ਮੁੰਬਈ : ਅਮਰਾਵਤੀ ਲੋਕ ਸਭਾ ਸੀਟ ਤੋਂ ਆਜ਼ਾਦ ਚੁਣੀ ਗਈ ਨਵਨੀਤ ਕੌਰ ਰਾਣਾ ਦੀ ਮੈਂਬਰਸ਼ਿਪ ‘ਤੇ ਖ਼ਤਰਾ ਮੰਡਰਾਉਣ ਲੱਗਿਆ ਹੈ। ਬਾਂਬੇ ਹਾਈ ਕੋਰਟ ਨੇ ਉਨ੍ਹਾਂ ਦਾ ਜਾਤੀ ਸਰਟੀਫਿਕੇਟ ਰੱਦ ਕਰਕੇ ਉਨ੍ਹਾਂ ‘ਤੇ ਦੋ ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ। ਕਿਉਂਕਿ ਇਸੇ ਸਰਟੀਫਿਕੇਟ ਦੇ ਆਧਾਰ ‘ਤੇ ਉਨ੍ਹਾਂ ਨੇ ਲੋਕ ਸਭਾ ਚੋਣ ਲੜੀ ਸੀ, ਇਸ ਲਈ ਉਨ੍ਹਾਂ ਦੀ ਚੋਣ ਰੱਦ ਹੋਣ ਦਾ ਖ਼ਤਰਾ ਵੀ ਪੈਦਾ ਹੋ ਗਿਆ ਹੈ।
ਸ਼ਿਵ ਸੈਨਾ ਦੇ ਸਾਬਕਾ ਸੰਸਦ ਮੈਂਬਰ ਆਨੰਦਰਾਓ ਅਡਸੁਲ ਨੇ ਨਵਨੀਤ ਕੌਰ ਰਾਣਾ ਖ਼ਿਲਾਫ਼ ਬਾਂਬੇ ਹਾਈ ਕੋਰਟ ‘ਚ ਪਟੀਸ਼ਨ ਦਾਖ਼ਲ ਕਰ ਕੇ ਉਨ੍ਹਾਂ ਦਾ ਜਾਤੀ ਸਰਟੀਫਿਕੇਟ ਨਕਲੀ ਦੱਸਿਆ ਸੀ। ਮੰਗਲਵਾਰ ਨੂੰ ਹਾਈ ਕੋਰਟ ਨੇ ਚੋਣ ਸਮੇਂ ਉਨ੍ਹਾਂ ਵੱਲੋਂ ਪੇਸ਼ ਕੀਤਾ ਗਿਆ ਜਾਤੀ ਸਰਟੀਫਿਕੇਟ ਰੱਦ ਕਰ ਦਿੱਤਾ। ਕੋਰਟ ਨੇ ਸੁਣਵਾਈ ਦੌਰਾਨ ਕਿਹਾ ਕਿ ਨਵਨੀਤ ਛੇ ਹਫ਼ਤਿਆਂ ਦੇ ਅੰਦਰ ਆਪਣੇ ਸਾਰੇ ਸਰਟੀਫਿਕੇਟ ਤੇ ਦੋ ਲੱਖ ਰੁਪਏ ਕੋਰਟ ‘ਚ ਜਮ੍ਹਾਂ ਕਰਵਾਉਣ। ਕੋਰਟ ਦੇ ਫ਼ੈਸਲੇ ਤੋਂ ਬਾਅਦ ਉਨ੍ਹਾਂ ਦੀ ਲੋਕ ਸਭਾ ਮੈਂਬਰਸ਼ਿਪ ਜਾਣ ਦਾ ਵੀ ਖ਼ਤਰਾ ਪੈਦਾ ਹੋ ਗਿਆ ਹੈ। ਹਾਲਾਂਕਿ ਇਸ ਸਬੰਧੀ ਕੋਰਟ ਨੇ ਕੋਈ ਟਿੱਪਣੀ ਨਹੀਂ ਕੀਤੀ।
ਜ਼ਿਕਰਯੋਗ ਹੈ ਕਿ ਅਮਰਾਵਤੀ ਲੋਕ ਸਭਾ ਸੀਟ ਅਨੁਸੂਚਿਤ ਜਾਤੀ ਲਈ ਰਾਖਵੀਂ ਹੈ। ਇਸ ਸੀਟ ਤੋਂ ਚੋਣ ਲੜਨ ਲਈ ਨਵਨੀਤ ਕੌਰ ਨੇ ਆਪਣੇ ਪਿਤਾ ਹਰਿਭਜਨ ਸਿੰਘ ਕੁੰਡਲੇਸ ਦੇ ਤਿੰਨ ਸਕੂਲ ਸਰਟੀਫਿਕੇਟ ਪੱਤਰ ਪੇਸ਼ ਕੀਤੇ ਸਨ। ਆਨੰਦ ਰਾਓ ਅਡਸੁਲ ਨੇ ਇਨ੍ਹਾਂ ਸਰਟੀਫਿਕੇਟਾਂ ਦੇ ਫਰਜ਼ੀ ਹੋਣ ਦਾ ਦਾਅਵਾ ਕੀਤਾ ਸੀ।
ਨਵਨੀਤ ਰਾਣਾ ਸਿਆਸਤ ‘ਚ ਆਉਣ ਤੋਂ ਪਹਿਲਾਂ ਫਿਲਮਾਂ ‘ਚ ਕੰਮ ਕਰ ਚੁੱਕੀ ਹੈ। ਉਨ੍ਹਾਂ ਨੇ ਕੰਨੜ ਫਿਲਮ ਦਰਸ਼ਨ ਤੋਂ ਕਰੀਅਰ ਸ਼ੁਰੂ ਕੀਤਾ ਸੀ। ਉਹ ਕਈ ਤੇਲਗੂ ਫਿਲਮਾਂ ‘ਚ ਨਜ਼ਰ ਆ ਚੁੱਕੀ ਹੈ।

EDITOR
CANADIAN DOABA TIMES
Email: editor@doabatimes.com
Mob:. 98146-40032 whtsapp