ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਅਗਾਂਹਵਧੂ ਕਿਸਾਨ ਗੁਰਵਿੰਦਰ ਦੇ ਖੇਤ ’ਚ ਖੁਦ ਟਰੈਕਟਰ ਚਲਾ ਕੇ ਸ਼ੁਰੂ ਕਰਵਾਈ ਸਿੱਧੀ ਬਿਜਾਈ

ਡਿਪਟੀ ਕਮਿਸ਼ਨਰ ਵਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਅੱਗੇ ਆਉਣ ਦਾ ਸੱਦਾ
ਅਗਾਂਹਵਧੂ ਕਿਸਾਨ ਗੁਰਵਿੰਦਰ ਖੰਗੂੜਾ ਦੇ ਖੇਤ ’ਚ ਖੁਦ ਟਰੈਕਟਰ ਚਲਾ ਕੇ ਸ਼ੁਰੂ ਕਰਵਾਈ ਸਿੱਧੀ ਬਿਜਾਈ
ਕਿਹਾ ਪਾਣੀ ਦੀ ਬਚਤ ਲਈ ਝੋਨੇ ਦੀ ਸਿੱਧੀ ਬਿਜਾਈ ਸਮੇਂ ਦੀ ਮੁੱਖ ਲੋੜ
ਹੁਸ਼ਿਆਰਪੁਰ, 9 ਜੂਨ (ਆਦੇਸ਼ ਪਰਮਿੰਦਰ ਸਿੰਘ ):
ਪੰਜਾਬ ਸਰਕਾਰ ਵਲੋਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਸ਼ੁਰੂ ਕੀਤੇ ‘ਕਾਮਯਾਬ ਕਿਸਾਨ ਖੁਸ਼ਹਾਲ ਪੰਜਾਬ’ ਪ੍ਰੋਗਰਾਮ ਤਹਿਤ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਅੱਜ ਸ਼ਾਮਚੁਰਾਸੀ ਦੇ ਪਿੰਡ ਕਾਣੇ ਵਿਖੇ ਝੋਨੇ ਦੀ ਸਿੱਧੀ ਬਿਜਾਈ ਪ੍ਰਤੀ ਕਿਸਾਨਾਂ ਨੂੰ ਹੋਰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਪਿੰਡ ਪਹੁੰਚ ਕੇ ਅਹਿਮ ਵਿਚਾਰਾਂ ਕੀਤੀਆਂ।
ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਪੰਡੋਰੀ ਖੰਗੂੜਾ ਦੇ ਅਗਾਂਹਵਧੂ ਕਿਸਾਨ ਗੁਰਵਿੰਦਰ ਖੰਗੂੜਾ ਦੇ ਪਿੰਡ ਕਾਣੇ ਵਿਖੇ ਖੇਤ ਵਿੱਚ ਖੁਦ ਟਰੈਕਟਰ ਚਲਾ ਕੇ ਝੋਨੇ ਦੀ ਸਿੱਧੀ ਬਿਜਾਈ ਸ਼ੁਰੂ ਕਰਵਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿੱਧੀ ਬਿਜਾਈ ਹੇਠ ਰਕਬਾ ਵਧਾਉਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਰਾਹੀਂ ਕਿਸਾਨਾਂ ਨੂੰ ਹਰ ਲੋੜੀਂਦੀ ਤਕਨੀਕੀ ਜਾਣਕਾਰੀ ਮੁਹੱਈਆ ਕਰਵਾਈ ਜਾ ਰਹੀ ਹੈ ਜਿਸ ਦਾ ਕਿਸਾਨਾਂ ਨੂੰ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿੱਧੀ ਬਿਜਾਈ ਨਾਲ 20 ਤੋਂ 25 ਫੀਸਦੀ ਤੱਕ ਪਾਣੀ ਦੀ ਬੱਚਤ ਹੋਣ ਦੇ ਨਾਲ-ਨਾਲ ਫ਼ਸਲ ਦੇ ਝਾੜ ’ਤੇ ਕੋਈ ਅਸਰ ਨਹੀਂ ਪੈਂਦਾ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ’ਚ ਸਿੱਧੀ ਬਿਜਾਈ ਕਿਸਾਨਾਂ ਲਈ ਵੱਖ-ਵੱਖ ਪਹਿਲੂਆਂ ਤੋਂ ਬੇਹੱਦ ਲਾਹੇਵੰਦ ਅਤੇ ਆਸਾਨ ਹੈ ਅਤੇ ਦਿਨੋਂ-ਦਿਨ ਡਿੱਗ ਰਹੇ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਰੋਕਣ ਤੇ ਪਾਣੀ ਦੀ ਬੱਚਤ ਲਈ ਘੱਟ ਪਾਣੀ ਦੀ ਖਪਤ ਵਾਲੀਆਂ ਫ਼ਸਲਾਂ ਜਾਂ ਤਕਨੀਕਾਂ ਦੀ ਵਰਤੋਂ ਨੂੰ ਤਰਜੀਹ ਦੇਣੀ ਚਾਹੀਦੀ ਹੈ।

ਮੁੱਖ ਖੇਤੀਬਾੜੀ ਅਫ਼ਸਰ ਡਾ. ਵਿਨੇ ਕੁਮਾਰ ਅਤੇ ਉਨ੍ਹਾਂ ਦੀ ਟੀਮ ਵਲੋਂ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਵਿਭਾਗ ਦੇ ਯਤਨਾਂ ਅਤੇ ਕਿਸਾਨਾਂ ਦੇ ਸਹਿਯੋਗ ਸਦਕਾ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿੱਚ ਕਰੀਬ 3200 ਏਕੜ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਦੀਆਂ ਟੀਮਾਂ ਲਗਾਤਾਰ ਕਿਸਾਨਾਂ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਸਿੱਧੀ ਬਿਜਾਈ ਪ੍ਰਤੀ ਪ੍ਰੇਰਦੀਆਂ ਰਹਿੰਦੀਆਂ ਹਨ ਅਤੇ ਜੇਕਰ ਕਿਸੇ ਵੀ ਕਿਸਾਨ ਨੂੰ ਸਿੱਧੀ ਬਿਜਾਈ ਸਬੰਧੀ ਕੋਈ ਸਮੱਸਿਆ ਹੋਵੇ ਤਾਂ ਉਹ ਬਲਾਕ ਖੇਤੀਬਾੜੀ ਅਫਸਰ, ਖੇਤੀਬਾੜੀ ਵਿਕਾਸ ਅਫ਼ਸਰ ਜਾਂ ਮੁੱਖ ਖੇਤੀਬਾੜੀ ਅਫ਼ਸਰ ਦੇ ਦਫ਼ਤਰ ਨਾਲ ਸੰਪਰਕ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਕਰੀਬ 30 ਲੱਖ ਹੈਕਟੇਅਰ ਰਕਬੇ ’ਤੇ ਝੋਨੇ ਦੀ ਫ਼ਸਲ ਦੀ ਕਾਸ਼ਤ ਕੀਤੀ ਜਾਂਦੀ ਹੈ ਜਿਹੜੀ ਕਿ ਧਰਤੀ ਹੇਠੋਂ ਟਿਊਬਵੈਲ ਰਾਹੀਂ ਕੱਢੇ ਪਾਣੀ ’ਤੇ ਨਿਰਭਰ ਹੈ। ਉਨ੍ਹਾਂ ਦੱਸਿਆ ਕਿ ਇਕ ਅੰਦਾਜੇ ਅਨੁਸਾਰ ਇਕ ਕਿਲੋ ਚਾਵਲ ਪੈਦਾ ਕਰਨ ਲਈ 3000 ਤੋਂ 4000 ਲੀਟਰ ਪਾਣੀ ਦੀ ਲੋੜ ਪੈਂਦੀ ਹੈ ਜਿਸ ਕਾਰਨ ਸਾਉਣੀ ਦੀ ਝੋਨੇ ਦੀ ਫ਼ਸਲ ਨੂੰ ਪੈਦਾ ਕਰਨ ਲਈ ਲੱਖਾਂ ਲੀਟਰ ਪਾਣੀ ਵਰਤਿਆ ਜਾਂਦਾ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਘੱਟ ਪਾਣੀ ਦੀ ਖਪਤ ਵਾਲੀਆਂ ਫ਼ਸਲਾਂ ਅਤੇ ਕਿਸਮਾਂ ਨੂੰ ਅਪਨਾਉਣ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਖੇਤੀਬਾੜੀ ਵਿਕਾਸ ਅਫ਼ਸਰ (ਪੀ.ਪੀ.) ਡਾ. ਜਸਬੀਰ ਢੀਂਡਸਾ, ਸਹਾਇਕ ਖੇਤੀਬਾੜੀ ਇੰਜੀ: ਲਵਲੀ, ਬਲਾਕ ਖੇਤੀਬਾੜੀ ਵਿਕਾਸ ਅਫ਼ਸਰ ਡਾ. ਸਿਮਰਨਜੀਤ ਸਿੰਘ, ਬਲਾਕ ਟੈਕਨਾਲੋਜੀ ਮੈਨੇਜਰ ਕਮਲਜੀਤ ਸਿੰਘ, ਕਿਸਾਨ ਧਰਮਪਾਲ, ਅਸ਼ੋਕ ਕੁਮਾਰ, ਨਵਦੀਪ ਭੁੱਲਰ, ਹਰਦੀਪ ਸਿੰਘ, ਰੁਪਿੰਦਰ ਸਿੰਘ, ਅਮਰ ਪਾਲ ਸਿੰਘ, ਨਿਰਮਲ ਸਿੰਘ ਆਦਿ ਮੌਜੂਦ ਸਨ।
ਸਿੱਧੀ ਬਿਜਾਈ ਪਾਣੀ ਦੀ ਸਿੱਧੀ ਬਚਤ ਅਤੇ ਲਾਗਤ ’ਚ ਕਿਫਾਇਤ :
  ਪੰਡੋਰੀ ਖੰਗੂੜਾ ਦੇ ਕਿਸਾਨ ਗੁਰਵਿੰਦਰ ਸਿੰਘ, ਜੋ ਕਿ ਪਿਛਲੇ ਤਿੰਨ ਸਾਲ ਤੋਂ ਝੋਨੇ ਦੀ ਸਿੱਧੀ ਬਿਜਾਈ ਕਰ ਰਹੇ ਹਨ, ਨੇ ਆਪਣਾ ਤਜ਼ਰਬਾ ਸਾਂਝਾ ਕਰਦਿਆਂ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਨਾਲ ਪਾਣੀ ਦੀ ਵੱਡੇ ਪੱਧਰ ’ਤੇ ਸਿੱਧੀ ਬਚਤ ਅਤੇ ਲਾਗਤੀ ਖਰਚੇ ਘੱਟ ਹੁੰਦੇ ਹਨ। ਉਨ੍ਹਾਂ ਦੱਸਿਆ ਕਿ ਸਿੱਧੀ ਬਿਜਾਈ ਨਾਲ ਝਾੜ ਵਿੱਚ ਕਿਸੇ ਕਿਸਮ ਦੀ ਕੋਈ ਕਮੀ ਨਹੀਂ ਆਉਂਦੀ ਸਗੋਂ ਕੁਆਲਟੀ ਵੀ ਚੰਗੀ ਰਹਿੰਦੀ ਹੈ। ਉਨ੍ਹਾਂ ਦੱਸਿਆ ਕਿ ਉਹ ਪਿਛਲੇ ਤਿੰਨ ਸਾਲ ਤੋਂ ਆਪਣੇ ਖੇਤਾਂ ਵਿੱਚ ਸਿੱਧੀ ਬਿਜਾਈ ਕਰ ਰਿਹਾ ਹੈ ਜਿਸ ਲਈ ਉਸ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਨੇ ਉਤਸ਼ਾਹਿਤ ਹੀ ਨਹੀਂ ਕੀਤਾ ਸਗੋਂ ਪੈਰ-ਪੈਰ ’ਤੇ ਲੋੜ ਪੈਣ ਵੇਲੇ ਲੋੜੀਂਦੀ ਜਾਣਕਾਰੀ ਵੀ ਮੁਹੱਈਆ ਕਰਵਾਈ। ਉਨ੍ਹਾਂ ਨੇ ਹੋਰਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਪਾਣੀ ਦੀ ਬਚਤ ਦੇ ਮੱਦੇਨਜ਼ਰ ਝੋਨੇ ਦੀ ਸਿੱਧੀ ਬਿਜਾਈ ਵੱਲ ਕਦਮ ਵਧਾਉਣ।

Related posts

Leave a Reply