ਕੋਰੋਨਾ ਦੇ ਲੱਛਣ ਆਉਣ ’ਤੇ ਲੋਕ ਆਪਣਾ ਤਰੁੰਤ ਟੈਸਟ ਕਰਵਾਉਣ : ਡਿਪਟੀ ਕਮਿਸ਼ਨਰ

ਮੈਡੀਕਲ ਸਟੋਰ ਵਾਲੇ ਲੋਕਾਂ ਨੂੰ ਆਪਣੇ ਪੱਧਰ ’ਤੇ ਖੰਘ, ਬੁਖਾਰ, ਜੁਕਾਮ ਦੀ ਦਵਾਈ ਨਾ ਦੇਣ, ਸਗੋਂ ਅਜਿਹੇ ਲੋਕਾਂ ਨੂੰ ਕੋਰੋਨਾ ਟੈਸਟ ਕਰਾਉਣ ਲਈ ਪ੍ਰੇਰਿਤ ਕਰਨ


ਬਟਾਲਾ, 25 ਸਤੰਬਰ (ਅਵਿਨਾਸ਼ ਸ਼ਰਮਾ / ਸੰਜੀਵ ਨਈਅਰ ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਵਿਡ-19 ਦੇ ਲੱਛਣਾਂ ਨੂੰ ਹਲਕੇ ਵਿੱਚ ਨਾ ਲੈਣ ਅਤੇ ਜਦੋਂ ਵੀ ਇਸ ਬਿਮਾਰੀ ਸਬੰਧੀ ਕੋਈ ਲੱਛਣ ਦਿਖਾਈ ਦੇਣ ਤਾਂ ਤੁਰੰਤ ਨੇੜੇ ਦੀ ਸਿਹਤ ਸੰਸਥਾ ਨਾਲ ਸੰਪਰਕ ਕਰਕੇ ਕੋਵਿਡ ਟੈਸਟ ਕਰਵਾਉਣ ਤਾਂ ਜੋ ਬਿਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਉਨਾਂ ਕਿਹਾ ਕਿ ਦੇਖਣ ਵਿੱਚ ਆਇਆ ਹੈ ਕਿ ਲੋਕਾਂ ਵਲੋਂ ਦੇਰੀ ਨਾਲ ਡਾਕਟਰ ਨਾਲ ਸੰਪਰਕ ਕੀਤਾ ਜਾਂਦਾ ਹੈ, ਤਾਂ ਉਨਾਂ ਦੀ ਹਾਲਤ ਬਹੁਤ ਵਿਗੜ ਜਾਂਦੀ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਪਾਸ ਇਸ ਮਹਾਂਮਾਰੀ ਨਾਲ ਨਜਿੱਠਣ ਲਈ ਫੰਡਾਂ ਅਤੇ ਸਾਧਨਾਂ ਦੀ ਕੋਈ ਘਾਟ ਨਹੀਂ ਹੈ। ਉਨਾਂ ਕਿਹਾ ਕਿ ਇਸ ਮਹਾਂਮਾਰੀ ਤੋਂ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ, ਜਿਸ ਲਈ ਸਾਨੂੰ ਸਭ ਨੂੰ ਮਿਲ ਕੇ ਹੰਭਲਾ ਮਾਰਨ ਦੀ ਲੋੜ ਹੈ।

ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਨੇ ਮੈਡੀਕਲ ਸਟੋਰ ਚਲਾ ਰਹੇ ਫਾਰਮਸਿਸਟਾਂ ਨੂੰ ਵੀ ਕਿਹਾ ਹੈ ਕਿ ਉਹ ਡਾਕਟਰ ਦੀ ਪਰਚੀ ਤੋਂ ਬਿਨ੍ਹਾਂ ਕਿਸੇ ਨੂੰ ਦਵਾਈ ਨਾ ਦੇਣ। ਉਨ੍ਹਾਂ ਕਿਹਾ ਕਿ ਦੇਖਣ ਵਿੱਚ ਆਇਆ ਹੈ ਕਈ ਮੈਡੀਕਲ ਸਟੋਰ ਮਾਲਕ ਲੋਕਾਂ ਨੂੰ ਖੰਘ, ਬੁਖਾਰ, ਜੁਕਾਮ ਆਦਿ ਦੀ ਦਵਾਈ ਆਪਣੇ ਪੱਧਰ ’ਤੇ ਹੀ ਦੇ ਰਹੇ ਹਨ ਜੋ ਕਿ ਗਲਤ ਹੈ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਕੋਲ ਅਜਿਹਾ ਮਰੀਜ਼ ਆਉਂਦਾ ਹੈ ਤਾਂ ਉਸ ਨੂੰ ਕੋਵਿਡ-19 ਦਾ ਟੈਸਟ ਕਰਾਉਣ ਲਈ ਕਿਹਾ ਜਾਵੇ ਅਤੇ ਕਿਸੇ ਮਾਹਿਰ ਡਾਕਟਰ ਨੂੰ ਦਿਖਾਉਣ ਦੀ ਸਲਾਹ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਮੈਡੀਕਲ ਸਟੋਰ ਵਾਲਿਆਂ ਵਲੋਂ ਆਪ ਹੀ ਇਲਾਜ ਕਰੀ ਜਾਣ ਕਾਰਨ ਕੋਵਿਡ-19 ਦੇ ਮਰੀਜ਼ਾਂ ਦੀ ਸਿਹਤ ਵਿਗੜ ਰਹੀ ਹੈ ਅਤੇ ਉਹ ਕੋਰੋਨਾ ਨੂੰ ਅੱਗੇ ਫੈਲਾਉਣ ਦਾ ਜਰੀਆ ਵੀ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਇਸ ਦੀ ਚੈਕਿੰਗ ਕੀਤੀ ਜਾਵੇਗੀ ਅਤੇ ਜੇਕਰ ਕਿਸੇ ਮੈਡੀਕਲ ਸਟੋਰ ਮਾਲਕ ਨੇ ਬਿਨਾਂ ਡਾਕਟਰ ਦੀ ਪਰਚੀ ਤੋਂ ਦਵਾਈ ਦਿੱਤੀ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕੋਰੋਨਾ ਵਾਇਰਸ ਦੀ ਬਿਮਾਰੀ ਨੂੰ ਹਲਕੇ ਵਿੱਚ ਨਾ ਲੈਣ ਅਤੇ ਜੇਕਰ ਕਿਸੇ ਨੂੰ ਵੀ ਖੰਘ, ਬੁਖਾਰ, ਜੁਕਾਮ ਜਾਂ ਸਾਹ ਚੜ੍ਹਦਾ ਹੋਵੇ ਤਾਂ ਉਹ ਤੁਰੰਤ ਆਪਣਾ ਕੋਵਿਡ-19 ਦਾ ਟੈਸਟ ਕਰਵਾਏ। ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸੰਸਥਾ ਵਿੱਚ ਕੋਵਿਡ-19 ਦਾ ਟੈਸਟ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ।

Related posts

Leave a Reply