਅੰਗਰੇਜ਼ਾਂ ਨੂੰ ਖੁਸ਼ ਕਰਨ ਲਈ ਇਨ੍ਹਾਂ ਲੋਕਾਂ ਨੇ ਸ਼ਹੀਦ ਭਗਤ ਸਿੰਘ ਵਰਗੇ ਕ੍ਰਾਂਤੀਕਾਰੀਆਂ ਨੂੰ ‘ਭਟਕਿਆ ਹੋਇਆ ਨੌਜਵਾਨ’ ਦੱਸਿਆ ਅਤੇ ਸ਼ਹੀਦ ਸੇਵਾ ਸਿੰਘ ਠੀਕਰੀਵਾਲ ਵਰਗੇ ਮਹਾਨ ਦੇਸ਼ ਭਗਤਾਂ ’ਤੇ ਜ਼ੁਲਮ ਢਾਹੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਹਮੇਸ਼ਾ ਸੂਬੇ ਅਤੇ ਇੱਥੋਂ ਦੇ ਲੋਕਾਂ ਨਾਲੋਂ ਆਪਣੇ ਸਵਾਰਥਾਂ ਨੂੰ ਪਹਿਲ ਦਿੱਤੀ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਪਰੇਡ ਕਮਾਂਡਰ ਜਸਰੂਪ ਕੌਰ ਬਾਠ, ਆਈ.ਪੀ.ਐਸ. ਦੀ ਅਗਵਾਈ ਵਿਚ ਆਈ.ਟੀ.ਬੀ.ਪੀ., ਪੰਜਾਬ ਪੁਲਿਸ (ਪੁਰਸ਼ ਅਤੇ ਮਹਿਲਾਵਾਂ), ਹਿਮਾਚਲ ਪੁਲਿਸ, ਪੰਜਾਬ ਹੋਮ ਗਾਰਡਜ਼, ਐਨ.ਸੀ.ਸੀ., ਰੈੱਡ ਕਰਾਸ ਦੀ ਸੇਂਟ ਜੌਹਨ ਐਂਬੂਲੈਂਸ ਬ੍ਰਿਗੇਡ, ਸਕਾਊਟਸ ਅਤੇ ਗਾਈਡਜ਼, ਪੀ.ਏ.ਪੀ. ਅਤੇ ਬ੍ਰਾਸ ਬ੍ਰੈਂਡ ਦੀਆਂ ਟੁਕੜੀਆਂ ਦੇ ਪ੍ਰਭਾਵਸ਼ਾਲੀ ਮਾਰਚ ਪਾਸਟ ਤੋਂ ਸਲਾਮੀ ਲਈ।
ਇਸ ਤੋਂ ਪਹਿਲਾਂ ਸੀ.ਐਮ.ਦੀ ਯੋਗਸ਼ਾਲਾ, ਟੈਂਟ ਪੈੱਗਿੰਗ, ਸਕੂਲੀ ਵਿਦਿਆਰਥੀਆਂ ਦੇ ਵੰਨ-ਸੁਵੰਨੇ ਪ੍ਰੋਗਰਾਮ, ਗੱਤਕਾ, ਗਿੱਧਾ, ਭੰਗੜਾ ਅਤੇ ਸਕੂਲ ਤੇ ਕਾਲਜ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਗਏ ਰਵਾਇਤੀ ਲੋਕ ਨਾਚਾਂ ਸਮੇਤ ਰੰਗਾਰੰਗ ਪ੍ਰੋਗਰਾਮ ਨੇ ਦਰਸ਼ਕਾਂ ਦਾ ਮਨ ਮੋਹ ਲਿਆ।
ਮੁੱਖ ਮੰਤਰੀ ਨੇ ਫਰੀਡਮ ਫਾਈਟਰਜ਼ ਐਸੋਸੀਏਸ਼ਨ ਪਟਿਆਲਾ ਦੇ ਮੈਂਬਰਾਂ ਸਮੇਤ ਤਿੰਨ ਸੁਤੰਤਰਤਾ ਸੈਨਾਨੀਆਂ ਮੋਹਕਮ ਸਿੰਘ, ਅਵਤਾਰ ਸਿੰਘ ਅਤੇ ਚਰਨ ਸਿੰਘ ਨੂੰ ਵੀ ਸਨਮਾਨਿਤ ਕੀਤਾ।
- #DC_ASHIKA_JAIN : Will extend all possible help to rehabilitate addicts
- #DR.Dr_Ravjot : Around Rs 2.50 crore to be incurred for setting up new fire station
- #DC_JAIN_HSP : ਨਸ਼ਿਆਂ ਦੀ ਗ੍ਰਿਫਤ ’ਚ ਆਏ ਵਿਅਕਤੀਆਂ ਦੇ ਮੁੜ ਵਸੇਬੇ ਲਈ ਹਰ ਸੰਭਵ ਮਦਦ ਕੀਤੀ ਜਾਵੇਗੀ
- #SSP_MALIK : ਗੜ੍ਹਦੀਵਾਲ ਵਾਸੀ ਸਤਪਾਲ ਦੀ 38 ਲੱਖ ਦੀ ਪ੍ਰਾਪਰਟੀ ਫਰੀਜ਼ ਕਰਨ ਦੇ ਹੁਕਮ, ਓਪਰੇਸ਼ਨ ਸੀਲ-9 ਤਹਿਤ 11 ਇੰਟਰ ਸਟੇਟ ਨਾਕਿਆਂ ’ਤੇ ਚੈਕਿੰਗ ਜਾਰੀ
- ਆਰਮੀ ਦੀ ਅਗਨਵੀਰ ਭਰਤੀ ਲਈ ਰਜਿਸਟ੍ਰੇਸ਼ਨ 8 ਮਾਰਚ ਤੋਂ
- #SSP_MALIK leads in checking at 11 interstate naka : Operation SEAL-09
- #DC_ASHIKA_JAIN : Will extend all possible help to rehabilitate addicts
- #DR.Dr_Ravjot : Around Rs 2.50 crore to be incurred for setting up new fire station
- #DC_JAIN_HSP : ਨਸ਼ਿਆਂ ਦੀ ਗ੍ਰਿਫਤ ’ਚ ਆਏ ਵਿਅਕਤੀਆਂ ਦੇ ਮੁੜ ਵਸੇਬੇ ਲਈ ਹਰ ਸੰਭਵ ਮਦਦ ਕੀਤੀ ਜਾਵੇਗੀ
- #SSP_MALIK : ਗੜ੍ਹਦੀਵਾਲ ਵਾਸੀ ਸਤਪਾਲ ਦੀ 38 ਲੱਖ ਦੀ ਪ੍ਰਾਪਰਟੀ ਫਰੀਜ਼ ਕਰਨ ਦੇ ਹੁਕਮ, ਓਪਰੇਸ਼ਨ ਸੀਲ-9 ਤਹਿਤ 11 ਇੰਟਰ ਸਟੇਟ ਨਾਕਿਆਂ ’ਤੇ ਚੈਕਿੰਗ ਜਾਰੀ
- ਆਰਮੀ ਦੀ ਅਗਨਵੀਰ ਭਰਤੀ ਲਈ ਰਜਿਸਟ੍ਰੇਸ਼ਨ 8 ਮਾਰਚ ਤੋਂ
- #SSP_MALIK leads in checking at 11 interstate naka : Operation SEAL-09

EDITOR
CANADIAN DOABA TIMES
Email: editor@doabatimes.com
Mob:. 98146-40032 whtsapp