Latest : ਨਾਲਿਆਂ ਦੀ ਸਫਾਈ ਦੌਰਾਨ ਫੋਟੋਗ੍ਰਾਫ਼ੀ ਤੇ ਵੀਡੀਓਗ੍ਰਾਫ਼ੀ ਕਰਵਾਈ ਜਾਵੇਗੀ- ਕੈਬਨਿਟ ਮੰਤਰੀ ਅਰੋੜਾ

‘ਮਿਸ਼ਨ ਫਤਿਹ’ ; ਜ਼ਰੂਰੀ ਸਾਵਧਾਨੀਆਂ ਨੂੰ ਅਪਨਾਉਂਦੇ ਹੋਏ ਸ਼ਹਿਰ ’ਚ ਸ਼ੁਰੂ ਹੋਣਗੇ ਵਿਕਾਸ ਕਾਰਜ : ਅਰੋੜਾ
-ਕੈਬਨਿਟ ਮੰਤਰੀ ਨੇ ਹੁਸ਼ਿਆਰਪੁਰ ’ਚ ਸ਼ੁਰੂ ਹੋਣ ਵਾਲੇ ਵੱਖ-ਵੱਖ ਪ੍ਰੋਜੈਕਟਾਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਦਿੱਤੇ ਨਿਰਦੇਸ਼

-ਲੋਕਾਂ ਨੂੰ ਕੋਰੋਨਾ ਤੋਂ ਬਚਾਅ ਸਬੰਧੀ ਜ਼ਰੂਰੀ ਸਾਵਧਾਨੀਆਂ ਅਪਨਾਉਣ ਤੇ ਹੋਰਨਾਂ ਨੂੰ ਜਾਗਰੂਕ ਕਰਨ ਦੀ ਕੀਤੀ ਅਪੀਲ
ਹੁਸ਼ਿਆਰਪੁਰ, 12 ਜੂਨ: (Adesh)
ਉਦਯੋਗ ਤੇ ਵਣਜ ਮੰਤਰੀ ਪੰਜਾਬ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਸ਼ਹਿਰ ਦੇ ਬਹੁਪੱਖੀ ਵਿਕਾਸ ਨੂੰ ਲੈ ਕੇ ਜਲਦ ਹੀ ਕਈ ਪ੍ਰੋਜੈਕਟ ਸ਼ੁਰੂ ਹੋਣ ਵਾਲੇ ਹਨ ਅਤੇ ਇਨ੍ਹਾਂ ਵਿਕਾਸ ਕਾਰਜਾਂ ਦੌਰਾਨ ‘ਮਿਸ਼ਨ ਫਤਿਹ’ ਤਹਿਤ ਹਰ ਜ਼ਰੂਰੀ ਸਾਵਧਾਨੀਆਂ ਨੂੰ ਅਪਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕੁਝ ਹੀ ਦਿਨਾਂ ਵਿੱਚ ਸ਼ਹਿਰ ਦੀਆਂ ਸੜਕਾਂ ਦੇ ਨਿਰਮਾਣ ਕਾਰਜ ਸ਼ੁਰੂ ਹੋਣ ਵਾਲੇ ਹਨ ਅਤੇ ਇਸ ਦੇ ਨਾਲ ਹੀ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਾਲੇ ਪ੍ਰੋਜੈਕਟਾਂ ਨੂੰ ਵੀ ਸ਼ੁਰੂ ਕਰ ਦਿੱਤਾ ਜਾਵੇਗਾ। ਇਸ ਸਬੰਧ ਵਿੱਚ ਉਨ੍ਹਾਂ ਅੱਜ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਦਿਸ਼ਾ ਨਿਰਦੇਸ਼ ਵੀ ਦਿੱਤੇ। ਸ੍ਰੀ ਅਰੋੜਾ ਨੇ ਕਿਹਾ ਕਿ ਹੋਰ ਵਿਕਾਸ ਪ੍ਰੋਜੈਕਟਾਂ ਨੂੰ ਵੀ ਨਿਸ਼ਚਿਤ ਸਮੇਂ ਵਿੱਚ ਸ਼ੁਰੂ ਕੀਤਾ ਜਾਵੇਗਾ ਅਤੇ ਹੁਸ਼ਿਆਪੁਰ ਦੇ ਵਿਕਾਸ ਨੂੰ ਲੈ ਕੇ ਕੋਈ ਕਮੀ ਨਹੀਂ ਛੱਡੀ ਜਾਵੇਗੀ ਅਤੇ ਬੁਨਿਆਦੀ ਢਾਂਚੇ ਤੋਂ ਲੈ ਕੇ ਸ਼ਹਿਰ ਦੇ ਸੁੰਦਰੀਕਰਨ ਦੇ ਵਿਕਾਸ ਕਾਰਜ ਲਗਾਤਾਰ ਚੱਲਦੇ ਰਹਿਣਗੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਹਰ ਛੋਟੀ ਤੋਂ ਵੱਡੀ ਸਮੱਸਿਆ ਦਾ ਨਿਸ਼ਚਿਤ ਸਮੇਂ ਵਿੱਚ ਹੱਲ ਕੀਤਾ ਜਾਵੇਗਾ।

ਕੈਬਨਿਟ ਮੰਤਰੀ ਨੇ ਕਿਹਾ ਕਿ 13 ਜੂਨ ਤੋਂ ਸ਼ਹਿਰ ਦੇ ਨਾਲਿਆਂ ਦੀ ਸਫ਼ਾਈ ਦਾ ਕੰਮ ਸ਼ੁਰੂ ਹੋਣ ਵਾਲਾ ਹੈ। ਉਨ੍ਹਾਂ ਕਿਹਾ ਕਿ ਬਰਸਾਤਾਂ ਤੋਂ ਪਹਿਲਾਂ ਸ਼ਹਿਰ ਦੇ ਨਾਲਿਆਂ ਦੀ ਸਫ਼ਾਈ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਸਾਫ਼ ਸੁਥਰਾ ਬਣਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ, ਇਸ ਲਈ ਇਹ ਯਕੀਨੀ ਬਣਾਇਆ ਜਾਵੇ ਕਿ ਨਿਸ਼ਚਿਤ ਸਮੇਂ ਵਿੱਚ ਹੀ ਕਾਰਜ ਪੂਰੇ ਹੋਣ। ਉਨ੍ਹਾਂ ਅਧਿਕਾਰੀਆਂ ਨੂੰ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਹੋਰ ਬੇਹਤਰ ਬਣਾਉਣ ਦੇ ਨਿਰਦੇਸ਼ ਦਿੱਤੇ ਅਤੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਉਨ੍ਹਾਂ ਨੂੰ ਹਰ ਜ਼ਰੂਰੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ।
ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਹੈ ਕਿ ਲੋਕਾਂ ਤੱਕ ਹਰ ਸੁਵਿਧਾਵਾਂ ਬੇਹਤਰ ਢੰਗ ਨਾਲ ਪਹੁੰਚਣ, ਇਸ ਲਈ ਇਸ ਵਾਰ ਨਾਲਿਆਂ ਦੀ ਸਫਾਈ ਦੌਰਾਨ ਫੋਟੋਗ੍ਰਾਫ਼ੀ ਤੇ ਵੀਡੀਓਗ੍ਰਾਫ਼ੀ ਕਰਵਾਈ ਜਾਵੇਗੀ, ਤਾਂ ਜੋ ਸੁਚਾਰੂ ਢੰਗ ਨਾਲ ਸਫ਼ਾਈ ਕਾਰਜਾਂ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੜਕ ਨਿਰਮਾਣ ਕੰਮ ਅਤੇ ਨਾਲਿਆਂ ਦੀ ਸਫ਼ਾਈ ਦੌਰਾਨ ਸਬੰਧਤ ਅਧਿਕਾਰੀ ਰੋਜ਼ਾਨਾ ਇਸ ਦਾ ਨਿਰੀਖਣ ਕਰਨਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਕਾਰਜਾਂ ਦੌਰਾਨ ਕੋਈ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ‘ਮਿਸ਼ਨ ਫਤਿਹ’ ਤਹਿਤ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਸਬੰਧੀ ਜ਼ਰੂਰੀ ਸਾਵਧਾਨੀਆਂ ਅਪਨਾਉਣ ਅਤੇ ਹੋਰਨਾਂ ਨੂੰ ਇਸ ਸਬੰਧ ਵਿੱਚ ਜਾਗਰੂਕ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਉਨ੍ਹਾਂ ਨਾਲ ਬੀ.ਸੀ. ਕਮਿਸ਼ਨ ਪੰਜਾਬ ਦੇ ਚੇਅਰਮੈਨ ਸ੍ਰੀ ਸਰਵਨ ਸਿੰਘ ਰਾਮਗੜ੍ਹੀਆ, ਚੇਅਰਮੈਨ ਨਗਰ ਸੁਧਾਰ ਟਰੱਸਟ ਐਡਵੋਕੇਟ ਰਾਕੇਸ਼ ਮਰਵਾਹਾ, ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਸ੍ਰੀ ਦਮਨਦੀਪ ਸਿੰਘ ਨਰਵਾਲ, ਸ੍ਰੀ ਦੀਪਕ ਪੁਰੀ ਅਤੇ ਐਡਵੋਕੇਟ ਪਵਿੱਤਰ ਸਿੰਘ ਵੀ ਮੌਜੂਦ ਸਨ। 

Related posts

Leave a Reply